ਅਣਪਛਾਤੇ ਵਿਅਕਤੀਆਂ ਨੇ ਧਮਕੀ ਭਰੀ ਵੀਡੀਓ ਅਤੇ ਪੋਸਟ ਫੇਸਬੁੱਕ ’ਤੇ ਪਾਏ
ਚੰਡੀਗੜ੍ਹ, 24 ਮਈ- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਲੁਧਿਆਣਾ ਤੋਂ ਸੰਸਦ ਮੈਂਬਰ ਸ. ਰਵਨੀਤ ਸਿੰਘ ਬਿੱਟੂ ਨੂੰ ਫੇਸਬੁਕ ’ਤੇ ਜਾਨੋਂ ਮਾਰਨ ਦੀ ਧਮਕੀ ਮਿਲੀ ਹੈ।ਸੋਸ਼ਲ ਮੀਡੀਆ ’ਤੇ ਕੁਝ ਵੀਡੀਓ ਵਾਇਰਲ ਹੋਏ ਹਨ ਜਿਨ੍ਹਾਂ ਵਿੱਚ ਕੈਪਟਨ ਅਮਰਿੰਦਰ ਸਿੰਘ ਤੇ ਸ੍ਰੀ ਬਿੱਟੂ ਨੂੰ ਜਾਨ ਤੋਂ ਮਾਰਨ ਦੀ ਧਮਕੀ ਦਿੱਤੀ ਗਈ ਹੈ। ਵੀਡੀਓ ਵਿੱਚ ਸ੍ਰੀ ਬਿੱਟੂ ਦੇ ਉਸ ਬਿਆਨ ਦਾ ਜਵਾਬ ਦਿੱਤਾ ਗਿਆ ਹੈ ਜਿਸ ਵਿੱਚ ਸ੍ਰੀ ਬਿੱਟੂ ਨੇ ਕੈਨੇਡਾ ਦੇ ਰੱਖਿਆ ਮੰਤਰੀ ਸ. ਹਰਜੀਤ ਸਿੰਘ ਸੱਜਣ ਬਾਰੇ ਕਿਹਾ ਸੀ ਜੇ ਪੰਜਾਬ ਵਿੱਚ ਕਾਂਗਰਸ ਸਰਕਾਰ ਨਾ ਹੁੰਦੀ ਤਾਂ ਕੈਨੇਡਾ ਦੇ ਰੱਖਿਆ ਮੰਤਰੀ ਨੇ ਪੰਜਾਬ ਵਿੱਚ ਖਾਲਿਸਤਾਨ ਦੀ ਨੀਂਹ ਰੱਖ ਜਾਣੀ ਸੀ ਤੇ ਹਿੰਦੂ-ਸਿੱਖ ਭਾਈਚਾਰਕ ਸਾਂਝ ਨੂੰ ਖ਼ਤਰਾ ਖੜ੍ਹਾ ਹੋ ਜਾਣਾ ਸੀ।ਵੀਡੀਓ ਵਿੱਚ ਕਿਹਾ ਗਿਆ ਹੈ ਕਿ ਜੇ ਸ. ਹਰਜੀਤ ਸਿੰਘ ਸੱਜਣ ਪੰਜਾਬ ਵਿੱਚ ਹੁੰਦੇ ਤਾਂ ਨਾ 1984 ਵਿੱਚ ਸਿੱਖ ਨਸਲਕੁਸ਼ੀ ਹੁੰਦੀ ਤੇ ਨਾ ਹੀ ਦਰਬਾਰ ਸਾਹਿਬ ‘ਤੇ ਹਮਲਾ ਹੁੰਦਾ। ਸ੍ਰੀ ਬਿੱਟੂ ਨੇ ਇਹ ਬਿਆਨ ਪਿਛਲੇ ਮਹੀਨੇ ਸ. ਸੱਜਣ ਦੇ ਭਾਰਤੀ ਦੌਰੇ ਦੌਰਾਨ ਦਿੱਤਾ ਸੀ। ਮੰਨਿਆ ਜਾ ਰਿਹਾ ਹੈ ਕਿ ਇਹ ਵੀਡੀਓ ਖਾਲਿਸਤਾਨੀ ਸਮਰਥਕਾਂ ਦਾ ਹੈ। ਖਾਲਸਿਤਾਨੀ ਸਮਰਥਕ ਇਸ ਤੋਂ ਪਹਿਲਾਂ ਵੀ ਕੈਪਟਨ ਅਮਰਿੰਦਰ ਸਿੰਘ ਨੂੰ ਜਾਨੋਂ ਮਾਰਨ ਦੀ ਧਮਕੀ ਦੇ ਚੁੱਕੇ ਹਨ।ਕੈਪਟਨ ਅਮਰਿੰਦਰ ਸਿੰਘ ਨੇ ਸੱਜਣ ਦੇ ਭਾਰਤ ਦੌਰੇ ਦੌਰਾਨ ਉਨ੍ਹਾਂ ਨੂੰ ਖਾਲਿਸਤਾਨੀ ਸਮਰਥਕ ਕਹਿੰਦਿਆਂ ਉਨ੍ਹਾਂ ਨਾਲ ਮੁਲਾਕਾਤ ਨਹੀਂ ਕੀਤੀ ਸੀ।ਇਸ ਵੀਡੀਓ ਤੋਂ ਬਾਅਦ ਸ੍ਰੀ ਬਿੱਟੂ ਦਾ ਕਹਿਣਾ ਹੈ, “ਮੇਰੇ ਦਾਦਾ ਬੇਅੰਤ ਸਿੰਘ (ਸਾਬਕਾ ਮੁੱਖ ਮੰਤਰੀ, ਪੰਜਾਬ) ਨੇ ਪੰਜਾਬ ਵਿੱਚੋਂ ਅੱਤਵਾਦ ਦਾ ਸਫਾਇਆ ਕੀਤਾ ਸੀ, ਤੇ ਉਹ ਵੀ ਇਨ੍ਹਾਂ ਧਮਕੀਆਂ ਦੀ ਪਰਵਾਹ ਨਹੀਂ ਕਰਦੇ।ਉਹ ਪੰਜਾਬ ਦੀ ਅਮਨ, ਸ਼ਾਂਤੀ ਲਈ ਹਰ ਕੁਰਬਾਨੀ ਦੇਣ ਨੂੰ ਤਿਆਰ ਹਨ।ਇਨ੍ਹਾਂ ਵੀਡੀਓਜ ਤੋਂ ਬਾਅਦ ਪੰਜਾਬ ਸਰਕਾਰ ਅਲਰਟ ਹੋ ਗਈ ਹੈ।