300 ਕਰੋੜ ਰੁਪਏ ਦਾ ਮਾਲੀਆ ਵਧਣ ਦਾ ਅਨੁਮਾਨ
ਚੰਡੀਗੜ, 19 ਅਪ੍ਰੈਲ- ਪੰਜਾਬ ਮੰਤਰੀ ਮੰਡਲ ਨੇ ਖਣਨ ਦੇ ਵਪਾਰ ਵਿੱਚ ਜ਼ਿਆਦਾ ਪਾਰਦਰਸ਼ਤਾ ਲਿਆਉਣ ਅਤੇ ਸੂਬੇ ਦੇ ਮਾਲੀਏ ਵਿੱਚ ਵਾਧਾ ਕਰਨ ਵਾਸਤੇ ਵਿਕਾਸਮਈ ਈ-ਬਿਡਿੰਗ ਦੇ ਰਾਹੀਂ ਨਵੇਂ ਸਿਰਿਓ ਖਾਣਾਂ ਦੀ ਬੋਲੀ ਕਰਵਾਏ ਜਾਣ ਦੀ ਪ੍ਰਵਾਨਗੀ ਦੇ ਦਿੱਤੀ ਹੈ ਜਿਸ ਦਾ ਪਿਛਲੀ ਅਕਾਲੀ ਦਲ-ਭਾਜਪਾ ਸਰਕਾਰ ਨੇ ਕੇਂਦਰੀਕਰਨ ਕਰ ਦਿੱਤਾ ਸੀ। ਇਸ ਫੈਸਲੇ ਨਾਲ ਉਲਟ ਬੋਲੀ ਦੀ ਪ੍ਰੀਕਿਰਿਆ ਰਾਹੀਂ ਖਦਾਨਾਂ ਦੇ ਠੇਕੇ ਦੇਣ ਦੇ ਪਹਿਲੇ ਅਮਲ ਨੂੰ ਖਤਮ ਕਰ ਦਿੱਤਾ ਗਿਆ ਹੈ। ਅਜਿਹਾ ਕਰਕੇ ਸੂਬੇ ਵਿੱਚੋਂ ਰੇਤ ਮਾਫੀਏ ਨੂੰ ਖਤਮ ਕਰਨ ਬਾਰੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਚੋਣਾਂ ਦੌਰਾਨ ਕੀਤੇ ਗਏ ਵਾਅਦੇ ਨੂੰ ਪੂਰਾ ਕੀਤਾ ਗਿਆ ਹੈ।ਸੂਬਾ ਸਰਕਾਰ ਦੇ ਇੱਕ ਬੁਲਾਰੇ ਅਨੁਸਾਰ ਇਹ ਫੈਸਲਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ ਮੰਤਰੀ ਮੰਡਲ ਦੀ ਮੀਟਿੰਗ ਦੌਰਾਨ ਲਿਆ ਗਿਆ ਜਿਸ ਨਾਲ ਸਰਕਾਰ ਦਾ ਮਾਲੀਆ ਤਕਰੀਬਨ 300 ਕਰੋੜ ਰੁਪਏ ਵਧਣ ਦੀ ਸੰਭਾਵਨਾ ਹੈ। ਬੁਲਾਰੇ ਅਨੁਸਾਰ ਇਸ ਦੇ ਨਾਲ ਖਪਤਕਾਰਾਂ ਨੂੰ ਢੁਕਵੀਂ ਕੀਮਤ ਉੱਤੇ ਰੇਤਾ ਤੇ ਬੱਜਰੀ ਦੀ ਸਪਲਾਈ ਬਿਨਾਂ ਕਿਸੇ ਅੜਚਣ ਤੋਂ ਯਕੀਨੀ ਬਣੇਗੀ। ਮੰਤਰੀ ਮੰਡਲ ਦੀ ਮੀਟਿੰਗ ਦੌਰਾਨ ਇਹ ਵੀ ਫੈਸਲਾ ਕੀਤਾ ਗਿਆ ਕਿ ਸੂਬਾ ਸਰਕਾਰ ਇਸ ਪ੍ਰਣਾਲੀ ਵਿੱਚ ਜ਼ਿਆਦਾ ਪਾਰਦਰਸ਼ਤਾ ਲਿਆਉਣ ਲਈ ਸੰਗਠਿਤ ਖਾਣਾਂ ਅਤੇ ਖਣਿਜ ਪਦਾਰਥ ਪ੍ਰਬੰਧਨ ਪ੍ਰਣਾਲੀ ਨੂੰ ਛੇਤੀ ਹੀ ਲਾਗੂ ਕਰੇਗੀ। ਇਹ ਪ੍ਰਣਾਲੀ ਭਾਰਤ ਸਰਕਾਰ ਵੱਲੋਂ ਪ੍ਰਵਾਨ ਕੀਤੀ ਗਈ ਹੈ ਅਤੇ ਇਸ ਦਾ ਉੜੀਸਾ ਸੂਬੇ ਵਿੱਚ ਸਫ਼ਲਤਾ ਪੂਰਨ ਤਜਰਬਾ ਕੀਤਾ ਗਿਆ ਹੈ।ਬੁਲਾਰੇ ਅਨੁਸਾਰ ਮੰਤਰੀ ਮੰਡਲ ਨੇ ਜ਼ਮੀਨ ਮਾਲਕਾਂ ਦਾ ਮੁਆਵਜ਼ਾ ਵੀ 50 ਰੁਪਏ ਤੋਂ 60 ਰੁਪਏ ਪ੍ਰਤੀ ਟਨ ਵਧਾ ਦਿੱਤਾ ਹੈ।
ਸੂਬਾ ਸਰਕਾਰ ਪਹਿਲਾਂ ਹੀ ਨਵੀਂ ਖਣਨ ਨੀਤੀ ਉੱਤੇ ਕੰਮ ਕਰ ਰਹੀ ਹੈ ਜੋ ਕਿ ਇਸ ਮਹੀਨੇ ਦੇ ਅਖੀਰ ਤੱਕ ਤਿਆਰ ਹੋ ਜਾਣ ਦੀ ਸੰਭਾਵਨਾ ਹੈ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੂਬੇ ਵਿੱਚ ਖਣਨ ਦਾ ਪਹਿਲੀ ਅਪ੍ਰੈਲ ਨੂੰ ਜਾਇਜ਼ਾ ਲੈ ਕੇ ਇਹ ਨੀਤੀ ਬਣਾਉਣ ਦੇ ਨਿਰਦੇਸ਼ ਦਿੱਤੇ ਹਨ ਅਤੇ ਉਹਨਾਂ ਨੇ ਗੈਰ ਕਾਨੂੰਨੀ ਖਣਨ ਨੂੰ ਨੱਥ ਪਾਉਣ ਲਈ ਸਬੰਧਿਤ ਵਿਭਾਗਾਂ ਨੂੰ ਸਖ਼ਤ ਹਦਾਇਤਾਂ ਜਾਰੀ ਕੀਤੀਆਂ ਸਨ।
ਪੰਜਾਬ ਮੰਤਰੀ ਮੰਡਲ ਵੱਲੋਂ ਈ-ਨਿਲਾਮੀ ਰਾਹੀਂ ਰੇਤੇ ਦੀਆਂ ਖਾਣਾਂ ਦੀ ਬੋਲੀ ਕਰਾਉਣ ਨੂੰ ਹਰੀ ਝੰਡੀ



