ਪੰਜਾਬ ਸਰਕਾਰ ਨਹਿਰ ਦੀ ਉਸਾਰੀ ਲਈ ਅਦਾਲਤ ਦੇ ਹੁਕਮਾਂ ਦਾ ਸਨਮਾਨ ਕਰੇ
ਨਵੀਂ ਦਿੱਲੀ/ਚੰਡੀਗੜ੍ਹ 22 ਫਰਵਰੀ (ਬਲਜੀਤ ਸਿੰਘ ਬਰਾੜ)- ਸਤਲੁਜ-ਯਮੁਨਾ ਲਿੰਕ (ਐੱਸ. ਵਾਈ. ਐੱਲ.) ਮਾਮਲੇ ਉੱਤੇ ਪੰਜਾਬ ਸਰਕਾਰ ਨੂੰ ਇੱਕ ਵਾਰ ਮੁੜ੍ਹ ਝੱਟਕਾ ਲੱਗਿਆ ਹੈ।ਜਿਸ ਦੇ ਤਹਿਤ ਐੱਸ.ਆਈ.ਐੱਲ. ਮੁੱਦੇ ਤੇ ਸੁਪਰੀਮ ਕੋਰਟ ਨੇ ਪੰਜਾਬ ਦੀ ਮੰਗ ਨੂੰ ਠੁਕਰਾ ਦਿੱਤਾ ਹੈ। ਅਦਾਲਤ ਨੇ ਹੁਣ ਇਸ ਮਾਮਲੇ ਦੀ ਸੁਣਵਾਈ 2 ਮਾਰਚ ਨੂੰ ਕਰਣ ਦਾ ਫੈਸਲਾ ਸੁਣਾਇਆ ਹੈ। ਜਿਸ ਦੌਰਾਨ ਅਦਾਲਤ ‘ਚ ਵਿਸਥਾਰ ਨਾਲ ਇਸ ਮਾਮਲੇ ‘ਤੇ ਸੁਣਵਾਈ ਕੀਤੀ ਜਾਵੇਗੀ। ਸੁਪਰੀਮ ਕੋਰਟ ਨੇ ਆਦੇਸ਼ ਦਿੰਦੇ ਕਿਹਾ ਕਿ ਪੰਜਾਬ ਸਰਕਾਰ ਸਮੱਝੌਤੇ ਦਾ ਪਾਲਣ ਕਰੇ ਅਤੇ ਹੁਣ ਨਹਿਰ ਬਣਨੀ ਚਾਹੀਦੀ ਹੈ। ਜਿਸ ਦੇ ਚਲਦੇ ਕੋਰਟ ਨੇ 2 ਮਾਰਚ ਨੂੰ ਪੰਜਾਬ ਸਰਕਾਰ ਨੂੰ ਆਪਣਾ ਪੱਖ ਰੱਖਣ ਦਾ ਆਖਰੀ ਮੌਕਾ ਦਿੱਤਾ ਹੈ। 20 ਫਰਵਰੀ ਨੂੰ ਹੋਈ ਸੁਣਵਾਈ ਦੌਰਾਨ ਪੰਜਾਬ ਸਰਕਾਰ ਨੇ ਸੁਪਰੀਮ ਕੋਰਟ ਵਿੱਚ ਆਪਣਾ ਪੱਖ ਰੱਖਦਿਆਂ ਕਿਹਾ ਸੀ ਕਿ ਉਹ ਕਿਸਾਨਾਂ ਨੂੰ ਉਨ੍ਹਾਂ ਦੀ ਜ਼ਮੀਨ ਵਾਪਸ ਕਰ ਚੁੱਕੇ ਹਨ। ਨਹਿਰ ਦੇ ਨਿਰਮਾਣ ਲਈ ਉਹ ਮੁੜ ਤੋਂ ਕਿਸਾਨਾਂ ਤੋਂ ਜ਼ਮੀਨਾਂ ਵਾਪਸ ਨਹੀਂ ਲੈ ਸਕਦੇ।ਯਾਦ ਕਰਾ ਦੇਈਏ ਕਿ ਇਸ ਬਾਰੇ 16 ਨਵੰਬਰ, 2016 ਨੂੰ ਪੰਜਾਬ ਵਿਧਾਨ ਸਭਾ ਵਿੱਚ ਮਤਾ ਪਾਸ ਕੀਤਾ ਗਿਆ ਸੀ। ਇਸ ਤਹਿਤ ਨਹਿਰ ਦੇ ਨਿਰਮਾਣ ਲਈ ਕਿਸਾਨਾਂ ਤੋਂ ਲਈ ਜ਼ਮੀਨ ਦੇ ਐਫੀਡੇਵਿਟ ਕਿਸਾਨਾਂ ਦੇ ਨਾਂ ‘ਤੇ ਤਬਦੀਲ ਕਰ ਦਿੱਤੇ ਗਏ ਸਨ। ਸਰਕਾਰ ਨੇ ਇਸ ਲਈ ਕੇਂਦਰ ਨੂੰ ਜ਼ਿੰਮੇਵਾਰ ਠਹਿਰਾਉਂਦਿਆਂ ਕਿਹਾ ਕਿ ਕੇਂਦਰ ਨੇ ਸੂਬਿਆਂ ਵਿਚਕਾਰ ਚੱਲ ਰਹੇ ਪਾਣੀਆਂ ਦੇ ਝਗੜਿਆਂ ਨੂੰ ਨਿਬੇੜਨ ਲਈ ਕੋਈ ਅਹਿਮ ਕਦਮ ਨਹੀਂ ਚੁੱਕਿਆ। ਇਸ ਲਈ ਵਾਟਰ ਟ੍ਰਿਬਿਊਨਲ ਦਾ ਗਠਨ ਕਰਨਾ ਕੇਂਦਰ ਦੀ ਸਭ ਤੋਂ ਅਹਿਮ ਜ਼ਿੰਮੇਵਾਰੀ ਬਣਦੀ ਸੀ। ਜਸਟਿਸ ਪੀਸੀ ਘੋਸ਼ ਦੇ ਬੈਂਚ ਨੇ ਸੁਝਾਇਆ ਕਿ ਐਸਵਾਈਐਲ ਦੇ ਮੁੱਦੇ ਦਾ ਹੱਲ ਉਦੋਂ ਤੱਕ ਸੰਭਵ ਨਹੀਂ ਹੈ ਜਦੋਂ ਤੱਕ ਹਰਿਆਣਾ ਨਾਨ-ਰਾਇਪੇਰੀਅਨ ਰਹੇਗਾ।ਇਸ ਤੋਂ ਪਹਿਲਾਂ 16 ਫਰਵਰੀ ਦੀ ਸੁਣਵਾਈ ਦੌਰਾਨ ਪੰਜਾਬ ਸਰਕਾਰ ਨੇ ਇਸ ਮਾਮਲੇ ਦੀ ਅਗਲੀ ਸੁਣਵਾਈ 11 ਮਾਰਚ ਨੂੰ ਚੋਣ ਨਤੀਜਿਆਂ ਤੋਂ ਬਾਅਦ ਕਰਨ ਦੀ ਅਪੀਲ ਪਾਈ ਸੀ। ਅਦਾਲਤ ਨੇ ਇਸ ਅਪੀਲ ਨੂੰ ਖਾਰਜ ਕਰਦਿਆਂ ਕਿਹਾ ਅਗਲੀ ਸੁਣਵਾਈ 2 ਮਾਰਚ ‘ਤੇ ਪਾ ਕੇ ਮਸਲੇ ਦੇ ਜਲਦ ਹੱਲ ਲਈ ਆਦੇਸ਼ ਜਾਰੀ ਕਰ ਦਿੱਤੇ ਹਨ।ਜ਼ਾਹਿਰ ਤੌਰ ਤੇ ਸੁਪਰੀਮ ਕੋਰਟ ਦੇ ਅੱਜ ਦੇ ਐਲਾਨ ਤੋਂ ਬਾਅਦ ਦੋਵਾਂ ਸੂਬਿਆਂ ਵਿੱਚ ਟਕਰਾਅ ਵਧਣ ਦੇ ਆਸਾਰ ਹਨ।ਕੱਲ੍ਹ 23 ਫਰਵਰੀ ਨੂੰ ਹਰਿਆਣਾ ਦੀ ਇਨੈਲੋ ਵੱਲੋਂ ਆਪਣੇ ਐਲਾਨ ਤਹਿਤ ਨਹਿਰ ਪੁੱਟਣ ਦੀ ਕੋਸ਼ਿਸ਼ ਕੀਤੀ ਜਾਵਗੀ। ਜਦਕਿ ਪੰਜਾਬ ਵਾਸੀ ਇਸ ਨੂੰ ਰੋਕਣ ਲਈ ਵਾਹ ਲਾਉਣਗੇ, ਜਦਕਿ ਪ੍ਰਸ਼ਾਸ਼ਨ ਦੋਵਾਂ ਧਿਰਾਂ ਨੂੰ ਰੋਕਣ ਲਈ ਕਮਰ ਕਸੀ ਬੈਠਾ ਹੈ, ਉਮੀਦ ਹੈ ਦੋਵਾਂ ਸੂਬਿਆਂ ‘ਚ ਮਾਹੌਲ ਸ਼ਾਂਤ ਰਹੇਗਾ।



