ਮਾਮਲਿਆਂ ਸਬੰਧੀ ਕਾਰਵਾਈ ਨੂੰ ਤੁਰੰਤ ਅਮਲ ਵਿਚ ਲਿਆਉਣ ਦੇ ਆਦੇਸ਼
ਪਟਿਆਲਾ, 31 ਮਈ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ: ਕਿਰਪਾਲ ਸਿੰਘ ਬਡੂੰਗਰ ਨੇ ਸਿੱਖ ਮਸਲਿਆਂ ਦੇ ਸਰਲੀਕਰਨ ਲਈ ਗੰਭੀਰ ਪਹੁੰਚ ਅਪਣਾਉਂਦਿਆਂ ਪਿਛਲੇ ਸਮੇਂ ਦੌਰਾਨ ਵੱਖ-ਵੱਖ ਸਿੱਖ ਮਸਲਿਆਂ ਸਬੰਧੀ ਗਠਿਤ ਕੀਤੀਆਂ ਸਬ-ਕਮੇਟੀਆਂ ਦੇ ਮੈਂਬਰਾਂ ਨਾਲ ਅੱਜ ਸਥਾਨਕ ਖਾਲਸਾ ਕਾਲਜ ਵਿਖੇ ਇਕੱਤਰਤਾ ਕਰ ਕੇ ਵਿਚਾਰ ਵਟਾਂਦਰਾ ਕੀਤਾ। ਇਕੱਤਰਤਾ ਦੌਰਾਨ ਗੁਰਦੁਆਰਾ ਗਿਆਨ ਗੋਦੜੀ ਸਾਹਿਬ ਹਰਿਦੁਆਰ ਦੀ ਮੁੜ ਸਥਾਪਨਾ, ਸੈਲੂਲਰ ਜੇਲ੍ਹ ਅੰਡੇਮਾਨ ਨਿਕੋਬਾਰ, ਗੁਰਦੁਆਰਾ ਬਾਉਲੀ ਸਾਹਿਬ ਜਗਨਨਾਥ ਪੁਰੀ, ਗੁਰਦੁਆਰਾ ਕਰਤਾਰ ਕੀਰਤਨ ਸਾਹਿਬ ਇੰਦੌਰ ਅਤੇ ਮੱਧ ਪ੍ਰਦੇਸ਼ ਦੇ ਸਿਕਲੀਗਰ ਸਿੱਖਾਂ ਸਬੰਧੀ ਬਣਾਈਆਂ ਕਮੇਟੀਆਂ ਦੇ ਮੈਂਬਰਾਂ ਨੇ ਹਿੱਸਾ ਲਿਆ। ਇਸ ਮੌਕੇ ਵੱਖ-ਵੱਖ ਕਮੇਟੀਆਂ ਦੇ ਮੈਂਬਰਾਂ ਨੇ ਆਪਣੀਆਂ ਰਿਪੋਰਟਾਂ ਸਬੰਧੀ ਵਿਸਥਾਰ ਵਿਚ ਪ੍ਰੋ: ਕਿਰਪਾਲ ਸਿੰਘ ਬਡੂੰਗਰ ਨੂੰ ਦੱਸਦਿਆਂ ਜ਼ਮੀਨੀ ਸਥਿਤੀ ਤੋਂ ਵੀ ਜਾਣੂੰ ਕਰਵਾਇਆ। ਹਾਜ਼ਰ ਮੈਂਬਰਾਂ ਦੇ ਵਿਚਾਰਾਂ ਨੂੰ ਸੰਜੀਦਗੀ ਨਾਲ ਸੁਣਨ ਉਪਰੰਤ ਪ੍ਰਧਾਨ ਸ਼੍ਰੋਮਣੀ ਕਮੇਟੀ ਨੇ ਇਨ੍ਹਾਂ ਮਾਮਲਿਆਂ ਸਬੰਧੀ ਕਾਰਵਾਈ ਨੂੰ ਤੁਰੰਤ ਅਮਲ ਵਿਚ ਲਿਆਉਣ ਲਈ ਆਦੇਸ਼ ਕੀਤੇ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਇਸ ਮੌਕੇ ਦੱਸਿਆ ਕਿ ਪਿਛਲੇ ਦਿਨੀਂ ਉਨ੍ਹਾਂ ਨੇ ਦੇਸ਼ ਦੇ ਰਾਸ਼ਟਰਪਤੀ ਨੂੰ ਮਿਲ ਕੇ ਇਨ੍ਹਾਂ ਮਸਲਿਆਂ ਸਬੰਧੀ ਗੱਲਬਾਤ ਕੀਤੀ ਸੀ ਜਿਸ ’ਤੇ ਰਾਸ਼ਟਰਪਤੀ ਨੇ ਸਾਰਥਕ ਹੁੰਗਾਰਾ ਭਰਦਿਆਂ ਹੱਲ ਦਾ ਭਰੋਸਾ ਵੀ ਦਿੱਤਾ ਸੀ। ਉਨ੍ਹਾਂ ਕਿਹਾ ਕਿ ਰਿਪੋਰਟ ਅਨੁਸਾਰ ਸਿੱਖਾਂ ਦੇ ਦੇਸ਼ ਦੀ ਆਜ਼ਾਦੀ ਲਈ ਪਾਏ ਯੋਗਦਾਨ ਨੂੰ ਮੁੜ ਉਭਾਰਨ ਲਈ ਸ਼੍ਰੋਮਣੀ ਕਮੇਟੀ ਵੱਲੋਂ ਇਸ ਸਬੰਧੀ ਮੁਕੰਮਲ ਖੋਜ ਕਰਵਾਉਣ ਲਈ ਜਲਦੀ ਹੀ ਇਕ ਖੋਜ ਕਮੇਟੀ ਬਣਾਈ ਜਾਵੇਗੀ। ਇਕੱਤਰਤਾ ਦੌਰਾਨ ਮੱਧ ਪ੍ਰਦੇਸ਼ ਦੇ ਸਿਕਲੀਗਰ ਸਿੱਖਾਂ ’ਤੇ ਹੋ ਰਹੇ ਅੱਤਿਆਚਾਰ ਦੀਆਂ ਮਿਲੀਆਂ ਰਿਪੋਰਟਾਂ ਤੋਂ ਬਾਅਦ ਬਣਾਈ ਗਈ ਸਬ-ਕਮੇਟੀ ਨੇ ਵੀ ਪ੍ਰੋ: ਬਡੂੰਗਰ ਨੂੰ ਆਪਣੀ ਵਿਸਥਾਰਤ ਰਿਪੋਰਟ ਸਬੰਧੀ ਜਾਣਕਾਰੀ ਦਿੱਤੀ ਜਿਸ ’ਤੇ ਉਨ੍ਹਾਂ ਨੇ ਤਰੁੰਤ ਕਾਰਵਾਈ ਕਰਨ ਦੇ ਆਦੇਸ਼ ਦਿੱਤੇ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਭਾਈ ਅਮਰਜੀਤ ਸਿੰਘ ਚਾਵਲਾ, ਅੰਤ੍ਰਿੰਗ ਮੈਂਬਰ ਸ. ਸੁਰਜੀਤ ਸਿੰਘ ਭਿੱਟੇਵਡ ਤੇ ਭਾਈ ਰਾਮ ਸਿੰਘ, ਮੈਂਬਰ ਸ. ਰਜਿੰਦਰ ਸਿੰਘ ਮਹਿਤਾ, ਸ. ਕਰਨੈਲ ਸਿੰਘ ਪੰਜੋਲੀ ਤੇ ਸ. ਸੁਖਦੇਵ ਸਿੰਘ ਭੌਰ, ਡਾ. ਪਰਮਵੀਰ ਸਿੰਘ ਮੈਂਬਰ ਸਿੱਖ ਇਤਿਹਾਸ ਰੀਸਰਚ ਬੋਰਡ, ਸ. ਜਗਤਾਰ ਸਿੰਘ, ਸ. ਗੁਰਦਰਸ਼ਨ ਸਿੰਘ ਬਾਹੀਆ, ਡਾ. ਧਰਮਿੰਦਰ ਸਿੰਘ ਉਭਾ, ਮੁੱਖ ਸਕੱਤਰ ਸ. ਹਰਚਰਨ ਸਿੰਘ, ਸਕੱਤਰ ਡਾ. ਰੂਪ ਸਿੰਘ ਤੇ ਸ. ਅਵਤਾਰ ਸਿੰਘ ਸੈਂਪਲਾ, ਐਡੀਸ਼ਨਲ ਸਕੱਤਰ ਸ. ਹਰਭਜਨ ਸਿੰਘ ਮਨਾਵਾਂ ਤੇ ਡਾ. ਪਰਮਜੀਤ ਸਿੰਘ ਸਰੋਆ, ਮੀਤ ਸਕੱਤਰ ਵਿਦਿਆ ਸ. ਸਿਮਰਜੀਤ ਸਿੰਘ ਆਦਿ ਹਾਜ਼ਰ ਸਨ।