ਜਲੰਧਰ, 13 ਜੂਨ (ਪੰਜਾਬ ਟਾਇਮਜ਼ ਬਿਊਰੋ)-ਇੱਥੋਂ ਨੇੜੇ ਸਥਿਤ ਸੰਸਾਰ ਪ੍ਰਸਿੱਧ ਗੁਰਦੁਆਰਾ ਸ਼ਹੀਦ ਬਾਬਾ ਨਿਹਾਲ ਸਿੰਘ ਤੱਲ੍ਹਣ ਵਿਖੇ 66ਵਾਂ ਸ਼ਹੀਦੀ ਜੋੜ ਮੇਲਾ 16 ਤੋਂ 18 ਜੂਨ ਤਕ ਬਹੁਤ ਹੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਗੁਰਦੁਆਰਾ ਸਾਹਿਬ ਦੇ ਰਸੀਵਰ-ਕਮ-ਤਹਿਸੀਲਦਾਰ ਸ੍ਰੀ ਕਰਨਦੀਪ ਸਿੰਘ ਭੁਲਰ ਨੇ ਦਸਿਆ ਕਿ ਮੇਲੇ ਦੀਆਂ ਸਾਰੀਆਂ ਤਿਆਰੀਆਂ ਮੁਕੰਮਲ ਹੋ ਗਈਆਂ ਹਨ। ਉਨ੍ਹਾਂ ਦੱਸਿਆ 16 ਜੂਨ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅਖੰਡ ਪਾਠ ਆਰੰਭ ਹੋਣਗੇ, ਜਿਨ੍ਹਾਂ ਦੇ ਭੋਗ 18 ਤਰੀਕ ਦਿਨ ਐਤਵਾਰ ਨੂੰ ਪਾਏ ਜਾਣਗੇ। ਭੋਗ ਉਪਰੰਤ ਵਿਸ਼ਾਲ ਦੀਵਾਨ ਸਜਾਏ ਜਾਣਗੇ, ਜਿਨ੍ਹਾਂ ਵਿਚ ਪੰਥ ਦੇ ਪ੍ਰਸਿਧ ਢਾਡੀ ਜਥੇ ਸੰਗਤਾਂ ਨੂੰ ਗੁਰ ਇਤਿਹਾਸ ਸਰਵਣ ਕਰਵਾਉਣਗੇ। ਇਸ ਤੋਂ ਪਹਿਲਾਂ 16 ਜੂਨ ਨੂੰ ਲੜਕੇ ਤੇ ਲੜਕੀਆਂ ਦੇ ਦਸਤਾਰ ਮੁਕਾਬਲੇ ਕਰਵਾਏ ਜਾਣਗੇ। 17 ਜੂਨ ਨੂੰ ਕੀਰਤਨ ਦਰਬਾਰ ਹੋਵੇਗਾ, ਜਿਸ ਵਿਚ ਭਾਈ ਲਖਵਿੰਦਰ ਸਿੰਘ ਹਜ਼ੂਰੀ ਰਾਗੀ, ਭਾਈ ਰਣਧੀਰ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ, ਭਾਈ ਰਵਿੰਦਰ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਤੇ ਭਾਈ ਰਾਏ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਸੰਗਤਾਂ ਨੂੰ ਨਿਹਾਲ ਕਰਨਗੇ। ਸ. ਕਰਨਦੀਪ ਸਿੰਘ ਭੁਲਰ ਨੇ ਦਸਿਆ ਕਿ ਸ਼ਹੀਦੀ ਜੋੜ ਮੇਲੇ ਦੇ ਸਬੰਧ ‘ਚ 16 ਜੂਨ ਤੋਂ ਹੀ ਖੇਡ ਮੇਲਾ ਵੀ ਕਰਵਾਇਆ ਜਾ ਰਿਹਾ ਹੈ। 17 ਜੂਨ ਨੂੰ ਲੜਕੀਆਂ ਦੇ ਸ਼ੋਅ ਮੈਚ ਤੋਂ ਇਲਾਵਾ ਵਾਲੀਬਾਲ ਦੇ ਮੁਕਾਬਲੇ ਵੀ ਹੋਣਗੇ। 17 ਜੂਨ ਨੂੰ ਗੁਰਦੁਆਰਾ ਸ਼ਹੀਦ ਬਾਬਾ ਨਿਹਾਲ ਸਿੰਘ ਚੈਰੀਟੇਬਲ ਹਸਪਤਾਲ ਵਿਖੇ ਇਕ ਖੂਨਦਾਨ ਕੈਂਪ ਵੀ ਲਗਾਇਆ ਜਾ ਰਿਹਾ ਹੈ। ਜੋੜੇ ਮੇਲੇ ਦੌਰਾਨ ਹਸਪਤਾਲ ਦੀ ਤਰਫੋਂ ਤਿੰਨੋਂ ਦਿਨ ਮੁਫਤ ਮੈਡੀਕਲ ਕੈਂਪ ਵੀ ਲਗਾਇਆ ਜਾ ਰਿਹਾ ਹੈ। ਉਨ੍ਹਾਂ ਦਸਿਆ ਇਹ ਖੇਡ ਮੇਲਾ ਐਸ. ਪੀ. ਸ. ਜਗਜੀਤ ਸਿੰਘ ਸਰੋਆ ਦੀ ਦੇਖ-ਰੇਖ ਹੇਠ ਕਰਵਾਇਆ ਜਾਵੇਗਾ।