ਐਸ.ਏ.ਐਸ. ਨਗਰ, 30 ਮਈ (ਧੱਮੀ ਸ਼ਰਮਾ)- ਮਹਾਨ ਰਾਜਪੂਤ ਯੋਧਾ ਅਤੇ ਕੁਸ਼ਲ ਰਣਨੀਤੀਕਾਰ ਮਹਾਰਾਣਾ ਪ੍ਰਤਾਪ ਜੀ ਦੇ 477ਵੇਂ ਜਨਮ ਦਿਵਸ ਮੌਕੇ 03 ਜੂਨ ਨੂੰ ਰਾਜ ਪੱਧਰੀ ਸਮਾਗਮ ਰਾਇਲ ਬੇਂਕੁਇਟ ਹਾਲ ਸਵਾੜਾ ਵਿਖੇ ਆਯੋਜਿਤ ਕੀਤਾ ਜਾਵੇਗਾ। ਇਸ ਗੱਲ ਦੀ ਜਾਣਕਾਰੀ ਸਪੀਕਰ ਵਿਧਾਨ ਸਭਾ, ਪੰਜਾਬ ਰਾਣਾ ਕੇ.ਪੀ. ਸਿੰਘ ਨੇ ਸਥਾਨਿਕ ਵਿਧਾਇਕ ਸ੍ਰ: ਬਲਬੀਰ ਸਿੰਘ ਸਿੱਧੂ, ਡਿਪਟੀ ਕਮਿਸ਼ਨਰ ਸ੍ਰੀਮਤੀ ਗੁਰਪ੍ਰੀਤ ਕੌਰ ਸਪਰਾ, ਜ਼ਿਲ੍ਹਾ ਪੁਲਿਸ ਮੁਖੀ ਸ੍ਰੀ ਕੁਲਦੀਪ ਸਿੰਘ ਚਾਹਲ ਸਮੇਤ ਹੋਰਨਾਂ ਅਧਿਕਾਰੀਆਂ ਨਾਲ ਰਾਜ ਪੱਧਰੀ ਸਮਾਗਮ ਵਾਲੀ ਥਾਂ ਤੇ ਸਮਾਗਮ ਦੇ ਪ੍ਰਬੰਧਾਂ ਦਾ ਜਾਇਜਾ ਲੈਣ ਮੌਕੇ ਦਿੱਤੀ।ਰਾਣਾ ਕੇ.ਪੀ. ਸਿੰਘ ਨੇ ਦੱਸਿਆ ਕਿ ਮਹਾਰਾਣਾ ਪ੍ਰਤਾਪ ਜੀ ਦੀ ਜੇਯੰਤੀ ਮੌਕੇ ਕਰਵਾਏ ਜਾਣ ਵਾਲੇ ਰਾਜ ਪੱਧਰੀ ਸਮਾਗਮ ਵਿੱਚ ਮਾਨਯੋਗ ਰਾਜਪਾਲ ਪੰਜਾਬ, ਸ੍ਰੀ ਵੀ.ਪੀ. ਸਿੰਘ ਬਦਨੌਰ ਬਤੌਰ ਮੁੱਖ ਮਹਿਮਾਨ ਸ਼ਾਮਿਲ ਹੋਣਗੇ ਅਤੇ ਸਮਾਗਮ ਵਿੱਚ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵਿਸ਼ੇਸ ਤੋਰ ਤੇ ਸ਼ਮੂਲੀਅਤ ਕਰਕੇ ਸਮਾਗਮ ਦੀ ਸੋਭਾ ਨੂੰ ਵਧਾਉਣਗੇ।ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਸ੍ਰੀ ਚਰਨਦੇਵ ਸਿੰਘ ਮਾਨ, ਐਸ.ਡੀ.ਐਮ. ਖਰੜ ਸ੍ਰੀਮਤੀ ਅਮਨਿੰਦਰ ਕੌਰ ਬਰਾੜ, ਸਥਾਨਕ ਵਿਧਾਇਕ ਦੇ ਸਿਆਸੀ ਸਲਾਹਾਕਾਰ ਸ੍ਰੀ ਹਰਕੇਸ਼ ਚੰਦ ਸ਼ਰਮਾ ਮੱਛਲੀਕਲਾਂ, ਡਿਪਟੀ ਡਾਇਰੈਕਟਰ (ਖੇਤਰੀ) ਸੂਚਨਾ ਤੇ ਲੋਕ ਸੰਪਰਕ ਵਿਭਾਗ ਸ੍ਰੀ ਹਰਜੀਤ ਸਿੰਘ ਗਰੇਵਾਲ, ਤਹਿਸੀਲਦਾਰ ਖਰੜ ਸ੍ਰੀ ਰਾਜਪਾਲ ਸਿੰਘ ਸੇਖੋ, ਬੀ.ਡੀ.ਪੀ.ਓ ਖਰੜ ਸ੍ਰੀ ਜਤਿੰਦਰ ਸਿੰਘ ਢਿੱਲੋ ਸਮੇਤ ਹੋਰ ਅਧਿਕਾਰੀ ਵੀ ਮੌਜੂਦ ਸਨ।