Skip to content
Independent perspectives. Global stories.
BREAKING

ਖਾਲਸਾ ਯੂਨੀਵਰਸਿਟੀ ਬੰਦ: ਕੈਪਟਨ ਅਮਰਿੰਦਰ ਸਿੰਘ ਨੇ ਵਾਅਦਾ ਨਿਭਾਇਆ

Share this story

ਅੰਮ੍ਰਿਤਸਰ- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਚੋਣਾਂ ਦੌਰਾਨ ਲੋਕਾਂ ਨਾਲ ਕੀਤੇ ਵਾਅਦੇ ਨੂੰ ਪੂਰਾ ਕਰਦਿਆਂ ਪੰਜਾਬ ਸਰਕਾਰ ਨੇ ਅੱਜ 125 ਵਰ੍ਹੇ ਪੁਰਾਣੇ ਇਤਿਹਾਸਕ ਖਾਲਸਾ ਕਾਲਜ ਅੰਮ੍ਰਿਤਸਰ ਦਾ ਨਿੱਜੀਕਰਨ ਹੋ ਜਾਣ ‘ਤੇ ਇਸ ਦੇ ਵਿਰਾਸਤ ਰੁਤਬੇ ਦੇ ਖੁਸ ਜਾਣ ਤੋਂ ਬਚਾਉਣ ਲਈ ਵਿਵਾਦਪੂਰਨ ਖਾਲਸਾ ਯੂਨੀਵਰਸਿਟੀ ਐਕਟ-2016 ਰੱਦ ਕਰਨ ਦਾ ਫੈਸਲਾ ਕੀਤਾ ਹੈ।
    ਪਿਛਲੇ ਕਈ ਵਰ੍ਹਿਆਂ ਤੋਂ ਖਾਲਸਾ ਕਾਲਜ ਦੀ ਵਿਰਾਸਤ ਤੇ ਕਬਜ਼ਾ ਕਰਨ ਲਈ ਤਰਲੋਮੱਛੀ ਹੋ ਰਹੇ ਮਜੀਠੀਆ ਤੇ ਛੀਨਾ ਪਰਿਵਾਰ ਦੇ ਸੁਪਨੇ ਚਕਨਾਚੂਰ ਹੋ ਗਏ ਹਨ।        ਪੰਜਾਬ ਸਰਕਾਰ ਦੇ ਇਸ ਫੈਸਲੇ ਨਾਲ ਲੋਕਾਂ ਵਿੱਚ ਖੁਸ਼ੀ ਦੀ ਲਹਿਰ ਦੌੜ ਗਈ ਹੈ। ਵੱਖ ਵੱਖ ਸਮਾਜ ਸੇਵੀ ਅਤੇ ਕਿਸਾਨ ਜਥੇਬੰਦੀਆਂ ਵਲੋਂ ਸਰਕਾਰ ਦੇ ਇਸ ਫੈਸਲੇ ਦੀ ਸ਼ਲਾਘਾ ਕੀਤੀ ਜਾ ਰਹੀ ਹੈ ।
   ਪਿਛਲੀ ਅਕਾਲੀ ਸਰਕਾਰ ਸਮੇਂ ਖਾਲਸਾ ਕਾਲਜ ਮੈਨੇਜਮੈਂਟ ਕਮੇਟੀ ਵੱਲੋਂ ਇਸ ਯੂਨੀਵਰਸਿਟੀ ਦੀ ਮਨਜ਼ੂਰੀ ਲਈ ਗਈ ਸੀ। ਖਾਲਸਾ ਕਾਲਜ ਦੀ ਸਰਜਮੀਂਨ ਤੇ ਸਥਾਪਿਤ ਕੀਤੀ ਗਈ ਇਹ ਯੂਨੀਵਰਸਿਟੀ ਬਣਨ ਤੋਂ ਲੈ ਕੇ ਹੁਣ ਤੱਕ ਕਿਸੇ ਨਾਂ ਕਿਸੇ ਰੂਪ ਵਿੱਚ ਵਿਵਾਦਾਂ ਵਿੱਚ ਰਹੀ ਹੈ।