ਅੰਮ੍ਰਿਤਸਰ, 10 ਅਕਤੂਬਰ (ਪੀ. ਟੀ.)- ਅਕਾਲੀ ਦਲ ‘ਚੋਂ ਮੁਅੱਤਲ ਕੀਤੇ ਗਏ ਆਗੂ ਇੰਦਰਬੀਰ ਸਿੰਘ ਬੁਲਾਰੀਆ ਨੇ ਵਿਧਾਇਕੀ ਤੋਂ ਅਸਤੀਫਾ ਦੇ ਦਿੱਤਾ ਹੈ। ਬੁਲਾਰੀਆ ਅੰਮ੍ਰਿਤਸਰ ਦੇ ਹਲਕਾ ਦੱਖਣੀ ਤੋਂ ਵਿਧਾਇਕ ਸਨ। ਬੁਲਾਰੀਆ ਨੇ ਆਪਣਾ ਅਸਤੀਫਾ ਲਿਖਤੀ ਰੂਪ ਵਿਚ ਸਪੀਕਰ ਨੂੰ ਭੇਜਿਆ ਹੈ। ਬੁਲਾਰੀਆ ਨੇ ਕਿਹਾ ਹੈ ਕਿ ਜਿਸ ਤਰ੍ਹਾਂ ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਸੂਬੇ ਵਿਚ ਕੰਮ ਕਰ ਰਹੀ ਹੈ ਇਸ ਤੋਂ ਉਹ ਘੁਟਣ ਮਹਿਸੂਸ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦਾ ਮਾਹੌਲ ਇਸ ਸਮੇਂ ਪੂਰੀ ਤਰ੍ਹਾਂ ਡਗਮਗਾਇਆ ਪਿਆ ਹੈ। ਇਥੇ ਇਨਸਾਨੀ ਕਦਰਾਂ ਕੀਮਤਾਂ ਤਾਂ ਦੂਰ ਦੀ ਗੱਲ ਇਹ ਸਰਕਾਰ ਸਾਡੇ ਪਵਿੱਤਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸੇਵਾ ਸੰਭਾਲ ਕਰਨ ਵਿਚ ਵੀ ਬੁਰੀ ਤਰ੍ਹਾਂ ਫੇਲ੍ਹ ਸਾਬਤ ਹੋਈ ਹੈ। ਪੰਥਕ ਅਖਵਾਉਣ ਵਾਲੀ ਬਾਦਲ ਸਰਕਾਰ ਦੇ ਕਾਰਜਕਾਲ ਦੌਰਾਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਅਤੇ ਹੋਰ ਧਰਮਾਂ ਦੇ ਧਾਰਮਿਕ ਗ੍ਰੰਥਾਂ ਦੀਆਂ ਬੇਅਦਬੀਆਂ ਹੋਈਆਂ ਹਨ, ਇਸ ਨਾਲ ਉਨ੍ਹਾਂ ਦੀ ਧਾਰਮਿਕ ਭਾਵਨਾ ਨੂੰ ਠੇਸ ਪਹੁੰਚੀ ਹੈ ਜਿਸ ਕਾਰਨ ਉਹ ਆਪਣੇ ਅਹੁਦੇ ਤੋਂ ਅਸਤੀਫਾ ਦੇ ਰਹੇ ਹਨ।ਬੁਲਾਰੀਆ ਦੇ ਕਾਂਗਰਸ ਵਿੱਚ ਜਾਣ ਦੀ ਰਿਪੋਰਟ ਹੈ। ਇਸ ਸਬੰਧ ਵਿੱਚ ਉਨ੍ਹਾਂ ਦੀ ਕਾਂਗਰਸ ਦੇ ਨੇਤਾਵਾਂ ਨਾਲ ਪਹਿਲਾਂ ਹੀ ਮੀਟਿੰਗ ਹੋ ਚੁੱਕੀ ਹੈ।
ਇੰਦਰਬੀਰ ਸਿੰਘ ਬੁਲਾਰੀਆ ਨੇ ਵਿਧਾਇਕੀ ਤੋਂ ਦਿੱਤਾ ਅਸਤੀਫਾ



