ਚੰਡੀਗੜ੍ਹ, 19 ਮਈ- ਪੰਜਾਬ ਦੇ ਸਮੂਹ ਸ਼ਹਿਰਾਂ ਤੇ ਕਸਬਿਆਂ ਨੂੰ ਸਾਫ-ਸੁਥਰੀ ਦਿੱਖ ਦੇਣ ਅਤੇ ਸ਼ਹਿਰਾਂ ਦੇ ਠੋਸ ਰਹਿੰਦ-ਖੂੰਹਦ ਦੇ ਪ੍ਰਬੰਧਾਂ ਨੂੰ ਸੁਚਾਰੂ ਤਰੀਕੇ ਨਾਲ ਚਲਾਉਣ ਦੇ ਮਕਸਦ ਨਾਲ ਸਥਾਨਕ ਸਰਕਾਰਾਂ ਬਾਰੇ ਮੰਤਰੀ ਸ੍ਰੀ ਨਵਜੋਤ ਸਿੰਘ ਸਿੱਧੂ ਨੇ ਅੱਜ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਨੂੰ ਨਾਲ ਲੈ ਕੇ ਸੂਬੇ ਦੀਆਂ 10 ਨਗਰ ਨਿਗਮਾਂ ਦੇ ਕਮਿਸ਼ਨਰਾਂ ਨਾਲ ਇੱਕ ਸਮੀਖਿਆ ਮੀਟਿੰਗ ਕੀਤੀ। ਸਥਾਨਕ ਸਰਕਾਰਾਂ ਭਵਨ ਵਿਖੇ ਹੋਈ ਇਸ ਮੀਟਿੰਗ ਵਿੱਚ ਸ੍ਰੀ ਸਿੱਧੂ ਨੇ ਕਲੱਸਟਰ ਅਨੁਸਾਰ ਸਾਰੀਆਂ ਸਥਾਨਕ ਸਰਕਾਰਾਂ ਇਕਾਈਆਂ ਵਿੱਚ ਚੱਲ ਰਹੇ ਠੋਸ ਰਹਿੰਦ-ਖੂੰਹਦ ਅਤੇ ਸਫਾਈ ਲਈ ਕੀਤੇ ਜਾਂਦੇ ਇੰਤਜ਼ਾਮਾਂ ਦੀ ਹਰ ਪੱਖੋਂ ਘੋਖ ਕਰਦੇ ਹੋਏ ਸਮੀਖਿਆ ਕੀਤੀ। ਮੀਟਿੰਗ ਵਿੱਚ ਵਿਭਾਗ ਦੇ ਸਲਾਹਕਾਰ ਡਾ. ਅਮਰ ਸਿੰਘ, ਵਧੀਕ ਮੁੱਖ ਸਕੱਤਰ ਸ੍ਰੀ ਸਤੀਸ਼ ਚੰਦਰਾ, ਡਾਇਰੈਕਟਰ ਸ੍ਰੀ ਕੇ.ਕੇ.ਯਾਦਵ ਅਤੇ ਚੀਫ ਇੰਜੀਨੀਅਰ ਸ੍ਰੀ ਏ.ਐਸ. ਧਾਲੀਵਾਲ ਵੀ ਹਾਜ਼ਰ ਸਨ। ਸ੍ਰੀ ਸਿੱਧੂ ਨੇ ਕਿਹਾ ਕਿ ਸ਼ਹਿਰਾਂ ਵਿੱਚ ਬਹੁਤ ਥਾਂਈ ਸੀਵਰੇਜ ਬਲਾਕ ਹੋਏ ਪਏ ਹਨ ਜਿਸ ਕਾਰਨ ਬਰਸਾਤਾਂ ਦੌਰਾਨ ਇਨ੍ਹਾਂ ਸ਼ਹਿਰਾਂ ਵਿੱਚ ਪਾਣੀ ਖੜ੍ਹਨ ਦੀ ਸਮੱਸਿਆ ਆਉਂਦੀ ਹੈ। ਉਨ੍ਹਾਂ ਸਮੂਹ ਅਧਿਕਾਰੀਆਂ ਨੂੰ ਨਿਰਦੇਸ਼ ਦਿੰਦਿਆਂ ਕਿਹਾ ਕਿ ਬਰਸਾਤਾਂ ਦੇ ਮੌਸਮ ਤੋਂ ਪਹਿਲਾਂ ਇਸ ਸਮੱਸਿਆ ਨੂੰ ਪਹਿਲ ਦੇ ਅਧਾਰ ਤੇ ਹੱਲ ਕੀਤਾ ਜਾਵੇ ਜਿਸ ਲਈ ਉਨ੍ਹਾਂ ਅਤਿ ਆਧੁਨਿਕ ਤਕਨਾਲੋਜੀ ਨਾਲ ਲੈਸ ਸੁਪਰ ਸੱਕਸ਼ਨ ਮਸ਼ੀਨਾਂ ਨੂੰ ਵਰਤੋਂ ਵਿੱਚ ਲਿਆਉਣ ਨੂੰ ਕਿਹਾ। ਇਸ ਸਬੰਧੀ ਉਨ੍ਹਾਂ ਇਹਨਾਂ ਮਸ਼ੀਨਾਂ ਦੀ ਵਰਤੋਂ ਬਾਰੇ ਪਾਵਰ ਪੁਆਇੰਟ ਪੇਸ਼ਕਾਰੀ ਵੀ ਦੇਖੀ। ਉਨ੍ਹਾਂ ਕਿਹਾ ਕਿ ਪੰਜਾਬ ਦੇ ਪੰਜ ਵੱਡੇ ਸ਼ਹਿਰਾਂ ਲੁਧਿਆਣਾ, ਅੰਮ੍ਰਿਤਸਰ, ਜਲੰਧਰ, ਪਟਿਆਲਾ ਅਤੇ ਬਠਿੰਡਾ ਜਿਨ੍ਹਾਂ ਵਿੱਚ ਸੂਬੇ ਦੀ 40 ਫੀਸਦੀ ਤੋਂ ਵੱਧ ਅਬਾਦੀ ਰਹਿੰਦੀ ਹੈ, ਵਿੱਚ ਪਹਿਲ ਦੇ ਅਧਾਰ ਤੇ ਇਨ੍ਹਾਂ ਵੱਡੀਆਂ ਮਸ਼ੀਨਾਂ ਰਾਹੀਂ ਸੀਵਰੇਜ ਦੀ ਸਮੱਸਿਆ ਨੂੰ ਦੂਰ ਕੀਤਾ ਜਾਵੇਗਾ। ਸਥਾਨਕ ਸਰਕਾਰਾਂ ਬਾਰੇ ਮੰਤਰੀ ਸ੍ਰੀ ਸਿੱਧੂ ਨੇ ਵਿਭਾਗ ਦੇ ਸਮੂਹ ਅਧਿਕਾਰੀਆਂ ਨੂੰ ਇਹ ਨਿਰਦੇਸ਼ ਦਿੱਤੇ ਕਿ ਸ਼ਹਿਰਾਂ ਦੀ ਸਾਫ-ਸਫਾਈ ਨਾਲ ਕੋਈ ਸਮਝੌਤਾ ਨਹੀਂ ਕੀਤਾ ਜਾਵੇਗਾ। ਕੂੜਾ ਇਕੱਠਾ ਕਰਨ ਤੋਂ ਲੈ ਕੇ ਪਲਾਂਟ ਵਿਖੇ ਪ੍ਰਾਸੈਸਿੰਗ ਕਰਨ ਤੱਕ ਹੁੰਦੀ ਪ੍ਰਕਿਰਿਆ ਬਾਰੇ ਵਿਸਥਾਰ ਵਿੱਚ ਜਾਇਜਾ ਲੈਂਦਿਆਂ ਸਥਾਨਕ ਸਰਕਾਰਾਂ ਬਾਰੇ ਮੰਤਰੀ ਨੇ ਕੰਪਨੀ ਦੇ ਨੁਮਾਇੰਦਿਆਂ ਨੂੰ ਕਿਹਾ ਕਿ ਜੇਕਰ ਕਿਧਰੇ ਵੀ ਕੋਈ ਦਿੱਕਤ ਆਉਂਦੀ ਹੈ ਤਾਂ ਉਹ ਵਿਭਾਗ ਦੇ ਧਿਆਨ ਵਿੱਚ ਲਿਆਉਣ ਪ੍ਰੰਤੂ ਉਹ ਇਸ ਪ੍ਰਾਜੈਕਟ ਵਿੱਚ ਲਾਪਰਵਾਹੀ ਨੂੰ ਬਰਦਾਸ਼ਤ ਨਹੀਂ ਕਰਨਗੇ।
ਸ਼ਹਿਰਾਂ ਦੀ ਸਫ਼ਾਈ ਨਾਲ ਕੋਈ ਸਮਝੌਤਾ ਨਹੀਂ ਕੀਤਾ ਜਾਵੇਗਾ : ਨਵਜੋਤ ਸਿੰਘ ਸਿੱਧੂ



