ਸੰਭਾਵੀ ਹੜ੍ਹਾਂ ਨਾਲ ਨਜਿਠਣ ਲਈ ਸਾਰੇ ਪ੍ਰਬੰਧ ਮੁਕੰਮਲ : ਡੀਸੀ ਮਾਨਸਾ

image ਮਾਨਸਾ, 8 ਜੂਨ (ਵਕੀਲ ਬਾਂਸਲ)- ਸੰਭਾਵੀ ਹੜ੍ਹਾਂ ਨਾਲ ਨਜਿਠਣ ਲਈ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ, ਤਾਂ ਜੋ ਲੋਕਾਂ ਨੂੰ ਹੜ੍ਹਾਂ ਦੌਰਾਨ ਕੋਈ ਦਿਕਤ ਪੇਸ਼ ਨਾ ਆਵੇ। ਇਨ੍ਹਾਂ ਗਲਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਸ੍ਰੀ ਧਰਮ ਪਾਲ ਗੁਪਤਾ ਨੇ ਅਜ ਬਚਤ ਭਵਨ ਵਿਖੇ ਵਖ-ਵਖ ਵਿਭਾਗਾਂ ਦੇ  ਅਧਿਕਾਰੀਆਂ ਨਾਲ ਸੰਭਾਵੀ ਹੜ੍ਹਾਂ ਨਾਲ ਨਜਿਠਣ ਸਬੰਧੀ ਤਿਆਰੀਆਂ ਦਾ ਜਾਇਜ਼ਾ ਲੈਣ ਉਪਰੰਤ ਮੀਟਿੰਗ ਨੂੰ ਸੰਬੋਧਨ ਕਰਦਿਆਂ ਕੀਤਾ। ਸ੍ਰੀ ਗੁਪਤਾ ਨੇ ਕਿਹਾ ਕਿ ਹੜ੍ਹਾਂ ਨੂੰ ਰੋਕਣ ਲਈ ਨਹਿਰਾਂ ਦੀ ਸਾਫ ਸਫ਼ਾਈ ਅਤੇ ਬੰਨਾਂ ਨੂੰ ਮਜ਼ਬੂਤ ਕੀਤਾ ਗਿਆ ਹੈ।ਉਨ੍ਹਾਂ ਕਿਹਾ ਕਿ ਸਬੰਧਤ ਅਧਿਕਾਰੀ  ਘਗਰ ਦਰਿਆ, ਡਰੇਨਾ ਅਤੇ ਨਾਲਿਆਂ ਦੀ ਸਮੇਂ ਸਮੇਂ ਤੇ ਚੈਕਿੰਗ ਵੀ ਕਰਨਗੇ। ਸ੍ਰੀ ਗੁਪਤਾ ਨੇ ਕਿਹਾ ਕਿ ਹੜ੍ਹ ਆਉਣ ਦੀ ਸੂਰਤ ਵਿਚ ਪ੍ਰਭਾਵਿਤ ਲੋਕਾਂ ਅਤੇ ਪਸ਼ੂਆਂ ਦੀ ਸਹਾਇਤਾ ਅਤੇ ਦੇਖਭਾਲ ਲਈ 20 ਟੀਮਾਂ ਦਾ ਗਠਨ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਹਰ ਟੀਮ ਵਿਚ ਡਾਕਟਰ ਸਮੇਤ ਵਖ-ਵਖ ਵਿਭਾਗਾਂ ਦਾ ਸਟਾਫ ਤਾਇਨਾਤ ਕੀਤਾ ਗਿਆ ਹੈ, ਜੋ ਹੜ੍ਹ ਪੀੜ੍ਹਤਾ ਨੂੰ ਲੋੜ ਅਨੁਸਾਰ ਦਵਾਈਆਂ, ਤਰਪਾਲਾਂ, ਚਾਰਾ ਅਤੇ ਖਾਣ-ਪੀਣ ਦਾ ਸਮਾਨ ਆਦਿ ਮੁਹਈਆ ਕਰਵਾਉਣਗੇ।