ਕਿਸਾਨਾਂ ਦਾ ਕਰਜ਼ਾ ਮੁਆਫ ਕਰਨ ਲਈ ਵਚਨਬੱਧਤਾ ਦੁਹਰਾਈ
ਚੰਡੀਗੜ੍ਹ/ਨਵੀਂ ਦਿੱਲੀ, 22 ਮਾਰਚ (ਬਲਜੀਤ ਸਿੰਘ ਬਰਾੜ)- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੰਕਟ ਵਿੱਚ ਘਿਰੇ ਅਤੇ ਕਰਜ਼ੇ ਵਿੱਚ ਡੁੱਬੇ ਸੂਬੇ ਦੇ ਕਿਸਾਨਾਂ ਦੇ ਯਕਮੁਸ਼ਤ ਕਰਜ਼ਾ ਮੁਆਫ਼ੀ ਲਈ ਕੇਂਦਰ ਸਰਕਾਰ ਤੋਂ ਵਿਸ਼ੇਸ਼ ਪੈਕਜ ਦੀ ਮੰਗ ਕੀਤੀ ਹੈ। ਕੈਪਟਨ ਅਮਰਿੰਦਰ ਸਿੰਘ ਨੇ ਇਹ ਅਪੀਲ ਬੁੱਧਵਾਰ ਨੂੰ ਸੰਸਦ ਭਵਨ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਇਕ ਮੀਟਿੰਗ ਦੌਰਾਨ ਕੀਤੀ।
ਬਾਅਦ ਵਿੱਚ ਪਤੱਰਕਾਰਾਂ ਨਾਲ ਗੱਲ ਬਾਤ ਕਰਦੇ ਹੋਏ ਮੁੱਖ ਮੰਤਰੀ ਨੇ ਇਸ ਮੀਟਿੰਗ ਨੂੰ ਇਕ ਸ਼ਿਸ਼ਟਾਚਾਰ ਮਿਲਣੀ ਦੱਸਿਆ ਜਿਸ ਵਿੱਚ ਕਿਸਾਨਾਂ ਦੇ ਕਰਜ਼ੇ ਮੁਆਫ਼ ਕਰਨ ਦੇ ਮੁੱਦੇ ਬਾਰੇ ਵੀ ਵਿਚਾਰ-ਵਟਾਂਦਰਾ ਕੀਤਾ ਗਿਆ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਭਾਵੇਂ ਉਨ੍ਹਾਂ ਨੇ ਕੇਂਦਰ ਕੋਲੋਂ ਵਿੱਤੀ ਸਹਾਇਤਾ ਦੀ ਮੰਗ ਕੀਤੀ ਹੈ ਪਰ ਫਿਰ ਵੀ ਉਨ੍ਹਾਂ ਦੀ ਸਰਕਾਰ ਸੂਬੇ ਦੇ ਕਿਸਾਨਾਂ ਦਾ ਕਰਜ਼ਾ ਮੁਆਫ਼ ਕਰਨ ਲਈ ਵਚਨਬੱਧ ਹੈ ਅਤੇ ਇਸ ਵਾਸਤੇ ਸਰਕਾਰ ਵੱਲੋਂ ਪਹਿਲਾਂ ਹੀ ਸਮਾਂਬੱਧ ਪ੍ਰਕ੍ਰਿਆ ਸ਼ੁਰੂ ਕਰ ਦਿੱਤੀ ਗਈ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਸੂਬਾ ਮੰਤਰੀ ਮੰਡਲ ਨੇ ਆਪਣੀ ਪਹਿਲੀ ਮੀਟਿੰਗ ਵਿੱਚ ਕਾਂਗਰਸ ਦੇ ਚੋਣ ਮੈਨੀਫੈਸਟੋ ਮੁਤਾਬਕ ਕਿਸਾਨਾਂ ਦੇ ਕਰਜ਼ੇ ਮੁਆਫ਼ ਕਰਨ ਲਈ ਜ਼ਰੂਰੀ ਕਦਮ ਚੁੱਕਣ ਦੇ ਨਿਰਦੇਸ਼ ਦਿੱਤੇ ਹਨ। ਹਾਲ ਹੀ ਵਿੱਚ ਸੂਬੇ ’ਚ ਕਿਸਾਨ ਖੁਦਕੁਸ਼ੀਆਂ ਦੀ ਭਰਮਾਰ ’ਤੇ ਚਿੰਤਾ ਪ੍ਰਗਟ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੇ ਕਰਜ਼ੇ ਦੀ ਜਕੜ ਵਿੱਚੋਂ ਪੰਜਾਬ ਦੇ ਕਿਸਾਨਾਂ ਨੂੰ ਬਾਹਰ ਕੱਢਣ ਲਈ ਸ੍ਰੀ ਮੋਦੀ ਨੂੰ ਵਿਸ਼ੇਸ਼ ਪੈਕਜ ਐਲਾਨਣ ਦੀ ਬੇਨਤੀ ਕੀਤੀ ਹੈ।
