Skip to content
Independent perspectives. Global stories.
BREAKING

ਕਰਜ਼ਾ ਮੁਆਫੀ ਦਾ ਫੈਸਲਾ ਛੇਤੀ ਹੋਵੇਗਾ : ਮੁੱਖ ਮੰਤਰੀ

Share this story

ਅਕਾਲੀ ਦਲ ਅਤੇ ‘ਆਪ’ ਵੱਲੋਂ ਦਬਾਅ ਪਾਉਣ ਲਈ ਵਰਤੇ ਜਾ ਰਹੇ ਦਾਅ-ਪੇਚਾਂ ਅੱਗੇ ਹਰਗਿਜ਼ ਨਹੀਂ ਝੁਕਾਂਗਾ

image ਚੰਡੀਗੜ੍ਹ, 16 ਜੂਨ- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਆਖਿਆ ਕਿ ਉਨ੍ਹਾਂ ਦੀ ਸਰਕਾਰ ਟੀ. ਹੱਕ ਕਮੇਟੀ ਦੀਆਂ ਸਿਫਾਰਸ਼ਾਂ ’ਤੇ ਅਧਾਰਿਤ ਕਿਸਾਨਾਂ ਦਾ ਕਰਜ਼ਾ ਮੁਆਫ ਕਰਨ ਦਾ ਐਲਾਨ ਛੇਤੀ ਹੀ ਕਰੇਗੀ ਜੋ ਆਪਣੀ ਰਿਪੋਰਟ ਛੇਤੀ ਹੀ ਸੌਂਪੇਗੀ। ਬਜਟ ਇਜਲਾਸ ਦੇ ਤੀਜੇ ਦਿਨ ਕੈਪਟਨ ਅਮਰਿੰਦਰ ਸਿੰਘ ਨੇ ਭਾਵੁਕ ਤਕਰੀਰ ਕਰਦਿਆਂ ਸੰਕਟ ਵਿੱਚ ਫਸੇ ਕਿਸਾਨਾਂ ਦੀ ਕਰਜ਼ਾ ਮੁਆਫੀ ਅਤੇ ਕੁਰਕੀ ਖਤਮ ਕਰਨ ਸਮੇਤ ਸਾਰੇ ਚੋਣ ਵਾਅਦੇ ਪੂਰੇ ਕਰਨ ਲਈ ਆਪਣੀ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਇਆ। ਸ਼੍ਰੋਮਣੀ ਅਕਾਲੀ ਦਲ ਤੇ ਆਮ ਆਦਮੀ ਪਾਰਟੀ ’ਤੇ ਵਰ੍ਹਦਿਆਂ ਮੁੱਖ ਮੰਤਰੀ ਨੇ ਇਨ੍ਹਾਂ ਪਾਰਟੀਆਂ ਦੇ ਵਿਧਾਇਕਾਂ ਵੱਲੋਂ ਸਦਨ ਦੀ ਮਰਿਆਦਾ ਨੂੰ ਢਾਹ ਲਾਉਣ ਅਤੇ ਪਵਿੱਤਰ ਰਵਾਇਤਾਂ ਦਾ ਨਿਰਾਦਰ ਕਰਨ ਦੀ ਵਾਰ-ਵਾਰ ਕੀਤੀਆਂ ਕੋਸ਼ਿਸ਼ਾਂ ਨੂੰ ਬਹੁਤ ਹੀ ਦੁਖਦਾਇਕ ਅਤੇ ਮੰਦਭਾਗਾ ਦੱਸਿਆ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਪ੍ਰਸ਼ਨ ਕਾਲ ਦੌਰਾਨ ਸਾਰੇ ਮੁੱਦੇ ਉਠਾਉਣ ਦੀ ਬਜਾਏ ਵਿਰੋਧੀ ਧਿਰ ਨੇ ਹਰੇਕ ਜ਼ਰੂਰੀ ਕੰਮਕਾਜ ਵਿੱਚ ਵਿਘਨ ਪਾ ਕੇ ਸੁਰਖੀਆਂ ਬਟੋਰਨ ਲਈ ਅੜਿੱਕਾ ਡਾਹੁਣ ਵਾਲਾ ਰਵੱਈਆ ਧਾਰਨ ਕੀਤਾ ਹੋਇਆ ਹੈ। ਸਦਨ ਦੇ ਕੰਮਕਾਜ ਵਿੱਚ ਵਿਘਨ ਪਾਉਣ ’ਤੇ ਸਖ਼ਤ ਨਰਾਜ਼ਗੀ ਜ਼ਾਹਰ ਕਰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਇਸ ਨੂੰ ਘਟੀਆ ਮਿਸਾਲ ਦੱਸਦਿਆਂ ਆਖਿਆ ਕਿ ਉਨ੍ਹਾਂ ਨੇ ਲੰਮੇ ਸਿਆਸੀ ਜੀਵਨ ਵਿੱਚ ਅਜਿਹਾ ਆਲਮ ਕਦੇ ਵੀ ਨਹੀਂ ਦੇਖਿਆ। ਉਨ੍ਹਾਂ ਕਿਹਾ ਕਿ ਵਿਰੋਧੀ ਧਿਰ ਦੇ ਵਿਧਾਇਕਾਂ ਨੇ ਸਦਨ ਵਿੱਚ ਸਪੀਕਰ ਦੀ ਕੁਰਸੀ ਵੱਲ ਕਾਗਜ਼ਾਂ ਦੇ ਬੰਡਲ ਸੁੱਟ ਕੇ ਅਹੁਦੇ ਦੇ ਗੌਰਵ ਨੂੰ ਸੱਟ ਮਾਰੀ ਹੈ। ਪੰਜਾਬ ਦੇ ਲੋਕਾਂ ਨਾਲ ਆਪਣੀ ਦ੍ਰਿੜਤਾ ਜ਼ਾਹਰ ਕਰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਵਿਰੋਧੀ ਧਿਰ ਨੂੰ ਵੰਗਾਰਦਿਆਂ ਕਿਹਾ ਕਿ ਉਨ੍ਹਾਂ ਵੱਲੋਂ ਦਬਾਅ ਬਣਾਉਣ ਲਈ ਵਰਤੇ ਜਾ ਰਹੇ ਘਟੀਆ ਦਾਅ-ਪੇਚਾਂ ਅੱਗੇ ਉਹ ਝੁਕਣ ਵਾਲੇ ਨਹੀਂ ਹਨ। ਬੀਤੇ 10 ਸਾਲਾਂ ਦੇ ਕੁਸ਼ਾਸਨ ਕਾਰਨ ਕਿਸਾਨਾਂ ਦੀ ਹੋਈ ਮੌਜੂਦਾ ਸਥਿਤੀ ਲਈ ਅਕਾਲੀਆਂ ਨੂੰ ਸਿੱਧੇ ਤੌਰ ’ਤੇ ਜ਼ਿੰਮੇਵਾਰ ਠਹਿਰਾਉਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਅਕਾਲੀਆਂ ਦੇ ਕਾਰਜਕਾਲ ਦੌਰਾਨ ਪੰਜਾਬ ਵਿੱਚ 7000 ਕਿਸਾਨਾਂ ਨੇ ਖੁਦਕੁਸ਼ੀਆਂ ਕੀਤੀਆਂ ਹਨ। ਉਨ੍ਹਾਂ ਕਿਹਾ ਕਿ ਅਕਾਲੀ ਇਨ੍ਹਾਂ ਸਾਲਾਂ ਵਿੱਚ ਘੂਕ ਸੁੱਤੇ ਰਹੇ ਅਤੇ ਹੁਣ ਕਿਸਾਨਾਂ ਦੇ ਹਿੱਤਾਂ ਤੇ ਭਲਾਈ ਦੇ ਅਖੌਤੀ ਖੈਰ-ਖਵਾਹ ਬਣ ਲਈ ਹੱਥ-ਪੈਰ ਮਾਰ ਰਹੇ ਹਨ।

WRITTEN BY