ਪਾਤੜਾਂ, 8 ਜੂਨ (ਹਰਭਜਨ ਸਿੰਘ ਮਹਿਰੋਕ)- ਮੱਧ ਪ੍ਰਦੇਸ਼ ਵਿੱਚ ਕਰਜ਼ਾ ਮੁਕਤੀ ਲਈ ਅੰਦੋਲਨ ਕਰ ਰਹੇ ਕਿਸਾਨਾਂ ਉਪਰ ਪੁਲਿਸ ਵੱਲੋ ਬੀਤੇ ਦਿਨੀ ਗੋਲੀ ਚਲਾ ਕੇ ਅੱਠ ਕਿਸਾਨਾਂ ਨੂੰ ਸ਼ਹੀਦ ਕਰਨ ਅਤੇ ਸੈਂਕੜਿਆਂ ਦੀ ਗਿਣਤੀ ਵਿੱਚ ਫੱਟੜ ਕਰਨ ਦੇ ਵਿਰੋਧ ਵਿੱਚ ਅੱਜ ਫਫੜੇ ਭਾਈਕੇ ਦੇ ਕਿਸਾਨਾਂ ਅਤੇ ਮਜ਼ਦੂਰਾਂ ਵੱਲੋ ਜਮਹੂਰੀ ਕਿਸਾਨ ਸਭਾ ਦੀ ਅਗਵਾਈ ਹੇਠ ਮੱਧ ਪ੍ਰਦੇਸ਼ ਦੀ ਬੀ.ਜੇ.ਪੀ. ਸਰਕਾਰ ਦੇ ਮੁੱਖ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਦਾ ਪੁਤਲਾ ਫੂਕਿਆ ਗਿਆ ਅਤੇ ਕੇਂਦਰ ਸਰਕਾਰ ਖਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ। ਇਸ ਮੌਕੇ ਤੇ ਸੰਬੋਧਨ ਕਰਦਿਆਂ ਜਥੇਬੰਦੀ ਦੇ ਜਿਲ੍ਹਾ ਪ੍ਰੈਸ ਸਕੱਤਰ ਇਕਬਾਲ ਸਿੰਘ ਫਫੜੇ ਭਾਈਕੇ ਨੇ ਕਿਹਾ ਕਿ ਵਿਦੇਸ਼ੀ ਕੰਪਨੀਆਂ ਦੇ ਦਬਾਅ ਹੇਠ ਨੈਰੋਬੀ ਮੀਟਿੰਗ ਦੇ ਕਿਸਾਨ ਵਿਰੋਧੀ ਫੈਸਲਿਆਂ ਨੂੰ ਲਾਗੂ ਕਰਨ ਲਈ ਭਾਜਪਾ ਸਰਕਾਰ ਹੱਕ ਮੰਗਦੇ ਕਿਸਾਨਾਂ ਨੂੰ ਡੰਡੇ ਅਤੇ ਗੋਲੀ ਨਾਲ ਦਬਾਉਣਾ ਚਾਹੁੰਦੀ ਹੈ ਜਿਸ ਦੇ ਨਤੀਜੇ ਵਜੋਂ ਪੁਲਿਸ ਵੱਲੋ ਮੱਧ ਪ੍ਰਦੇਸ਼ ਸਰਕਾਰ ਦੇ ਇਸ਼ਾਰੇ ਉਪਰ ਕਿਸਾਨਾਂ ਨੂੰ ਗੋਲੀਆਂ ਮਾਰ ਕੇ ਮੌਤ ਦੇ ਘਾਟ ਉਤਾਰਿਆਂ ਗਿਆ ਹੈ। ਇਕ ਪਾਸੇ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕਿਸਾਨਾਂ ਦੀ ਆਮਦਨ ਦੁਗਣੀ ਕਰਨ ਦੇ ਵਾਅਦੇ ਕਰ ਰਹੇ ਹਨ, ਦੂਜੇ ਪਾਸੇ ਕੇਂਦਰ ਸਰਕਾਰ ਵੱਲੋ ਵਿਦੇਸ਼ੀ ਕੰਪਨੀਆਂ ਨਾਲ ਗੰਢ-ਤੁੱਪ ਕਰਕੇ ਕਿਸਾਨਾਂ ਦੀਆਂ ਜ਼ਮੀਨਾਂ ਅਤੇ ਖਣਿਜ ਪਦਾਰਥ ਵਿਦੇਸ਼ੀ ਸਰਮਾਏਦਾਰਾਂ ਦੇ ਹਵਾਲੇ ਕਰਨਾ ਚਾਹੁੰਦੀਆਂ ਹਨ ਜਿਸ ਨੂੰ ਸੰਘਰਸ਼ਸ਼ੀਲ ਲੋਕ ਕਦੇ ਵੀ ਬਰਦਾਸ਼ਤ ਨਹੀਂ ਕਰਨਗੇ। ਜਥੇਬੰਦੀ ਦੇ ਜ਼ਿਲ੍ਹਾ ਜਨਰਲ ਸਕੱਤਰ ਅਮਰੀਕ ਸਿੰਘ ਫਫੜੇ ਭਾਈਕੇ ਨੇ ਦੋਸ਼ ਲਾਇਆ ਕਿ ਚੋਣਾਂ ਤੋਂ ਪਹਿਲਾਂ ਬੀ.ਜੇ.ਪੀ. ਦੇ ਕੇਂਦਰੀ ਆਗੂਆਂ ਵੱਲੋਂ ਕਿਸਾਨਾਂ ਨੂੰ ਫਸਲਾਂ ਦੇ ਲਾਹੇਵੰਦ ਭਾਅ ਦੇਣ ਅਤੇ ਕਰਜ਼ੇ ਤੋਂ ਮੁਕਤੀ ਦਿਵਾਉਣ ਦੇ ਵਾਅਦੇ ਕੀਤੇ ਸਨ, ਪਰ ਹੁਣ ਭਾਜਪਾ ਵੱਲੋਂ ਕੇਂਦਰ ਵਿੱਚ ਪ੍ਰਧਾਨ ਮੰਤਰੀ ਦੀ ਕੁਰਸੀ ਉਪਰ ਕਬਜ਼ਾ ਕਰਨ ਤੋਂ ਬਾਅਦ ਕਰਜ਼ੇ ਦੇ ਮਾਰੇ ਕਿਸਾਨਾਂ ਨੂੰ ਰਾਹਤ ਦੇਣ ਦੀ ਬਜਾਏ ਗੋਲੀਆਂ ਮਾਰੀਆਂ ਜਾ ਰਹੀਆਂ ਹਨ। ਕਿਸਾਨ ਆਗੂਆਂ ਨੇ ਚਿਤਾਵਨੀ ਦਿੱਤੀ ਕਿ ਜੇਕਰ ਅੰਦੋਲਨਕਾਰੀ ਕਿਸਾਨਾਂ ਦੀਆਂ ਜਾਇਜ਼ ਮੰਗਾਂ ਪੂਰੀਆਂ ਕਰਨ ਸਮੇਤ ਕਿਸਾਨਾਂ ਦੇ ਕਰਜ਼ੇ ਖਤਮ ਨਾ ਕੀਤੇ ਅਤੇ ਗੋਲੀ ਚਲਾਉਣ ਵਾਲੇ ਅਧਿਕਾਰੀਆਂ ਖਿਲਾਫ਼ ਸਖਤ ਕਾਰਵਾਈ ਨਾ ਕੀਤੀ ਗਈ ਤਾਂ ਮੱਧ ਪ੍ਰਦੇਸ਼ ਦੇ ਕਿਸਾਨਾਂ ਦਾ ਕਰਜ਼ਾ ਮੁਕਤੀ ਅੰਦੋਲਨ ਦੇਸ਼ ਭਰ ਦੇ ਕਿਸਾਨਾਂ ਦੇ ਅੰਦੋਲਨ ਵਿੱਚ ਤਬਦੀਲ ਹੋ ਸਕਦਾ ਹੈ ਜਿਸ ਦੇ ਨਤੀਜੇ ਕੇਂਦਰ ਸਰਕਾਰ ਨੂੰ ਲੋਕ ਸਭਾ ਚੋਣਾਂ ਵੇਲੇ ਭੁਗਤਣ ਲਈ ਤਿਆਰ ਰਹਿਣਾ ਚਾਹੀਦਾ ਹੈ। ਇਸ ਮੌਕੇ ’ਤੇ ਸੀਤਾ ਰਾਮ ਪੰਡਿਤ, ਬਹਾਦਰ ਸਿੰਘ ਅਤੇ ਦਿਹਾਤੀ ਮਜ਼ਦੂਰ ਸਭਾ ਦੇ ਆਗੂ ਨਾਤਾ ਸਿੰਘ, ਗਿੰਦਰ ਸਿੰਘ ਅਤੇ ਬੱਧੂ ਖਾਂ ਨੇ ਵੀ ਸੰਬੋਧਨ ਕੀਤਾ।