ਕੈਪਟਨ ਅਮਰਿੰਦਰ ਸਿੰਘ ਨੇ ਇਹ ਵੀ ਕਿਹਾ ਕਿ ਕਿਸਾਨਾਂ ’ਤੇ ਵਧ ਰਹੇ ਕਰਜ਼ੇ ਦੇ ਬੋਝ ਨੇ ਸੂਬੇ ਵਿੱਚ ਖੇਤੀਬਾੜੀ ਖੇਤਰ ਨੂੰ ਢਾਹ ਲਾਈ ਹੈ। ਇਸ ਨੇ ਨਾ ਸਿਰਫ਼ ਦੇਸ਼ ਦੀ ਖੁਰਾਕ ਸੁਰੱਖਿਆ ਨੂੰ ਖਤਰੇ ਵਿੱਚ ਪਾਇਆ ਹੈ ਸਗੋਂ ਇਸ ਨੇ ਇਸ ਨਾਜ਼ੁਕ ਸਰਹੱਦੀ ਸੂਬੇ ਦੀਆਂ ਸਮਾਜਿਕ ਤੰਦਾਂ ਨੂੰ ਵੀ ਸੱਟ ਮਾਰੀ ਹੈ। ਉਨ੍ਹਾਂ ਕਿਹਾ ਕਿ ਅਨਾਜ ਉਤਪਾਦਨ ਵਿੱਚ ਪੰਜਾਬ ਨੇ ਮੋਹਰੀ ਭੂਮਿਕਾ ਨਿਭਾਈ ਹੈ ਅਤੇ ਦੇਸ਼ ਦੇ ਅਨਾਜ ਭੰਡਾਰ ਨੂੰ ਸੁਰੱਖਿਅਤ ਬਣਾਇਆ ਹੈ।
ਪ੍ਰਧਾਨ ਮੰਤਰੀ ਨੂੰ ਦਿੱਤੇ ਇੱਕ ਪੱਤਰ ਵਿੱਚ ਮੁੱਖ ਮੰਤਰੀ ਨੇ ਕਿਹਾ ਹੈ ਕਿ ਪੰਜਾਬ ’ਤੇ ਕੁੱਲ ਖੇਤੀ ਕਰਜ਼ਾ 80,000 ਕਰੋੜ ਰੁਪਏ ਤੋਂ ਵੱਧ ਹੈ ਜਿਸ ਵਿੱਚ ਸਹਿਕਾਰੀ ਸੈਕਟਰ ਦਾ 12,500 ਕਰੋੜ ਰੁਪਏ ਦਾ ਵੀ ਫਸਲੀ ਕਰਜ਼ਾ ਸ਼ਾਮਲ ਹੈ। ਪੰਜਾਬ ਵਿੱਚ ਫਸਲੀ ਕਰਜ਼ੇ ਸਣੇ ਪ੍ਰਤੀ ਕਿਸਾਨੀ ਪਰਿਵਾਰ ’ਤੇ ਔਸਤਨ ਅੱਠ ਲੱਖ ਰੁਪਏ ਦਾ ਕਰਜ਼ਾ ਹੈ। ਸੂਬੇ ਦੇ ਛੋਟੇ ਅਤੇ ਦਰਮਿਆਨੇ ਕਿਸਾਨਾਂ ’ਤੇ ਪ੍ਰਤੀ ਹੈਕਟੇਅਰ ਕਰਜ਼ਾ ਭਾਰਤ ਵਿੱਚ ਸਭ ਤੋਂ ਵੱਧ ਹੈ। ਕੈਪਟਨ ਅਮਰਿੰਦਰ ਸਿੰਘ ਨੇ ਦੁੱਖ ਜ਼ਾਹਰ ਕਰਦਿਆਂ ਆਖਿਆ ਕਿ ਸਥਿਤੀ ਏਨੀ ਬਦਤਰ ਹੋ ਚੁੱਕੀ ਹੈ ਕਿ ਕੁਝ ਕਿਸਾਨ ਆਪਣਾ ਕਰਜ਼ਾ ਨਾ ਮੋੜ ਸਕਣ ਦੇ ਨਿਕਲਣ ਵਾਲੇ ਸਮਾਜਿਕ ਤੇ ਨੈਤਿਕ ਸਿੱਟਿਆਂ ਤੋਂ ਬਚਣ ਲਈ ਖੁਦਕੁਸ਼ੀ ਕਰ ਚੁੱਕੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਸੰਸਥਾਗਤ ਵਸੀਲਿਆਂ ਦੇ ਕਰਜ਼ੇ ਦਰਮਿਆਨੇ ਤੇ ਛੋਟੇ ਕਿਸਾਨਾਂ ਨੂੰ ਅਤਿ ਲੋੜੀਂਦੀ ਰਾਹਤ ਦੇਣ ਤੋਂ ਅਸਮਰੱਥ ਹਨ ਜਦਕਿ ਸੂਬੇ ਵਿੱਚ ਵਧ ਰਹੇ ਖੇਤੀ ਸੰਕਟ ਨਾਲ ਨਜਿੱਠਣ ਲਈ ਕੇਂਦਰੀ ਖੇਤੀ ਨੀਤੀਆਂ ਦੀ ਸਮੀਖਿਆ ਕਰਨ ਦੀ ਲੋੜ ਹੈ।
ਕੈਪਟਨ ਵੱਲੋਂ ਮੋਦੀ ਨੂੰ ਖੇਤੀ ਕਰਜ਼ਾ ਮੁਆਫ਼ੀ ਲਈ ਵਿਸ਼ੇਸ਼ ਪੈਕਜ ਦੇਣ ਦੀ ਅਪੀਲ



