ਸ਼੍ਰੋਮਣੀ ਕਮੇਟੀ ਸਿਕਲੀਗਰ ਸਿੱਖਾਂ ਦੀਆਂ ਬੁਨਿਆਦੀ ਲੋੜਾਂ ਤੇ ਜੀਵਨ ਪੱਧਰ ਉਚਾ ਚੁੱਕਣ ਲਈ ਸਹਾਇਤਾ ਕਰੇਗੀ : ਪ੍ਰੋ. ਬਡੂੰਗਰ

ਜੂਨ ’84 ਦੇ ਸ਼ਹੀਦਾਂ ਦੀਆਂ ਤਸਵੀਰਾਂ ਗੈਲਰੀ ਵਿੱਚ ਸਥਾਪਿਤ ਕੀਤੀਆਂ ਜਾਣਗੀਆਂ

image ਚੰਡੀਗੜ੍ਹ, 15 ਜੂਨ (ਪੰਜਾਬ ਟਾਇਮਜ਼ ਬਿਊਰੋ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਦੀ ਅਗਵਾਈ ਹੇਠ ਅੰਤ੍ਰਿੰਗ ਕਮੇਟੀ ਦੀ ਸਥਾਨਕ ਸਬ-ਆਫਿਸ ਵਿਖੇ ਅੱਜ ਹੋਈ ਇਕੱਤਰਤਾ ਵਿਚ ਕਈ ਅਹਿਮ ਫ਼ੈਸਲੇ ਕੀਤੇ ਗਏ। ਇਕੱਤਰਤਾ ਤੋਂ ਬਾਅਦ ਪ੍ਰੈਸ ਨਾਲ ਗੱਲਬਾਤ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਫ਼ੈਸਲਿਆਂ ਬਾਰੇ ਦੱਸਿਆ ਕਿ ਅੰਤ੍ਰਿੰਗ ਕਮੇਟੀ ਵੱਲੋਂ ਅੱਜ ਲਏ ਗਏ ਇਕ ਅਹਿਮ ਫ਼ੈਸਲੇ ਲੈਂਦਿਆਂ ਮੱਧ ਪ੍ਰਦੇਸ਼, ਛੱਤੀਸਗੜ ਅਤੇ ਮਹਾਰਾਸ਼ਟਰ ਵਿਚ ਵੱਸਦੇ ਸਿਕਲੀਗਰ ਸਿੱਖਾਂ ਦੀਆਂ ਬੁਨਿਆਦੀ ਲੋੜਾਂ ਅਤੇ ਉਨ੍ਹਾਂ ਦਾ ਜੀਵਨ ਪੱਧਰ ਉਚਾ ਚੁੱਕਣ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾਣਗੇ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਨੇ ਦੱਸਿਆ ਕਿ ਸਿਕਲੀਗਰ ਪਰਿਵਾਰਾਂ ਦੇ 100 ਬੱਚਿਆਂ ਨੂੰ ਪੰਜਾਬ ਵਿਚ ਲਿਆ ਕੇ ਸ਼੍ਰੋਮਣੀ ਕਮੇਟੀ ਅਧੀਨ ਚੱਲ ਰਹੇ ਤਕਨੀਕੀ ਕਾਲਜਾਂ ਵਿਚ ਕਿੱਤਾਮੁਖੀ ਕੋਰਸਾਂ ਦੀ ਮੁਫ਼ਤ ਸਿਖਲਾਈ ਦਿੱਤੀ ਜਾਵੇਗੀ ਤਾਂ ਜੋ ਸਵੈ-ਰੁਜਗਾਰ ਰਾਹੀਂ ਉਨ੍ਹਾਂ ਪਰਿਵਾਰਾਂ ਦੀ ਰੋਜ਼ੀ ਰੋਟੀ ਦਾ ਪ੍ਰਬੰਧ ਹੋ ਸਕੇ। ਇਸ ਤੋਂ ਇਲਾਵਾ ਉਨ੍ਹਾਂ ਦੱਸਿਆ ਕਿ ਇਨ੍ਹਾਂ ਪਰਿਵਾਰਾਂ ਦੀਆਂ ਲੜਕੀਆਂ ਵਾਸਤੇ ਉਨ੍ਹਾਂ ਰਾਜਾਂ ਵਿਚ ਵੱਖ-ਵੱਖ ਥਾਵਾਂ ’ਤੇ 10 ਸਿਲਾਈ ਸੈਂਟਰ ਖੋਲ੍ਹੇ ਜਾਣਗੇ। ਪਿਛਲੇ ਦਿਨਾਂ ਵਿਚ ਜਿਨ੍ਹਾਂ ਸਿਕਲੀਗਰ ਸਿੱਖਾਂ ’ਤੇ ਕੇਸ ਦਰਜ ਹੋਣ ਕਰਕੇ ਜ਼ੇਲ੍ਹਾਂ ਵਿਚ ਬੰਦ ਹਨ, ਉਨ੍ਹਾਂ ਦੇ ਕੇਸ ਸ਼੍ਰੋਮਣੀ ਕਮੇਟੀ ਵੱਲੋਂ ਲੜੇ ਜਾਣਗੇ। ਪ੍ਰੋ. ਬਡੂੰਗਰ ਨੇ ਅੱਗੇ ਦੱਸਿਆ ਕਿ ਅੰਤ੍ਰਿੰਗ ਕਮੇਟੀ ਵੱਲੋਂ ਪੰਜਾਬ ਦੀ ਮੌਜੂਦਾ ਕਾਂਗਰਸ ਸਰਕਾਰ ਦੇ ਕੁਝ ਆਗੂਆਂ ਅਤੇ ਵਿਧਾਇਕਾਂ ਵੱਲੋਂ ਪੰਜਾਬ ਅੰਦਰ ਵੱਖ-ਵੱਖ ਥਾਵਾਂ ’ਤੇ ਇਤਿਹਾਸਕ ਗੁਰਦੁਆਰਾ ਸਾਹਿਬਾਨ ਦੀਆਂ ਜ਼ਮੀਨਾਂ ਉਪਰ ਕਬਜ਼ਾ ਕਰਨ ਅਤੇ ਗੁਰਦੁਆਰਾ ਸਾਹਿਬਾਨ ਦੀਆਂ ਪ੍ਰਬੰਧਕ ਕਮੇਟੀਆਂ ਵਿਚ ਦਖ਼ਲਅੰਦਾਜ਼ੀ ਕਰਨ ਦੀਆਂ ਕੋਸ਼ਿਸ਼ਾਂ ਦਾ ਗੰਭੀਰ ਨੋਟਿਸ ਲਿਆ ਗਿਆ ਹੈ। ਉਨ੍ਹਾਂ ਗੁਰਦੁਆਰਾ ਸਾਹਿਬ ਭਾਈ ਰੂਪਾ (ਬਠਿੰਡਾ), ਗੁਰਦੁਆਰਾ ਤੰਬੂ ਸਾਹਿਬ ਮੱਲ ਡਗਰੂ (ਮੋਗਾ) ਅਤੇ ਗੁਰਦੁਆਰਾ ਸਾਹਿਬ ਮੌੜ ਕਲਾਂ (ਬਠਿੰਡਾ) ਦਾ ਜ਼ਿਕਰ ਕਰਦਿਆਂ ਕਿਹਾ ਕਿ ਦੇਸ਼ ਦੀ ਸਰਵਉਚ ਅਦਾਲਤ ਸੁਪਰੀਮ ਕੋਰਟ ਵੱਲੋਂ ਫ਼ੈਸਲਾ ਸ਼੍ਰੋਮਣੀ ਕਮੇਟੀ ਦੇ ਹੱਕ ਵਿਚ ਹੋਣ ਤੋਂ ਬਾਅਦ ਵੀ ਗੁਰਦੁਆਰਾ ਸਾਹਿਬਾਨ ਦੀਆਂ ਜ਼ਮੀਨਾਂ ਨੂੰ ਦੱਬਣ ਵਾਲੇ ਲੋਕਾਂ ਦੀ ਮੱਦਦ ਕਾਂਗਰਸੀਆਂ ਵੱਲੋਂ ਕੀਤੀ ਜਾ ਰਹੀ ਹੈ।
ਉਨ੍ਹਾਂ ਕਿਹਾ ਕਿ ਅੰਤ੍ਰਿੰਗ ਕਮੇਟੀ ਵੱਲੋਂ ਇਕ ਮਤਾ ਪਾਸ ਕਰਦਿਆਂ ਪੰਜਾਬ ਸਰਕਾਰ ਨੂੰ ਗੁਰੂ ਘਰਾਂ ਦੀਆਂ ਜ਼ਮੀਨਾਂ ’ਤੇ ਕਬਜ਼ੇ ਕਰਨ ਵਾਲੇ ਲੋਕਾਂ ਵਿਰੁੱਧ 20 ਜੂਨ ਤੱਕ ਕਾਰਵਾਈ ਕਰਨ ਲਈ ਸਮਾਂ ਦਿੱਤਾ ਗਿਆ ਹੈ, ਜਿਸ ਤੋਂ ਬਾਅਦ ਚ ਸ਼੍ਰੋਮਣੀ ਕਮੇਟੀ ਸਖਤ ਕਦਮ ਚੁੱਕੇਗੀ। ਪ੍ਰੋ. ਬਡੂੰਗਰ ਨੇ ਇਹ ਵੀ ਦੱਸਿਆ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਰੇ ਅਦਾਰੇ ਜਿਨ੍ਹਾਂ ਵਿਚ ਯੂਨੀਵਰਸਿਟੀਆਂ, ਸਕੂਲ ਅਤੇ ਕਾਲਜ ਸ਼ਾਮਲ ਹਨ ਉਨ੍ਹਾਂ ਦੀ ਹਰ ਤਰ੍ਹਾਂ ਦੀ ਛਪਾਈ ਸ਼੍ਰੋਮਣੀ ਕਮੇਟੀ ਦੀਆਂ ਪ੍ਰਿੰਟਿੰਗ ਪ੍ਰੈਸਾਂ ਤੋਂ ਹੀ ਕਰਵਾਉਣ ਨੂੰ ਲਾਜ਼ਮੀ ਕਰ ਦਿੱਤਾ ਗਿਆ ਹੈ। ਇਕ ਹੋਰ ਫ਼ੈਸਲੇ ਮੁਤਾਬਿਕ ਸ਼੍ਰੋਮਣੀ ਕਮੇਟੀ ਵੱਲੋਂ ਪੰਜਾਬ ਵਿਧਾਨ ਸਭਾ ਵਿਚ ਸਰਕਾਰ ਵੱਲੋਂ ਪੰਜਾਬ ਦੇ 25 ਹਜ਼ਾਰ ਸਿੱਖ ਨੌਜੁਵਾਨਾ ਦੇ ਕਾਤਲ ਸਾਬਕਾ ਡੀ.ਜੀ.ਪੀ. ਪੰਜਾਬ ਪੁਲਿਸ ਕੇ.ਪੀ.ਐਸ. ਗਿੱਲ ਬਾਰੇ ਸ਼ਰਧਾਂਜਲੀ ਮਤਾ ਪਾਉਣ ’ਤੇ ਕੈਪਟਨ ਸਰਕਾਰ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਵੱਲੋਂ ਇਸ ਮਾਮਲੇ ਸਬੰਧੀ ਕੀਤੇ ਗਏ ਵਾਕਆਊਟ ਦੀ ਪ੍ਰੋੜਤਾ ਕੀਤੀ। ਸ਼੍ਰੋਮਣੀ ਕਮੇਟੀ ਨੇ ਸਪੱਸ਼ਟ ਕੀਤਾ ਕਿ ਕੇ.ਪੀ.ਐਸ. ਗਿੱਲ ਸਿੱਖ ਕੌਮ ਦਾ ਦੌਸ਼ੀ ਹੈ ਅਤੇ ਇਸ ਨੂੰ ਕਦੀ ਵੀ ਮੁਆਫ਼ ਨਹੀਂ ਕੀਤਾ ਜਾ ਸਕਦਾ। ਇਸ ਮੌਕੇ ਸ. ਬਲਦੇਵ ਸਿੰਘ ਕਾਇਮਪੁਰ ਸੀਨੀਅਰ ਮੀਤ ਪ੍ਰਧਾਨ, ਬਾਬਾ ਬੂਟਾ ਸਿੰਘ ਜੂਨੀਅਰ ਮੀਤ ਪ੍ਰਧਾਨ, ਭਾਈ ਅਮਰਜੀਤ ਸਿੰਘ ਚਾਵਲਾ ਜਨਰਲ ਸਕੱਤਰ, ਅੰਤ੍ਰਿੰਗ ਕਮੇਟੀ ਮੈਂਬਰ ਸ. ਗੁਰਚਰਨ ਸਿੰਘ ਗਰੇਵਾਲ, ਭਾਈ ਰਾਮ ਸਿੰਘ, ਸ. ਸੁਰਜੀਤ ਸਿੰਘ ਭਿੱਟੇਵਡ, ਸ: ਜੈਪਾਲ ਸਿੰਘ ਮੰਡੀਆਂ, ਸ: ਨਿਰਮਲ ਸਿੰਘ ਹਰਿਆਓ, ਸ: ਕੁਲਵੰਤ ਸਿੰਘ ਮੰਨਣ, ਸ: ਬਲਵਿੰਦਰ ਸਿੰਘ ਵੇਈਂਪੂਈ, ਸ. ਸਤਪਾਲ ਸਿੰਘ ਤਲਵੰਡੀ ਭਾਈ, ਬੀਬੀ ਜੋਗਿੰਦਰ ਕੌਰ, ਤੇ ਸ: ਸੁਰਜੀਤ ਸਿੰਘ ਕਾਲਾਬੂਲਾ, ਸ. ਹਰਚਰਨ ਸਿੰਘ ਮੁੱਖ ਸਕੱਤਰ, ਡਾ. ਰੂਪ ਸਿੰਘ ਤੇ ਸ. ਅਵਤਾਰ ਸਿੰਘ ਸਕੱਤਰ, ਵਧੀਕ ਸਕੱਤਰ ਸ. ਮਹਿੰਦਰ ਸਿੰਘ ਆਹਲੀ, ਸ. ਹਰਭਜਨ ਸਿੰਘ ਮਨਾਵਾਂ, ਡਾ. ਪਰਮਜੀਤ ਸਿੰਘ ਸਰੋਆ ਤੇ ਸ. ਕੇਵਲ ਸਿੰਘ, ਮੀਤ ਸਕੱਤਰ ਸ. ਕੁਲਵਿੰਦਰ ਸਿੰਘ ਰਮਦਾਸ ਅਤੇ ਹੋਰ ਹਾਜ਼ਰ ਸਨ।

Send this to a friend