Skip to content
Independent perspectives. Global stories.
BREAKING

ਕੈਪਟਨ ਸਾਰੇ ਵਿਧਾਇਕਾਂ ਨਾਲ ਅੱਜ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣਗੇ

Share this story

ਅੰਮ੍ਰਿਤਸਰ/ਜੰਡਿਆਲਾ ਗੁਰੂ, 7 ਮਈ (ਵਰੁਣ ਸੋਨੀ)- ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸੋਮਵਾਰ ਸਵੇਰੇ ਕਾਂਗਰਸ ਦੇ ਸਾਰੇ ਕਾਂਗਰਸੀ ਸੰਸਦ ਮੈਂਬਰਾਂ ਤੇ ਵਿਧਾਇਕਾਂ ਨਾਲ ਸੋਮਵਾਰ ਸਵੇਰੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣਗੇ। ਮੁੱਖ ਮੰਤਰੀ ਦਾ ਭਲਕੇ ਜਲ੍ਹਿਆਂ ਵਾਲੇ ਬਾਗ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਦੇਣ ਤੋਂ ਪਹਿਲਾਂ ਸਵੇਰੇ 8 ਤੋਂ 9 ਵਜੇ ਤੱਕ ਸ੍ਰੀ ਹਰਿਮੰਦਰ ਸਾਹਿਬ ਜਾਣ  ਦਾ ਪ੍ਰੋਗਰਾਮ ਹੈ। ਹੋਰਨਾਂ ਪ੍ਰੋਗਰਾਮਾਂ ਵਿੱਚ ਦੁਰਗਿਆਣਾ ਮੰਦਰ ਅਤੇ ਉਸ ਤੋਂ ਬਾਅਦ ਸ੍ਰੀ ਰਾਮ ਤੀਰਥ ਸੱਥਲ ਵਿਖੇ ਵੀ ਜਾਣ ਦਾ ਪ੍ਰੋਗਰਾਮ ਹੈ। ਇਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਮੁੱਖ ਮੰਤਰੀ ਤਰਨ ਤਾਰਨ ਫੇਰੀ ਤੋਂ ਬਾਅਦ ਅੱਜ ਸ਼ਾਮ ਅੰਮ੍ਰਿਤਸਰ ਵਿਖੇ ਪਹੁੰਚ ਗਏ ਹਨ ਜਿਨ੍ਹਾਂ ਦਾ ਸੱਤਾ ਸੰਭਾਲਣ ਤੋਂ ਬਾਅਦ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨਾਂ ਲਈ ਜਾਣ ਦਾ ਪ੍ਰੋਗਰਾਮ ਸੀ ਪਰ ਕੰਮਕਾਜ ਦੀ ਮਜਬੂਰੀ ਅਤੇ ਪੈਰ ਦੀ ਸੱਟ ਕਾਰਨ ਡਾਕਟਰਾਂ ਵੱਲੋ ਚੱਲਣ-ਫਿਰਨ ਤੋਂ ਸੰਕੋਚ ਕਰਨ ਦੀ ਸਲਾਹ ਦਿੱਤੀ ਸੀ। ਬੁਲਾਰੇ ਨੇ ਦੱਸਿਆ ਕਿ ਤਰਨ ਤਾਰਨ ਵਿੱਚ ਮੁੱਖ ਮੰਤਰੀ ਨਾਲ ਕੈਬਨਿਟ ਮੰਤਰੀ ਰਾਣਾ ਗੁਰਜੀਤ ਸਿੰਘ ਅਤੇ ਨਵਜੋਤ ਸਿੰਘ ਸਿੱਧੂ ਤੋਂ ਇਲਾਵਾ ਸਥਾਨਕ ਵਿਧਾਇਕ ਵੀ ਮੌਜਦ ਸਨ ਅਤੇ ਭਲਕੇ ਅੰਮ੍ਰਿਤਸਰ ਵਿੱਚ ਸਾਰੇ ਕਾਂਗਰਸੀ ਸੰਸਦ ਮੈਂਬਰ ਅਤੇ ਵਿਧਾਇਕ ਵੀ ਉਨ੍ਹਾਂ ਨਾਲ ਸ਼ਾਮਲ ਹੋਣਗੇ। ਮੁੱਖ ਮੰਤਰੀ ਨਾਲ ਉਨ੍ਹਾਂ ਦੇ ਸੀਨੀਅਰ ਸਲਾਹਕਾਰ ਲੈਫਟੀਨੈਂਟ ਜਨਰਲ ਟੀ.ਐਸ. ਸ਼ੇਰਗਿੱਲ ਅਤੇ ਮੀਡੀਆ ਸਲਾਹਕਾਰ ਰਵੀਨ ਠੁਕਰਾਲ ਵੀ ਹਾਜ਼ਰ ਸਨ। ਇਸ ਤੋਂ ਇਲਾਵਾ ਐਤਵਾਰ ਨੂੰ ਮੁੱਖ ਮੰਤਰੀ ਤਰਨ ਤਾਰਨ ਵਿੱਚ ਪਿੰਡ ਵੇਈਂ ਪੋਈਂ ਵਿਖੇ ਸ਼ਹੀਦ ਸੂਬੇਦਾਰ ਪਰਮਜੀਤ ਸਿੰਘ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਲਈ ਗਏ ਅਤੇ ਇਸ ਤੋਂ ਬਾਅਦ ਛੇਹਰਟਾ ਵਿੱਚ ਜੰਗੀ ਯਾਦਗਾਰ ਦਾ ਵੀ ਦੌਰਾ ਕੀਤਾ। ਸੋਮਵਾਰ ਦੀ ਸ਼ਾਮ ਨੂੰ ਕੈਪਟਨ ਅਮਰਿੰਦਰ ਸਿੰਘ ਹੁਸ਼ਿਆਰਪੁਰ ਵਿਖੇ ਜਾਣਗੇ ਜਿੱਥੇ ਉਹ ਪਿੰਡ ਛਾਉਣੀ ਕਲਾਂ ਵਿਖੇ ਸਿਟਰਸ ਅਸਟੇਟ ਅਤੇ ਜਲੰਧਰ-ਹੁਸ਼ਿਆਰਪੁਰ ਰੋਡ ’ਤੇ ਸੋਨਾਲੀਕਾ ਕੰਪਨੀ ਦੇ ਉਚ ਦਰਜੇ ਦੇ ਮੈਨੂਫੈਕਚਰਿੰਗ ਯੂਨਿਟ ਦਾ ਦੌਰਾ ਕਰਨਗੇ।

WRITTEN BY