Skip to content
Independent perspectives. Global stories.
BREAKING

ਵੱਡਾ ਖੁਲਾਸਾ: ਡੇਰਾ ਸਿਰਸਾ ਮੁਖੀ ਦੇ ‘ਮੁਆਫੀਨਾਮੇ’ ਦੇ ਮਾਸਟਰ ਮਾਈਂਡ ਸੁਖਬੀਰ ਸਿੰਘ ਬਾਦਲ?

Share this story

image ਅੰਮ੍ਰਿਤਸਰ, 19 ਅਪ੍ਰੈਲ- ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਤੇ ਸ੍ਰੀ ਅਕਾਲ ਤਖ਼ਤ ਦੇ ਹੈੱਡ ਗ੍ਰੰਥੀ ਸਿੰਘ ਸਾਹਿਬ ਗਿਆਨੀ ਗੁਰਮੁਖ ਸਿੰਘ ਨੇ ‘ਪੰਜਾਬ ਟਾਇਮਜ਼’ ਨਾਲ ਖਾਸ ਗੱਲਬਾਤ ਦੌਰਾਨ ਵੱਡਾ ਖੁਲਾਸਾ ਕੀਤਾ ਹੈ।ਉਨ੍ਹਾਂ ਦਾਅਵਾ ਕੀਤਾ ਹੈ ਕਿ ਡੇਰਾ ਸਿਰਸਾ ਮੁਖੀ ਨੂੰ ਮੁਆਫੀ ਦਿਵਾਉਣ ਦੇ ਮਾਮਲੇ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਵੱਲੋਂ ਜਥੇਦਾਰਾਂ ‘ਤੇ ਦਬਾਅ ਬਣਾਇਆ ਗਿਆ ਸੀ।ਉਨ੍ਹਾਂ ਕਿਹਾ ਕਿ ਉਨ੍ਹਾਂ ਸਮੇਤ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਮੱਲ ਸਿੰਘ ਨੂੰ ਚੰਡੀਗੜ੍ਹ ਵਿਖੇ ਤਤਕਾਲੀ ਮੁੱਖ ਮੰਤਰੀ ਸ. ਪ੍ਰਕਾਸ਼ ਸਿੰਘ ਬਾਦਲ ਦੀ ਸਰਕਾਰੀ ਕੋਠੀ ਵਿੱਚ ਬੁਲਾ ਕੇ ਬੈਠਕ ਕੀਤੀ ਗਈ ਸੀ। ਇਸ ਦੌਰਾਨ ਡੇਰਾ ਮੁਖੀ ਵੱਲੋਂ ਹਿੰਦੀ ਭਾਸ਼ਾ ਵਿੱਚ ਭੇਜੀ ਗਈ ਚਿੱਠੀ ’ਤੇ ਤੁਰੰਤ ਕਾਰਵਾਈ ਕਰਨ ਦਾ ਦਬਾਅ ਬਣਾਇਆ ਗਿਆ ਸੀ। ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਉਸ ਵੇਲੇ ਵੀ ਇਸ ਮਾਮਲੇ ’ਤੇ ਇਤਰਾਜ਼ ਜਤਾਇਆ ਸੀ। ਇਸ ਸਬੰਧੀ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਉਨ੍ਹਾਂ ਦੇ ਇਤਰਾਜ਼ ਨੂੰ ਸਹੀ ਵੀ ਦੱਸਿਆ ਸੀ ਪਰ ਫਿਰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਚਿੱਠੀ ਭੇਜਣ ਮਗਰੋਂ ਉਨ੍ਹਾਂ ਨੂੰ ਲਗਾਤਾਰ ਫੋਨ ਕਰਕੇ ਇਹ ਕਿਹਾ ਗਿਆ ਕਿ ਤੁਸੀਂ ਇਸ ਮਾਮਲੇ ਵਿੱਚ ਚੁੱਪ ਰਹੋ ਤੇ ਡੇਰਾ ਮੁਖੀ ਦੇ ਮੁਆਫੀਨਾਮੇ ਨੂੰ ਸਵੀਕਾਰ ਕਰਨ ਵਿੱਚ ਸਹਿਮਤੀ ਪ੍ਰਗਟਾਓ।  ਉਨ੍ਹਾਂ ਦੱਸਿਆ ਕਿ ਜਦੋਂ ਵਿਧਾਨ ਸਭਾ ਚੋਣਾਂ ਦੌਰਾਨ ਡੇਰਾ ਮੁਖੀ ਕੋਲੋਂ ਸਮਰਥਨ ਲੈਣ ਦਾ ਐਲਾਨ ਕੀਤਾ ਗਿਆ ਤਾਂ 2 ਫਰਵਰੀ ਨੂੰ ਸ. ਮਨਜਿੰਦਰ ਸਿੰਘ ਸਿਰਸਾ ਨੇ ਉਨ੍ਹਾਂ ਨੂੰ ਫੋਨ ਕਰਕੇ ਕਿਹਾ ਸੀ ਕਿ ਸਾਨੂੰ ਡੇਰੇ ਕੋਲੋਂ ਸਮਰਥਨ ਲੈਣਾ ਪਿਆ ਹੈ ਤੇ ਤੁਹਾਨੂੰ ਬੇਨਤੀ ਹੈ ਕਿ ਤੁਸੀਂ ਇਸ ਮਾਮਲੇ ’ਤੇ ਸ਼ਾਂਤ ਰਹੋ ਤੇ ਕੁਝ ਵੀ ਨਾ ਬੋਲੋ। ਜਦੋਂ ਮੈਂ ਉਨ੍ਹਾਂ ਨੂੰ ਸਮਝਾਉਣ ਦੀ ਕੋਸ਼ਿਸ਼ ਕੀਤੀ ਤਾਂ ਸਿਰਸਾ ਨੇ ਉਨ੍ਹਾਂ ਦੀ ਗੱਲ ਨਾਲ ਸਹਿਮਤੀ ਜਤਾਉਂਦੇ ਕਿਹਾ ਕਿ ਉਹ ਤਾਂ ਇਹੀ ਚਾਹੁੰਦੇ ਹਨ ਪਾਰ ਸਾਡੇ “ਬੌਸ” ਸੁਖਬੀਰ ਬਾਦਲ ਕਿਸੇ ਦੀ ਗੱਲ ਸੁਣਨ ਨੂੰ ਤਿਆਰ ਨਹੀਂ ਹਨ। ਉਨ੍ਹਾਂ ਇਹ ਵੀ ਦਾਅਵਾ ਕੀਤਾ ਕਿ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਕਿਰਪਾਲ ਸਿੰਘ ਬਡੂੰਗਰ ਵੀ ਇਸ ਮਾਮਲੇ ਨੂੰ ਲੈ ਕੇ ਦੁਖੀ ਸਨ ਪਰ ਜਦੋਂ ਮੈਂ ਮੀਡੀਆ ਵਿੱਚ ਇਸ ਬਾਰੇ ਗੱਲ ਕੀਤੀ ਤਾਂ ਮੈਨੂੰ ਮਨਜਿੰਦਰ ਸਿੰਘ ਸਿਰਸਾ ਤੋਂ ਇਲਾਵਾ ਸੁਖਬੀਰ ਬਾਦਲ ਦੇ ਕਈ ਕਰੀਬੀਆਂ ਨੇ ਚੁੱਪ ਰਹਿਣ ਦੀ ਸਲਾਹ ਦਿੱਤੀ। ਇਥੋਂ ਤੱਕ ਵੀ ਕਹਿ ਦਿੱਤਾ ਗਿਆ ਕਿ ਜੇਕਰ ਤੁਸੀਂ ਅਕਾਲੀ ਦਲ ਦੇ ਪ੍ਰਧਾਨ ਮੁਤਾਬਕ ਨਹੀਂ ਚੱਲ ਸਕਦੇ ਜਾਂ ਫਿਰ ਔਖੇ ਵੇਲੇ ਸਾਡੇ ਨਾਲ ਨਹੀਂ ਖੜ੍ਹੇ ਤਾਂ ਤੁਸੀਂ ਬਹੁਤੀ ਦੇਰ ਤਖ਼ਤ ਦੇ ਜਥੇਦਾਰ ਦੇ ਅਹੁਦੇ ‘ਤੇ ਬਿਰਾਜਮਾਨ ਨਹੀਂ ਰਹਿ ਸਕਦੇ। ਉਨ੍ਹਾਂ ਸਿਰਸਾ ਨੂੰ ਕਿਹਾ ਕਿ ਮੈਂ ਜੱਥੇਦਾਰ ਹਾਂ ਤੁਹਾਡੇ ਵੱਲੋਂ ਚਲਾਏ ਜਾਣ ਵਾਲੇ ਕਿਸੇ ਕਾਰਖਾਨੇ ਦਾ ਮਜ਼ਦੂਰ ਨਹੀਂ ਹਾਂ।
ਉਨ੍ਹਾਂ ਸਿੱਖ ਪੰਥ ਨੂੰ ਅਪੀਲ ਕੀਤੀ ਕਿ ਉਹ ਆਰ.ਟੀ.ਆਈ. ਰਾਹੀਂ ਇਹ ਪਤਾ ਲਾਉਣ ਕਿ ਅਖੀਰ ਡੇਰਾ ਮੁਖੀ ਦੀ ਮੁਆਫੀ ਵਾਲੀ ਚਿੱਠੀ ਅਕਾਲ ਤਖ਼ਤ ਸਾਹਿਬ ’ਤੇ ਕਿਸ ਤਰ੍ਹਾਂ ਪਹੁੰਚੀ।
ਉਸ ਚਿੱਠੀ ਨੂੰ ਉੱਥੇ ਕੌਣ ਲੈ ਕੇ ਪਹੁੰਚਿਆ ਤੇ ਕਿਸ ਨੇ ਉਸ ਚਿੱਠੀ ਨੂੰ ਰਿਸੀਵ ਕੀਤਾ ਸੀ। ਉਨ੍ਹਾਂ ਕਿਹਾ ਕਿ ਅਕਾਲ ਤਖ਼ਤ ਸਾਹਿਬ ‘ਤੇ ਅਕਾਲੀ ਦਲ ਤੇ ਖਾਸ ਕਰਕੇ ਬਾਦਲ ਪਰਿਵਾਰ ਦੇ ਵਧ ਰਹੇ ਦਬਾਅ ਨੇ ਉਨ੍ਹਾਂ ਨੂੰ ਬਹੁਤ ਹੀ ਪ੍ਰਭਾਵਿਤ ਕੀਤਾ।
ਸਿੱਖ ਕੌਮ ਵੱਲੋਂ ਇਸ ਦਬਾਅ ਦੇ ਚਲਦਿਆਂ ਤਖਤਾਂ ਦੇ ਜਥੇਦਾਰਾਂ ਪ੍ਰਤੀ ਘਟ ਰਹੇ ਵਿਸ਼ਵਾਸ ਨੂੰ ਦੇਖਦਿਆਂ ਉਨ੍ਹਾਂ ਨੇ ਸੋਚਿਆ ਕਿ ਸੱਚਾਈ ਨੂੰ ਸਭ ਦੇ ਸਾਹਮਣੇ ਲੈ ਕੇ ਆਉਣਾ ਸਮੇਂ ਦੀ ਜ਼ਰੂਰਤ ਹੈ। ਉਨ੍ਹਾਂ ਨੇ ਸੁਖਬੀਰ ਬਾਦਲ ਤੇ ਪ੍ਰਕਾਸ਼ ਸਿੰਘ ਬਾਦਲ ਨੂੰ ਸਲਾਹ ਦਿੱਤੀ ਕਿ ਉਹ ਜਲਦ ਤੋਂ ਜਲਦ ਇਨ੍ਹਾਂ ਗ਼ਲਤੀਆਂ ਦੀ ਮੁਆਫੀ ਮੰਗਣ ਤੇ ਆਪਣੇ ਸਿਆਸੀ ਦਬਾਅ ਨੂੰ ਘੱਟ ਕਰਕੇ ਲੋਕਾਂ ਦੇ ਮਨਾਂ ਵਿੱਚ ਆਪਣੀ ਥਾਂ ਬਣਾਉਣ ਨਹੀਂ ਤਾਂ ਆਉਣ ਵਾਲੇ ਸਮੇਂ ਵਿੱਚ ਉਨ੍ਹਾਂ ਨੂੰ ਪੰਥ ਦੇ ਗੁੱਸੇ ਦਾ ਸ਼ਿਕਾਰ ਹੋਣ ਦੇ ਨਾਲ ਇਨ੍ਹਾਂ ਸਾਰੀਆਂ ਗ਼ਲਤੀਆਂ ਲਈ ਵੱਡਾ ਖਮਿਆਜ਼ਾ ਭੁਗਤਣਾ ਪੈ ਸਕਦਾ ਹੈ।

WRITTEN BY