ਐੱਸ. ਏ. ਐੱਸ ਨਗਰ, 14 ਅਕਤੂਬਰ (ਪੀ. ਟੀ. ਬਿਊਰੋ)-ਪੰਜਾਬ ਸਰਕਾਰ ਰਾਜ ਵਿਚ ਉਦਯੋਗਿਕ ਖੇਤਰ ਨੂੰ ਬੜਾਵਾ ਦੇਣ ਦੇ ਨਾਲ-ਨਾਲ ਤਕਨੀਕੀ ਸਿੱਖਿਆ ਦੇ ਪ੍ਰਸਾਰ ਲਈ ਹਰ ਸੰਭਵ ਯਤਨ ਕਰ ਰਹੀ ਹੈ ਤਾਂ ਜੋ ਰਾਜ ਵਿਚ ਵੱਧ ਤੋਂ ਵੱਧ ਉਦਯੋਗ ਸਥਾਪਿਤ ਹੋਣ ਅਤੇ ਨੌਜਵਾਨਾਂ ਲਈ ਰੁਜ਼ਗਾਰ ਦੇ ਨਵੇਂ ਮੌਕੇ ਪੈਦਾ ਹੋਣ। ਇਸ ਗੱਲ ਦੀ ਜਾਣਕਾਰੀ ਉਦਯੋਗ ਤੇ ਵਣਜ, ਤਕਨੀਕੀ ਸਿੱਖਿਆ ਮੰਤਰੀ ਪੰਜਾਬ ਸ਼੍ਰੀ ਮਦਨ ਮੋਹਨ ਮਿੱਤਲ ਨੇ ਚੰਡੀਗੜ੍ਹ ਗਰੁੱਪ ਆਫ ਕਾਲਜਿਜ਼ ਲਾਂਡਰਾਂ ਕੈਂਪਸ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦਿੱਤੀ। ਉਹ ਅੱਜ ਇੱਥੇ ਦੋ ਰੋਜ਼ਾ ਪਰਿਵਰਤਨ-2013 ਦਾ ਉਦਘਾਟਨ ਕਰਨ ਲਈ ਪੁੱਜੇ ਹੋਏ ਸਨ।
ਉਦਯੋਗ ਤੇ ਵਣਜ ਮੰਤਰੀ ਪੰਜਾਬ ਨੇ ਕਿਹਾ ਕਿ ਪੰਜਾਬ, ਦੇਸ ਦਾ ਪਹਿਲਾ ਸੂਬਾ ਹੈ ਜਿਸ ਨੇ ਆਪਣੀ ਨਵੀਂ ਉਦਯੋਗਿਕ ਨੀਤੀ ਤਿਆਰ ਕਰਕੇ ਉਸ ਨੂੰ ਲਾਗੂ ਕੀਤਾ ਹੈ ਅਤੇ ਆਪਣੇ ਬਲ ਬੁੱਤੇ ਤੇ ਵਿਸ਼ੇਸ ਰਿਆਇਤਾਂ ਦੇਣ ਦਾ ਐਲਾਨ ਕੀਤਾ ਹੈ ਜਦਕਿ ਕੇਂਦਰ ਦੀ ਯੂਪੀਏ ਸਰਕਾਰ ਨੇ ਉਦਯੋਗਿਕ ਖੇਤਰ ਵਿਚ ਪੰਜਾਬ ਨਾਲ ਹਮੇਸ਼ਾਂ ਮਤਰੇਈ ਮਾਂ ਵਾਲਾ ਸਲੂਕ ਕੀਤਾ ਹੈ ਅਤੇ ਪੰਜਾਬ ਦੇ ਨਾਲ ਲਗਦੇ ਗੁਆਂਢੀ ਰਾਜਾਂ ਨੂੰ ਉਦਯੋਗਾਂ ਤੇ ਵਿਸ਼ੇਸ ਰਿਆਇਤਾਂ ਦੇ ਕੇ ਪੰਜਾਬ ਦੇ ਉਦਯੋਗਿਕ ਖੇਤਰ ਤੇ ਵੱਡੀ ਢਾਅ ਲਗਾਈ ਹੈ। ਉਨਾਂ੍ਹ ਕਿਹਾ ਕਿ ਨਵੀਂ ਉਦਯੋਗਿਕ ਨੀਤੀ ਨਾਲ ਪੰਜਾਬ ਵਿਚ ਉਦਯੋਗਿਕ ਖੇਤਰ ਵਿਚ ਨਵੀਂ ਕ੍ਰਾਂਤੀ ਆਵੇਗੀ ਅਤੇ ਹੁਣ ਵੱਡੇ ਵੱਡੇ ਉਦਯੋਗਿਕ ਘਰਾਣੇ ਪੰਜਾਬ ਵਿਚ ਉਦਯੋਗ ਲਗਾਉਣ ਲਈ ਸਹਿਮਤੀ ਜਾਹਿਰ ਕਰ ਰਹੇ ਹਨ। ਉਨਾਂ੍ਹ ਕਿਹਾ ਕਿ ਉਦਯੋਗਾਂ ਤੋਂ ਬਿਨਾਂ੍ਹ ਕੋਈ ਵੀ ਸੂਬਾ ਜਾਂ ਦੇਸ ਤਰੱਕੀ ਨਹੀ ਕਰ ਸਕਦਾ ਉਨਾਂ੍ਹ ਦੱਸਿਆ ਕਿ ਪੰਜਾਬ ਵਿਚ ਨਵੇਂ ਉਦਯੋਗ ਸਥਾਪਿਤ ਹੋਣ ਨਾਲ ਬੇਰੁਜ਼ਗਾਰੀ ਨੂੰ ਵੀ ਠੱਲ ਪਵੇਗੀ ਅਤੇ ਨੌਜਵਾਨਾਂ ਲਈ ਰੁਜ਼ਗਾਰ ਦੇ ਨਵੇਂ ਮੌਕੇ ਪੈਦਾ ਹੋਣਗੇ ।
ਸ੍ਰੀ ਮਿੱਤਲ ਨੇ ਕਿਹਾ ਕਿ ਪੰਜਾਬ ਸਰਕਾਰ ਰਾਜ ਵਿਚ ਤਕਨੀਕੀ ਸਿੱਖਿਆ ਦੇ ਪ੍ਰਸਾਰ ਲਈ ਵਿਸ਼ੇਸ ਤਵੱਜੋ ਦੇ ਰਹੀ ਹੈ। ਉਨਾਂ੍ਹ ਦੱਸਿਆ ਕਿ ਇਸ ਵਿਚ ਗੈਰ ਸਰਕਾਰੀ ਤਕਨੀਕੀ ਸੰਸਥਾਵਾਂ ਵੀ ਬਹੁਤ ਵੱਡਾ ਰੋਲ ਅਦਾ ਕਰ ਰਹੀਆਂ ਹਨ। ਉਨਾਂ੍ਹ ਦੱਸਿਆ ਕਿ ਪਹਿਲਾਂ ਪੰਜਾਬ ਦੇ ਨੋਜਵਾਂਨਾਂ ਨੂੰ ਤਕਨੀਕੀ ਸਿੱਖਿਆ ਹਾਸਲ ਕਰਨ ਲਈ ਦੂਸਰੇ ਰਾਜਾਂ ਵਿਚ ਜਾਣਾ ਪੈਂਦਾ ਸੀ ਪ੍ਰੰਤੂ ਹੁਣ ਪੰਜਾਬ ਵਿਚ ਤਕਨੀਕੀ ਸਿੱਖਿਆ ਦੇ ਖੇਤਰ ਵਿਚ ਵੱਡਾ ਇਨਕਲਾਬ ਆਇਆ ਹੈ ਅਤੇ ਹੁਣ ਹੋਰਨਾਂ ਰਾਜਾਂ ਦੇ ਨੌਜਵਾਨ ਪੰਜਾਬ ਵਿਚ ਤਕਨੀਕੀ ਸਿੱਖਿਆ ਹਾਸਲ ਕਰਨ ਲਈ ਆਂਉਂਦੇ ਹਨ। ਉਨਾਂ੍ਹ ਇਸ ਮੌਕੇ ਸੀ.ਜੀ.ਸੀ ਗਰੁੱਪ ਦੀ ਪ੍ਰਸੰਸਾ ਕਰਦਿਆਂ ਕਿਹਾ ਕਿ ਇਹ ਗਰੁੱਪ ਆਪਣੀਆਂ ਤਕਨੀਕੀ ਸੰਸਥਾਵਾਂ ਵਿਚ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰ ਰਿਹਾ ਹੈ ਜਿਸ ਕਾਰਣ ਇਥੋਂ ਪੜ੍ਹੇ ਵਿਦਿਆਰਥੀ ਦੇਸਾਂ ਅਤੇ ਵਿਦੇਸਾਂ ਵਿਚ ਰੋਜ਼ਗਾਰ ਤੇ ਲਗੇ ਹੋਏ ਹਨ।