ਮੈਨੇਜਮੈਂਟ ਕਮੇਟੀ ਨੇ ਲੜਕੀਆਂ ਦੇ ਇੱਕੋ ਇੱਕ ਕਾਲਜ ਖਾਲਸਾ ਕਾਲਜ਼ ਫਾਰ ਵੂਮੈਨ ਅਤੇ ਬੀ.ਐਡ ਕਾਲਜ਼ ਵੀ ਗੁਰੁ ਨਾਨਕ ਦੇਵ ਯੂਨੀਵਰਸਿਟੀ ਤੋਂ ਮਾਨਤਾ ਰੱਦ ਕਰਵਾ ਦਿੱਤੀ ਸੀ ਅਤੇ ਇਹ ਕਾਲਜ਼ ਮੁਕੰਮਲ ਰੂਪ ਵਿੱਚ ਖਾਲਸਾ ਯੂਨੀਵਰਸਿਟੀ ਦੇ ਅਧੀਨ ਲੈ ਲਏ ਸਨ । ਇੰਨਾਂ ਕਾਲਜਾਂ ਦੀ ਗੁਰੁ ਨਾਨਕ ਦੇਵ ਯੂਨੀਵਰਸਿਟੀ ਤੋਂ ਮਾਨਤਾ ਰੱਦ ਹੋਣ ਕਾਰਨ ਸੈਂਕੜੇ ਵਿਦਿਆਰਥੀ ਤੇ ਅਧਿਆਪਕ ਆਪਣੇ ਭਵਿੱਖ ਨੂੰ ਲੈ ਕੇ ਚਿੰਤਾ ਵਿੱਚ ਡੁੱਬੇ ਹੋਏ ਹਨ। ਹੋਰ ਤਾਂ ਹੋਰ ਮੈਨੇਜਮੈਂਟ ਕਮੇਟੀ ਨੇ ਬਾਹਰੀ ਵਿਦਿਆਰਥੀਆਂ ਵੱਲੋਂ ਖਾਲਸਾ ਯੂਨੀਵਰਸਿਟੀ ਵਿੱਚ ਦਿਲਚਸਪੀ ਨਾ ਦਿਖਾਏ ਜਾਣ ਕਾਰਨ ਯੂਨੀਵਰਸਿਟੀ ਦੀ ਹੋਂਦ ਬਣਾਈ ਰੱਖਣ ਲਈ ਖਾਲਸਾ ਕਾਲਜ਼ ਫਾਰ ਵੂਮੈਨ, ਬੀਐੱਡ ਕਾਲਜ਼ ਅਤੇ ਖਾਲਸਾ ਕਾਲਜ਼ ਵਿੱਚ ਵੱਖ-ਵੱਖ ਵਿਭਾਗਾਂ ‘ਚ ਐਡਹਾਕ ਤੇ ਕੰਮ ਕਰਦੇ ਟੀਚਰਾਂ ਨੂੰ ਜਬਰੀ ਪੀ.ਐਚ.ਡੀ ਲਈ ਇਨਰੋਲ ਕੀਤਾ ਸੀ । ਹੈਰਾਨੀ ਵਾਲੀ ਗੱਲ ਤਾਂ ਇਹ ਹੈ ਕਿ ਖਾਲਸਾ ਕਾਲਜ਼ ਫਾਰ ਵੂਮੈਨ ਦੇ ਕਾਮਰਸ ਵਿਭਾਗ ਦੀਆਂ ਚਾਰ, ਪੰਜਾਬੀ ਵਿਭਾਗ ਦੀਆਂ ਚਾਰ ਟੀਚਰਾਂ ਤੋਂ ਇਲਾਵਾ ਖਾਲਸਾ ਕਾਲਜ਼ ਤੋਂ ਤਿੰਨ ਅਤੇ ਬੀ.ਐਡ ਕਾਲਜ਼ ਤੋਂ ਵੀ ਤਿੰਨ ਅਧਿਆਪਕਾਂ ਨੂੰ ਪੀ.ਐਚ.ਡੀ ਲਈ ਇਨਰੋਲ ਕੀਤਾ ਹੈ। ਸੂਤਰਾਂ ਅਨੁਸਾਰ ਮੈਨੇਜਮੈਂਟ ਵੱਲੋਂ ਐਡਹਾਕ ਸਟਾਫ ਨੂੰ ਦਬਾਅ ਪਾ ਕੇ ਪੀ.ਐਚ.ਡੀ ਕਰਨ ਲਈ ਕਿਹਾ ਜਾ ਰਿਹਾ ਸੀ ।
  ਇਹ  ਫੈਸਲਾ ਅੱਜ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ ਮੰਤਰੀ ਮੰਡਲ ਦੀ ਮੀਟਿੰਗ ਦੌਰਾਨ ਲਿਆ ਗਿਆ ਹੈ। ਕੈਪਟਨ ਅਮਰਿੰਦਰ ਸਿੰਘ ਨੇ ਖਾਲਸਾ ਕਾਲਜ ਦੀ ਸ਼ਾਨਦਾਰ ਵਿਰਾਸਤ ਦੀ ਰਾਖੀ ਕਰਨ ਦਾ ਵਾਅਦਾ ਕੀਤਾ ਜੋ ਵਿਰਾਸਤੀ ਦਰਜੇ ਵਾਲੀ ਮੁਲਕ ਦੀ ਸਭ ਤੋਂ ਪੁਰਾਣੀਆਂ ਵਿਦਿਅਕ ਸੰਸਥਾਵਾਂ ਵਿੱਚੋਂ ਇੱਕ ਹੈ।
ਮੰਤਰੀ ਦਫਤਰ ਦੇ ਇਕ ਬੁਲਾਰੇ ਨੇ ਦੱਸਿਆ ਕਿ ਮੰਤਰੀ ਮੰਡਲ ਨੇ ਖਾਲਸਾ ਕਾਲਜ ਸੁਸਾਇਟੀ ਵੱਲੋਂ ਇਸ ਵੱਕਾਰੀ ਸੰਸਥਾ ਨੂੰ ਯੂਨੀਵਰਸਿਟੀ ਵਿੱਚ ਤਬਦੀਲ ਕਰਕੇ ਇਸ ਦੇ ਵਿਰਾਸਤੀ ਦਰਜੇ ਨੂੰ ਤਹਿਸ-ਨਹਿਸ ਕਰਨ ਵਾਲਾ ਕਦਮ ਦੱਸਿਆ ਹੈ। ਮੰਤਰੀ ਮੰਡਲ ਨੇ ਇਹ ਪੱਖ ਵੀ ਵਿਚਾਰਿਆ ਕਿ ਪਿਛਲੀ ਅਕਾਲੀ-ਭਾਜਪਾ ਗੱਠਜੋੜ ਸਰਕਾਰ ਵੱਲੋਂ ਅੰਮ੍ਰਿਤਸਰ ਦੇ ਵਾਸੀਆਂ, ਸੂਬੇ ਦੇ ਬੁੱਧੀਜੀਵੀ ਵਰਗ ਅਤੇ ਖਾਲਸਾ ਕਾਲਜ ਦੇ ਸਾਬਕਾ ਵਿਦਿਆਰਥੀਆਂ ਦੀ ਸਖਤ ਵਿਰੋਧਤਾ ਦੇ ਬਾਵਜੂਦ ਖਾਲਸਾ ਯੂਨੀਵਰਸਿਟੀ ਐਕਟ 2016 ਰਾਹੀਂ ਅੰਮ੍ਰਿਤਸਰ ਵਿੱਚ ਖਾਲਸਾ ਯੂਨੀਵਰਸਿਟੀ ਸਥਾਪਤ ਕੀਤੀ ਗਈ। ਮੰਤਰੀ ਮੰਡਲ ਨੇ ਫੈਸਲਾ ਕੀਤਾ ਕਿ ਅੰਮ੍ਰਿਤਸਰ ਵਿੱਚ ਹੋਰ ਯੂਨੀਵਰਸਿਟੀ ਸਥਾਪਤ ਕਰਨ ਦੀ ਕੋਈ ਤੁਕ ਹੀ ਨਹੀਂ ਬਣਦੀ ਕਿਉਂਕਿ ਇਸ ਸ਼ਹਿਰ ਵਿੱਚ ਪਹਿਲਾਂ ਹੀ ਉਚੇਰੀ ਸਿੱਖਿਆ ਦੀਆਂ ਨਾਮੀਂ ਯੂਨੀਵਰਸਿਟੀਆਂ ਮੌਜੂਦ ਹਨ। ਅੰਮ੍ਰਿਤਸਰ ਵਿੱਚ ਸਥਾਪਤ ਗੁਰੂ ਨਾਨਕ ਦੇਵ ਯੂਨੀਵਰਸਿਟੀ ਮੁਲਕ ਦੀਆਂ ਨਾਮਵਰ ਯੂਨੀਵਰਸਿਟੀ ਵਿਚੋਂ ਇੱਕ ਹੈ ਜਿਸ ਨੂੰ ਕੌਮੀ ਪੱਧਰ ‘ਤੇ ਮਾਨਤਾ ਹਾਸਲ ਹੈ। ਇਸੇ ਤਰ੍ਹਾਂ ਅੰਮ੍ਰਿਤਸਰ ਵਿੱਚ ਹੀ ਸਥਾਪਿਤ ਸ਼੍ਰੀ ਗੁਰੂ ਰਾਮ ਦਾਸ ਯੂਨੀਵਰਸਿਟੀ ਆਫ਼ ਹੈਲਥ ਸਾਇੰਸਿਜ਼ ਅਤੇ ਇੰਡੀਅਨ ਇੰਸਟੀਚਿਊਟ ਆਫ਼ ਮੈਨੇਜਮੈਂਟ ਵੀ ਕੌਮੀ ਵੱਕਾਰ ਦੀਆਂ ਸੰਸਥਾਵਾਂ ਵਿੱਚ ਸ਼ਾਮਲ ਹਨ।
