ਸਿੱਖਾਂ ਦੇ ਅਹਿਮ ਮਸਲਿਆਂ ਦੇ ਹੱਲ ਦੀ ਕੀਤੀ ਮੰਗ
ਅੰਮ੍ਰਿਤਸਰ, 16 ਮਈ- ਚਿਰਾਂ ਤੋਂ ਲਟਕਦੇ ਆ ਰਹੇ ਸਿੱਖ ਮਸਲਿਆਂ ਦੇ ਹੱਲ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ: ਕਿਰਪਾਲ ਸਿੰਘ ਬਡੂੰਗਰ ਦੀ ਅਗਵਾਈ ਵਿਚ ਇਕ ਵਫਦ ਨੇ ਦੇਸ਼ ਦੇ ਰਾਸ਼ਟਰਪਤੀ ਸ੍ਰੀ ਪ੍ਰਣਬ ਮੁਖਰਜੀ ਨਾਲ ਅੱਜ ਮੁਲਾਕਾਤ ਕੀਤੀ। ਇਸ ਮੌਕੇ ਪ੍ਰੋ: ਬਡੂੰਗਰ ਵੱਲੋਂ ਰਾਸ਼ਟਰਪਤੀ ਕੋਲ ਸਿੱਖ ਕੈਦੀਆਂ ਦੀ ਰਿਹਾਈ, ਗੁਰਦੁਆਰਾ ਗਿਆਨ ਗੋਦੜੀ ਸਾਹਿਬ ਦੀ ਮੁੜ ਸਥਾਪਤੀ, ਸਿੱਖ ਰੈਫਰੈਂਸ ਲਾਇਬ੍ਰੇਰੀ ਦਾ ਸਮਾਨ ਵਾਪਸ ਕਰਨ, ਸਿਕਲੀਗਰ ਸਿੱਖਾਂ ਦੀਆਂ ਮੁਸ਼ਕਿਲਾਂ, ਵਿਦੇਸ਼ੀ ਸਿੱਖਾਂ ਦੀ ਕਾਲੀ ਸੂਚੀ ਖਤਮ ਕਰਨ ਆਦਿ ਗੰਭੀਰ ਮਸਲੇ ਉਠਾਏ ਗਏ ਹਨ। ਮੁਲਾਕਾਤ ਤੋਂ ਬਾਅਦ ਪ੍ਰੈ¤ਸ ਨਾਲ ਗੱਲਬਾਤ ਕਰਦਿਆਂ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਦੱਸਿਆ ਕਿ ਬਹੁਤ ਸਾਰੇ ਸਿੱਖ ਕੈਦੀ ਦੇਸ਼ ਦੀਆਂ ਵੱਖ-ਵੱਖ ਜੇਲ੍ਹਾਂ ’ਚ ਬੰਦ ਹਨ, ਜਿਨ੍ਹਾਂ ਨੇ ਆਪਣੀ ਜ਼ਿੰਦਗੀ ਦਾ ਲੰਮਾ ਸਮਾ ਜੇਲ੍ਹਾਂ ’ਚ ਹੀ ਗੁਜ਼ਾਰ ਦਿੱਤਾ ਹੈ ਪਰੰਤੂ ਉਨ੍ਹਾਂ ਦੇ ਕੇਸਾਂ ਦਾ ਅਜੇ ਤੀਕ ਨਿਪਟਾਰਾ ਨਹੀਂ ਹੋਇਆ। ਇਨ੍ਹਾਂ ਵਿਚੋਂ ਇੱਕ ਅਹਿਮ ਕੇਸ ਭਾਈ ਬਲਵੰਤ ਸਿੰਘ ਰਾਜੋਆਣਾ ਦਾ ਵੀ ਹੈ ਜੋ ਪਿਛਲੇ 21 ਸਾਲਾਂ ਤੋਂ ਜੇਲ੍ਹ ਵਿਚ ਕੈਦ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਬੰਦੀ ਸਿੱਖਾਂ ਦੀ ਰਿਹਾਈ ਅਤੇ ਭਾਈ ਰਾਜੋਆਣਾ ਦੇ ਕੇਸ ਦਾ ਜਲਦੀ ਨਿਪਟਾਰਾ ਕਰਨ ਦੀ ਮਾਨਯੋਗ ਰਾਸ਼ਟਰਪਤੀ ਪਾਸੋਂ ਮੰਗ ਕੀਤੀ ਗਈ ਹੈ। ਉਠਾਏ ਗਏ ਹੋਰ ਮਸਲਿਆਂ ਸਬੰਧੀ ਉਨ੍ਹਾਂ ਦੱਸਿਆ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਦੀ ਬੇਅਦਬੀ ਦੀਆਂ ਘਟਨਾਵਾਂ ਦੇ ਦੋਸ਼ੀਆਂ ਨੂੰ ਸਖਤ ਸਜ਼ਾਵਾਂ ਦੇਣ ਦੀ ਮੰਗ ਕੀਤੀ ਹੈ। ਉਨ੍ਹਾਂ ਦੱਸਿਆ ਕਿ ਉਤਰਾਖੰਡ ’ਚ ਸਿੱਖ ਧਰਮ ਦੇ ਬਾਨੀ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਚਰਨ ਛੋਹ ਪ੍ਰਾਪਤ ਗੁਰਦੁਆਰਾ ਗਿਆਨ ਗੋਦੜੀ ਸਾਹਿਬ (ਹਰਿ ਕੀ ਪੌੜੀ) ਹਰਿਦੁਆਰ ਦੀ ਮੁੜ ਸਥਾਪਤੀ ਲਈ ਯਤਨ ਕਰ ਰਹੇ ਹਨ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਦੱਸਿਆ ਕਿ ਵਿਦੇਸ਼ਾਂ ਵਿਚ ਰਹਿੰਦੇ ਸਿੱਖਾਂ ਦੀ ਕਾਲੀ ਸੂਚੀ ਖਤਮ ਕਰਨ ਦਾ ਅਹਿਮ ਮਸਲਾ ਵੀ ਰਾਸ਼ਟਰਪਤੀ ਪਾਸ ਉਠਾਇਆ ਗਿਆ ਹੈ। ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਦੱਸਿਆ ਕਿ ਮਾਨਯੋਗ ਰਾਸ਼ਟਰਪਤੀ ਨੇ ਉਨ੍ਹਾਂ ਵੱਲੋਂ ਰੱਖੀਆਂ ਮੰਗਾਂ ਨੂੰ ਬੜੇ ਧਿਆਨ ਨਾਲ ਸੁਣਨ ਉਪਰੰਤ ਇਨ੍ਹਾਂ ਦੇ ਜਲਦ ਹੱਲ ਦਾ ਭਰੋਸਾ ਦਿੱਤਾ ਹੈ।
ਪ੍ਰੋ. ਕਿਰਪਾਲ ਸਿੰਘ ਬਡੂੰਗਰ ਦੀ ਅਗਵਾਈ ’ਚ ਸ਼੍ਰੋਮਣੀ ਕਮੇਟੀ ਦਾ ਵਫ਼ਦ ਰਾਸ਼ਟਰਪਤੀ ਨੂੰ ਮਿਲਿਆ



