ਤਰਨਤਾਰਨ, 8 ਮਾਰਚ (ਰਵਿੰਦਰ ਕੱਕੜ, ਆਹਲੂਵਾਲੀਆ)- ਚੋਣ ਕਮਿਸ਼ਨ ਵੱਲੋਂ ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਲਈ ਪਈਆਂ ਵੋਟਾਂ ਦੀ ਗਿਣਤੀ ਪਾਰਦਰਸ਼ੀ ਢੰਗ ਨਾਲ ਕਰਵਾਏ ਜਾਣ ਲਈ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਜਾ ਰਹੇ ਹਨ। ਇਹ ਜਾਣਕਾਰੀ ਮੁੱਖ ਚੋਣ ਅਧਿਕਾਰੀ ਪੰਜਾਬ ਸ੍ਰੀ ਵੀ.ਕੇ. ਸਿੰਘ ਨੇ ਅੱਜ ਤਰਨਤਾਰਨ ਜ਼ਿਲ੍ਹੇ ਦੇ ਚਾਰ ਵਿਧਾਨ ਸਭਾ ਹਲਕਿਆਂ ਦੇ ਵੱਖ ਵੱਖ ਉਮੀਦਵਾਰਾਂ ਤੇ ਰਿਟਰਨਿੰਗ ਅਫ਼ਸਰਾਂ ਨਾਲ ਕੀਤੀ ਵਿਸ਼ੇਸ਼ ਮੀਟਿੰਗ ਦੌਰਾਨ ਦਿੱਤੀ। ਇਸ ਉਪਰੰਤ ਉਨ੍ਹਾਂ ਵੱਲੋਂ ਗਿਣਤੀ ਕੇਂਦਰਾਂ ’ਚ ਪ੍ਰਬੰਧਾਂ ਦਾ ਜਾਇਜਾ ਲੈਣ ਲਈ ਦੌਰਾ ਵੀ ਕੀਤਾ। ਇਸ ਮੌਕੇ ’ਤੇ ਉਨ੍ਹਾਂ ਨਾਲ ਸ੍ਰੀ ਵੀ.ਕੇ. ਭਾਵੜਾ ਏ.ਡੀ.ਜੀ.ਪੀ. ਪੰਜਾਬ, ਡਿਪਟੀ ਕਮਿਸ਼ਨਰ ਇੰਜੀਨੀਅਰ ਡੀ.ਪੀ.ਐਸ. ਖਰਬੰਦਾ, ਐਸ.ਐਸ.ਪੀ. ਸ੍ਰੀ ਹਰਜੀਤ ਸਿੰਘ, ਸ੍ਰੀ ਟੀ.ਪੀ.ਐਸ. ਫੂਲਕਾ ਏ.ਡੀ.ਸੀ. (ਜਨਰਲ), ਸ੍ਰੀ ਰਜਤ ਓਬਰਾਏ, ਸ੍ਰੀ ਰਾਜੇਸ਼ ਸ਼ਰਮਾ, ਸ੍ਰੀਮਤੀ ਪਰਮਜੀਤ ਕੌਰ ਅਤੇ ਮੈਡਮ ਅਮਨਦੀਪ ਕੌਰ ਸਾਰੇ ਰਿਟਰਨਿੰਗ ਅਫ਼ਸਰ ਵੀ ਹਾਜ਼ਰ ਸਨ। ਸ੍ਰੀ ਵੀ.ਕੇ. ਸਿੰਘ ਨੇ ਅੱਜ ਇੱਥੇ ਜ਼ਿਲ੍ਹੇ ਵਿਚ ਚੋਣ ਲੜ ਰਹੇ ਉਮੀਦਵਾਰਾਂ ਨਾਲ ਬੈਠਕ ਕਰਕੇ ਉਨ੍ਹਾਂ ਨੂੰ ਚੋਣ ਕਮਿਸ਼ਨ ਵੱਲੋਂ ਵੋਟਾਂ ਦੀ ਗਿਣਤੀ ਲਈ ਕੀਤੇ ਜਾ ਰਹੇ ਪ੍ਰਬੰਧਾਂ ਬਾਰੇ ਦੱਸਿਆ ਅਤੇ ਨਾਲ ਹੀ ਇਸ ਸਬੰਧੀ ਊਮੀਦਵਾਰਾਂ ਦੇ ਵਿਚਾਰ ਵੀ ਸੁਣੇ। ਇਸ ਮੌਕੇ ਉਨ੍ਹਾਂ ਨੇ ਜ਼ਿਲ੍ਹਾ ਪ੍ਰਸਾਸ਼ਨ ਵੱਲੋਂ ਵੋਟਾਂ ਦੀ ਗਿਣਤੀ ਲਈ ਕੀਤੇ ਜਾ ਰਹੇ ਪ੍ਰਬੰਧਾਂ ਦੀ ਸਮੀਖਿਆ ਵੀ ਕੀਤੀ ਅਤੇ ਵਿਧਾਨ ਸਭਾ ਹਲਕਾ ਪੱਟੀ ਅਤੇ ਖਡੂਰ ਸਾਹਿਬ ਲਈ ਸਥਾਪਤ ਕੀਤੇ ਗਿਣਤੀ ਕੇਂਦਰਾਂ ਦਾ ਦੌਰਾ ਕਰਕੇ ਉ¤ਥੇ ਕੀਤੇ ਜਾ ਰਹੇ ਇੰਤਜਾਮਾਂ ਬਾਰੇ ਜਾਣਕਾਰੀ ਹਾਸਲ ਕੀਤੀ। ਇਸ ਮੌਕੇ ਮੁੱਖ ਚੋਣ ਅਫ਼ਸਰ ਸ੍ਰੀ ਵੀ.ਕੇ.