ਮੰਤਰੀ ਮੰਡਲ ਨੇ ਇਹ ਵੀ ਵਿਚਾਰਿਆ ਕਿ ਯੂਨੀਵਰਸਿਟੀ ਬਣਾਉਣ ਲਈ ਖਾਲਸਾ ਕਾਲਜ ਦੀ ਜ਼ਮੀਨ ਲੈ ਲੈਣ ਨਾਲ ਇਸ ਕਾਲਜ ਦੀ ਹੋਂਦ ‘ਤੇ ਬਹੁਤ ਬੁਰਾ ਅਸਰ ਪਵੇਗਾ ਜਿਸ ਨਾਲ ਖਾਲਸਾ ਕਾਲਜ ਦੀ ਇਮਾਰਤ ਦੀ ਵਿਲੱਖਣ ਪਛਾਣ ਵੀ ਖੁਰ ਜਾਵੇਗੀ। ਮੰਤਰੀ ਮੰਡਲ ਨੇ ਦ੍ਰਿੜਤਾ ਜ਼ਾਹਰ ਕਰਦਿਆਂ ਆਖਿਆ ਕਿ ਖਾਲਸਾ ਕਾਲਜ ਦੀ ਪਛਾਣ ਅਤੇ ਖਾਲਸਾ ਕਾਲਜ ਨਾਲ ਸਬੰਧਤ ਸਾਰੀਆਂ ਜਾਇਦਾਦਾਂ ਨੂੰ ਜਿਉਂ ਦਾ ਤਿਉਂ ਰੱਖਣਾ ਚਾਹੀਦਾ ਹੈ ਤਾਂ ਕਿ ਕਾਲਜ ਦੀ ਭਵਨ ਨਿਰਮਾਣ ਦੀ ਸ਼ਾਨ ਤੇ ਵਿਲੱਖਣਤਾ ਨੂੰ ਸੰਭਾਲਿਆ ਜਾ ਸਕੇ।
ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਸੁਖਜਿੰਦਰਰਾਜ ਸਿੰਘ ਲਾਲੀ ਮਜੀਠਾ ਨੇ ਕਿਹਾ ਕਿ ਕੈਪਟਨ ਸਰਕਾਰ ਵੱਲੋ ਲੋਕਾਂ ਨਾਲ ਕੀਤਾ ਹਰ ਵਾਅਦਾ ਪੂਰਾ ਕੀਤਾ ਜਾਵੇਗਾ ।ਉਨ੍ਹਾਂ ਕਿਹਾ ਕਿ ਮਜੀਠੀਆ ਅਤੇ ਛੀਨਾ ਰਲ ਕੇ ਇਸ ਵਿਰਾਸਤ ਨੂੰ ਆਰ.ਐਸ.ਐਸ ਦੇ ਹੱਥਾਂ ਵਿੱਚ ਸੋਂਪਣਾਂ ਚਾਹੁੰਦੇ ਹਨ ਜਿਸ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਗੁਰੁ ਨਾਨਕ ਦੇਵ ਯੂਨੀਵਰਸਿਟੀ ਤੋਂ ਖਾਲਸਾ ਕਾਲਜ ਫਾਰ ਵੂਮੈਨ ਅਤੇ ਬੀ.ਐਡ ਕਾਲਜ਼ ਦੀ ਰੱਦ ਕਰਵਾਈ ਗਈ ਮਾਨਤਾ ਨੂੰ ਮੁੜ ਬਹਾਲ ਕਰਵਾਉਣ ਲਈ ਉਹ ਕਾਲਜ਼ ਸਟਾਫ ਦੇ ਨਾਲ ਹਨ।

ਰਾਜਨ ਮਾਨ
ਸੀਨੀਅਰ ਪੱਤਰਕਾਰ ਸ੍ਰੀ ਅੰਮ੍ਰਿਤਸਰ
ਸੰਪਰਕ : 95011-14442

WRITTEN BY