Skip to content
Independent perspectives. Global stories.
BREAKING

ਕੈਪਟਨ ਅਮਰਿੰਦਰ ਸਿੰਘ ਵੱਲੋਂ ਨਸ਼ਿਆਂ, ਭ੍ਰਿਸ਼ਟਾਚਾਰ ਅਤੇ ਮਾਫੀਆ ਖਿਲਾਫ਼ ਕਰੜੇ ਹੱਥੀਂ ਨਿਪਟਣ ਦਾ ਐਲਾਨ

Share this story

ਨਾਕਾਮੀ ਲਈ ਸੀਨੀਅਰ ਪ੍ਰਸ਼ਾਸਨਿਕ ਅਤੇ ਪੁਲੀਸ ਅਧਿਕਾਰੀਆਂ ਦੀ ਜੁਆਬਦੇਹੀ ਹੋਵੇਗੀ

image ਚੰਡੀਗੜ, 20 ਮਾਰਚ- ਨਸ਼ੇ ਅਤੇ ਭ੍ਰਿਸ਼ਟਾਚਾਰ ਖਿਲਾਫ਼ ਕਰੜਾ ਰੁਖ ਅਖਤਿਆਰ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੂਬਾ ਪ੍ਰਸ਼ਾਸਨ ਦੀ ਪਹਿਲੀ ਮੀਟਿੰਗ ਦੌਰਾਨ ਭ੍ਰਿਸ਼ਟਾਚਾਰ, ਨਸ਼ੇ ਅਤੇ ਅਪਰਾਧ ਤੋਂ ਮੁਕਤ ਸਮਾਜ ਬਣਾਉਣ ਲਈ ਜ਼ਿਲ੍ਹਾ ਪੁਲੀਸ ਮੁਖੀਆਂ ਅਤੇ ਡਿਪਟੀ ਕਮਿਸ਼ਨਰਾਂ ਦੀ ਜ਼ਿੰਮੇਵਾਰੀ ਤੈਅ ਕਰਦਿਆਂ ਵੱਡੇ ਨਸ਼ਾ ਤਸਕਰਾਂ, ਗੈਂਗਸਟਰਾਂ ਅਤੇ ਹੋਰ ਅਪਰਾਧੀਆਂ ਨੂੰ ਕਾਬੂ ਕਰਨ ਦੇ ਹੁਕਮ ਦਿੱਤੇ। ਪੰਜਾਬ ਮੰਤਰੀ ਮੰਡਲ ਦੀ ਮੀਟਿੰਗ ਵਿੱਚ ਨਸ਼ੇ, ਭ੍ਰਿਸ਼ਟਾਚਾਰ ਅਤੇ ਹੋਰ ਮਾਫੀਆ ਨਾਲ ਕਰੜੇ ਹੱਥੀਂ ਨਿਪਟਣ ਦੇ ਲਏ ਫੈਸਲੇ ਤੋਂ ਦੋ ਦਿਨ ਬਾਅਦ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਜ਼ਿਲ੍ਹਾ ਪ੍ਰਸ਼ਾਸਨ ਅਤੇ ਪੁਲੀਸ ਅਧਿਕਾਰਿਆਂ ਨੂੰ ਇਹ ਸਪੱਸ਼ਟ ਕਰ ਦਿੱਤਾ ਕਿ ਨਸ਼ੇ, ਭ੍ਰਿਸ਼ਟਾਚਾਰ, ਮਾਫੀਆ ਨੂੰ ਕਿਸੇ ਵੀ ਸੂਰਤ ਵਿੱਚ ਸਹਿਣ ਨਹੀਂ ਕੀਤਾ ਜਾਵੇਗਾ। ਪ੍ਰਸ਼ਾਸਨਿਕ ਸੁਧਾਰਾਂ ਬਾਰੇ ਅਧਿਕਾਰੀਆਂ ਨਾਲ ਆਪਣੀ ਪਹਿਲੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਇਸ ਮਾਮਲੇ ’ਤੇ ਕੋਈ ਵੀ ਢਿੱਲ ਨਾਲ ਵਰਤੇ ਜਾਣ ਦੀ ਤਾੜਨਾ ਕੀਤੀ।  