ਚੰਡੀਗੜ੍ਹ, 21 ਫਰਵਰੀ (ਬਲਜੀਤ ਸਿੰਘ ਬਰਾੜ)- ਸ਼੍ਰੋਮਣੀ ਅਕਾਲੀ ਦਲ ਦੇ ਮੁੱਖ ਸਰਪ੍ਰਸਤ ਅਤੇ ਪੰਜਾਬ ਦੇ ਮੁੱਖ ਮੰਤਰੀ ਸ. ਪ੍ਰਕਾਸ਼ ਸਿੰਘ ਬਾਦਲ ਨੇ ਅੱਜ ਮੁੜ ਦੁਹਰਾਇਆ ਕਿ ਪੰਜਾਬ ਦੇ ਕੋਲ ਕਿਸੇ ਵੀ ਹੋਰ ਸੂਬੇ ਲਈ ਇੱਕ ਬੂੰਦ ਵੀ ਫਾਲਤੂ ਪਾਣੀ ਦੀ ਨਹੀਂ ਹੈ ਕਿਉਂਕਿ ਪੰਜਾਬ ਦੇ ਕਿਸਾਨ ਖੁਦ ਪਾਣੀ ਦੀ ਕਿੱਲਤ ਨਾਲ ਜੂਝ ਰਹੇ ਹਨ। ਉਨ੍ਹਾਂ ਕਿਹਾ ਕਿ ਸਤਲੁਜ ਜਮਨਾ ਲਿੰਕ ਨਹਿਰ ਨੁੰ ਕਿਸੇ ਵੀ ਕੀਮਤ ਤੇ ਬਣਨ ਨਹੀਂ ਦਿੱਤਾ ਜਾਵੇਗਾ ਅਤੇ ਨਾ ਹੀ ਪੰਜਾਬ ਦੇ ਪਾਣੀਆਂ ਦੀ ਇੱਕ ਵੀ ਬੂੰਦ ਉਸ ਨਹਿਰ ਰਾਹੀਂ ਕਿਸੇ ਹੋਰ ਸੂਬੇ ਨੂੰ ਦਿੱਤੀ ਜਾਵੇਗੀ। ਇਸ ਸੰਵੇਦਨਸ਼ੀਲ ਮੁੱਦੇ ਤੇ ਕਈ ਆਗੂਆਂ ਦੇ ਬਿਆਨਾਂ ਦਾ ਹਵਾਲਾ ਦਿੰਦੇ ਹੋਏ ਸ. ਬਾਦਲ ਨੇ ਕਿਹਾ ਕਿ ਪੰਜਾਬ ਅਤੇ ਹਰਿਆਣੇ ਦੀਆਂ ਸਿਆਸੀ ਧਿਰਾਂ ਅਤੇ ਸਿਆਸੀ ਆਗੂਆਂ ਨੂੰ ਪੰਜਾਬ ਦੀ ਅਮਨ ਅਤੇ ਸ਼ਾਂਤੀ ਦੀ ਕੀਮਤ ਤੇ ਇਸ ਸੰਵੇਦਨਸ਼ੀਲ ਮੁੱਦੇ ਤੇ ਸਿਆਸੀ ਨੋਟੰਕੀ ਕਰਨ ਤੋਂ ਬਾਜ ਆਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਜਦ ਤੱਕ ਮੈਂ ਇੱਥੇ ਹਾਂ ਕਿਸੇ ਨੂੰ ਵੀ ਸੂਬੇ ਦੇ ਹਿੱਤਾਂ ਦੀ ਫਿਕਰ ਕਰਨ ਦੀ ਕੋਈ ਲੋੜ ਨਹੀਂ ਹੈ ਕਿਉਂਕਿ ਸੂਬੇ ਦੀ ਅਕਾਲੀ ਭਾਜਪਾ ਸਰਕਾਰ ਪੰਜਾਬ ਅਤੇ ਪੰਜਾਬੀਆਂ ਦੇ ਹਿੱਤਾਂ ਦੀ ਰਾਖੀ ਕਰਨ ਲਈ ਪੂਰੀ ਤਰ੍ਹਾਂ ਨਾਲ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਕਿਸੇ ਵੀ ਹੋਰ ਆਗੂ ਨੂੰ ਇਸ ਸੰਵੇਦਨਸ਼ੀਲ ਮੁੱਦੇ ’ਤੇ ਝੂਠੀ ਬਹਾਦਰੀ ਦਿਖਾਉਣ ਦੀ ਕੋਈ ਲੋੜ ਨਹੀਂ ਹੈ। ਮੁੱਖ ਮੰਤਰੀ ਜੋ ਕਲ ਵਾਪਿਸ ਪਰਤੇ ਹਨ ਨੇ ਫੌਰਨ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਦੇ ਉੱਚ ਅਧਿਕਾਰੀਆਂ ਨਾਲ ਇੱਕ ਮੀਟਿੰਗ ਕੀਤੀ ਅਤੇ ਐਸ.ਵਾਈ.ਐੱਲ ਦੇ ਮੁੱਦੇ ਤੇ ਤਾਜ਼ਾ ਹਾਲਾਤਾਂ ਦਾ ਜਾਇਜ਼ਾ ਲਿਆ। ਉਨ੍ਹਾਂ ਸਖਤ ਨਿਰਦੇਸ਼ ਜਾਰੀ ਕੀਤੇ ਕਿ ਕਿਸੇ ਨੁੰ ਵੀ ਕਾਨੁੰਨ ਨੂੰ ਹੱਥ ਵਿੱਚ ਲੈਣ ਦੀ ਇਜ਼ਾਜਤ ਨਾ ਦਿੱਤੀ ਜਾਵੇ। ਮੁੱਖ ਮੰਤਰੀ ਨੇ ਹੁਕਮ ਦਿੱਤਾ ਕਿ ਕਿਸੇ ਵੀ ਤਰ੍ਹਾਂ ਦੀ ਅਣਸੁਖਾਵੀਂ ਘਟਨਾ ਨਾਲ ਨਜਿੱਠਣ ਲਈ ਸਖਤ ਸੁਰੱਖਿਆ ਦੇ ਇਤਜ਼ਾਮ ਕੀਤੇ ਜਾਣ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਕਿਸੇ ਵੀ ਹੋਰ ਸੂਬੇ ਦੇ ਲੋਕਾਂ ਨਾਲ ਟਕਰਾਅ ਨਹੀਂ ਚਾਹੁੰਦੇ ਹਨ ਅਤੇ ਪਾਣੀ ਦੀ ਇੱਕ ਵੀ ਬੂੰਦ ਨੂੰ ਐਸ.ਵਾਈ.ਐੱਲ. ਰਾਹੀਂ ਵਹਿਣ ਨਹੀਂ ਦਿੱਤਾ ਜਾਵੇਗਾ।
ਐਸ.ਵਾਈ.ਐੱਲ. ਨਹਿਰ ਕਿਸੇ ਵੀ ਕੀਮਤ ਤੇ ਨਹੀਂ ਬਣਨ ਦਿੱਤੀ ਜਾਵੇਗੀ : ਬਾਦਲ



