Skip to content
Independent perspectives. Global stories.
BREAKING

ਐਸ.ਵਾਈ.ਐਲ ਦੇ ਮਸਲੇ ਨੂੰ ਸੁਲਝਾਉਣ ਲਈ ਪੰਜਾਬ ਤੇ ਹਰਿਆਣਾ ਗੱਲਬਾਤ ਲਈ ਸਹਿਮਤ

Share this story

ਕੇਂਦਰੀ ਗ੍ਰਹਿ ਮੰਤਰੀ ਵੱਲੋਂ ਦੋਵੇਂ ਸੂਬਿਆਂ ਨੂੰ ਹੱਲ ਲਈ ਇਕੱਠੇ ਬੈਠਣ ਦੇ ਦਿੱਤੇ ਸੱਦੇ ਤੋਂ ਬਾਅਦ ਲਿਆ ਫੈਸਲਾ
image ਚੰਡੀਗੜ੍ਹ, 12 ਮਈ- ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਵੱਲੋਂ ਸਤਲੁਜ ਯਮੁਨਾ ¦ਿਕ ਨਹਿਰ ਦੇ ਮਸਲੇ ਨੂੰ ਆਪਸੀ ਵਿਚਾਰ ਵਟਾਂਦਰੇ ਰਾਹੀਂ ਸੁਲਝਾਉਣ ਦੇ ਦਿੱਤੇ ਸੱਦੇ ਪ੍ਰਤੀ ਹੁੰਗਾਰਾ ਭਰਦਿਆਂ ਪੰਜਾਬ ਤੇ ਹਰਿਆਣਾ ਨੇ ਗੱਲਬਾਤ ਰਾਹੀਂ ਇਸ ਵਿਵਾਦ ਦਾ ਸਾਂਝਾ ਹੱਲ ਲੱਭਣ ਵਾਸਤੇ ਯਤਨ ਕਰਨ ਲਈ ਸਹਿਮਤੀ ਜ਼ਾਹਿਰ ਕੀਤੀ। ਅੱਜ ਇੱਥੇ ਉੱਤਰੀ ਜ਼ੋਨਲ ਕੌਂਸਲ ਦੀ 28ਵੀਂ ਮੀਟਿੰਗ ਦੀ ਮੇਜ਼ਬਾਨੀ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਸਤਲੁਜ ਯਮੁਨਾ ਲਿੰਕ ਨਹਿਰ ਦੇ ਵਿਵਾਦ ਨੂੰ ਆਪਸੀ ਸਹਿਮਤੀ ਨਾਲ ਹੱਲ ਕਰਨ ’ਤੇ ਜ਼ੋਰ ਦਿੰਦਿਆਂ ਕੌਮਾਂਤਰੀ ਪੱਧਰ ’ਤੇ ਪ੍ਰਵਾਨਿਤ ਰਿਪੇਰੀਅਨ ਸਿਧਾਂਤ ਦੇ ਆਧਾਰ ’ਤੇ ਦਰਿਆਈ ਪਾਣੀਆਂ ਦੀ ਢੁਕਵੀਂ ਵਰਤੋਂ ਦੇ ਅਨੁਕੂਲ ਹੱਲ ਲਈ ਸਬੰਧਤ ਸੂਬਿਆਂ ਨੂੰ ਭਾਰਤ ਸਰਕਾਰ ਨਾਲ ਤਾਲਮੇਲ ਕਰਨ ਦੇ ਦਿੱਤੇ ਸੱਦੇ ਤੋਂ ਬਾਅਦ ਕੇਂਦਰੀ ਗ੍ਰਹਿ ਮੰਤਰੀ ਨੇ ਇਹ ਪੱਖ ਰੱਖਿਆ। ਮੀਟਿੰਗ ਦੀ ਪ੍ਰਧਾਨਗੀ ਕਰ ਰਹੇ ਕੇਂਦਰੀ ਗ੍ਰਹਿ ਮੰਤਰੀ ਨੇ ਕੈਪਟਨ ਅਮਰਿੰਦਰ ਸਿੰਘ ਵੱਲੋਂ ਇਸ ਮਸਲੇ ਨੂੰ ਆਪਸੀ ਗੱਲਬਾਤ ਰਾਹੀਂ ਹੱਲ ਕਰਨ ਦੇ ਦਿੱਤੇ ਸੁਝਾਅ ਨਾਲ ਸਹਿਮਤੀ ਜ਼ਾਹਿਰ ਕਰਦਿਆਂ ਆਖਿਆ ਕਿ ਸਭ ਤੋਂ ਪਹਿਲਾਂ ਤਾਂ ਆਪਸੀ ਗੱਲਬਾਤ ਰਾਹੀਂ ਇਸ ਮੁੱਦੇ ਦਾ ਹੱਲ ਲੱਭਿਆ ਜਾਣਾ ਚਾਹੀਦਾ ਹੈ ਅਤੇ ਜੇਕਰ ਕੋਈ ਮਸਲਾ ਸਿਰੇ ਨਹੀਂ ਚੜ੍ਹਦਾ ਤਾਂ ਉਸ ਨੂੰ ਅਦਾਲਤ ਦੇ ਫੈਸਲੇ ’ਤੇ ਛੱਡ ਦੇਣਾ ਚਾਹੀਦਾ ਹੈ। ਉਨ੍ਹਾਂ ਨੇ ਦੋਵਾਂ ਸੂਬਿਆਂ ਦੇ ਮੁੱਖ ਮੰਤਰੀਆਂ ਅਤੇ ਮੁੱਖ ਸਕੱਤਰਾਂ ਨੂੰ ਆਪਸ ਵਿੱਚ ਬੈਠ ਕੇ ਦੋਵਾਂ ਧਿਰਾਂ ਨੂੰ ਪ੍ਰਵਾਨਤ ਹੱਲ ਤੱਕ ਪਹੁੰਚਣ ਲਈ ਮਸਲਾ ਵਿਚਾਰਨ ਦਾ ਸੁਝਾਅ ਦਿੱਤਾ। ਪੰਜਾਬ ਦੇ ਮੁੱਖ ਮੰਤਰੀ ਨੇ ਸੁਝਾਅ ਦਿੱਤਾ ਕਿ ਕੇਂਦਰੀ ਜਲ ਵਸੀਲਿਆਂ ਬਾਰੇ ਮੰਤਰਾਲੇ ਵੱਲੋਂ ਇਸ ਪ੍ਰਕਿਰਿਆ ਨੂੰ ਅੱਗੇ ਲਿਜਾਣ ਲਈ ਛੇਤੀ ਤੋਂ ਛੇਤੀ ਦੋਵਾਂ ਸੂਬਿਆਂ ਦੇ ਮੁੱਖ ਮੰਤਰੀਆਂ ਤੇ ਮੁੱਖ ਸਕੱਤਰਾਂ ਦੀ ਮੀਟਿੰਗ ਸੱਦੀ ਜਾਵੇ। ਕੈਪਟਨ ਅਮਰਿੰਦਰ ਸਿੰਘ ਨੇ ਇਸ ਪੱਖ ਨੂੰ ਵੀ ਸਾਂਝਾ ਕੀਤਾ ਕਿ ਸਤਲੁਜ ਯਮੁਨਾ ਲਿੰਕ ਨਹਿਰ ਦੀ ਉਸਾਰੀ ਹੋ ਜਾਣ ਨਾਲ ਦੱਖਣੀ ਪੰਜਾਬ ਦੇ 10 ਲੱਖ ਏਕੜ ਰਕਬੇ ਵਿੱਚ ਸੋਕਾ ਪੈ ਜਾਣ ਦੀ ਸੰਭਾਵਨਾ ਹੈ ਅਤੇ ਜੇਕਰ ਅਜਿਹਾ ਵਾਪਰ ਗਿਆ ਤਾਂ ਸੂਬੇ ਵਿੱਚ ਅੱਤਵਾਦ ਮੁੜ ਸਿਰ ਚੁੱਕ ਸਕਦਾ ਹੈ ਕੈਪਟਨ ਅਮਰਿੰਦਰ ਸਿੰਘ ਨੇ ਆਖਿਆ ਕਿ ਹਰਿਆਣਾ ਕੋਲ ਜ਼ਮੀਨ ਭਾਵੇਂ ਘੱਟ ਹੈ ਪਰ ਪੰਜਾਬ ਦੇ ਪੁਨਰਗਠਨ ਮੌਕੇ ਇਸ ਸੂਬੇ ਨੂੰ ਪਾਣੀ ਪਹਿਲਾਂ ਹੀ ਵੱਧ ਦੇ ਦਿੱਤਾ ਜਦਕਿ ਪੰਜਾਬ ਨੂੰ ਯਮੁਨਾ ਦਾ ਕੋਈ ਹਿੱਸਾ ਨਹੀਂ ਮਿਲਿਆ। ਇਸ ਤੋਂ ਪਹਿਲਾਂ ਮੀਟਿੰਗ ਦੌਰਾਨ ਤਕਰੀਰ ਕਰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਰਾਵੀ, ਬਿਆਸ ਤੇ ਸਤਲੁਜ ਦਰਿਆਵਾਂ ਵਿੱਚ ਸਤਹੀ ਪਾਣੀ ਦੀ ਮੌਜੂਦਗੀ ਦਾ ਮੁੜ ਮੁਲਾਂਕਣ ਕੀਤੇ ਜਾਣ ਦੀ ਮੰਗ ਨੂੰ ਦੁਹਰਾਇਆ। ਉਨ੍ਹਾਂ ਕਿਹਾ ਕਿ ਪਾਣੀ ਦਾ ਪੱਧਰ ਹੇਠਾਂ ਜਾਣ ਕਰਕੇ ਪੰਜਾਬ ਸੰਕਟ ਵਿੱਚੋਂ ਗੁਜ਼ਰ ਰਿਹਾ ਹੈ ਅਤੇ ਨਾਲ ਹੀ ਉਨ੍ਹਾਂ ਨੇ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਕਿ ਮਾਹਿਰਾਂ ਦੀ ਸਲਾਹ ਲਈ ਜਾਵੇ ਕਿ ਭਵਿੱਖ ਵਿੱਚ ਇਨ੍ਹਾਂ ਦਰਿਆਵਾਂ ਦੇ ਵਹਾਅ ਦਾ ਭਰੋਸੇਯੋਗ ਅਨੁਮਾਨ ਕਿਸ ਤਰ੍ਹਾਂ ਲਾਇਆ ਜਾਵੇ।
ਮੁੱਖ ਮੰਤਰੀ ਨੇ ਸਰਹੱਦ ਪਾਰੋਂ ਨਸ਼ਿਆਂ ਦੀ ਤਸਕਰੀ ਰੋਕਣ ਲਈ ਸੂਬਾ ਸਰਕਾਰ ਵੱਲੋਂ ਵਿੱਢੇ ਯਤਨਾਂ ਨੂੰ ਅੱਗੇ ਵਧਾਉਣ ਲਈ ਕੇਂਦਰ ਸਰਕਾਰ ਦੇ ਸਹਿਯੋਗ ਦੀ ਮੰਗ ਕੀਤੀ। ਪੰਜਾਬ ਦੀ ਸਰਹੱਦੀ ਸਥਿਤੀ ਦਾ ਜ਼ਿਕਰ ਕਰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਇਕ ਵਾਰ ਫਿਰ ਆਪਣੀ ਮੰਗ ਨੂੰ ਦੁਹਰਾਉਂਦਿਆਂ ਆਖਿਆ ਕਿ ਕੇਂਦਰ ਸਰਕਾਰ ਵੱਲੋਂ ਗੁਆਂਢੀ ਸੂਬਿਆਂ ਜੰਮੂ ਕਸ਼ਮੀਰ, ਹਿਮਾਚਲ ਪ੍ਰਦੇਸ਼ ਅਤੇ ਉੱਤਰਾਖੰਡ ਨੂੰ ਦਿੱਤੀਆਂ ਜਾ ਰਹੀਆਂ ਵਿੱਤੀ ਤੇ ਸਨਅਤੀ ਰਿਆਇਤਾਂ ਦੀ ਤਰਜ਼ ’ਤੇ ਪੰਜਾਬ ਨੂੰ ਵੀ ਇਹ ਰਿਆਇਤਾਂ ਮੁਹੱਈਆ ਕਰਵਾ ਕੇ ਇਨ੍ਹਾਂ ਛੋਟਾਂ ਕਾਰਨ ਪੰਜਾਬ ਨੂੰ ਆਰਥਿਕ ਤੌਰ ’ਤੇ ਪਏ ਪਹਿਲਾਂ ਹੀ ਪੈ ਚੁੱਕੇ ਘਾਟੇ ਦੀ ਭਰਪਾਈ ਕੀਤੀ ਜਾਵੇ।
