ਕੀਰਤਪੁਰ ਸਾਹਿਬ/ਜਲੰਧਰ, 8 ਮਾਰਚ- ਪੰਜਾਬ ਵਿੱਚ ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਗੱਠਜੋੜ ਤੀਜੀ ਵਾਰ ਸਰਕਾਰ ਬਣਾ ਕੇ ਨਵਾਂ ਇਤਿਹਾਸ ਸਿਰਜੇਗਾ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਉਪ ਮੁੱਖ ਮੰਤਰੀ ਸ. ਸੁਖਬੀਰ ਸਿੰਘ ਬਾਦਲ ਨੇ ਕੀਤਾ। ਉਹ ਕੀਰਤਪੁਰ ਸਾਹਿਬ ਦੇ ਗੁਰਦੁਆਰਾ ਬਾਬਾ ਗੁਰਦਿੱਤਾ ਜੀ ਵਿਖੇ ਪਾਰਟੀ ਵਰਕਰਾਂ ਵਲੋਂ ਰਖਵਾਏ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅਖੰਡ ਪਾਠਾਂ ਦੇ ਭੋਗ ਸਮਾਗਮ ’ਚ ਹਿੱਸਾ ਲੈਣ ਆਏ ਸਨ। ਇਸ ਮੌਕੇ ’ਤੇ ਉਨ੍ਹਾਂ ਨੇ ਇਸ ਇਤਿਹਾਸਿਕ ਗੁਰਧਾਮ ਦੇ ਸ਼ਰਧਾ ਨਾਲ ਦਰਸ਼ਨ ਕੀਤੇ। ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਵਿੱਚ ਸੰਗਤਾਂ ਨੇ ਪੰਥ ਵਿਰੋਧੀ ਤਾਕਤਾਂ ਨੂੰ ਮਾਤ ਦੇ ਦਿੱਤੀ ਹੈ। ਉਨ੍ਹਾਂ ਕਿਹਾ ਕਿ ਪੰਥ ਦੀ ਆਵਾਜ਼ ਬਣਨ ਵਾਲਿਆਂ ਮੋਹਰੇ ਕੋਈ ਨਹੀਂ ਖੜ੍ਹ ਸਕਦਾ। ਉਨ੍ਹਾਂ ਵਿਸ਼ਵਾਸ ਪ੍ਰਗਟਾਇਆ ਕਿ ਦਿੱਲੀ ਦੀ ਤਰ੍ਹਾਂ ਹੀ ਪੰਜਾਬ ਵਿੱਚ ਵਿਧਾਨ ਸਭਾ ਚੋਣਾਂ ਦੇ ਨਤੀਜੇ ਆਉਣਗੇ ਅਤੇ ਅਕਾਲੀ-ਭਾਜਪਾ ਗੱਠਜੋੜ ਵੱਡੀ ਜਿੱਤ ਪ੍ਰਾਪਤ ਕਰੇਗਾ। ਇਸ ਮੌਕੇ ਭਾਈ ਅਮਰਜੀਤ ਸਿੰਘ ਚਾਵਲਾ ਜਨਰਲ ਸਕੱਤਰ ਸ਼੍ਰੋਮਣੀ ਪ੍ਰਬੰਧਕ ਕਮੇਟੀ, ਭਾਈ ਫੂਲਾ ਸਿੰਘ ਹੈੱਡ ਗ੍ਰੰਥੀ ਤਖ਼ਤ ਸ਼੍ਰੀ ਕੇਸ਼ਗੜ੍ਹ ਸਾਹਿਬ, ਮੈਨੇਜਰ ਰੇਸ਼ਮ ਸਿੰਘ, ਸ਼ਮਸ਼ੇਰ ਸਿੰਘ ਦਬੂੜ ਚੇਅਰਮੈਨ ਮਾਰਕੀਟ ਕਮੇਟੀ, ਮਨਜੀਤ ਸਿੰਘ ਬਾਸੋਵਾਲ,ਮੋਹਨ ਸਿੰਘ ਢਾਹੇ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਜਿਲਾ ਰੋਪੜ੍ਹ, ਐਡਵੋਕੇਟ ਹਰਦੇਵ ਸਿੰਘ ਹੈਪੀ, ਹਰਜੀਤ ਸਿੰਘ ਆਦਿ ਹਾਜ਼ਰ ਸਨ।
ਤੀਜੀ ਵਾਰ ਬਣੇਗੀ ਅਕਾਲੀ-ਭਾਜਪਾ ਸਰਕਾਰ : ਸ. ਸੁਖਬੀਰ ਸਿੰਘ ਬਾਦਲ



