Skip to content
Independent perspectives. Global stories.
BREAKING

ਵੀ.ਆਈ.ਪੀ. ਕਲਚਰ ਖਤਮ ਕਰਨ ਬਾਰੇ ਫੈਸਲੇ ’ਤੇ ਤੁਰੰਤ ਅਮਲ ਸ਼ੁਰੂ

Share this story

ਕੁਝ ਘੰਟਿਆਂ ਬਾਅਦ ਹੀ ਮੁੱਖ ਮੰਤਰੀ ਤੇ ਮੰਤਰੀਆਂ ਨੇ ਵਾਹਨਾਂ ਤੋਂ ਲਾਲ ਬੱਤੀਆਂ ਹਟਾਈਆਂ
image ਚੰਡੀਗੜ੍ਹ, 19 ਮਾਰਚ- ਵੀ.ਆਈ.ਪੀ. ਕਲਚਰ ਖਤਮ ਕਰਨ ਬਾਰੇ ਮੰਤਰੀ ਮੰਡਲ ਦੇ ਫੈਸਲੇ ’ਤੇ ਫੌਰੀ ਅਮਲ ਕਰਦਿਆਂ ਅਤੇ ਇਸ ਸਬੰਧ ਵਿੱਚ ਰਸਮੀ ਨੋਟੀਫਿਕੇਸ਼ਨ ਦੀ ਉਡੀਕ ਕੀਤੇ ਬਿਨਾਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਕੈਬਨਿਟ ਮੰਤਰੀਆਂ ਨੇ ਆਪਣੇ ਵਾਹਨਾਂ ਤੋਂ ਲਾਲ ਬੱਤੀਆਂ ਹਟਾ ਦਿੱਤੀਆਂ ਹਨ। ਸ਼ਨਿਚਰਵਾਰ ਨੂੰ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਮੰਤਰੀ ਮੰਡਲ ਦੀ ਪਹਿਲੀ ਮੀਟਿੰਗ ਤੋਂ ਤੁਰੰਤ ਬਾਅਦ ਹੀ ਮੁੱਖ ਮੰਤਰੀ ਅਤੇ ਬਾਕੀ ਮੰਤਰੀਆਂ ਨੇ ਆਪਣੇ ਵਾਹਨਾਂ ਤੋਂ ਲਾਲ ਬੱਤੀਆਂ ਹਟਾ ਦਿੱਤੀਆਂ। ਸਰਕਾਰੀ ਬੁਲਾਰੇ ਨੇ ਦੱਸਿਆ ਕਿ ਵੀ.ਆਈ.ਪੀ. ਕਲਚਰ ਦੀ ਵਿਖਾਵੇਬਾਜ਼ੀ ਨੂੰ ਖਤਮ ਕਰਨ ਬਾਰੇ ਸਰਕਾਰ ਦਾ ਇਹ ਕਦਮ ਕਾਂਗਰਸ ਦੇ ਚੋਣ ਮਨੋਰਥ ਪੱਤਰ ਦਾ ਹਿੱਸਾ ਹੈ ਅਤੇ ਮੰਤਰੀ ਮੰਡਲ ਨੇ ਇਸ ਨੂੰ ਸਹੀ ਮਾਅਨਿਆਂ ਵਿੱਚ ਅਮਲ ’ਚ ਲਿਆਉਣ ਦਾ ਫੈਸਲਾ ਕੀਤਾ। ਭਾਵੇਂ ਕਿ ਕਾਂਗਰਸ ਦੇ ਚੋਣ ਮਨੋਰਥ ਪੱਤਰ ਵਿੱਚ ਮੁੱਖ ਮੰਤਰੀ ਅਤੇ ਕੈਬਨਿਟ ਮੰਤਰੀਆਂ ਨੂੰ ਇਸ ਦੇ ਘੇਰੇ ਤੋਂ ਬਾਹਰ ਰੱਖਿਆ ਗਿਆ ਸੀ ਪਰ ਸਮੁੱਚੀ ਕੈਬਨਿਟ ਨੇ ਆਪਣੇ ਆਪ ਨੂੰ ਇਸ ਫੈਸਲੇ ਦੇ ਦਾਇਰੇ ਵਿੱਚ ਲਿਆਉਣ ਦਾ ਫੈਸਲਾ ਕੀਤਾ। ਬੁਲਾਰੇ ਨੇ ਦੱਸਿਆ ਕਿ ਮੁੱਖ ਮੰਤਰੀ ਤੇ ਮੰਤਰੀਆਂ ਦੇ ਵਾਹਨਾਂ ਤੋਂ ਲਾਲ ਬੱਤੀਆਂ ਹਟਾਉਣ ਨਾਲ ਸੂਬਾ ਸਰਕਾਰ ਦੇ ਉਨ੍ਹਾਂ ਯਤਨਾਂ ਦਾ ਮੁੱਢ ਬੰਨ੍ਹਿਆ ਗਿਆ ਹੈ ਜਿਸ ਦਾ ਮਕਸਦ ਸਰਕਾਰੀ ਮਸ਼ੀਨਰੀ ਵਿੱਚੋਂ ਜ਼ੋਰ-ਸ਼ੋਰ ਨਾਲ ਪ੍ਰਚਾਰੇ ਜਾਂਦੇ ਵੀ.