ਸ੍ਰੀ ਗੁਪਤਾ ਨੇ ਕਿਹਾ ਕਿ ਹੜ੍ਹਾਂ ਸਬੰਧੀ ਸੂਚਨਾ ਦੇਣ ਲਈ ਜ਼ਿਲ੍ਹਾ ਪਧਰ ‘ਤੇ ਕੰਟਰੋਲ ਰੂਮ ਸਥਾਪਿਤ ਕੀਤੇ ਗਏ ਹਨ, ਜੋ 1 ਜੂਨ ਤੋਂ ਸ਼ੁਰੂ ਹੋ ਗਏ ਹਨ, ਜਿਸ ਵਿਚ ਦੋ ਕਰਮਚਾਰੀ ਤਾਇਨਾਤ ਕੀਤੇ ਗਏ ਹਨ ਅਤੇ ਇਹ 24 ਘੰਟੇ ਚਾਲੂ ਰਹੇਗਾ।ਇਸ ਤੋਂ ਇਲਾਵਾ ਬੁਢਲਾਡਾ ਅਤੇ ਸਰਦੂਲਗੜ੍ਹ ਵਿਖੇ ਵੀ ਤਹਿਸੀਲ ਪਧਰ ਤੇ ਹੜ੍ਹ ਕੰਟਰੋਲ ਰੂਮ ਸਥਾਪਿਤ ਕੀਤੇ ਗਏ ਹਨ। ਸ਼੍ਰੀ ਗੁਪਤਾ ਨੇ ਮੀਟਿੰਗ ਵਿਚ ਸ਼ਾਮਲ ਅਧਿਕਾਰੀਆਂ ਨੂੰ ਸਖ਼ਤ ਹਦਾਇਤ ਕੀਤੀ ਕਿ ਜੋ ਕੰਮ ਉਨ੍ਹਾਂ ਨੂੰ ਸੌਂਪਿਆ ਗਿਆ ਉਸ ਨੂੰ ਜਿੰਮੇਵਾਰੀ ਅਤੇ ਤਨਦੇਹੀ ਨਾਲ ਪੂਰਾ ਕੀਤਾ ਜਾਵੇ।  ਉਨ੍ਹਾਂ ਕਿਹਾ ਕਿ ਕਿਸੇ ਵੀ ਅਧਿਕਾਰੀ/ਕਰਮਚਾਰੀ ਦੀ ਢਿੱਲਮੱਠ ਬਰਦਾਸ਼ਤ ਨਹੀਂ ਕੀਤੀ ਜਾਵੇਗੀ।ਇਸ ਮੌਕੇ ਸਹਾਇਕ ਕਮਿਸ਼ਨਰ (ਜ) ਸ੍ਰੀ ਓਮ ਪ੍ਰਕਾਸ਼, ਜ਼ਿਲ੍ਹਾ ਮਾਲ ਅਫ਼ਸਰ ਸ੍ਰੀ ਬਲਜਿੰਦਰ ਪਾਲ ਸਿੰਘ, ਜ਼ਿਲ੍ਹਾ ਟਰਾਂਸਪੋਰਟ ਅਫ਼ਸਰ ਸ੍ਰੀ ਹਰਬੰਸ ਸਿੰਘ, ਪੀ.ਸੀ.ਐਸ ਅਧਿਕਾਰੀ ਸ੍ਰੀ ਬਲਵਿੰਦਰ ਸਿੰਘ (ਅੰਡਰ ਟ੍ਰੇਨਿੰਗ), ਮੁਖ ਖੇਤੀਬਾੜੀ ਅਫ਼ਸਰ ਸ੍ਰੀ ਗੁਰਾਦਿਤਾ ਸਿੰਘ ਤੋਂ ਇਲਾਵਾ ਵਖ-ਵਖ ਵਿਭਾਗਾਂ ਦੇ ਅਧਿਕਾਰੀ/ਨੁਮਾਇੰਦੇ ਹਾਜ਼ਰ ਸਨ।

Send this to a friend