ਪੰਜਾਬ ਵਿਚ ਨਸ਼ਿਆਂ ਦੀ ਸਮੱਸਿਆ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਅੱਜ ਦੀ ਮੀਟਿੰਗ ਦੀ ਪ੍ਰਧਾਨਗੀ ਕਰ ਰਹੇ ਕੇਂਦਰੀ ਗ੍ਰਹਿ ਮੰਤਰੀ ਨੂੰ ਆਖਿਆ ਕਿ ਜਦੋਂ ਸਰਹੱਦਾਂ ਦੀ ਨਿਗਰਾਨੀ ਦਾ ਕੰਟਰੋਲ ਕੇਂਦਰੀ ਸੁਰੱਖਿਆ ਬਲਾਂ ਕੋਲ ਹੈ ਤਾਂ ਕੇਂਦਰ ਵੱਲੋਂ ਸਰਹੱਦ ਪਾਰੋਂ ਨਸ਼ਿਆਂ ਦੀ ਤਸਕਰੀ ਰੋਕਣ ਲਈ ਸਰਹੱਦ ’ਤੇ ਸਖ਼ਤ ਨਿਗਰਾਨੀ ਰੱਖਣ ਵਾਸਤੇ ਹਦਾਇਤਾਂ ਜਾਰੀ ਕੀਤੀਆਂ ਜਾਣੀਆਂ ਚਾਹੀਦੀਆਂ ਹਨ। ਮੁੱਖ ਮੰਤਰੀ ਨੇ ਉਨ੍ਹਾਂ ਖੇਤਰਾਂ ਤੋਂ ਨਾਰਕੋਟਿਕ ਪਦਾਰਥਾਂ ਦੀ ਚੋਰੀ ਨੂੰ ਰੋਕਣ ਲਈ ਪ੍ਰਭਾਵਸ਼ਾਲੀ ਕਦਮ ਚੁੱਕਣ ਦਾ ਸੱਦਾ ਦਿੱਤਾ ਜਿਨ੍ਹਾਂ ਖੇਤਰਾਂ ਵਿਚ ਦਵਾਈਆਂ ਤੇ ਹੋਰ ਸਬੰਧਤ ਮੰਤਵ ਲਈ ਇਸ ਦੀ ਕਾਨੂੰਨੀ ਤੌਰ ’ਤੇ ਪੈਦਾਵਾਰ ਕੀਤੀ ਜਾ ਰਹੀ ਹੈ। ਮੁੱਖ ਮੰਤਰੀ ਨੇ ਪੰਜਾਬ ਦੇ ਪੁਨਰਗਠਨ ਮੌਕੇ ਭਾਰਤ ਸਰਕਾਰ ਵੱਲੋਂ ਚੰਡੀਗੜ੍ਹ ਪ੍ਰਸ਼ਾਸਨ ਵਿਚ 60:40 ਦੇ ਅਨੁਪਾਤ ਦੇ ਲਏ ਫੈਸਲੇ ਦੀ ਮੌਜੂਦਾ ਸਮੇਂ ਪਾਲਣਾ ਨਾ ਹੋਣ ’ਤੇ ਫਿਕਰ ਜ਼ਾਹਰ ਕਰਦਿਆਂ ਆਖਿਆ ਕਿ ਇਸ ਦਾ ਸਿੱਧਾ ਸਬੰਧ ਭਾਰਤ ਦੇ ਕੇਂਦਰੀ ਸ਼ਾਸਤ ਸੂਬੇ ਦੇ ਸਾਰੇ ਸਰਕਾਰੀ ਦਫ਼ਤਰਾਂ ’ਚ ਪੰਜਾਬ ਤੇ ਹਰਿਆਣਾ ਦਰਮਿਆਨ ਹੈ। ਉਨ੍ਹਾਂ ਨੇ ਕੇਂਦਰੀ ਗ੍ਰਹਿ ਮੰਤਰੀ ਨੂੰ ਅਪੀਲ ਕੀਤੀ ਕਿ ਸਾਰੇ ਵਿਭਾਗਾਂ ਤੇ ਮੁਲਾਜ਼ਮ ਸ਼੍ਰੇਣੀਆਂ ਵਿੱਚ ਭਰਤੀ ਦੇ ਮੌਕੇ 60:40 ਦੇ ਅਨੁਪਾਤ ਦੀ ਸਖ਼ਤੀ ਨਾਲ ਪਾਲਣਾ ਨੂੰ ਯਕੀਨੀ ਬਣਾਉਣ ਲਈ ਚੰਡੀਗੜ੍ਹ ਪ੍ਰਸ਼ਾਸਨ ਨੂੰ ਹੁਕਮ ਜਾਰੀ ਕੀਤੇ ਜਾਣ। ਪੰਜਾਬ ਦੇ ਮੁੱਖ ਮੰਤਰੀ ਨੇ ਹਿਮਾਚਲ ਪ੍ਰਦੇਸ਼ ਵਿਚ ਆਪਣੇ ਹਮਰੁਤਬਾ ਪਾਸੋਂ ਹਿਮਾਚਲ ਪ੍ਰਦੇਸ਼ ਦੀਆਂ ਸਨਅਤਾਂ ਤੇ ਸ਼ਹਿਰਾਂ ਦੇ ਦੂਸ਼ਿਤ ਪਾਣੀ ਦਾ ਵਹਾਅ ਵੱਖ-ਵੱਖ ਨਦੀਆਂ-ਨਾਲਿਆਂ ਰਾਹੀਂ ਸਤਲੁਜ ਵਿਚ ਪੈਣ ਤੋਂ ਰੋਕਣ ਲਈ ਤੁਰੰਤ ਦਖਲ ਦੇਣ ਦੀ ਮੰਗ ਕੀਤੀ। ਕੈਪਟਨ ਅਮਰਿੰਦਰ ਸਿੰਘ ਨੇ ਆਖਿਆ ਕਿ ਪੰਜਾਬ ਦੇ ਬਹੁਤੇ ਹਿੱਸਿਆਂ ਵਿਚ ਸਤਲੁਜ ਦਾ ਪਾਣੀ ਲੋਕ ਪੀਣ ਲਈ ਵਰਤਦੇ ਹਨ। ਮੀਟਿੰਗ ਵਿਚ ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਤੋਂ ਇਲਾਵਾ ਪੰਜਾਬ ਦੇ ਰਾਜਪਾਲ ਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਵੀ.ਪੀ. ਸਿੰਘ ਬਦਨੌਰ, ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ, ਦਿੱਲੀ ਦੇ ਲੈਫਟੀਨੈਂਟ ਜਨਰਲ ਅਨਿਲ ਬੈਜਲ, ਦਿੱਲੀ ਦੇ ਵਾਤਾਵਰਨ ਮੰਤਰੀ ਅਨਿਲ ਮਾਧਵ ਦਵੇ, ਜੰਮੂ-ਕਸ਼ਮੀਰ ਦੇ ਉਪ ਮੁੱਖ ਮੰਤਰੀ ਡਾ. ਨਿਰਮਲ ਕੁਮਾਰ ਸਿੰਘ, ਹਿਮਾਚਲ ਪ੍ਰਦੇਸ਼ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਠਾਕੁਰ ਕੌਲ ਸਿੰਘ ਅਤੇ ਰਾਜਸਥਾਨ ਦੇ ਜਲ ਵਸੀਲਿਆਂ ਬਾਰੇ ਮੰਤਰੀ ਡਾ. ਰਾਮ ਪ੍ਰਤਾਪ ਹਾਜ਼ਰ ਸਨ।

WRITTEN BY