ਕਰਜ਼ਾ ਮੁਆਫ਼ੀ ਵਾਲੇ ਕਿਸਾਨਾਂ ਨੂੰ ਕਰਜ਼ਾ ਮੋੜਣ ਦੀ ਲੋੜ ਨਹੀਂ : ਕੈਪਟਨ ਅਮਰਿੰਦਰ ਸਿੰਘ

ਕਿਹਾ ਚੋਣ ਮਨੋਰਥ ਪੱਤਰ ਦੇ ਇਕ-ਇਕ ਵਾਅਦੇ ਨੂੰ ਪੂਰਾ ਕੀਤਾ ਜਾਵੇਗਾ

image ਚੰਡੀਗੜ੍ਹ, 29 ਜੂਨ (ਪੰਜਾਬ ਟਾਇਮਜ਼ ਬਿਊਰੋ)- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਰਜ਼ਾ ਮੁਆਫੀ ਬਾਰੇ ਫੈਸਲੇ ਨੂੰ ਅਮਲ ਵਿਚ ਲਿਆਉਣ ਲਈ ਨੋਟੀਫਿਕੇਸ਼ਨ ਛੇਤੀ ਜਾਰੀ ਕਰਨ ਦਾ ਭਰੋਸਾ ਦਿੰਦਿਆਂ ਅੱਜ ਸਪੱਸ਼ਟ ਕੀਤਾ ਕਿ ਜਿਨ੍ਹਾਂ ਕਿਸਾਨਾਂ ਦਾ ਕਰਜ਼ਾ ਮੁਆਫ ਹੋ ਚੁੱਕਾ ਹੈ, ਉਨ੍ਹਾਂ ਨੂੰ ਕਰਜ਼ੇ ਦੀ ਮੁੜ ਅਦਾਇਗੀ ਕਰਨ ਤੋਂ ਫੌਰੀ ਤੌਰ ’ਤੇ ਮੁਕਤ ਕੀਤਾ ਜਾਂਦਾ ਹੈ। ਅੱਜ ਇੱਥੇ ਵੱਖ-ਵੱਖ ਕਿਸਾਨ ਜਥੇਬੰਦੀਆਂ ਨਾਲ ਮੀਟਿੰਗ ਦੌਰਾਨ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਭਰੋਸਾ ਦਿਵਾਇਆ ਕਿ ਉਨ੍ਹਾਂ ਦੀ ਸਰਕਾਰ ਸਵਾਮੀਨਾਥਨ ਕਮਿਸ਼ਨ ਦੀਆਂ ਸਿਫਾਰਸ਼ਾਂ ਨੂੰ ਲਾਗੂ ਕਰਨ ਲਈ ਕੇਂਦਰ ਸਰਕਾਰ ’ਤੇ ਆਪਣਾ ਦਬਾਅ ਜਾਰੀ ਰੱਖੇਗੀ। ਮੀਟਿੰਗ ਵਿਚ ਸ਼ਾਮਲ ਸਾਰੀਆਂ ਹੀ ਕਿਸਾਨ ਜਥੇਬੰਦੀਆਂ ਨੇ ਕਿਸਾਨਾਂ ਦੀਆਂ ਸਮੱਸਿਆਵਾਂ ਦਾ ਚਿਰਸਥਾਈ ਹੱਲ ਕੱਢਣ ਲਈ ਸਵਾਮੀਨਾਥਨ ਕਮਿਸ਼ਨ ਦੀ ਰਿਪੋਰਟ ਅਮਲ ਵਿਚ ਲਿਆਉਣ ’ਤੇ ਇਕਸੁਰ ਪਹੁੰਚ ਅਪਣਾਈ। ਮੀਟਿੰਗ ਦੌਰਾਨ ਬਜਟ ਵਿਚ ਕਰਜ਼ਾ ਮੁਆਫੀ ਦੇ ਕੀਤੇ ਐਲਾਨ ਦੀ ਪ੍ਰਕ੍ਰਿਆ ਦੋ ਮਹੀਨਿਆਂ ਵਿਚ ਸ਼ੁਰੂ ਕਰਨ ਦੀ ਵੀ ਜਾਣਕਾਰੀ ਦਿੱਤੀ ਗਈ। ਸਾਰੀਆਂ ਜਥੇਬੰਦੀਆਂ ਨੇ ਬਿਨਾਂ ਕਿਸੇ ਦੇਰੀ ਤੋਂ ਸਵਾਮੀਨਾਥਨ ਕਮਿਸ਼ਨ ਦੀ ਰਿਪੋਰਟ ਅਮਲ ਵਿਚ ਲਿਆਉਣ ਲਈ ਕੇਂਦਰ ਸਰਕਾਰ ’ਤੇ ਜ਼ੋਰ ਪਾਉਣ ਵਾਸਤੇ ਸੂਬਾ ਸਰਕਾਰ ਨੂੰ ਅਪੀਲ ਕੀਤੀ ਜਿਸ ਦੇ ਜਵਾਬ ਵਿੱਚ ਮੁੱਖ ਮੰਤਰੀ ਨੇ ਉਨ੍ਹਾਂ ਨੂੰ ਭਰੋਸਾ ਦਿਵਾਇਆ ਕਿ ਇਹ ਉਨ੍ਹਾਂ ਦੇ ਏਜੰਡੇ ’ਤੇ ਸਭ ਤੋਂ ਉਪਰ ਹੈ ਅਤੇ ਕਿਸਾਨਾਂ ਦੀਆਂ ਦੁੱਖ-ਤਕਲੀਫਾਂ ਦੂਰ ਕਰਨ ਲਈ ਉਹ ਆਪਣੀ ਪੂਰੀ ਵਾਹ ਲਾ ਦੇਣਗੇ। ਮੁੱਖ ਮੰਤਰੀ ਨੇ ਕਿਸਾਨ ਜਥੇਬੰਦੀਆਂ ਨੂੰ ਵਿਸ਼ਵਾਸ ਦਿਵਾਇਆ ਕਿ ਉਨ੍ਹਾਂ ਦੀ ਸਰਕਾਰ ਕਿਸਾਨ ਭਾਈਚਾਰੇ ਨੂੰ ਦਰਪੇਸ਼ ਸਮੱਸਿਆਵਾਂ ਸੁਲਝਾਉਣ ਲਈ ਕਿਸਾਨ ਨੁਮਾਇੰਦਿਆਂ ਨਾਲ ਵਿਚਾਰ-ਵਟਾਂਦਰੇ ਦਾ ਦੌਰ ਜਾਰੀ ਰੱਖੇਗੀ। ਕੈਪਟਨ ਅਮਰਿੰਦਰ ਸਿੰਘ ਨੇ ਆਖਿਆ ਕਿ ਉਨ੍ਹਾਂ ਦੀ ਸਰਕਾਰ ਕਿਸਾਨਾਂ ਦਾ ਕਰਜ਼ਾ ਮੁਆਫ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਭਾਵੇਂ ਕਿ ਸਰਕਾਰੀ ਖਜ਼ਾਨੇ ’ਤੇ ਉਨ੍ਹਾਂ ਦੇ ਅਨੁਮਾਨ ਤੋਂ ਕਿਤੇ ਵੱਧ ਕਰਜ਼ੇ ਦਾ ਬੋਝ ਹੈ। ਉਨ੍ਹਾਂ ਆਖਿਆ ਕਿ ਖੇਤੀ ਨੂੰ ਮੁਨਾਫ਼ਾਬਖਸ਼ ਬਣਾਉਣ ਦੇ ਵਾਅਦੇ ਨਾਲ ਪਾਰਟੀ ਦੇ ਚੋਣ ਮਨੋਰਥ ਪੱਤਰ ਵਿੱਚ ਕੀਤੇ 49 ਵਾਅਦਿਆਂ ’ਚੋਂ ਇਕ-ਇਕ ਵਾਅਦਾ ਪੂਰਾ ਕੀਤਾ ਜਾਵੇਗਾ। ਕਿਸਾਨਾਂ ਵੱਲੋਂ ਆੜ੍ਹਤੀਆਂ ਦੇ ਕਰਜ਼ੇ ਬਾਰੇ ਜ਼ਾਹਰ ਕੀਤੇ ਖਦਸ਼ਿਆਂ ਸਬੰਧੀ ਹੁੰਗਾਰਾ ਭਰਦਿਆਂ ਮੁੱਖ ਮੰਤਰੀ ਨੇ ਆਖਿਆ ਕਿ ਗੈਰ-ਸੰਸਥਾਗਤ ਕਰਜ਼ਿਆਂ ਦੇ ਮਸਲੇ ਦਾ ਹੱਲ ਕੱਢਣ ਲਈ ਆੜ੍ਹਤੀਆਂ ਨਾਲ ਗੱਲ ਕਰਨ ਵਾਸਤੇ ਕੈਬਨਿਟ ਸਬ-ਕਮੇਟੀ ਦਾ ਗਠਨ ਪਹਿਲਾਂ ਹੀ ਕੀਤਾ ਜਾ ਚੁੱਕਾ ਹੈ। ਕਰਜ਼ਾ ਮੁਆਫੀ ਤੋਂ ਇਲਾਵਾ ਕਿਸਾਨ ਯੂਨੀਅਨਾਂ ਵੱਲੋਂ ਸਵਾਮੀਨਾਥਨ ਕਮਿਸ਼ਨ ਦੀ ਰਿਪੋਰਟ ਵਿਚ ਦਿੱਤੀਆਂ ਸਿਫਾਰਸ਼ਾਂ ਮੁਤਾਬਕ ਫਸਲਾਂ ਦਾ ਭਾਅ ਮਿੱਥਣ (ਉਤਪਾਦਨ ਲਾਗਤ ਤੋਂ ਘੱਟੋ-ਘੱਟ 50 ਫੀਸਦੀ ਵੱਧ ਸਮਰਥਨ ਮੁੱਲ ਤੈਅ ਹੋਣਾ ਚਾਹੀਦਾ), ਕਰਜ਼ੇ ਕਾਰਨ ਖੁਦਕੁਸ਼ੀ ਕਰਨ ਵਾਲੇ ਕਿਸਾਨ ਨੂੰ 10 ਲੱਖ ਰੁਪਏ ਮੁਆਵਜ਼ਾ, ਪਰਿਵਾਰ ਦੇ ਇਕ ਮੈਂਬਰ ਨੂੰ ਨੌਕਰੀ ਅਤੇ ਉਨ੍ਹਾਂ ਦਾ ਸਮੁੱਚਾ ਕਰਜ਼ਾ ਮੁਆਫ ਕਰਨ ਸਮੇਤ ਹੋਰ ਮਸਲੇ ਉਠਾਏ ਗਏ ਮੀਟਿੰਗ ਵਿੱਚ ਸ਼ਾਮਲ ਹੋਰਨਾਂ ਵਿੱਚ ਕੈਬਨਿਟ ਮੰਤਰੀ ਮਨਪ੍ਰੀਤ ਸਿੰਘ ਬਾਦਲ ਤੇ ਤ੍ਰਿਪਤ ਰਜਿੰਦਰ ਸਿੰਘ ਬਾਜਵਾ, ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਲਾਲ ਸਿੰਘ, ਮੁੱਖ ਮੰਤਰੀ ਦੇ ਮੀਡੀਆ ਸਲਾਹਕਾਰ ਰਵੀਨ ਠੁਕਰਾਲ, ਮੁੱਖ ਮੰਤਰੀ ਦੇ ਮੁੱਖ ਪ੍ਰਮੁੱਖ ਸਕੱਤਰ ਸੁਰੇਸ਼ ਕੁਮਾਰ, ਮੁੱਖ ਸਕੱਤਰ ਕਰਨ ਅਵਤਾਰ ਸਿੰਘ, ਮੁੱਖ ਮੰਤਰੀ ਦੇ ਪ੍ਰਮੁੱਖ ਸਕੱਤਰ ਤੇਜਵੀਰ ਸਿੰਘ, ਵਧੀਕ ਮੁੱਖ ਸਕੱਤਰ (ਮਾਲ) ਕੇ.ਬੀ.ਐਸ. ਸਿੱਧੂ, ਵਧੀਕ ਮੁੱਖ ਸਕੱਤਰ (ਵਿਕਾਸ) ਐਮ.ਪੀ. ਸਿੰਘ, ਪ੍ਰਮੁੱਖ ਸਕੱਤਰ (ਵਿੱਤ) ਅਨਿਰੁਧ ਤਿਵਾੜੀ, ਪ੍ਰਮੁੱਖ ਸਕੱਤਰ ਖੁਰਾਕ ਅਤੇ ਸਿਵਲ ਸਪਲਾਈ ਕੇ.ਪੀ. ਸਿਨਹਾ, ਵਿਸ਼ੇਸ਼ ਸਕੱਤਰ ਖੇਤੀਬਾੜੀ ਵਿਕਾਸ ਗਰਗ ਅਤੇ ਡਾਇਰੈਕਟਰ ਕਮ ਸਕੱਤਰ ਉਦਯੋਗ ਅਤੇ ਕਮਰਸ ਅਮਿਤ ਢਾਕਾ ਹਾਜ਼ਰ ਸਨ।

Send this to a friend