ਮੀਟਿੰਗ ਦੌਰਾਨ ਮੁੱਖ ਮੰਤਰੀ ਨੇ ਆਖਿਆ ਕਿ ਭ੍ਰਿਸ਼ਟਾਚਾਰ, ਗੈਰ-ਕਾਨੂੰਨੀ ਖਣਨ, ਗੈਰ-ਕਾਨੂੰਨੀ ਆਵਾਜਾਈ, ਝੂਠੇ ਕੇਸ ਦਰਜ ਕਰਨ, ਐਫ.ਆਈ.ਆਰ ਦਰਜ ਨਾ ਕਰਨ, ਟ੍ਰੈਫਿਕ ਨਿਯਮਾਂ ਦੀ ਉ¦ਘਣਾ, ਗੁੰਡਾਗਰਦੀ ਅਤੇ ਸ਼ਰਾਬ ਦੇ ਨਾਜਾਇਜ਼ ਕਾਰੋਬਾਰ ਦੇ ਮਾਮਲਿਆਂ ਵਿਚ ਜ਼ਿਲ੍ਹਾ ਪ੍ਰਸ਼ਾਸਨ ਦੇ ਉਚ ਅਧਿਕਾਰੀ ਸਿੱਧੇ ਤੌਰ ’ਤੇ ਜ਼ਿੰਮੇਵਾਰ ਹੋਣਗੇ ਅਤੇ ਇਸ ਵਿੱਚ ਅਣਗਹਿਲੀ ਦੀ ਕੋਈ ਗੁੰਜਾਇਸ਼ ਨਹੀਂ ਹੋਣੀ ਚਾਹੀਦੀ। ਮੁੱਖ ਮੰਤਰੀ ਨੇ ਅਧਿਕਾਰਿਆਂ ਨੂੰ ਹਦਾਇਤ ਕੀਤੀ ਕਿ ਅਗਲੇ ਚਾਰ ਹਫਤਿਆਂ ਅੰਦਰ ਨਸ਼ਾ ਤਸਕਰਾਂ ਅਤੇ ਗੈਰ-ਕਾਨੂੰਨੀ ਖਣਨ ਕਰਨ ਵਾਲੇ ਮਾਫੀਆ ਦੀ ਜੜ੍ਹ ਪੁੱਟਣ ਲਈ ਉਹ ਕਮਾਂਡ ਸਿੱਧੇ ਤੌਰ ’ਤੇ ਆਪਣੇ ਹੱਥ ਵਿੱਚ ਲੈਣ ਅਤੇ ਆਪਣੀ ਸਿੱਧੀ ਨਿਗਰਾਨੀ ਹੇਠ ਛਾਪੇਮਾਰੀ ਅਤੇ ਹੋਰ ਢੁਕਵੀਂ ਕਾਰਵਾਈ ਨੂੰ ਅੰਜ਼ਾਮ ਦੇਣ। ਕੈਪਟਨ ਅਮਰਿੰਦਰ ਸਿੰਘ ਨੇ ਨਸ਼ਿਆਂ ਦੇ ਮਾਮਲੇ ’ਤੇ ਪੁਲੀਸ ਨੂੰ ਸਖ਼ਤ ਤਾੜਨਾ ਕਰਦਿਆਂ ਆਖਿਆ ਕਿ ਪੁਲੀਸ ਕਮਿਸ਼ਨਰਾਂ, ਜ਼ਿਲ੍ਹਾ ਪੁਲੀਸ ਮੁਖੀਆਂ, ਡੀ.ਐਸ.ਪੀ. ਅਤੇ ਥਾਣਾ ਮੁਖੀਆਂ ਨੂੰ ਸਪੱਸ਼ਟ ਕੀਤਾ ਕਿ ਉਨ੍ਹਾਂ ਦੇ ਅਧਿਕਾਰ ਖੇਤਰ ਵਿੱਚ ਨਸ਼ੇ ਦੀ ਸਪਲਾਈ ਤੇ ਵਿਕਰੀ ਲਈ ਉਨ੍ਹਾਂ ਦੀ ਸਿੱਧੀ ਜਵਾਬਦੇਹੀ ਕੀਤੀ ਜਾਵੇਗੀ। ਉਨ੍ਹਾਂ ਆਖਿਆ ਕਿ ਪਿਛਲੇ ਸਮਿਆਂ ਵਿੱਚ ਨਸ਼ਿਆਂ ਦੇ ਮਾਮਲਿਆਂ ਨਾਲ ਨਜਿੱਠਣ ਵਾਲੇ ਡੀ.ਐਸ.ਪੀ ਤੇ ਐਸ.ਐਚ.ਓ ਸਮੇਤ ਵੱਖ-ਵੱਖ ਰੈਂਕਾਂ ਦੇ ਫੀਲਡ ਪੁਲੀਸ ਅਧਿਕਾਰਿਆਂ ਵਿਰੁੱਧ ਭ੍ਰਿਸ਼ਟਾਚਾਰ ਦੀਆਂ ਸ਼ਿਕਾਇਤਾਂ ਬਾਰੇ ਉਨ੍ਹਾਂ ਨੂੰ ਨਿੱਜੀ ਤੌਰ ’ਤੇ ਜਾਣਕਾਰੀ ਹੈ ਅਤੇ ਇਹ ਪੂਰੀ ਤਰ੍ਹਾਂ ਨਾ-ਮੁਆਫੀ ਯੋਗ ਹੈ। ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇਕਰ ਭਵਿੱਖ ਵਿੱਚ ਅਜਿਹਾ ਕੋਈ ਮਾਮਲਾ ਸਾਹਮਣੇ ਆਇਆ ਤਾਂ ਉਹ ਫੌਰੀ ਤੌਰ ’ਤੇ ਸਖ਼ਤ ਸਜ਼ਾ ਦੇਣ ਨੂੰ ਯਕੀਨੀ ਬਣਾਉਣਗੇ। ਕੈਪਟਨ ਅਮਰਿੰਦਰ ਸਿੰਘ ਨੇ ਡਰੱਗ ਮਾਫੀਆ ਅਤੇ ਨਸ਼ਿਆਂ ਦੇ ਕੰਟਰੋਲ ਦੇ ਮੁਕੰਮਲ ਖਾਤਮੇ ਲਈ ਆਪਣੀ ਵਚਨਬੱਧਤਾ ਪ੍ਰਗਟਾਉਂਦਿਆਂ ਇਸ ਨੂੰ ਸਰਕਾਰ ਦੀ ਪਹਿਲੀ ਤਰਜੀਹ ਦੱਸਿਆ। ਮੁੱਖ ਮੰਤਰੀ ਨੇ ਆਖਿਆ ਕਿ ਨਸ਼ਾ ਸਮਗਲਰਾਂ ਤੇ ਨਸ਼ਾ ਸਪਲਾਈ ਕਰਨ ਵਾਲਿਆਂ ਨੂੰ ਕਿਸੇ ਵੀ ਸੂਰਤ ਵਿੱਚ ਸਹਿਣ ਨਹੀਂ ਕੀਤਾ ਜਾਵੇਗਾ। ਉਨ੍ਹਾਂ ਸਖ਼ਤ ਚੇਤਾਵਨੀ ਦਿੰਦਿਆਂ ਆਖਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵਿਚ ਸਿਵਲ/ਪੁਲੀਸ ਅਧਿਕਾਰਿਆਂ ਦੇ ਨਾਲ-ਨਾਲ ਸਰਕਾਰੀ ਵਿਭਾਗਾਂ ਦੇ ਕਿਸੇ ਅਧਿਕਾਰੀ ਵਿਰੁੱਧ ਭ੍ਰਿਸ਼ਟਾਚਾਰ, ਨਾਪਾਕ ਗੱਠਜੋੜ ਅਤੇ ਕਿਸੇ ਕਿਸਮ ਦੀ ਅਣਗਹਿਲੀ ਦੀ ਕੋਈ ਸ਼ਿਕਾਇਤ ਸਾਹਮਣੇ ਆਈ ਤਾਂ ਇਸ ਨੂੰ ਪੂਰੀ ਗੰਭੀਰਤਾ ਨਾਲ ਲੈ ਕੇ ਸਖ਼ਤ ਕਾਰਵਾਈ ਕੀਤੀ ਜਾਵੇਗੀ।
