ਮਾਨਸਾ, 21 ਅਕਤੂਬਰ (ਜੀਵਨ ਕ੍ਰਾਂਤੀ)- ਦੇਸ਼ ਭਰ ਵਿੱਚ ਆਪਣੀ ਡਿਊਟੀ ਦੌਰਾਨ ਸ਼ਹਾਦਤ ਦਾ ਜਾਮ ਪੀਣ ਵਾਲੇ ਪੁਲਿਸ ਅਤੇ ਅਰਧ ਸੈਨਿਕ ਬਲਾਂ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਅੱਜ ਜ਼ਿਲ੍ਹਾ ਪੁਲਿਸ ਲਾਈਨ ਮਾਨਸਾ ਵਿਖੇ ਪੁਲਿਸ ਸਿਮਰਤੀ ਦਿਵਸ ਮਨਾਇਆ ਗਿਆ। ਇਸ ਸ਼ਹੀਦੀ ਦਿਵਸ ਮੌਕੇ ਡਿਪਟੀ ਕਮਿਸ਼ਨਰ ਮਾਨਸਾ ਸ਼੍ਰੀ ਵਰਿੰਦਰ ਕੁਮਾਰ ਸ਼ਰਮਾ, ਐਡੀਸ਼ਨਲ ਜ਼ਿਲ੍ਹਾ ਅਤੇ ਸੈਸ਼ਨ ਜੱਜ ਸ਼੍ਰੀ ਕੇ.ਐਸ.ਸੁੱਲਰ, ਐਡੀਸ਼ਨਲ ਜ਼ਿਲ੍ਹਾ ਅਤੇ ਸੈਸ਼ਨ ਜੱਜ ਸ਼੍ਰੀ ਜਗਦੀਪ ਸੂਦ, ਐਸ.ਪੀ. ਐਚ ਸ਼੍ਰੀ ਰਾਕੇਸ਼ ਕੁਮਾਰ ਅਤੇ ਸਾਬਕਾ ਵਿਧਾਇਕ ਸ਼੍ਰੀ ਹਰਬੰਤ ਸਿੰਘ ਦਾਤੇਵਾਸ ਤੋਂ ਇਲਾਵਾ ਜ਼ਿਲੇ ਦੇ ਹੋਰ ਪੁਲਿਸ ਅਧਿਕਾਰੀਆਂ ਅਤੇ ਸ਼ਹੀਦ ਹੋਏ ਪੁਲਿਸ ਮੁਲਾਜ਼ਮਾਂ ਦੇ ਪਰਿਵਾਰਾਂ ਵਲੋਂ ਸ਼ਹੀਦਾਂ ਨੂੰ ਆਪਣੀ ਸ਼ਰਧਾ ਦੇ ਫੁੱਲ ਭੇਟ ਕੀਤੇ ਗਏ।ਇਸ ਮੌਕੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਐਸ.ਐਸ.ਪੀ. ਮਾਨਸਾ ਸ਼੍ਰੀ ਮੁਖਵਿੰਦਰ ਸਿੰਘ ਭੁੱਲਰ ਨੇ ਕਿਹਾ ਕਿ ਪੁਲਿਸ ਜਵਾਨਾਂ ਦੀ ਸ਼ਹਾਦਤ ਨੂੰ ਕਦੇ ਭੁਲਾਇਆ ਨਹੀਂ ਜਾ ਸਕਦਾ।ਸ਼੍ਰੀ ਮੁਖਵਿੰਦਰ ਸਿੰਘ ਭੁੱਲਰ ਨੇ ਕਿਹਾ ਕਿ ਜ਼ਿਲ੍ਹਾ ਮਾਨਸਾ ਦੇ ਰਿਹਾਇਸ਼ੀ 4 ਹੌਲਦਾਰ, 13 ਸਿਪਾਹੀ, 6 ਐਸ.ਪੀ.ਓ. ਅਤੇ 10 ਪੰਜਾਬ ਹੋਮਗਾਰਡਜ਼ ਦੇ ਜਵਾਨ ਸ਼ਹੀਦ ਹੋਏ। ਉਨ੍ਹਾਂ ਕਿਹਾ ਕਿ ਇਹਨਾਂ ਸ਼ਹੀਦਾਂ ਦੀ ਕੁਰਬਾਨੀ ਸਦਕਾ ਹੀ ਅੱਜ ਪੰਜਾਬ ਵਿਚ ਅਮਨ-ਸ਼ਾਂਤੀ ਕਾਇਮ ਹੈ। ਇਸ ਮੌਕੇ ਸ਼ਹੀਦ ਪਰਿਵਾਰਾਂ ਨੂੰ ਸਨਮਾਨਿਤ ਵੀ ਕੀਤਾ ਗਿਆ। ਇਸ ਤੋਂ ਬਾਅਦ ਐਸ.ਐਸ.ਪੀ. ਨੇ ਮਾਨਸਾ ਜ਼ਿਲ੍ਹੇ ਦੇ ਸ਼ਹੀਦ ਪਰਿਵਾਰਾਂ ਦੀਆਂ ਮੁਸ਼ਕਿਲਾਂ ਸੁਣੀਆਂ ਅਤੇ ਮੌਕੇ ‘ਤੇ ਇਨ੍ਹਾਂ ਦੇ ਹੱਲ ਸਬੰਧੀ ਸਬੰਧਤ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ।
ਸ਼ਹਾਦਤ ਦਾ ਜਾਮ ਪੀਣ ਵਾਲਿਆਂ ਨੂੰ ਕਦੇ ਭੁਲਾਇਆ ਨਹੀਂ ਜਾ ਸਕਦਾ : ਐਸ.ਐਸ.ਪੀ.



