Skip to content
Independent perspectives. Global stories.
BREAKING

ਅਧਿਕਾਰੀ ਯੋਗ ਲਾਭਪਾਤਰੀਆਂ ਨੂੰ ਪੈਨਸ਼ਨ, ਸ਼ਗਨ ਸਕੀਮ ਤੇ ਨੀਲੇ ਕਾਰਡਾਂ ਦਾ ਲਾਭ ਦੇਣ ਲਈ ਕੈਂਪ ਲਾਉਣ : ਮੁੱਖ ਮੰਤਰੀ

Share this story

image ਚੰਡੀਗੜ੍ਹ, 4 ਨਵੰਬਰ (ਪੰਜਾਬ ਟਾਇਮਜ਼ ਬਿਊਰੋ)- ਸਮਾਜ ਦੇ ਕਮਜ਼ੋਰ ਵਰਗਾਂ ਨੂੰ ਵੱਡੀ ਰਾਹਤ ਦਿੰਦਿਆਂ ਪੰਜਾਬ ਦੇ ਮੁੱਖ ਮੰਤਰੀ ਸ. ਪਰਕਾਸ਼ ਸਿੰਘ ਬਾਦਲ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਯੋਗ ਲਾਭਪਾਤਰੀਆਂ ਨੂੰ ਪੈਨਸ਼ਨ, ਸ਼ਗਨ ਤੇ ਨੀਲੇ ਕਾਰਡਾਂ ਦਾ ਲਾਭ ਦੇਣ ਲਈ ਵਿਸ਼ਾਲ ਕੈਂਪ ਲਾਏ ਜਾਣ। ਇਸ ਬਾਰੇ ਫੈਸਲਾ ਸ. ਬਾਦਲ ਨੇ ਅੱਜ ਇਥੇ ਪੰਜਾਬ ਭਵਨ ਵਿਖੇ ਕਿਸਾਨ ਸੰਘਰਸ਼ ਕਮੇਟੀ ਦੇ ਵਫਦ ਨਾਲ ਮੀਟਿੰਗ ਦੌਰਾਨ ਲਿਆ।
ਲੋਕਾਂ ਦੀ ਭਲਾਈ ਪ੍ਰਤੀ ਵਚਨਬੱਧਤਾ ਦੁਹਰਾਉਂਦਿਆਂ ਮੁੱਖ ਮੰਤਰੀ ਨੇ ਸਾਰੇ ਡਿਪਟੀ ਕਮਿਸ਼ਨਰਾਂ ਨੂੰ ਅਜਿਹੇ ਕੈਂਪ ਲਾਉਣ ਲਈ ਆਖਿਆ ਤਾਂ ਕਿ ਇਨ੍ਹਾਂ ਗਰੀਬ ਪੱਖੀ ਸਕੀਮਾਂ ਦਾ ਲਾਭ ਸਹੀ ਮਾਅਨਿਆਂ ਵਿਚ ਯੋਗ ਲਾਭਪਾਤਰੀਆਂ ਨੂੰ ਮਿਲ ਸਕੇ। ਉਨ੍ਹਾਂ ਆਖਿਆ ਕਿ ਇਨ੍ਹਾਂ ਸਕੀਮਾਂ ਦਾ ਮੁੱਖ ਮਕਸਦ ਸਮਾਜ ਦੇ ਇਸ ਤਬਕੇ ਦੀ ਭਲਾਈ ਨੂੰ ਯਕੀਨੀ ਬਣਾਉਣਾ ਹੈ ਅਤੇ ਇਸ ਸਬੰਧ ਵਿਚ ਕਿਸੇ ਵੀ ਕਿਸਮ ਦੀ ਕੁਤਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।
ਕਿਸਾਨ ਖੁਦਕੁਸ਼ੀਆਂ ਦੀਆਂ ਘਟਨਾਵਾਂ ’ਤੇ ਡੂੰਘੀ ਚਿੰਤਾ ਜ਼ਾਹਰ ਕਰਦਿਆਂ ਮੁੱਖ ਮੰਤਰੀ ਨੇ ਮਾਲ ਵਿਭਾਗ ਨੂੰ ਇੱਕ ਵਿਸ਼ੇਸ਼ ਸੈੱਲ ਖੋਲ੍ਹਣ ਲਈ ਆਖਿਆ ਤਾਂ ਕਿ ਬੋਝ ਕਾਰਨ ਆਪਣੇ ਜੀਵਨ ਦਾ ਅੰਤ ਕਰਨ ਵਾਲੇ ਕਿਸਾਨ ਦੇ ਵਾਰਿਸ ਨੂੰ ਮੁਆਵਜ਼ਾ ਦੇਣ ਦੀ ਵਿਧੀ ਵਿਚ ਤੇਜ਼ੀ ਲਿਆਂਦੀ ਜਾ ਸਕੇ। ਇੱਕ ਹੋਰ ਏਜੰਡੇ ’ਤੇ ਅਮਲ ਕਰਦਿਆਂ ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਅਨੁਸੂਚਿਤ ਜਾਤੀਆਂ ਤੇ ਪਛੜੀਆਂ ਸ਼੍ਰੇਣੀਆਂ ਦੇ ਵਰਗਾਂ ਦੇ ਖਪਤਕਾਰਾਂ ਦੀ ਤਰਜ਼ ’ਤੇ ਬੇ-ਜ਼ਮੀਨੇ ਕਿਸਾਨਾਂ ਨੂੰ ਵੀ 200 ਯੂਨਿਟ ਬਿਜਲੀ ਮੁਫ਼ਤ ਦੇਣ ਦੀ ਸੰਭਾਵਨਾ ਦਾ ਪਤਾ ਲਾਉਣ ਲਈ ਆਖਿਆ। ਮੁੱਖ ਮੰਤਰੀ ਨੇ ਪਾਵਰਕਾਮ ਦੇ ਅਧਿਕਾਰੀਆਂ ਨੂੰ ਆਖਿਆ ਕਿ ਸੂਬੇ ਦੀਆਂ ਢਾਹਣੀਆਂ ਤੇ ਡੇਰਿਆਂ ਨੂੰ 24 ਘੰਟੇ ਬਿਜਲੀ ਸਪਲਾਈ ਮੁਹੱਈਆ ਕਰਵਾਉਣ ਦੀ ਪ੍ਰਕ੍ਰਿਆ ਵਿਚ ਤੇਜ਼ੀ ਲਿਆਂਦੀ ਜਾਵੇ। ਮੁੱਖ ਮੰਤਰੀ ਨੇ ਵਫ਼ਦ ਨੂੰ ਭਰੋਸਾ ਦਿੱਤਾ ਕਿ ਭਾਰਤੀ ਕਪਾਹ ਨਿਗਮ ਦੀ ਤਰਜ਼ ’ਤੇ ਬਾਸਮਤੀ ਟਰੇਡਿੰਗ ਕਾਰਪੋਰੇਸ਼ਨ ਦੀ ਸਥਾਪਨਾ ਕਰਨ ਲਈ ਸੂਬਾ ਸਰਕਾਰ ਇੱਕ ਵਾਰ ਫਿਰ ਭਾਰਤ ਸਰਕਾਰ ’ਤੇ ਜ਼ੋਰ ਪਾਵੇਗੀ।

WRITTEN BY