Skip to content
Independent perspectives. Global stories.
BREAKING

ਪੰਜਾਬ ਸਰਕਾਰ ਵੱਲੋਂ ਕਣਕ ਦੀ ਖਰੀਦ ਨਾਲ ਸਬੰਧਤ ਅਕਾਲੀ ਸਰਕਾਰ ਦੇ ਟੈਂਡਰ ਰੱਦ

Share this story

ਚੰਡੀਗੜ੍ਹ, 20 ਮਾਰਚ (ਪੰਜਾਬ ਟਾਇਮਜ਼ ਬਿਊਰੋ)- ਪੰਜਾਬ ਸਰਕਾਰ ਨੇ ਕਣਕ ਦੀ ਖਰੀਦ ਦੇ ਆਉਂਦੇ ਸੀਜ਼ਨ ਲਈ ਪਿਛਲੀ ਬਾਦਲ ਸਰਕਾਰ ਵੱਲੋਂ ਲੇਬਰ ਤੇ ਢੋਆ-ਢੋਆਈ ਸਬੰਧੀ ਜਾਰੀ ਕੀਤੇ ਸਾਰੇ ਟੈਂਡਰ ਰੱਦ ਕਰ ਦਿੱਤੇ ਹਨ ਅਤੇ ਇਸ ਵਾਸਤੇ ਨਵੇਂ ਟੈਂਡਰਾਂ ਦੀ ਮੰਗ ਕੀਤੀ ਗਈ ਹੈ। ਇਸ ਦੇ ਨਾਲ ਡਿਪਟੀ ਕਮਿਸ਼ਨਰਾਂ ਨੂੰ ਪਹਿਲੀ ਅਪਰੈਲ, 2017 ਤੋਂ ਸ਼ੁਰੂ ਹੋਣ ਵਾਲੀ ਕਣਕ ਦੀ ਖਰੀਦ ਦੀ ਨਿੱਜੀ ਤੌਰ ’ਤੇ ਨਿਗਰਾਨੀ ਰੱਖਣ ਦੇ ਨਿਰਦੇਸ਼ ਦਿੱਤੇ ਗਏ ਹਨ। ਅੱਜ ਇੱਥੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਡਿਪਟੀ ਕਮਿਸ਼ਨਰਾਂ ਅਤੇ ਜ਼ਿਲ੍ਹਾ ਪੁਲੀਸ ਮੁਖੀਆਂ ਦੀ ਹੋਈ ਇਕ ਉਚ ਪੱਧਰੀ ਮੀਟਿੰਗ ਤੋਂ ਬਾਅਦ ਇਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਨਵੇਂ ਟੈਂਡਰ 24 ਮਾਰਚ, 2017 ਨੂੰ ਸ਼ਾਮ ਪੰਜ ਵਜੇ ਪੇਸ਼ ਕੀਤੇ ਜਾ ਸਕਦੇ ਹਨ ਜੋ ਅਗਲੇ ਦਿਨ ਸਬੰਧਤ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਦੀ ਅਗਵਾਈ ਵਿੱਚ ਸਬੰਧਤ ਕਮੇਟੀਆਂ ਵੱਲੋਂ ਖੋਲ੍ਹੇ ਜਾਣਗੇ। ਸਮੁੱਚੀ ਟੈਂਡਰ ਪ੍ਰਕ੍ਰਿਆ 31 ਮਾਰਚ, 2017 ਤੱਕ ਮੁਕੰਮਲ ਕਰ ਲਈ ਜਾਵੇਗੀ ਅਤੇ ਦੋ ਮਹੀਨੇ ਤੱਕ ਚੱਲਣ ਵਾਲੀ ਕਣਕ ਦੀ ਖਰੀਦ ਪਹਿਲੀ ਅਪਰੈਲ ਤੋਂ ਸ਼ੁਰੂ ਹੋ ਜਾਵੇਗੀ। ਬੁਲਾਰੇ ਅਨੁਸਾਰ ਜੇਕਰ ਕਿਸੇ ਕਾਰਨ ਕਰਕੇ ਕਿਸੇ ਮਾਮਲੇ ਵਿੱਚ ਮੁੜ ਟੈਂਡਰ ਦੀ ਜ਼ਰੂਰਤ ਹੋਈ ਤਾਂ ਇਸ ਦੀ ਸਮੁੱਚੀ ਪ੍ਰਕ੍ਰਿਆ ਨੂੰ ਡਿਪਟੀ ਕਮਿਸ਼ਨਰਾਂ ਦੀ ਅਗਵਾਈ ਵਾਲੀ ਜ਼ਿਲ੍ਹਾ ਟੈਂਡਰ ਅਲਾਟਮੈਂਟ ਕਮੇਟੀ ਵੱਲੋਂ 31 ਮਾਰਚ ਤੱਕ ਅੰਤਮ ਰੂਪ ਦੇ ਦਿੱਤਾ ਜਾਵੇਗਾ। ਮੀਟਿੰਗ ਵਿੱਚ ਮੁੱਖ ਮੰਤਰੀ ਮੁੱਖ ਪ੍ਰਮੁੱਖ ਸਕੱਤਰ ਸ੍ਰੀ ਸੁਰੇਸ਼ ਕੁਮਾਰ, ਮੁੱਖ ਸਕੱਤਰ ਸ੍ਰੀ ਕਰਨ ਅਵਤਾਰ ਸਿੰਘ, ਵਧੀਕ ਮੁੱਖ ਸਕੱਤਰ (ਗ੍ਰਹਿ) ਸ੍ਰੀ ਐਨ.ਐਸ. ਕਲਸੀ, ਵਧੀਕ ਮੁੱਖ ਸਕੱਤਰ (ਵਿੱਤ) ਸ੍ਰੀ ਸਤੀਸ਼ ਚੰਦਰਾ, ਸੂਬੇ ਦੇ ਪੁਲੀਸ ਮੁਖੀ ਸ੍ਰੀ ਸੁਰੇਸ਼ ਅਰੋੜਾ, ਪ੍ਰਮੁੱਖ ਸਕੱਤਰ ਸਿਹਤ ਸ੍ਰੀਮਤੀ ਵਿੰਨੀ ਮਹਾਜਨ, ਪ੍ਰਮੁੱਖ ਸਕੱਤਰ ਖੁਰਾਕ ਤੇ ਸਿਵਲ ਸਪਲਾਈਜ਼ ਡਾ. ਰੌਸ਼ਨ ਸੁੰਕਾਰੀਆ, ਮੁੱਖ ਮੰਤਰੀ ਦੇ ਵਿਸ਼ੇਸ਼ ਪ੍ਰਮੁੱਖ ਸਕੱਤਰ ਸ੍ਰੀ ਗੁਰਕੀਰਤ ਕ੍ਰਿਪਾਲ ਸਿੰਘ, ਉਪ ਪ੍ਰਮੁੱਖ ਸਕੱਤਰ ਸ੍ਰੀਮਤੀ ਅਮ੍ਰਿਤ ਗਿੱਲ ਅਤੇ ਵੱਖ-ਵੱਖ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਰ ਤੇ ਜ਼ਿਲ੍ਹਾ ਪੁਲੀਸ ਮੁਖੀ ਹਾਜ਼ਰ ਸਨ।

WRITTEN BY