ਅੱਤਵਾਦੀ ਕਾਰਵਾਈਆਂ ਦੀ ਰੋਕਥਾਮ ਨੂੰ ਆਪਣੀ ਸਰਕਾਰ ਦੀ ਇਕ ਹੋਰ ਮੁੱਖ ਤਰਜੀਹ ਦੱਸਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਪੁਲੀਸ ਕਮਿਸ਼ਨਰਾਂ ਅਤੇ ਜ਼ਿਲ੍ਹਾ ਪੁਲੀਸ ਮੁਖੀਆਂ ਨੂੰ ਬੀਤੇ ਸਮੇਂ ਵਿਚ ਵਾਪਰੀਆਂ ਅੱਤਵਾਦੀ ਘਟਨਾਵਾਂ ਦੇ ਮਾਮਲਿਆਂ ਦੀ ਜਾਂਚ ਲਈ ਠੋਸ ਯਤਨ ਕੀਤੇ ਕਰਨ ਦੇ ਹੁਕਮ ਦਿੱਤੇ। ਮੁੱਖ ਮੰਤਰੀ ਨੇ ਕਿਹਾ ਕਿ ਡਿਪਟੀ ਕਮਿਸ਼ਨਰਾਂ ਅਤੇ ਪੁਲੀਸ ਕਮਿਸ਼ਨਰਾਂ ਤੇ ਜ਼ਿਲ੍ਹਾ ਪੁਲੀਸ ਮੁਖੀਆਂ ਨੂੰ ਆਪੋ-ਆਪਣੇ ਇਲਾਕਿਆਂ ਵਿਚ ਅਜਿਹਿਆਂ ਘਟਨਾਵਾਂ ਲਈ ਜ਼ਿੰਮੇਵਾਰ ਠਹਿਰਾਇਆ ਜਾਵੇਗਾ। ਉਨ੍ਹਾਂ ਨੇ ਅਧਿਕਾਰਿਆਂ ਨੂੰ ਹਦਾਇਤ ਕੀਤੀ ਕਿ ਜਿੱਥੇ ਵੀ ਅਜੇ ਤੱਕ ਸੀ.ਸੀ.ਟੀ.ਵੀ ਕੈਮਰੇ ਨਹੀਂ ਲਾਏ ਗਏ, ਉਨ੍ਹਾਂ ਥਾਵਾਂ ’ਤੇ ਲੋਕਾਂ ਦੀ ਭਾਈਵਾਲੀ ਰਾਹੀਂ ਤੁਰੰਤ ਸੀ.ਸੀ.ਟੀ.ਵੀ ਕੈਮਰੇ ਲਾਏ ਜਾਣ ਅਤੇ ਪਵਿੱਤਰ ਧਾਰਮਿਕ ਗ੍ਰੰਥਾਂ ਦੀ ਨਿਗਰਾਨੀ ਨੂੰ ਵੀ ਨਿਸ਼ਚਤ ਕੀਤਾ ਜਾਵੇ।
ਮੁੱਖ ਮੰਤਰੀ ਨੇ ਅਧਿਕਾਰਿਆਂ ਨੂੰ ਹਦਾਇਤ ਕੀਤੀ ਕਿ ਸੂਬੇ ਵਿਚ ਸਰਗਰਮ ਗੈਂਗਸਟਰਾਂ ਦੇ ਸੰਗਠਿਤ ਅਪਰਾਧ ਨੂੰ ਰੋਕਣ ਲਈ ਢੁਕਵੇਂ ਕਦਮ ਚੁੱਕੇ ਜਾਣ। ਉਨ੍ਹਾਂ ਨੇ ਅਜਿਹੇ ਗੁੰਡਾ ਅਨਸਰਾਂ ਖਿਲਾਫ਼ ਬਿਨਾ ਕਿਸੀ ਦੇਰੀ ਤੋਂ ਸਖ਼ਤ ਕਾਰਵਾਈ ਨੂੰ ਅੰਜ਼ਾਮ ਦੇਣ ਦਾ ਹੁਕਮ ਦਿੱਤਾ।

WRITTEN BY