ਚੰਡੀਗੜ੍ਹ, 20 ਮਾਰਚ (ਪੰਜਾਬ ਟਾਇਮਜ਼ ਬਿਊਰੋ)- ਕੈਪਟਨ ਅਮਰਿੰਦਰ ਸਿੰਘ ਦੇ ਮੁੱਖ ਪ੍ਰਿੰਸੀਪਲ ਸਕੱਤਰ ਸੁਰੇਸ਼ ਕੁਮਾਰ ਨੇ ਮੁੱਖ ਮੰਤਰੀ ਦਫਤਰ ‘ਚ ਆਪਣੇ ਪਹਿਲੇ ਦਿਨ ਦੀ ਸ਼ੁਰੁਆਤ ਕਰ ਦਿੱਤੀ ਹੈ। ਦੱਸਣਯੋਗ ਹੈ ਕਿ ਸੁਰੇਸ਼ ਕੁਮਾਰ ਨੇ ਦਿੱਲੀ ਯੂਨੀਵਰਸਟੀ ਤੋਂ ਕਾਮਰਸ ਵਿੱਚ ਪੋਸਟ ਗ੍ਰੈਜੂਏਸ਼ਨ ਦੀ ਡਿਗਰੀ ਹਾਸਲ ਕੀਤੀ। 1983 ਬੈਚ ਦੇ ਆਈ.ਏ.ਐਸ. ਅਧਿਕਾਰੀ ਸੁਰੇਸ਼ ਕੁਮਾਰ ਨੇ ਤਲਵੰਡੀ ਸਾਬੋ ਦੇ ਸਬ-ਡਵੀਜ਼ਨਲ ਮੈਜਿਸਟ੍ਰੇਟ ਵਜੋਂ ਆਪਣਾ ਕਰੀਅਰ ਸ਼ੁਰੂ ਕੀਤਾ ਅਤੇ ਸਾਲ 2016 ਵਿੱਚ ਵਧੀਕ ਮੁੱਖ ਸਕੱਤਰ (ਵਿਕਾਸ) ਦੇ ਅਹੁਦੇ ਤੋਂ ਸੇਵਾ-ਮੁਕਤ ਹੋਏ। ਉਨ੍ਹਾਂ ਨੇ ਪੰਜਾਬ ਸਰਕਾਰ ਤੇ ਕੇਂਦਰ ਵਿੱਚ ਡੈਪੂਟੇਸ਼ਨ ਦੌਰਾਨ ਵੱਖ-ਵੱਖ ਅਹੁਦਿਆਂ ‘ਤੇ ਆਪਣੀ ਜ਼ਿੰਮੇਵਾਰੀ ਨਿਭਾਈ। ਸੁਰੇਸ਼ ਕੁਮਾਰ ਨੇ ਬਿਜਲੀ, ਜਲ ਸਰੋਤ, ਖੇਤੀਬਾੜੀ, ਸਹਿਕਾਰਤਾ, ਸਿੱਖਿਆ, ਸਨਅਤ, ਕਰ ਤੇ ਆਰਥਿਕ ਪ੍ਰਸ਼ਾਸਨ, ਵਾਤਾਵਰਨ, ਜਲ ਸਪਲਾਈ ਤੇ ਸੈਨੀਟੇਸ਼ਨ, ਸਥਾਨਕ ਸਰਕਾਰ ਤੇ ਪ੍ਰਸ਼ਾਸਕੀ ਸੁਧਾਰਾਂ ਦੇ ਖੇਤਰ ਵਿੱਚ ਮਹੱਤਵਪੂਰਨ ਜ਼ਿੰਮੇਵਾਰੀ ਨਿਭਾਈ।
ਮੁੱਖ ਪ੍ਰਿੰਸੀਪਲ ਸਕੱਤਰ ਸੁਰੇਸ਼ ਕੁਮਾਰ ਨੇ ਅਹੁਦਾ ਸੰਭਾਲਿਆ