ਸ੍ਰੀ ਮਿੱਤਲ ਨੇ ਬਾਅਦ ਵਿਚ ਦੋ ਰੋਜ਼ਾ ‘ਪਰਿਵਰਤਨ-2013’ ਦਾ ਸ਼ਮਾ ਰੋਸ਼ਨ ਕਰਕੇ ਉਦਘਾਟਨ ਕਰਨ ਉਪਰੰਤ ਆਪਣੇ ਸੰਬੋਧਨ ਵਿਚ ਕਿਹਾ ਕਿ ਸੀ.ਜੀ.ਸੀ. ਕੈਂਪਸ ਦੇ ਵਿਦਿਆਰਥੀਆਂ ਨੇ ਜਿਥੇ ਤਕਨੀਕੀ ਸਿੱਖਿਆ ਦੇ ਖੇਤਰ ਵਿਚ ਮਲਾਂ ਮਾਰੀਆਂ ਹਨ ਉਥੇ ਸਭਿਆਚਾਰਕ ਅਤੇ ਖੇਡਾਂ ਦੇ ਖੇਤਰ ਵਿਚ ਵੀ ਵਿਦਿਆਰਥੀਆਂ ਨੇ ਨਾਮਣਾਂ ਖੱਟਿਆ ਹੈ। ਉਨਾਂ੍ਹ ਇਸ ਮੌਕੇ ਪਰਿਵਰਤਨ-2013 ਨੂੰ ਨੌਜਵਾਨ ਵੋਟਰਾਂ ਨੂੰ ਵੋਟ ਦੇ ਅਧਿਕਾਰ ਬਾਰੇ ਜਾਗਰੂਕ ਕਰਨ ਨੂੰ ਸਮਰਪਿਤ ਕਰਨ ਲਈ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਅੱਜ ਬੱਚਿਆਂ ਨੂੰ ਸਹੀ ਦਿਸ਼ਾ ਦੇਣ ਦੀ ਲੋੜ ਹੈ ਅਤੇ ਨੌਜਵਾਨ ਸਮਾਜਿਕ ਅਤੇ ਰਾਜਨੀਤਿਕ ਪਰਿਵਰਤਨ ਲਿਆਉਣ ਵਿਚ ਬਹੁਤ ਵੱਡੀ ਭੂਮਿਕਾ ਨਿਭਾ ਸਕਦੇ ਹਨ। ਉਨਾਂ੍ਹ ਕਿਹਾ ਕਿ ਭਾਰਤ ਵਿਸ਼ਵ ਦਾ ਸਭ ਤੋਂ ਵੱਡਾ ਲੋਕਤੰਤਰ ਹੈ ਇਸ ਲਈ ਦੇਸ ਵਾਸੀਆਂ ਨੂੰ ਲੋਕਤੰਤਰ ਦੀ ਮਜ਼ਬੂਤੀ ਲਈ ਆਪਣੀ ਵੋਟ ਬਣਾਉਣ ਦੇ ਅਧਿਕਾਰ ਅਤੇ ਵੋਟ ਦੀ ਵਰਤੋਂ ਪ੍ਰਤੀ ਪੂਰੀਤਰਾਂ੍ਹ ਸੁਚੇਤ ਹੋਣ ਦੀ ਲੋੜ ਹੈ। ਉਨਾਂ੍ਹ ਨੌਜਵਾਨਾਂ ਨੂੰ ਭਰੂਣ ਹੱਤਿਆ ਦਾਜ-ਦਹੇਜ ਵਰਗੀਆਂ ਲਾਹਨਤਾਂ ਤੋਂ ਸਮਾਜ ਨੂੰ ਮੁਕਤ ਕਰਨ ਲਈ ਅਗੇ ਆਉਣ ਦੀ ਲੋੜ ਤੇ ਜ਼ੋਰ ਦਿੱਤਾ।