ਆਈ.ਪੀ. ਸੱਭਿਆਚਾਰ ਦਾ ਮੁਕੰਮਲ ਸਫਾਇਆ ਕਰਨਾ ਹੈ ਜੋ ਲੰਘੇ ਵਰ੍ਹਿਆਂ ਤੋਂ ਖਜ਼ਾਨੇ ’ਤੇ ਵੱਡਾ ਬੋਝ ਪੈਣ ਦੇ ਨਾਲ-ਨਾਲ ਆਮ ਆਦਮੀ ਲਈ ਘੋਰ ਮੁਸੀਬਤਾਂ ਦਾ ਕਾਰਨ ਬਣਿਆ ਹੋਇਆ ਹੈ। ਇਸ ਸਬੰਧ ਵਿੱਚ ਪਿਛਲੀ ਸਰਕਾਰ ਵੱਲੋਂ ਭਾਰੀ ਕਰਜ਼ੇ ਦੇ ਰੂਪ ਵਿੱਚ ਬੋਝ ਪਾਇਆ ਗਿਆ। ਬੁਲਾਰੇ ਨੇ ਦੱਸਿਆ ਕਿ ਐਮਰਜੈਂਸੀ ਹਸਪਤਾਲ, ਐਂਬੂਲੈਂਸ, ਅੱਗ ਬੁਝਾਊ ਵਾਹਨਾਂ ਤੋਂ ਇਲਾਵਾ ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਚੀਫ ਜਸਟਿਸ ਤੇ ਬਾਕੀ ਜੱਜਾਂ ਦੇ ਵਾਹਨਾਂ ਨੂੰ ਛੱਡ ਕੇ ਸਰਕਾਰੀ ਵਾਹਨਾਂ ’ਤੇ ਲਾਲ ਬੱਤੀ ਦੀ ਵਰਤੋਂ ਬਾਰੇ ਨੀਤੀ ਨੂੰ ਅੰਤਮ ਰੂਪ ਦੇਣ ਦੀ ਪ੍ਰਕ੍ਰਿਆ ਪਹਿਲਾਂ ਹੀ ਸ਼ੁਰੂ ਕੀਤੀ ਜਾ ਚੁੱਕੀ ਹੈ। ਬੁਲਾਰੇ ਨੇ ਦੱਸਿਆ ਕਿ ਲੋੜੀਂਦਾ ਨੋਟੀਫਿਕੇਸ਼ਨ ਜਾਰੀ ਹੁੰਦੇ ਸਾਰ ਹੀ ਸਾਰੇ ਸਰਕਾਰੀ ਵਿਭਾਗਾਂ ਵੱਲੋਂ ਇਸ ਦੀ ਸਖ਼ਤੀ ਨਾਲ ਪਾਲਣਾ ਕੀਤੀ ਜਾਵੇਗੀ। ਬੁਲਾਰੇ ਨੇ ਦੱਸਿਆ ਕਿ ਮੰਤਰੀ ਮੰਡਲ ਦੇ ਬਾਕੀ ਫੈਸਲਿਆਂ ਨੂੰ ਲਾਗੂ ਕਰਨ ਦੀ ਪ੍ਰਕ੍ਰਿਆ ਵੀ ਆਰੰਭੀ ਜਾ ਚੁੱਕੀ ਹੈ। ਉਨ੍ਹਾਂ ਕਿਹਾ ਕਿ ਸਾਰੇ ਫੈਸਲਿਆਂ ਨੂੰ ਸਮਾਂਬੱਧ ਢਾਂਚੇ ਵਿੱਚ ਅਮਲ ਵਿੱਚ ਲਿਆਂਦਾ ਜਾਵੇਗਾ ਅਤੇ ਮੁੱਖ ਮੰਤਰੀ ਅਤੇ ਸਬੰਧਤ ਮੰਤਰੀ ਇਸ ਦੀ ਨਿੱਜੀ ਤੌਰ ’ਤੇ ਨਿਗਰਾਨੀ ਕਰ ਰਹੇ ਹਨ ਤਾਂ ਜੋ ਇਸ ਵਿੱਚ ਕੋਈ ਔਕੜ ਜਾਂ ਦੇਰੀ ਨਾ ਹੋਣ ਨੂੰ ਯਕੀਨੀ ਬਣਾਉਣ ਜਾ ਸਕੇ। ਸ਼ਨਿਚਰਵਾਰ ਨੂੰ ਕੈਪਟਨ ਅਮਰਿਦੰਰ ਸਿੰਘ ਦੀ ਅਗਵਾਈ ਵਿੱਚ ਮੰਤਰੀ ਮੰਡਲ ਦੀ ਪਹਿਲੀ ਮੀਟਿੰਗ ਵਿੱਚ ਹੀ ਕਾਂਗਰਸ ਦੇ ਚੋਣ ਮਨੋਰਥ ਪੱਤਰ ਵਿੱਚ ਕੀਤੇ ਵਾਅਦਿਆਂ ਨੂੰ ਅਮਲੀ ਰੂਪ ਦੇਣ ਲਈ 120 ਤੋਂ ਵੱਧ ਫੈਸਲੇ ਲੈ ਕੇ ਇਸ ਨੂੰ ਵਿਕਾਸ ਪ੍ਰੋਗਰਾਮ ਦੇ ਤੌਰ ’ਤੇ ਅਪਣਾਇਆ ਗਿਆ।

WRITTEN BY