ਨਵੀਂ ਦਿੱਲੀ, 5 ਮਈ (ਪੰਜਾਬ ਟਾਇਮਜ਼ ਬਿਊਰੋ)- ਸੁਪਰੀਮ ਕੋਰਟ ਨੇ 16 ਦਸੰਬਰ 2012 ਦੇ ਗੈਂਗਰੇਪ ਅਤੇ ਕਤਲਕਾਂਡ ਦੇ ਚਾਰ ਦੋਸ਼ੀਆਂ ’ਤੇ ਸ਼ੁੱਕਰਵਾਰ ਨੂੰ ਅਹਿਮ ਫੈਸਲਾ ਸੁਣਾਉਂਦਿਆਂ ਦੋਸ਼ੀਆਂ ਦੀ ਸਜ਼ਾ-ਏ-ਮੌਤ ਦੇ ਫੈਸਲੇ ਨੂੰ ਬਰਕਰਾਰ ਰੱਖਿਆ ਹੈ। ਸੁਪਰੀਮ ਕੋਰਟ ਨੇ ਦਿੱਲੀ ਹਾਈ ਕੋਰਟ ਦੇ ਫੈਸਲੇ ਨੂੰ ਚੁਣੌਤੀ ਦੇਣ ਵਾਲੀਆਂ ਅਪੀਲਾਂ ’ਤੇ ਆਪਣਾ ਫੈਸਲਾ ਸੁਣਾਇਆ। ਜ਼ਿਕਰਯੋਗ ਹੈ ਕਿ ਚਾਰੋਂ ਦੋਸ਼ੀਆਂ ਨੂੰ ਮੌਤ ਦੀ ਸਜ਼ਾ ਸੁਣਾਈ ਗਈ ਸੀ, ਜਿਸ ਨੂੰ ਕੋਰਟ ਨੇ ਬਰਕਰਾਰ ਰੱਖਿਆ ਹੈ। ਜਸਟਿਸ ਦੀਪਕ ਮਿਸ਼ਰਾ, ਜਸਟਿਸ ਆਰ. ਭਾਨੂੰਮਤੀ ਅਤੇ ਜਸਟਿਸ ਅਸ਼ੋਕ ਭੂਸ਼ਣ ਦੀ ਬੈਂਚ ਨੇ ਮਾਮਲੇ ’ਚ ਫੈਸਲਾ ਸੁਣਾਇਆ।ਸਰਵਉੱਚ ਅਦਾਲਤ ਨੇ ਚਾਰੋਂ ਦੋਸ਼ੀਆਂ- ਮੁਕੇਸ਼, ਪਵਨ, ਵਿਨੇ ਸ਼ਰਮਾ ਅਤੇ ਅਕਸ਼ੈ ਕੁਮਾਰ ਸਿੰਘ ਦੀਆਂ ਅਪੀਲਾਂ ‘ਤੇ 27 ਮਾਰਚ ਨੂੰ ਆਪਣਾ ਫੈਸਲਾ ਸੁਰੱਖਿਅਤ ਰੱਖਿਆ ਸੀ। ਚਾਰਾਂ ਨੇ 13 ਮਾਰਚ 2014 ਨੂੰ ਹਾਈ ਕੋਰਟ ਵੱਲੋਂ ਦੋਸ਼ੀ ਠਹਿਰਾਏ ਜਾਣ ਅਤੇ ਸੁਣਾਈ ਗਈ ਮੌਤ ਦੀ ਸਜ਼ਾ ਦੇ ਖਿਲਾਫ ਅਪੀਲ ਕੀਤੀ ਸੀ। ਇਨ੍ਹਾਂ ਚਾਰਾਂ ਤੋਂ ਇਲਾਵਾ ਇਕ ਦੋਸ਼ੀ ਰਾਮ ਸਿੰਘ ਨੇ ਤਿਹਾੜ ਜੇਲ ‘ਚ ਹੀ ਖੁਦਕੁਸ਼ੀ ਕਰ ਲਈ ਸੀ, ਜਦੋਂ ਕਿ ਇਕ ਹੋਰ ਨਾਬਾਲਗ ਦੋਸ਼ੀ ਨੇ ਸੁਧਾਰ ਗ੍ਰਹਿ ‘ਚ ਸਜ਼ਾ ਦੇ ਆਪਣੇ ਤਿੰਨ ਸਾਲ ਪੂਰੇ ਕਰ ਲਏ ਹੈ।
ਨਿਰਭਿਆ ਗੈਂਗਰੇਪ ਕਾਂਡ: ਸੁਪਰੀਮ ਕੋਰਟ ਵੱਲੋਂ ਦੋਸ਼ੀਆਂ ਨੂੰ ਸਜ਼ਾ-ਏ-ਮੌਤ ਦੀ ਪੁਸ਼ਟੀ



