ਤਰਨਤਾਰਨ, 17 ਅਪ੍ਰੈਲ (ਆਹਲੂਵਾਲੀਆ , ਰਵਿੰਦਰ ਕੱਕੜ , ਧਾਮੀ)- ਜ਼ਿਲ੍ਹੇ ਵਿੱਚ ਕਣਕ ਦੀ ਸੁਚਾਰੂ ਖਰੀਦ ਦੇ ਪ੍ਰਬੰਧਾਂ ਦਾ ਜਾਇਜ਼ ਲੈਣ ਲਈ ਹਲਕਾ ਵਿਧਾਇਕ ਡਾ. ਧਰਮਵੀਰ ਅਗਨੀਹੋਤਰੀ ਅਤੇ ਡਿਪਟੀ ਕਮਿਸ਼ਨਰ ਤਰਨਤਾਰਨ ਇੰਜ. ਡੀ. ਪੀ. ਐੱਸ. ਖਰਬੰਦਾ ਨੇ ਅੱਜ ਦਾਣਾ ਮੰਡੀ ਤਰਨਤਾਰਨ ਵਿਖੇ ਕਣਕ ਦੇ ਖ੍ਰੀਦ ਪ੍ਰਬੰਧਾਂ ਦਾ ਜਾਇਜਾ ਲੈਣ ਲਈ ਵਿਸ਼ੇਸ਼ ਦੌਰਾ ਕੀਤਾ ਗਿਆ। ਇਸ ਮੌਕੇ ’ਤੇ ਐਸ.ਡੀ.ਐਮ. ਸ੍ਰੀ ਰਜੇਸ਼ ਸ਼ਰਮਾ, ਡੀ.ਐਫ.ਐਸ.ਸੀ. ਸ੍ਰੀ ਮਨੀਸ਼ ਨਰੂਲਾ ਅਤੇ ਵੱਖ ਵੱਖ ਖ੍ਰੀਦ ਏਜੰਸੀਆਂ ਦੇ ਅਧਿਕਾਰੀ ਵੀ ਉਨ੍ਹਾਂ ਨਾਲ ਹਾਜ਼ਰ ਸਨ। ਇਸ ਮੌਕੇ ਡਾ. ਧਰਮਵੀਰ ਅਗਨੀਹੋਤਰੀ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਰਾਜ ਵਿਚ ਕਣਕ ਦੀ ਸੁਚਾਰੂ ਖ੍ਰੀਦ ਲਈ ਪੁਖਤਾ ਇੰਤਜਾਮ ਕੀਤੇ ਗਏ ਹਨ ਅਤੇ ਕਿਸਾਨਾਂ ਨੂੰ ਆਪਣੀ ਫਸਲ ਵੇਚਣ ਵਿਚ ਕੋਈ ਦਿੱਤਕ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਰਾਜ ਸਰਕਾਰ ਵੱਲੋਂ ਵੱਖ ਵੱਖ ਖ੍ਰੀਦ ਏਜੰਸੀਆਂ ਨੂੰ ਸਖਤ ਨਿਰਦੇਸ਼ ਜਾਰੀ ਕੀਤੇ ਗਏ ਹਨ ਕਿ ਉਹ ਕਿਸਾਨਾਂ ਦੀ ਖ੍ਰੀਦ ਕੀਤੀ ਗਈ ਫਸਲ ਦੀ ਅਦਾਇਗੀ 48 ਘੰਟਿਆਂ ਵਿਚ ਕਰਨੀ ਯਕੀਨੀ ਬਣਾਉਣ। ਇਸ ਮੌਕੇ ਡਿਪਟੀ ਕਮਿਸ਼ਨਰ ਇੰਜੀਨੀਅਰ ਡੀ.ਪੀ.ਐਸ. ਖਰਬੰਦਾ ਨੇ ਦੱਸਿਆ ਕਿ 16 ਅਪ੍ਰੈਲ ਤੱਕ ਜ਼ਿਲ੍ਹੇ ਦੀਆਂ ਮੰਡੀਆਂ ਵਿਚ ਕੁੱਲ 25864 ਮੀਟਰਕ ਟਨ ਕਣਕ ਦੀ ਆਮਦ ਹੋਈ ਹੈ ਜਿਸ ਵਿਚੋਂ 22141 ਮੀਟਰਕ ਟਨ ਕਣਕ ਦੀ ਖ੍ਰੀਦ ਕੀਤੀ ਜਾ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਪਿਛਲੇ ਸਾਲ ਜ਼ਿਲ੍ਹੇ ਦੀਆਂ ਮੰਡੀਆਂ ਵਿੱਚੋਂ ਕੁੱਲ 5 ਲੱਖ 72 ਹਜ਼ਾਰ ਮੀਟਰਕ ਟਨ ਕਣਕ ਦੀ ਖਰੀਦ ਕੀਤੀ ਗਈ ਸੀ, ਜਦਕਿ ਇਸ ਸਾਲ 6 ਲੱਖ 58 ਹਜ਼ਾਰ ਮੀਟਰਕ ਟਨ ਕਣਕ ਦੀ ਖਰੀਦ ਕਰਨ ਦਾ ਟੀਚਾ ਮਿਥਿਆ ਗਿਆ ਹੈ। ਉਹਨਾਂ ਦੱਸਿਆ ਕਿ ਕਣਕ ਦੀ ਸੁਚਾਰੂ ਖਰੀਦ ਲਈ ਜ਼ਿਲ੍ਹੇ ਵਿੱਚ 59 ਖਰੀਦ ਕੇਂਦਰ ਬਣਾਏ ਗਏ ਹਨ। ਇਸ ਦੌਰਾਨ ਉਹਨਾਂ ਆੜ੍ਹਤੀਆਂ ਅਤੇ ਕਿਸਾਨਾਂ ਦੀਆਂ ਮੁਸ਼ਕਿਲਾਂ ਸੁਣੀਆਂ। ਉਹਨਾਂ ਕਿਹਾ ਕਿ ਮੰਡੀਆਂ ਵਿੱਚ ਕਿਸਾਨਾਂ ਨੂੰ ਆਪਣੀ ਫਸਲ ਵੇਚਣ ਵਿੱਚ ਕੋਈ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ। ਜ਼ਿਲ੍ਹੇ ਦੀਆਂ ਸਾਰੀਆਂ ਮੰਡੀਆਂ ਵਿੱਚ ਕਣਕ ਦੀ ਖਰੀਦ ਪ੍ਰਕਿਰਿਆ ਲਈ ਉੱਚਿਤ ਪ੍ਰਬੰਧ ਕੀਤੇ ਗਏ ਹਨ।
ਡਿਪਟੀ ਕਮਿਸ਼ਨਰ ਨੇ ਖ੍ਰੀਦ ਏਜੰਸੀਆਂ ਦੇ ਅਧਿਕਾਰੀਆਂ ਨੂੰ ਸਖਤ ਹਦਾਇਤ ਕਰਦੇ ਹੋਏ ਕਿਹਾ ਕਿ ਜ਼ਿਲ੍ਹੇ ਦੀਆਂ ਸਾਰੀਆਂ ਮੰਡੀਆਂ ਵਿਚ ਲੋੜੀਂਦੀ ਮਾਤਰਾ ਵਿਚ ਬਾਰਦਾਨੇ ਦਾ ਪ੍ਰਬੰਧ ਹਰ ਹਾਲਤ ਵਿਚ ਕੀਤਾ ਜਾਵੇ। ਡਿਪਟੀ ਕਮਿਸ਼ਨਰ ਨੇ ਸਾਰੀਆਂ ਖਰੀਦ ਏਜੰਸੀਆਂ ਨੂੰ ਹਦਾਇਤਾਂ ਜਾਰੀ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਖਰੀਦ ਕੀਤੀ ਗਈ ਕਣਕ ਦੀ ਅਦਾਇਗੀ 48 ਘੰਟਿਆਂ ਦੇ ਅੰਦਰ-ਅੰਦਰ ਕਿਸਾਨਾਂ ਨੂੰ ਕਰਨੀ ਯਕੀਨੀ ਬਣਾਈ ਜਾਵੇ। ਇਸ ਮੌਕੇ ਉਨ੍ਹਾਂ ਖਰੀਦ ਕੀਤੀ ਗਈ ਕਣਕ ਨੂੰ ਮੰਡੀਆਂ ਵਿੱਚੋਂ ਜਲਦੀ ਤੋਂ ਜਲਦੀ ਚੁੱਕਣ ਲਈ ਸਬੰਧਿਤ ਖਰੀਦ ਏਜੰਸੀਆਂ ਨੂੰ ਦਿਸ਼ਾ-ਨਿਰਦੇਸ਼ ਜਾਰੀ ਕੀਤੇ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਆਪਣੀ ਫਸਲ ਸੁਕਾ ਕੇ ਹੀ ਮੰਡੀਆਂ ਵਿੱਚ ਲੈ ਕੇ ਆਉਣ ਤਾਂ ਜੋ ਉਹਨਾਂ ਨੂੰ ਆਪਣੀ ਫਸਲ ਵੇਚਣ ਵਿੱਚ ਕੋਈ ਦਿੱਕਣ ਨਾ ਆਵੇ। ਉਨ੍ਹਾਂ ਦੱਸਿਆ ਕਿ ਕਣਕ ਦੀ ਖਰੀਦ ਸਰਕਾਰ ਵੱਲੋਂ ਨਿਰਧਾਰਿਤ ਮਾਪਦੰਡਾਂ ਅਨੁਸਾਰ ਹੀ ਕੀਤੀ ਜਾਵੇਗੀ। ਉਹਨਾਂ ਕੰਬਾਇਨਾਂ ਦੇ ਮਾਲਕਾਂ ਅਤੇ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਸ਼ਾਮ 6 ਵਜੇ ਤੋਂ ਲੈ ਕੇ ਸਵੇਰ ਦੇ 10 ਵਜੇ ਤੱਕ ਕਣਕ ਦੀ ਕਟਾਈ ਨਾ ਕਰਨ। ਇਸ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਸਖਤ ਕਾਰਵਾਈ ਕੀਤੀ ਜਾਵੇਗੀ।
ਹਲਕਾ ਵਿਧਾਇਕ ਤੇ ਡੀਸੀ ਵੱਲੋਂ ਕਣਕ ਦੇ ਖ੍ਰੀਦ ਪ੍ਰਬੰਧਾਂ ਦਾ ਜਾਇਜਾ ਲੈਣ ਲਈ ਦਾਣਾ ਮੰਡੀ ਤਰਨਤਾਰਨ ਦਾ ਦੌਰਾ



