ਕੈਪਟਨ ਸਮੇਤ ਪ੍ਰਮੁੱਖ ਕਾਂਗਰਸੀ ਨੇਤਾਵਾਂ ਨੇ ਭਰੀ ਹਾਜ਼ਰੀ
ਚੰਡੀਗੜ, 10 ਮਈ (ਬਲਜੀਤ ਸਿੰਘ ਬਰਾੜ)- ਕਾਂਗਰਸ ਦੇ ਸੀਨੀਅਰ ਨੇਤਾ ਸੁਨੀਲ ਜਾਖੜ ਨੇ ਅੱਜ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਵਜੋਂ ਰਸਮੀ ਤੌਰ ’ਤੇ ਅਹੁਦਾ ਸੰਭਾਲਣ ਮੌਕੇ ਵਿਸ਼ਵਾਸ ਦਿਵਾਇਆ ਕਿ ਸਿਹਤਮੰਦ ਸਿਆਸੀ ਮਾਹੌਲ ਵਿੱਚ ਪਾਰਟੀ ਵੱਲੋਂ ਲੋਕਾਂ ਨਾਲ ਕੀਤੇ ਸਾਰੇ ਵਾਅਦੇ ਪੂਰੇ ਕੀਤੇ ਜਾਣ ਨੂੰ ਯਕੀਨੀ ਬਣਾਇਆ ਜਾਵੇਗਾ ਅਤੇ ਸਰਕਾਰ ਦੀਆਂ ਨੀਤੀਆਂ ਤੇ ਸੰਦੇਸ਼ ਘਰ-ਘਰ ਤੱਕ ਪਹੁੰਚਾੳਣ ਲਈ ਪਾਰਟੀ ਦੇ ਵਰਕਰ ਸਰਕਾਰ ਦੇ ਦੂਤ ਵਜੋਂ ਆਪਣਾ ਫਰਜ਼ ਨਿਭਾਉਣਗੇ।ਅੱਜ ਇੱਥੇ ਪੰਜਾਬ ਕਾਂਗਰਸ ਭਵਨ ਵਿਖੇ ਹੋਏ ਸਮਾਰੋਹ ਵਿੱਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੋਂ ਇਲਾਵਾ ਉਨ੍ਹਾਂ ਦੇ ਕੈਬਨਿਟ ਸਾਥੀ ਅਤੇ ਆਲ ਇੰਡੀਆ ਕਾਂਗਰਸ ਕਮੇਟੀ ‘ਤੇ ਪੰਜਾਬ ਪ੍ਰਦੇਸ਼ ਕਮੇਟੀ ਦੇ ਸੀਨੀਅਰ ਨੇਤਾ ਵੀ ਸ਼ਾਮਲ ਹੋਏ।ਆਲ ਇੰਡੀਆ ਕਾਂਗਰਸ ਕਮੇਟੀ ਦੇ ਨੇਤਾ ਹਰੀਸ਼ ਚੌਧਰੀ, ਆਸ਼ਾ ਕੁਮਾਰੀ ਤੇ ਅੰਬਿਕਾ ਸੋਨੀ ਨਾਲ ਸੂਬੇ ਦੇ ਮੰਤਰੀ ਤੇ ਪਾਰਟੀ ਨੇਤਾ ਮਨਪ੍ਰੀਤ ਬਾਦਲ, ਨਵਜੋਤ ਸਿੱਧੂ, ਰਾਜਾ ਵੜਿੰਗ, ਰਜਿੰਦਰ ਕੌਰ ਭੱਠਲ ਅਤੇ ਲਾਲ ਸਿੰਘ ਨੇ ਸ੍ਰੀ ਜਾਖੜ ਨੂੰ ਇਸ ਨਵੀਂ ਪਾਰੀ ਦੀ ਸ਼ੁਰੂਆਤ ਲਈ ਵਧਾਈ ਦਿੱਤੀ।
