ਪ੍ਰਧਾਨ ਮੰਤਰੀ ਸਮੇਤ ਹੁਣ ਕੋਈ ਵੀ ਲਾਲ ਬੱਤੀ ਦਾ ਇਸਤੇਮਾਲ ਨਹੀਂ ਕਰੇਗਾ
ਨਵੀਂ ਦਿੱਲੀ, 19 ਅਪ੍ਰੈਲ (ਪੰਜਾਬ ਟਾਇਮਜ਼ ਬਿਊਰੋ)- ਕੇਂਦਰੀ ਮੰਤਰੀ ਮੰਡਲ ਨੇ ਬੁੱਧਵਾਰ ਨੂੰ ਇਕ ਵੱਡਾ ਇਤਿਹਾਸਕ ਫੈਸਲਾ ਲੈਂਦੇ ਹੋਏ ਰਾਸ਼ਟਰਪਤੀ, ਪ੍ਰਧਾਨ ਮੰਤਰੀ ਸਮੇਤ ਸਾਰੇ ਮੰਤਰੀਆਂ, ਨੇਤਾਵਾਂ ਅਤੇ ਸਰਕਾਰੀ ਅਧਿਕਾਰੀਆਂ ਦੀਆਂ ਗੱਡੀਆਂ ’ਤੇ ਲਾਲ ਬੱਤੀ ਲਾਉਣ ’ਤੇ ਰੋਕ ਲਾ ਦਿੱਤੀ ਹੈ। ਹੁਣ ਲਾਲ ਬੱਤੀ ਸਿਰਫ ਐਮਰਜੈਂਸੀ ਸੇਵਾਵਾਂ ਲਈ ਵਰਤੀ ਜਾਵੇਗੀ। ਸਰਕਾਰ ਦਾ ਇਹ ਫੈਸਲਾ 1 ਮਈ ਨੂੰ ਮਜ਼ਦੂਰ ਦਿਵਸ ਦੇ ਮੌਕੇ ’ਤੇ ਲਾਗੂ ਹੋਵੇਗਾ।ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪਹਿਲ ’ਤੇ ਇਹ ਫੈਸਲਾ ਲਿਆ ਗਿਆ ਹੈ, ਕਿਉਂਕਿ ਲਾਲ ਬੱਤੀ ਦਾ ਮੁੱਦਾ ਅੱਜ ਦੀ ਕੈਬਿਨੇਟ ਬੈਠਕ ਦੀ ਸੂਚੀ ’ਚ ਸ਼ਾਮਿਲ ਨਹੀਂ ਸੀ। ਪ੍ਰਧਾਨ ਮੰਤਰੀ ਖੁਦ ਲਾਲ ਬੱਤੀ ਦੀ ਸੰਸਕ੍ਰਿਤੀ ਨੂੰ ਖਤਮ ਕਰਨਾ ਚਾਹੁੰਦੇ ਸੀ, ਜਿਸ ਦੇ ਚਲਦੇ ਉਨ੍ਹਾਂ ਨੇ ਖੁਦ ਇਸ ਦੀ ਪਹਿਲ ਕਰਦੇ ਹੋਏ ਲਾਲ ਬੱਤੀ ਦੀ ਵਰਤੋਂ ਨੂੰ ਖਤਮ ਕਰਨ ਦਾ ਪ੍ਰਸਤਾਵ ਕੈਬਿਨੇਟ ‘ਚ ਰੱਖਿਆ ਅਤੇ ਇਸ ’ਤੇ ਕੈਬਿਨੇਟ ਨੇ ਆਪਣੀ ਮੁਹਰ ਵੀ ਲਗਾ ਦਿੱਤੀ।ਹੁਣ ਪ੍ਰਧਾਨ ਮੰਤਰੀ ਸਮੇਤ ਕੋਈ ਵੀ ਮੰਤਰੀ ਜਾਂ ਅਧਿਕਾਰੀ ਲਾਲ ਬੱਤੀ ਦੀ ਵਰਤੋਂ ਨਹੀਂ ਕਰੇਗਾ। ਇੱਥੇ ਜ਼ਿਕਰਯੋਗ ਹੈ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ’ਚ ਪੰਜਾਬ ਸਰਕਾਰ ਅਤੇ ਸ੍ਰੀ ਅਦਿੱਤਿਆ ਨਾਥ ਯੋਗੀ ਦੀ ਅਗਵਾਈ ਹੇਠ ਯੂਪੀ ਦੀ ਸਰਕਾਰ ਪਹਿਲਾਂ ਹੀ ਲਾਲ ਬੱਤੀ ’ਤੇ ਰੋਕ ਲਗਾ ਚੁੱਕੀ ਹੈ।
ਕੇਂਦਰ ਦਾ ਵੀ.ਆਈ.ਪੀ. ਕਲਚਰ ਦੇ ਖਾਤਮੇ ਵੱਲ ਵੱਡਾ ਕਦਮ-ਲਾਲ ਬੱਤੀ ’ਤੇ ਰੋਕ



