ਚੰਡੀਗੜ੍ਹ, 25 ਅਪ੍ਰੈਲ (ਬਲਜੀਤ ਸਿੰਘ ਬਰਾੜ)- ਅੱਜ ਸੂਬੇ ਵਿੱਚ ਨਿਵੇਸ਼ ਲਿਆਉਣ ਲਈ ਪੰਜਾਬ ਸਰਕਾਰ ਦੇ ਯਤਨਾਂ ਨੂੰ ਇੱਕ ਹੋਰ ਹੁੰਗਾਰਾ ਮਿਲਿਆ ਕਿਉਂਕਿ ਵਿਸਤਾਰਾ ਵੱਲੋਂ ਹੋਰ ਉੁਡਾਨਾਂ ਸ਼ੁਰੂ ਕਰਨ ਅਤੇ ਸੂਬਾ ਸਰਕਾਰ ਨਾਲ ਇਕ ਸਮਝੌਤੇ ਰਾਹੀਂ ਤਾਜ ਹੋਟਲਾਂ ਨਾਲ ਭਾਈਵਾਲੀ ਬਣਾ ਕੇ ਕੰਮ ਕਰਨ ’ਤੇ ਵਿਚਾਰ ਕੀਤਾ ਜਾ ਰਿਹਾ ਹੈ ਜਿਸ ਨਾਲ ਸੈਰ-ਸਪਾਟੇ ਨੂੰ ਵੱਡਾ ਹੁਲਾਰਾ ਮਿਲੇਗਾ। ਵਿਸਤਾਰਾ ਦੇ ਸੀ.ਈ.ਓ. ਫੇਅ ਟੇਕ ਯੋਹ ਨੇ ਆਪਣੇ ਸਲਾਹਕਾਰ ਗੁਰਜੋਤ ਸਿੰਘ ਮੱਲ੍ਹੀ ਨਾਲ ਅੱਜ ਇੱਥੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਵਿਸਥਾਰ ਵਿੱਚ ਵਿਚਾਰ-ਵਟਾਂਦਰਾ ਕੀਤਾ। ਮੀਟਿੰਗ ਉਪਰੰਤ ਪੰਜਾਬ ਸਰਕਾਰ ਦੇ ਇਕ ਬੁਲਾਰੇ ਨੇ ਦੱਸਿਆ ਕਿ ਵਿਸਤਾਰਾ ਦੀ ਟੀਮ ਨੇ ਪੰਜਾਬ ਨੂੰ ਸੈਰ ਸਪਾਟੇ ਦੇ ਧੁਰੇ ਵਜੋਂ ਉਭਾਰਨ ਲਈ ਸੂਬਾ ਸਰਕਾਰ ਨਾਲ ਕੀਤੇ ਜਾਣ ਵਾਲੇ ਕੰਮ ਦਾ ਪ੍ਰਸਤਾਵ ਪੇਸ਼ ਕੀਤਾ ਅਤੇ ਇਸ ਸਬੰਧ ਵਿੱਚ ਇਕ ਸਮਝੌਤਾ ਸਹੀਬੰਦ (ਐਮ.ਓ.ਯੂ.) ਕਰਨ ਦਾ ਸੁਝਾਅ ਪੇਸ਼ ਕੀਤਾ। ਮੁੱਖ ਮੰਤਰੀ ਨੇ ਸੂਬੇ ਨੂੰ ਸੈਰ ਸਪਾਟੇ ਦੇ ਧੁਰੇ ਵਜੋਂ ਉਭਾਰਨ ਲਈ ਵਿਸਤਾਰਾ ਵੱਲੋਂ ਦਿਖਾਈ ਦਿਲਚਸਪੀ ਦਾ ਸੁਆਗਤ ਕਰਦਿਆਂ ਉਸ ਦੇ ਸੁਝਾਅ ਪ੍ਰਤੀ ਹਾਂ-ਪੱਖੀ ਹੁੰਗਾਰਾ ਭਰਿਆ। ਇਸ ਵੇਲੇ ਸਿਰਫ ਦਿੱਲੀ ਤੋਂ ਅੰਮ੍ਰਿਤਸਰ ਵਿਚਕਾਰ ਹਵਾਈ ਸੇਵਾ ਚਾਲੂ ਹੈ। ਕੈਪਟਨ ਅਮਰਿੰਦਰ ਸਿੰਘ ਨੇ ਵਿਸਤਾਰਾ ਨੂੰ ਭਰੋਸਾ ਦਿਵਾਇਆ ਕਿ ਉਨ੍ਹਾਂ ਦੀ ਸਰਕਾਰ ਰੁਜ਼ਗਾਰ ਦੇ ਮੌਕੇ ਪੈਦਾ ਕਰਨ ਅਤੇ ਆਰਥਿਕ ਵਿਕਾਸ ਨੂੰ ਸੁਰਜੀਤ ਕਰਨ ਲਈ ਸੈਰ ਸਪਾਟੇ ਨੂੰ ਉਤਸ਼ਾਹਤ ਕਰਨ ਦੀ ਇੱਛਾ ਰੱਖੀ ਹੈ।
ਵਿਸਤਾਰਾ ਨੇ ਹੋਰ ਉਡਾਨਾਂ ਸ਼ੁਰੂ ਕਰਨ ਦੀ ਇੱਛਾ ਪ੍ਰਗਟਾਈ



