Skip to content
Independent perspectives. Global stories.
BREAKING

ਕੈਪਟਨ ਅਮਰਿੰਦਰ ਸਿੰਘ ਦਾ ਟਾਈਟਲਰ ਦੇ ਪੱਖ ’ਚ ਬਿਆਨ ਸਿੱਖ ਕੌਮ ਨਾਲ ਧੋਖਾ : ਸ. ਸੁਖਬੀਰ ਸਿੰਘ ਬਾਦਲ

Share this story

image ਬਟਾਲਾ, 4 ਨਵੰਬਰ- ਪੰਜਾਬ ਕਾਂਗਰਸ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਵੱਲੋਂ ਕਾਂਗਰਸੀ ਆਗੂ ਜਗਦੀਸ਼ ਟਾਈਟਲਰ ਨੂੰ 1984 ਦੇ ਸਿੱਖ ਵਿਰੋਧੀ ਦੰਗਿਆਂ ‘ਚੋਂ ਦੋਸ਼ ਮੁਕਤ ਕਰਨ ਅਤੇ ਉਸਦੇ ਹੱਕ ‘ਚ ਦਿੱਤੇ ਬਿਆਨ ਦੀ ਨਿਖੇਧੀ ਕਰਦਿਆਂ ਪੰਜਾਬ ਦੇ ਉੱਪ ਮੁੱਖ ਮੰਤਰੀ ਸ. ਸੁਖਬੀਰ ਸਿੰਘ ਬਾਦਲ ਨੇ ਕਿਹਾ ਹੈ ਕਿ ਕੈਪਟਨ ਨੇ ਇਹ ਬਿਆਨ ਦੇ ਕੇ ਸਿੱਖ ਕੌਮ ਨਾਲ ਵੱਡਾ ਧ੍ਰੋਹ ਕਮਾਇਆ ਹੈ। ਸ. ਬਾਦਲ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ ਇਹ ਬਿਆਨ ਦੇ ਕੇ ਗਾਂਧੀ ਪਰਿਵਾਰ ਨਾਲ ਤਾਂ ਆਪਣੀ ਸਾਂਝ ਪੁੱਗਾ ਦਿੱਤੀ ਹੈ ਪਰ ਉਸਨੇ ਅਜਿਹਾ ਕਰਕੇ 1984 ਦੇ ਦੰਗਾ ਪੀੜ੍ਹਤਾਂ ਤੇ ਸਮੁੱਚੀ ਸਿੱਖ ਕੌਮ ਦੇ ਹਿਰਦੇ ਵਲੂੰਦਰ ਦਿੱਤੇ ਹਨ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਤੇ ਗਾਂਧੀ ਪਰਿਵਾਰ ਹਮੇਸ਼ਾਂ ਹੀ ਸਿੱਖ ਵਿਰੋਧੀ ਰਿਹਾ ਹੈ ਅਤੇ ਕਾਂਗਰਸ ਪਾਰਟੀ ਨੇ ਹੀ ਸਾਡੇ ਪਾਵਨ ਗੁਰਧਾਮਾਂ ਨੂੰ ਟੈਂਕਾ ਤੋਪਾਂ ਨਾਲ ਢਾਹਿਆ ਸੀ, ਜਿਸਨੂੰ ਸਿੱਖ ਕੌਮ ਕਦੀ ਮੁਆਫ ਨਹੀਂ ਕਰ ਸਕਦੀ।
ਪਿੰਡ ਵਡਾਲਾ ਗ੍ਰੰਥੀਆਂ ਵਿਖੇ ਪੇਂਡੂ ਸੇਵਾ ਕੇਂਦਰ ਦੇ ਉਦਘਾਟਨ ਮੌਕੇ ਵਿਸ਼ਾਲ ਇਕੱਠ ਨੂੰ ਸੰਬੋਧਨ ਕਰਦਿਆਂ ਉੱਪ ਮੁੱਖ ਮੰਤਰੀ ਸ. ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਆਮ ਆਦਮੀ ਪਾਰਟੀ ਕੇਵਲ ਨਕਾਰੇ ਹੋਏ ਤੇ ਦਲ ਬਦਲੂਆਂ ਦੀ ਪਾਰਟੀ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਕਿਸੇ ਵੀ ਧਰਮ ਦਾ ਸਤਿਕਾਰ ਨਹੀਂ ਕਰਦੀ ਅਤੇ ਇਸਦੇ ਆਗੂ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਨਾਲ ਖੇਡ ਰਹੇ ਹਨ। ਸੇਵਾ ਕੇਂਦਰਾਂ ਸਬੰਧੀ ਗੱਲ ਕਰਦਿਆਂ ਉੱਪ ਮੁੱਖ ਮੰਤਰੀ ਸ. ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪ੍ਰਸ਼ਾਸਨਿਕ ਸੁਧਾਰਾਂ ਵੱਲ ਵਿਸ਼ੇਸ ਤਵੱਜੋ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਪੇਂਡੂ ਖੇਤਰਾਂ ‘ਚ ਸੇਵਾ ਕੇਂਦਰ ਸ਼ੁਰੂ ਹੋਣ ਮਗਰੋਂ ਹੁਣ ਕਿਸੇ ਨੂੰ ਵੀ ਆਪਣੇ ਸਰਕਾਰੀ ਕੰਮਾਂ ਲਈ ਸ਼ਹਿਰਾਂ ਦੇ ਦਫਤਰਾਂ ਦਾ ਰੁਖ ਨਹੀਂ ਕਰਨਾ ਪਵੇਗਾ। ਸ. ਬਾਦਲ ਨੇ ਕਿਹਾ ਰਾਜ ਸਰਕਾਰ ਵੱਲੋਂ ਸਰਹੱਦੀ ਜ਼ਿਲ੍ਹੇ ਗੁਰਦਾਸਪੁਰ ‘ਚ ਕੁੱਲ 142 ਸੇਵਾ ਕੇਂਦਰ ਬਣਾਏ ਗਏ ਹਨ ਜੋ ਲੋਕਾਂ ਨੂੰ ਉਨ੍ਹਾਂ ਦੇ ਘਰ ਦੇ ਨੇੜੇ ਹੀ ਸੇਵਾਵਾਂ ਦੇਣਗੇ। ਪੰਜਾਬ ਸਰਕਾਰ ਦੀਆਂ ਪ੍ਰਾਪਤੀਆਂ ਦਾ ਜਿਕਰ ਕਰਦਿਆਂ ਉੱਪ ਮੁੱਖ ਮੰਤਰੀ ਸ. ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਸੂਬਾ ਸਰਕਾਰ ਨੇ ਪਿਛਲੇ ਸਾਢੇ 9 ਸਾਲਾਂ ‘ਚ ਰਾਜ ਦੇ 2.50 ਲੱਖ ਨੌਜਵਾਨਾਂ ਨੂੰ ਮੈਰਿਟ ਦੇ ਅਧਾਰ ‘ਤੇ ਸਰਕਾਰੀ ਨੌਕਰੀਆਂ ਦਿੱਤੀਆਂ ਹਨ। ਸ. ਬਾਦਲ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਰਾਜ ਦੇ 160 ਸ਼ਹਿਰਾਂ ਤੇ ਕਸਬਿਆਂ ‘ਚ ਬੁਨਿਆਦੀ ਸਹੂਲਤਾਂ ਮੁਹੱਈਆ ਕਰਾਈਆਂ ਗਈਆਂ ਹਨ ਅਤੇ ਹੁਣ ਅਗਲੇ 5 ਸਾਲਾਂ ਦੌਰਾਨ ਰਾਜ ਦੇ ਹਰ ਪਿੰਡ ‘ਚ ਸੀਵਰੇਜ, ਸੋਲਰ ਲਾਈਟਾਂ ਅਤੇ ਸੀਮਟਿਡ ਗਲੀਆਂ ਬਣਾਈਆਂ ਜਾਣਗੀਆਂ।

WRITTEN BY