ਚੰਡੀਗੜ੍ਹ, 28 ਅਕਤੂਬ- ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਸ. ਪ੍ਰਕਾਸ਼ ਸਿੰਘ ਬਾਦਲ ਨੇ ਅੱਜ ਸੀਨੀਅਰ ਅਕਾਲੀ ਆਗੂਆਂ ਨੂੰ ਆਗਾਮੀ ਪੰਜਾਬ ਵਿਧਾਨ ਸਭਾ ਚੋਣਾਂ ਲਈ ਕਮਰਕੱਸੇ ਕਰਨ ਦਾ ਸੱਦਾ ਦਿੰਦਿਆਂ ਅਪੀਲ ਕੀਤੀ ਹੈ ਕਿ ਇਨ੍ਹਾਂ ਚੋਣਾਂ ਵਿਚ ਪਿਛਲੇ ਦਸ ਸਾਲਾਂ ਵਿਚ ਅਕਾਲੀ-ਭਾਜਪਾ ਸਰਕਾਰ ਵੱਲੋਂ ਕੀਤੇ ਵਿਕਾਸ ਅਤੇ ਹੋਰ ਪ੍ਰਾਪਤੀਆਂ ਦਾ ਹਵਾਲਾ ਦੇ ਕੇ ਪੰਜਾਬੀ ਵਾਸੀਆਂ ਤੋਂ ਵੋਟਾਂ ਮੰਗੀਆਂ ਜਾਣ ਅਤੇ ਇਕ ਸਕਾਰਾਤਮਕ ਮੁਹਿੰਮ ਦੀ ਅਗਵਾਈ ਪਾਰਟੀ ਆਗੂ ਕਰਨ। ਇੱਥੇ ਪਾਰਟੀ ਦਫਤਰ ਵਿਚ ਅਕਾਲੀ ਸੰਸਦ ਮੈਂਬਰਾਂ, ਵਿਧਾਇਕਾਂ, ਜ਼ਿਲ੍ਹਾ ਪ੍ਰਧਾਨਾਂ ਅਤੇ ਹੋਰ ਸੀਨੀਅਰ ਆਗੂਆਂ ਨੂੰ ਸੰਬੋਧਨ ਕਰਦਿਆਂ ਸ. ਬਾਦਲ ਨੇ ਕਿਹਾ ਕਿ ਦੂਜੀਆਂ ਸਿਆਸੀ ਪਾਰਟੀਆਂ ਜੋ ਲੋਕਾਂ ਨੂੰ ਧੋਖੇ ਵਿਚ ਰੱਖ ਕੇ ਝੂਠੇ ਵਾਅਦੇ ਕਰ ਰਹੀਆਂ ਹਨ, ਉਨ੍ਹਾਂ ਦਾ ਅਕਾਲੀ ਆਗੂਆਂ ਨੂੰ ਠੋਕਵਾਂ ਜਵਾਬ ਅਕਾਲੀ-ਭਾਜਪਾ ਸਰਕਾਰ ਵੱਲੋਂ ਕੀਤੇ ਵਿਕਾਸ ਕਾਰਜਾਂ ਰਾਹੀਂ ਦੇਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਏਨੀਆਂ ਪ੍ਰਾਪਤੀਆਂ ਦਸ ਸਾਲਾਂ ਦੇ ਛੋਟੇ ਜਿਹੇ ਅਰਸੇ ਦੌਰਾਨ ਪਹਿਲਾਂ ਕਦੇ ਪ੍ਰਾਪਤ ਨਹੀਂ ਕੀਤੀਆਂ ਜਾ ਸਕੀਆਂ ਅਤੇ ਅਕਾਲੀ-ਭਾਜਪਾ ਸਰਕਾਰ ਨੇ ਤਕਰੀਬਨ ਸਾਰੇ ਵਾਅਦਿਆਂ ਨੂੰ ਪੂਰਾ ਕਰ ਦਿੱਤਾ ਹੈ ਭਾਵੇਂ ਉਹ ਭਲਾਈ ਸਕੀਮਾਂ ਨੂੰ ਲਾਗੂ ਕਰਨ ਦੀ ਗੱਲ ਹੋਵੇ, ਵਿਕਾਸ ਪ੍ਰੋਜੈਕਟ ਹੋਣ ਜਾਂ ਯਾਦਗਾਰਾਂ ਉਸਾਰਨ ਦੀ ਗੱਲ ਹੋਵੇ। ਇਸ ਮੌਕੇ ਅੰਮ੍ਰਿਤਸਰ ਵਿਖੇ ਵਿਰਾਸਤੀ ਰਸਤੇ, ਇੰਟਰਪ੍ਰੇਟੇਸ਼ਨ ਸੈਂਟਰ ਅਤੇ ਵੰਡ ਸਮੇਂ ਦੇ ਮਿਊਜ਼ੀਅਮ ਦਾ ਖਾਸ ਜ਼ਿਕਰ ਕਰਦਿਆਂ ਉਨ੍ਹਾਂ ਕਿਹਾ ਕਿ ਇਨ੍ਹਾਂ ਵਿਲੱਖਣ ਉਸਾਰੀਆਂ ਨਾਲ ਗੁਰੂ ਕੀ ਨਗਰੀ ਹੁਣ ਵਿਸ਼ਵ ਦੇ ਨਕਸ਼ੇ ’ਤੇ ਉਭਰ ਕੇ ਸਾਹਮਣੇ ਆ ਗਈ ਹੈ।
ਸ਼੍ਰੋਮਣੀ ਅਕਾਲੀ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਪਾਰਟੀ ਆਗੂਆਂ ਨੂੰ ਕਿਹਾ ਕਿ ਕਾਂਗਰਸ ਅਤੇ ਆਮ ਆਦਮੀ ਪਾਰਟੀ ਵੱਲੋਂ ਕੀਤੇ ਜਾ ਰਹੇ ਝੂਠੇ ਵਾਅਦਿਆਂ ਦਾ ਲੋਕਾਂ ਵਿਚ ਪਰਦਾਫਾਸ਼ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਕਿਸਾਨ ਕਰਜ਼ਾ ਮੁਆਫੀ ਦੇ ਮੁੱਦੇ ’ਤੇ ਪੰਜਾਬ ਕਾਂਗਰਸ ਹੁਣ ਫਿਰ ਠੀਕ ਉਸੇ ਤਰ੍ਹਾਂ ਲੋਕਾਂ ਨੂੰ ਮੂਰਖ ਬਣਾ ਰਹੀ ਹੈ ਜਿਵੇਂ ਕਿ ਗਿਆਨੀ ਜ਼ੈਲ ਸਿੰਘ ਦੀ ਸਰਕਾਰ ਦੌਰਾਨ ਕਾਂਗਰਸ ਨੇ ਭੂਮੀ-ਰਹਿਤ ਕਿਸਾਨਾਂ ਨੂੰ ਪੰਜ ਏਕੜ ਜ਼ਮੀਨ ਦੇਣ ਦਾ ਵਾਅਦਾ ਕੀਤਾ ਸੀ ਜਦਕਿ ਲੋਕਾਂ ਨੂੰ ਇਕ ਇੰਚ ਵੀ ਜ਼ਮੀਨ ਨਹੀਂ ਦਿੱਤੀ ਗਈ ਸੀ।
ਉਨ੍ਹਾਂ ਕਿਹਾ ਕਿ ਇਸ ਦੇ ਉਲਟ ਅਕਾਲੀ-ਭਾਜਪਾ ਸਰਕਾਰ ਵੱਲੋਂ ਬੇਘਰੇ ਲੋਕਾਂ ਨੂੰ ਘਰ ਬਣਾਉਣ ਲਈ ਪੰਜ-ਪੰਜ ਮਰਲੇ ਦੇ ਪਲਾਟ ਦਿੱਤੇ ਗਏੇ ਹਨ।ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਸਾਰੇ ਜ਼ਿਲ੍ਹਿਆਂ ਵਿਚ ਕਰਜ਼ਾ ਨਿਪਟਾਰਾ ਟ੍ਰਿਬਿਊਨਲ ਬਣਾਏ ਗਏ ਹਨ ਤਾਂ ਜੋ ਕਿਸਾਨਾਂ ਵੱਲੋਂ ਲਏ ਕਰਜ਼ ਦਾ ਨਿਪਟਾਰਾ ਜਲਦ ਕੀਤਾ ਜਾ ਸਕੇ।
ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਕੋਆਪਰੇਟਿਵ ਬੈਂਕਾਂ ਤੋਂ ਵਿਆਜ਼ ਰਹਿਤ ਕਰਜ਼ਾ ਕਿਸਾਨਾਂ ਨੂੰ ਦਿੱਤਾ ਜਾ ਰਿਹਾ ਹੈ। ਸ. ਬਾਦਲ ਨੇ ਕਿਹਾ ਕਿ ਕਿਸਾਨਾਂ ਲਈ ਸਭ ਤੋਂ ਜ਼ਿਆਦਾ ਅਤੇ ਮਾਣਮੱਤੇ ਕੰਮ ਸ਼੍ਰੋਮਣੀ ਅਕਾਲੀ ਦਲ ਨੂੰ ਕਰਨ ਦਾ ਮਾਣ ਹਾਸਲ ਹੈ ਜਦਕਿ ਕਾਂਗਰਸ ਨੇ ਤਾਂ ਕਿਸਾਨਾਂ ਦੀ ਮੁਫਤ ਬਿਜਲੀ ਦੀ ਸਹੂਲਤ ਵੀ ਬੰਦ ਕਰ ਦਿੱਤੀ ਸੀ। ਉਨ੍ਹਾਂ ਕਿਹਾ ਕਿ ਇਸ ਦੇ ਨਾਲ ਹੀ ਆਮ ਆਦਮੀ ਪਾਰਟੀ ਅਜਿਹੇ ਬੰਦਿਆਂ ਦਾ ਟੋਲਾ ਹੈ ਜਿਹੜੇ ਪੰਜਾਬ ਬਾਰੇ ਕੱਖ ਵੀ ਨਹੀਂ ਜਾਣਦੇ ਅਤੇ ਇਸ ਦੇ ਨਾਲ ਹੀ ਦਿੱਲੀ ਵਿਚ ਇਹ ਪਾਰਟੀ ਬੇਹੱਦ ਅਸਫਲ ਸਰਕਾਰ ਚਲਾ ਰਹੀ ਹੈ।
ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਨੇ ਦਿੱਲੀ ਵਾਸੀਆਂ ਬਾਲ ਕੀਤਾ ਇਕ ਵੀ ਵਾਅਦਾ ਨਹੀਂ ਨਿਭਾਇਆ ਹੈ। ਮੀਟਿੰਗ ਦੇ ਸ਼ੁਰੂ ਹੋਣ ਤੋਂ ਪਹਿਲਾਂ ਕੈਬਨਿਟ ਮੰਤਰੀ ਸ. ਸਿਕੰਦਰ ਸਿੰਘ ਮਲੂਕਾ ਦੇ ਪੁੱਤਰ ਸ. ਚਰਨਜੀਤ ਸਿੰਘ ਦੇ ਦਿਹਾਂਤ ’ਤੇ ਸਾਰੇ ਆਗੂਆਂ ਨੇ ਖੜ੍ਹੇ ਹੋ ਕੇ ਸ਼ਰਧਾਂਜਲੀ ਵੱਜੋਂ ਦੋ ਮਿੰਟ ਦਾ ਮੋਨ ਰੱਖਿਆ। ਮੀਟਿੰਗ ਵਿਚ ਸੀਨੀਅਰ ਆਗੂਆਂ ਵਿਚ ਸੁਖਦੇਵ ਸਿੰਘ ਢੀਂਡਸਾ, ਰਣਜੀਤ ਸਿੰਘ ਬ੍ਰਹਮਪੁਰਾ, ਬਲਵਿੰਦਰ ਸਿੰਘ ਭੁੰਦੜ(ਮੈਂਬਰ ਪਾਰਲੀਮੈਂਟ), ਅਜੀਤ ਸਿੰਘ ਕੋਹਾੜ, ਤੋਤਾ ਸਿੰਘ, ਜਨਮੇਜਾ ਸਿੰਘ ਸੇਖੋਂ, ਬਿਕਰਮ ਸਿੰਘ ਮਜੀਠਿਆ, ਪਰਮਿੰਦਰ ਸਿੰਘ ਢੀਂਡਸਾ, ਸੁਰਜੀਤ ਸਿੰਘ ਰੱਖੜਾ, ਡਾ. ਦਲਜੀਤ ਸਿੰਘ ਚੀਮਾ (ਕੈਬਨਿਟ ਮੰਤਰੀ) ਤੋਂ ਇਲਾਵਾ ਸੀਨੀਅਰ ਆਗੂ ਅਤੇ ਜਿਲਾ ਪ੍ਰਧਾਨ ਹਾਜ਼ਰ ਸਨ।
ਬਾਦਲ ਵੱਲੋਂ ਪਾਰਟੀ ਆਗੂਆਂ ਨੂੰ ਵਿਕਾਸ ਏਜੰਡੇ ਅਤੇ ਸਕਾਰਾਤਮਕ ਮੁਹਿੰਮ ਲੋਕਾਂ ਤੱਕ ਪੁੱਜਦੀ ਕਰਨ ਦੀ ਅਪੀਲ



