ਸੰਗਰੂਰ, 28 ਅਪ੍ਰੈਲ (ਹਰਜੀਤ ਸਿੰਘ ਹਸਨਪੁਰੀ)- ਡਿਪਟੀ ਕਮਿਸ਼ਨਰ ਸ. ਅਮਰਪ੍ਰਤਾਪ ਸਿੰਘ ਵਿਰਕ ਨੇ ਸਿਹਤ ਵਿਭਾਗ ਅਤੇ ਜ਼ਿਲ੍ਹੇ ਦੇ ਸਮੂਹ ਵਿਭਾਗਾਂ ਅਤੇ ਅਧਿਕਾਰੀਆਂ ਨੂੰ ਅਪੀਲ ਕੀਤੀ ਕਿ ਉਹ ਆਗਾਮੀ ਦਿਨਾਂ ਦੌਰਾਨ ਸੰਭਾਵੀ ਡੇਂਗੂ, ਚਿਕਨਗੂਨੀਆਂ, ਵੈਕਟਰਨ ਬੌਰਨ, ਮਲੇਰੀਆ ਅਤੇ ਵਾਟਰ ਬੌਰਨ ਵਰਗੀਆਂ ਭਿਆਨਕ ਬਿਮਾਰੀਆਂ ਦੇ ਖਦਸ਼ੇ ਨੂੰ ਧਿਆਨ ਵਿੱਚ ਰੱਖਦਿਆਂ ਲੋਕਾਂ ਨੂੰ ਵੱਧ ਤੋਂ ਵੱਧ ਇਨ੍ਹਾਂ ਬਿਮਾਰੀਆਂ ਦੇ ਪ੍ਰਭਾਵਾਂ ਅਤੇ ਬਚਾਅ ਬਾਰੇ ਜਾਗਰੂਕ ਕੀਤਾ ਜਾਵੇ। ਉਹ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਡੇਂਗੂ ਅਤੇ ਵੈਕਟਰ ਬੌਰਨ ਬਿਮਾਰੀਆਂ ਦੀ ਰੋਕਥਾਮ ਸਬੰਧੀ ਜ਼ਿਲ੍ਹਾ ਪੱਧਰੀ ਮੋਨੀਟਰਿੰਗ ਕਮੇਟੀ ਦੀ ਮੀਟਿੰਗ ਨੂੰ ਸੰਬੋਧਨ ਕਰ ਰਹੇ ਸਨ। ਸ. ਵਿਰਕ ਨੇ ਕਿਹਾ ਕਿ ਗਰਮੀਆਂ ਦੇ ਮੌਸਮ ਦੌਰਾਨ ਡੇਂਗੂ ਮੱਛਰਾਂ ਤੋਂ ਪੈਦਾ ਹੋਣ ਵਾਲੀਆਂ ਬਿਮਾਰੀਆਂ ਦਾ ਪ੍ਰਕੋਪ ਹਰ ਵਾਰ ਦੇਖਣ ਨੂੰ ਮਿਲਦਾ ਹੈ। ਉਨ੍ਹਾਂ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਪਿਛਲੇ ਸਾਲ ਜਿੱਥੇ ਕਿਧਰੇ ਵੀ ਡੇਂਗੂ ਦੇ ਕੇਸ ਪਾਏ ਗਏ ਸੀ, ਉਥੇ ਖਾਸ ਤੌਰ ਤੇ ਲੋਕਾਂ ਨੂੰ ਇਹਨਾਂ ਬਿਮਾਰੀਆਂ ਦੇ ਬਚਾਅ ਬਾਰੇ ਜਾਗਰੂਕ ਕਰਨ ਦੀ ਲੋੜ ਹੈ। ਉਨ੍ਹਾਂ ਕਿਹਾ ਡੇਂਗੂ ਮੱਛਰ ਬਾਰੇ ਜ਼ਿਲ੍ਹੇ ਅੰਦਰ ਫਲੈਕਸ ਬੋਰਡ ਲਗਵਾਏ ਜਾਣ ਅਤੇ ਪੋਸਟਰ ਛਪਵਾ ਕੇ ਲੋਕਾਂ ‘ਚ ਵੰਡ ਕੀਤੀ ਜਾਵੇ, ਤਾਂ ਜੋ ਲੋਕਾਂ ਨੂੰ ਇਸਦੇ ਮਾੜੇ ਪ੍ਰਭਾਵਾਂ ਬਾਰੇ ਪਤਾ ਲੱਗ ਸਕੇ। ਉਨ੍ਹਾਂ ਸਮੂਹ ਨਗਰ ਕੌਂਸਲਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਆਪਣੇ ਆਪਣੇ ਇਲਾਕੇ ਅੰਦਰ ਫੋਗਿੰਗ ਮਸ਼ੀਨਾਂ ਰਾਹੀ ਸਪਰੇਅ ਕਰਵਾਉਣ, ਤਾਂ ਜੋ ਮੱਛਰ ਦੀ ਪੈਦਾਵਾਰ ਘਟ ਸਕੇ। ਉਨ੍ਹਾਂ ਸਕੂਲ ਪ੍ਰਬੰਧਕਾਂ ਨੂੰ ਆਦੇਸ਼ ਦਿੰਦਿਆਂ ਕਿਹਾ ਕਿ ਵਿਦਿਆਰਥੀਆਂ ਨੂੰ ਸਵੇਰ ਦੀਆਂ ਸਭਾਵਾਂ ਵਿੱਚ ਡੇਂਗੂ ਵਰਗੀ ਨਾਮੁਰਾਦ ਬਿਮਾਰੀ ਬਾਰੇ ਜਾਣਕਾਰੀ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਸਮੂਹ ਅਧਿਕਾਰੀ ਆਪਣੇ ਦਫ਼ਤਰਾਂ ਦੇ ਕੂਲਰ, ਗਮਲਿਆਂ ਅਤੇ ਆਲੇ-ਦੁਆਲੇ ਪਾਣੀ ਖੜ੍ਹਾ ਨਾ ਹੋਣ ਦੇਣ, ਕਿਉਂਕਿ ਖੜ੍ਹੇ ਪਾਣੀ ਵਿੱਚ ਮੱਛਰ ਪੈਦਾ ਹੁੰਦਾ ਹੈ ਜੋ ਕਿ ਜਾਨਲੇਵਾ ਹੋ ਸਕਦਾ ਹੈ। ਉਨ੍ਹਾਂ ਕਿਹਾ ਕਿ ਹਰੇਕ ਅਧਿਕਾਰੀ ਲੋਕਾਂ ਦੀ ਸਿਹਤ ਨਾਲ ਜੁੜੇ ਕੰਮ ਨੂੰ ਪੂਰੀ ਇਮਾਨਦਾਰੀ ਅਤੇ ਲਗਨ ਨਾਲ ਨਿਭਾਉਣ, ਤਾਂ ਜੋ ਕਿਸੇ ਦੀ ਕੀਮਤੀ ਜਾਨ ਦਾ ਨੁਕਸਾਨ ਨਾ ਹੋਵੇ। ਮੀਟਿੰਗ ਦੌਰਾਨ ਸਿਵਲ ਸਰਜਨ ਡਾ. ਸੁਬੋਧ ਗੁਪਤਾ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਘਰਾਂ ਦੇ ਆਲੇ ਦੁਆਲੇ ਪਾਣੀ ਖੜਾ ਨਾ ਹੋਣ ਦਿਓ, ਪਾਣੀ ਭਰੇ ਭਾਡਿਆਂ ਅਤੇ ਟੈਂਕੀਆਂ ਨੂੰ ਢੱਕ ਕੇ ਰੱਖੋ, ਹਫ਼ਤੇ ਵਿੱਚ ਕੂਲਰ ਨੂੰ ਇਕ ਵਾਰ ਜਰੂਰ ਸਾਫ਼ ਕਰੋ, ਟਾਇਰਾਂ/ਵਾਧੂ ਪਏ ਬਰਤਨਾਂ/ਗਮਲਿਆਂ/ਡਰੱਮਾਂ ਵਿੱਚ ਪਾਣੀ ਇਕੱਠਾ ਨਾ ਹੋਣ ਦਿਓ। ਇਸ ਮੌਕੇ ਮੁੱਖ ਖੇਤੀਬਾੜੀ ਅਫ਼ਸਰ ਸ. ਜਗਤਾਰ ਸਿੰਘ ਬਰਾੜ, ਡਿਪਟੀ ਡਾਇਰੈਕਟਰ ਪਸ਼ੂ ਪਾਲਣ ਡਾ. ਸੁਖਚਰਨਜੀਤ ਸਿੰਘ, ਡਾ. ਉਪਾਸਨਾ, ਸਮੂਹ ਸੀਨੀਅਰ ਮੈਡੀਕਲ ਅਫਸਰ ਅਤੇ ਹੋਰ ਅਧਿਕਾਰੀ ਹਾਜ਼ਰ ਸਨ।
ਡੇਂਗੂ, ਵਰਗੀਆਂ ਭਿਆਨਕ ਬਿਮਾਰੀਆਂ ਬਾਰੇ ਲੋਕਾਂ ਨੂੰ ਵੱਧ ਤੋ ਵੱਧ ਜਾਗਰੂਕ ਕੀਤਾ ਜਾਵੇ : ਡੀਸੀ