ਇਸ ਮੌਕੇ ਸ੍ਰੀ ਜਾਖੜ ਨੂੰ ਵਧਾਈ ਦਿੰਦਿਆਂ ਮੁੱਖ ਮੰਤਰੀ ਨੇ ਆਖਿਆ ਕਿ ਪਾਰਟੀ ਨੂੰ ਮਜ਼ਬੂਤ ਕਰਨ ਅਤੇ ਲੋਕਾਂ ਨਾਲ ਕੀਤੇ ਸਾਰੇ ਵਾਅਦੇ ਪੂਰੇ ਕਰਨ ਲਈ ਸਰਕਾਰ ਦੀ ਮਦਦ ਕਰਨ ਵਿੱਚ ਸ੍ਰੀ ਜਾਖੜ ਸਭ ਤੋਂ ਵਧੀਆ ਵਿਅਕਤੀ ਹਨ। ਉਨ੍ਹਾਂ ਨੇ ਪਾਰਟੀ ਵਰਕਰਾਂ ਨੂੰ ਸੂਬੇ ਵਿੱਚ ਅਗਾਮੀ ਨਗਮ ਨਿਗਮ ਚੋਣਾਂ ਲਈ ਤਿਆਰੀ ਕਸ ਲੈਣ ਦਾ ਸੱਦਾ ਦਿੰਦਿਆਂ ਆਖਿਆ ਕਿ ਇਹ ਨਿਗਮਾਂ ਮਾੜੇ ਦੌਰ ਵਿਚੋਂ ਗੁਜ਼ਰ ਰਹੀਆਂ ਹਨ ਜਿਨ•ਾਂ ਨੂੰ ਲੋਕਾਂ ਦੀ ਭਲਾਈ ਲਈ ਮੁੜ ਸੁਰਜੀਤ ਕੀਤੇ ਜਾਣ ਦੀ ਲੋੜ ਹੈ।ਕੈਪਟਨ ਅਮਰਿੰਦਰ ਸਿੰਘ ਨੇ ਆਖਿਆ ਕਿ ਅਕਾਲੀਆਂ ਨੇ ਪੰਜਾਬ ਨੂੰ ਬਰਬਾਦ ਕਰ ਦਿੱਤਾ ਹੈ ਅਤੇ 1.3 ਲੱਖ ਕਰੋੜ ਦੇ ਕਰਜ਼ੇ ਬਾਰੇ ਲਾਏ ਗਏ ਅਨੁਮਾਨ ਦੇ ਉਲਟ ਪੰਜਾਬ ਸਿਰ 2.5 ਲੱਖ ਕਰੋੜ ਰੁਪਏ ਦਾ ਭਾਰੀ ਕਰਜ਼ਾ ਹੈ।ਸੁਨੀਲ ਜਾਖੜ ਨੂੰ ਇਕ ਇਮਾਨਦਾਰ ਸ਼ਖਸ਼ੀਅਤ ਅਤੇ ਉਨ•ਾਂ ਦੇ ਪਰਿਵਾਰ ਨਾਲ ਨੇੜਤਾ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਨਵੇਂ ਪ੍ਰਧਾਨ ਨੂੰ ਪਾਰਟੀ ਵਾਅਦੇ ਅਮਲ ਵਿੱਚ ਲਿਆਉਣ ਲਈ ਸਰਕਾਰ ਵੱਲੋਂ ਪੂਰਾ ਸਮਰਥਨ ਦੇਣ ਦਾ ਭਰੋਸਾ ਦਿੱਤਾ। ਕਾਂਗਰਸ ਦੇ ਸੀਨੀਅਰ ਨੇਤਾ ਹਰੀਸ਼ ਚੌਧਰੀ ਨੇ ਆਖਿਆ ਕਿ ਜਾਖੜ ਦੀ ਨਿਯੁਕਤੀ ਨਾਲ ਪਾਰਟੀ ਦਾ ਜਥੇਬੰਦਕ ਢਾਂਚਾ ਹੋਰ ਮਜ਼ਬੂਤ ਹੋਵੇਗਾ। ਇਸੇ ਤਰ•ਾਂ ਕਾਂਗਰਸ ਦੇ ਸੀਨੀਅਰ ਨੇਤਾ ਆਸ਼ਾ ਕੁਮਾਰੀ ਨੇ ਸ੍ਰੀ ਜਾਖੜ ਦੀ ਨਿਯੁਕਤੀ ਨੂੰ ਕਾਂਗਰਸ ਦੇ ਇਤਿਹਾਸ ਵਿੱਚ ਇਕ ਨਵਾਂ ਅਧਿਆਏ ਦੱਸਿਆ। ਸੀਨੀਅਰ ਨੇਤਾ ਅੰਬਿਕਾ ਸੋਨੀ ਨੇ ਵੀ ਹਾਲ ਹੀ ਵਿੱਚ ਹੋਇਆਂ ਵਿਧਾਨ ਸਭਾ ਚੋਣਾਂ ਵਿੱਚ ਪਾਰਟੀ ਦੀ ਸ਼ਾਨਦਾਰ ਜਿੱਤਾ ਲਈ ਪੰਜਾਬ ਕਾਂਗਰਸ ਦੀ ਲੀਡਰਸ਼ਿਪ ਦੀ ਭਰਵੀਂ ਸ਼ਲਾਘਾ ਕੀਤੀ।
ਸੁਨੀਲ ਜਾਖੜ ਨੇ ਸੰਭਾਲੀ ਪੰਜਾਬ ਕਾਂਗਰਸ ਦੀ ਪ੍ਰਧਾਨਗੀ