ਸਿੰਘ ਨੇ ਕਿਹਾ ਕਿ ਪੰਜਾਬ ਦੇ ਸੂਝਵਾਨ ਵੋਟਰਾਂ ਸਮੇਤ ਸਭ ਧਿਰਾਂ ਦੇ ਸਹਿਯੋਗ ਨਾਲ ਅਮਨ, ਅਮਾਨ ਅਤੇ ਸ਼ਾਂਤੀਪੂਰਵਕ ਮਹੌਲ ਵਿਚ ਚੋਣਾਂ ਨੇਪਰੇ ਚੜੀਆਂ ਹਨ ਅਤੇ ਹੁਣ ਵੋਟਾਂ ਦੀ ਗਿਣਤੀ ਵੀ ਇਸੇ ਹੀ ਸਦਭਾਵਨਾ ਵਾਲੇ ਮਹੌਲ ਵਿਚ ਪੂਰੀ ਨਿਰਪੱਖਤਾ ਅਤੇ ਪਾਰਦਰਸ਼ੀ ਢੰਗ ਨਾਲ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਮਤਗਣਨਾ ਪ੍ਰਕ੍ਰਿਆ ਵਿਚ ਊਮੀਦਵਾਰਾਂ ਦੀ ਭਾਗੀਦਾਰੀ ਕਰਵਾਈ ਜਾ ਰਹੀ ਹੈ ਤਾਂ ਜੋ ਉਹ ਜਾਣ ਸਕਣ ਕਿ ਚੋਣ ਕਮਿਸ਼ਨ ਵੱਲੋਂ ਕੀ ਇੰਤਜਾਮ ਕੀਤੇ ਜਾ ਰਹੇ ਹਨ। ਉਨ੍ਹਾਂ ਨੇ ਦੱਸਿਆ ਕਿ ਗਿਣਤੀ ਕੇਂਦਰਾਂ ਦੇ ਅੰਦਰ ਮੋਬਾਇਲ ਲੈ ਕੇ ਜਾਣ ਤੇ ਪੂਰਨ ਪਾਬੰਦੀ ਰਹੇਗੀ ਅਤੇ ਗਿਣਤੀ ਕੇਂਦਰਾਂ ਨੇੜੇ ਹਥਿਆਰ ਲੈ ਕੇ ਜਾਣ ਤੇ ਵੀ ਸਖ਼ਤ ਮਨਾਹੀ ਹੋਵੇਗੀ। ਉਨ੍ਹਾਂ ਨੇ ਇਸ ਮੌਕੇ ਸਿਆਸੀ ਪਾਰਟੀਆਂ ਨੂੰ ਵੀ ਕਿਹਾ ਕਿ ਉਹ ਗਿਣਤੀ ਤੋਂ ਬਾਅਦ ਵੀ ਸਦਭਾਵਨਾ ਬਣਾਈ ਰੱਖੀ ਜਾਵੇ। ਇਸ ਮੌਕੇ ਏ.ਡੀ.ਜੀ.ਪੀ. ਚੋਣਾਂ ਸ੍ਰੀ ਵੀ.ਕੇ. ਭਾਂਵਰਾਂ ਨੇ ਕਿਹਾ ਕਿ ਗਿਣਤੀ ਕੇਂਦਰਾਂ ਦੁਆਲੇ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਜਾ ਰਹੇ ਹਨ ਅਤੇ ਗਿਣਤੀ ਕੇਂਦਰਾਂ ਨੇੜੇ ਕੋਈ ਵੀ ਅਣ-ਅਧਿਕਾਰਤ ਵਿਅਕਤੀ ਨਹੀਂ ਆਉਣ ਦਿੱਤਾ ਜਾਵੇਗਾ। ਇਸ ਮੌਕੇ ਜ਼ਿਲ੍ਹਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਇੰਜੀਨੀਅਰ ਡੀ.ਪੀ.ਐਸ. ਖਰਬੰਦਾ ਨੇ ਜ਼ਿਲ੍ਹੇ ਵਿਚ ਗਿਣਤੀ ਸਬੰਧੀ ਕੀਤੇ ਜਾ ਰਹੇ ਪ੍ਰਬੰਧਾਂ ਬਾਰੇ ਜਾਣਕਾਰੀ ਦਿੱਤੀ ਅਤੇ ਦੱਸਿਆ ਕਿ ਗਿਣਤੀ ਪੂਰੇ ਪਾਰਦਰਸ਼ੀ ਢੰਗ ਨਾਲ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਵੋਟਾਂ ਦੀ ਗਿਣਤੀ ਲਈ ਸਟਾਫ ਨੂੰ ਲੋੜੀਂਦੀ ਟਰੇਨਿੰਗ ਵੀ ਦਿੱਤੀ ਗਈ ਹੈ।
11 ਮਾਰਚ ਨੂੰ ਹੋ ਰਹੀ ਵੋਟਾਂ ਦੀ ਗਿਣਤੀ ਲਈ ਕੀਤੇ ਪੁਖਤਾ ਪ੍ਰਬੰਧ : ਮੁੱਖ ਚੋਣ ਅਧਿਕਾਰੀ



