ਮੁਕੇਰੀਆਂ, 15 ਅਕਤੂਬਰ (ਹਰਦੀਪ ਧਨੋਆ)-ਅੱਜ ਸਵੇਰੇ ਤੜਕਸਾਰ ਮੁਕੇਰੀਆਂ ਨੈਸ਼ਨਲ ਹਾਈਵੇ ‘ਤੇ ਪੈਂਦੇ ਰਾਧਾ ਸਵਾਮੀ ਸਤਿਸੰਗ ਘਰ ਦੇ ਨਜ਼ਦੀਕ ਖੜ੍ਹੇ ਟਰੱਕ ਅਤੇ ਸਕਾਰਪੀਓ ‘ਚ ਹੋਈ ਟੱਕਰ ਨਾਲ ਹੋਏ ਦਰਦਨਾਕ ਹਾਦਸੇ ‘ਚ ਇੱਕ ਬੱਚੇ ਸਮੇਤ ਦੋ ਔਰਤਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ ਜਦਕਿ ਇੱਕ ਬੱਚੇ, ਇਕ ਔਰਤ ਅਤੇ ਦੋ ਵਿਅਕਤੀ ਗੰਭੀਰ ਰੂਪ ‘ਚ ਜ਼ਖ਼ਮੀ ਹੋ ਗਏ। ਜ਼ਖ਼ਮੀਆਂ ਨੂੰ ਸਿਵਲ ਹਸਪਤਾਲ ਮੁਕੇਰੀਆਂ ‘ਚ ਇਲਾਜ ਲਈ ਦਾਖਿਲ ਕਰਵਾਇਆ ਗਿਆ ਹੈ। ਇਸ ਹਾਦਸੇ ਤੋਂ ਬਾਅਦ ਟਰੱਕ ਡਰਾਈਵਰ ਮੌਕੇ ਤੋਂ ਫ਼ਰਾਰ ਹੋ ਗਿਆ।
ਇਸ ਸਬੰਧੀ ਇਕੱਤਰ ਕੀਤੀ ਗਈ ਜਾਣਕਾਰੀ ਅਨੁਸਾਰ ਜਸਵੰਤ ਕੌਰ ਪਤਨੀ ਗੁਰਦੇਵ ਸਿੰਘ, ਰਣਜੀਤ ਸਿੰਘ ਪੁੱਤਰ ਗੁਰਦੇਵ ਸਿੰਘ, ਅਮਰਜੀਤ ਸਿੰਘ ਪੁੱਤਰ ਗੁਰਦੇਵ ਸਿੰਘ, ਪਰਮਿੰਦਰਜੀਤ ਕੌਰ ਪਤਨੀ ਅਮਰਜੀਤ ਸਿੰਘ, ਮਨਦੀਪ ਕੌਰ ਪਤਨੀ ਰਣਜੀਤ ਸਿੰਘ, ਏਕਮ (4) ਅਤੇ ਸ਼ਬਦ (5) ਸਾਰੇ ਨਿਵਾਸੀ ਫਰੀਦਕੋਟ ਜੋ ਆਪਣੀ ਸਕਾਰਪੀਓ ਗੱਡੀ ਨੰਬਰ ਪੀਬੀ-05- ਏਐੱਮ-0560 ‘ਚ ਸਵਾਰ ਹੋ ਕੇ ਮਾਤਾ ਵੈਸ਼ਨੋ ਦੇਵੀ ਦੇ ਦਰਸ਼ਨ ਕਰ ਵਾਪਸ ਆ ਰਹੇ ਸਨ ਅਤੇ ਜਦੋਂ ਉਨ੍ਹਾਂ ਦੀ ਗੱਡੀ ਮੁਕੇਰੀਆ ਦੇ ਨਜ਼ਦੀਕ ਰਾਧਾ ਸਵਾਮੀ ਸਤਿਸੰਗ ਘਰ ਦੇ ਨੇੜੇ ਪਹੁੰਚੀ ਤਾਂ ਅੱਗੇ ਖੜ੍ਹੇ ਟਰੱਕ ਨੰਬਰ ਪੀਬੀ13- ਕਿਊ-8209 ਦੇ ਪਿੱਛੇ ਸਿੱਧੀ ਜਾ ਵੱਜੀ। ਇਸ ਜ਼ਬਰਦਸਤ ਹਾਦਸੇ ‘ਚ ਜਸਵੰਤ ਕੌਰ ਪਤਨੀ ਗੁਰਦੇਵ ਸਿੰਘ, ਪਰਮਿੰਦਰਜੀਤ ਕੌਰ ਪਤਨੀ ਅਮਰਜੀਤ ਸਿੰਘ ਅਤੇ ਬੱਚਾ ਸ਼ਬਦ (5) ਦੀ ਮੌਕੇ ‘ਤੇ ਹੀ ਮੌਤ ਹੋ ਗਈ ਜਦਕਿ ਇਸ ਹਾਦਸੇ ‘ਚ ਰਣਜੀਤ ਸਿੰਘ, ਅਮਰਜੀਤ ਸਿੰਘ, ਮਨਦੀਪ ਕੌਰ ਅਤੇ ਛੋਟਾ ਬੱਚਾ ਏਕਮ ਗੰਭੀਰ ਰੂਪ ਵਿੱਚ ਜਖ਼ਮੀ ਹੋ ਗਏ। ਇਸ ਹਾਦਸੇ ਦੀ ਸੂਚਨਾ ਮਿਲਦੇ ਸਾਰ ਹੀ ਮੁਕੇਰੀਆਂ ਪੁਲਿਸ ਹਾਦਸੇ ਵਾਲੀ ਥਾਂ ‘ਤੇ ਪਹੁੰਚੀ ਅਤੇ ਰਾਹਗੀਰਾਂ ਦੀ ਮੱਦਦ ਨਾਲ ਹਾਦਸਾਗ੍ਰਸਤ ਗੱਡੀ ‘ਚ ਫ਼ਸੇ ਹੋਏ ਮੁਸਾਫ਼ਰਾਂ ਨੂੰ ਬਾਹਰ ਕੱਢਿਆ। ਜਿਨ੍ਹਾਂ ਨੂੰ ਇਲਾਜ ਲਈ ਸਿਵਲ ਹਸਪਤਾਲ ਮੁਕੇਰੀਆਂ ਵਿਚ ਦਾਖ਼ਿਲ ਕਰਵਾਇਆ ਗਿਆ ਹੈ।
ਇਸ ਸਬੰਧ ‘ਚ ਜਦੋਂ ਜਾਂਚ ਅਧਿਕਾਰੀ ਰਛਪਾਲ ਸਿੰਘ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਨੇ ਦੱਸਿਆ ਕਿ ਸਵੇਰੇ ਹਾਦਸੇ ਦੀ ਸੂਚਨਾ ਮਿਲਦੇ ਹੀ ਉਹ ਪੁਲਿਸ ਪਾਰਟੀ ਦੇ ਨਾਲ ਮੌਕੇ ‘ਤੇ ਪਹੁੰਚੇ ਗਏ ਸਨ ਅਤੇ ਸਥਾਨਕ ਲੋਕਾਂ ਸਹਾਇਤਾ ਨਾਲ ਜ਼ਖ਼ਮੀਆਂ ਅਤੇ ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਸਿਵਲ ਹਸਪਤਾਲ ਮੁਕੇਰੀਆ ਪਹੁੰਚਾਇਆ ਗਿਆ। ਉਨ੍ਹਾਂ ਨੇ ਦੱਸਿਆ ਕਿ ਪਰਵਾਰਿਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ ‘ਤੇ ਟਰੱਕ ਡਰਾਈਵਰ ਜੋ ਹਾਦਸੇ ਤੋਂ ਬਾਅਦ ਮੌਕੇ ਤੋਂ ਫ਼ਰਾਰ ਹੈ ‘ਤੇ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ ਅਤੇ ਮ੍ਰਿਤਕਾਂ ਦੀਆਂ ਲਾਸ਼ਾਂ ਦਾ ਪੋਸਟਮਾਰਟਮ ਕਰਵਾਉਣ ਤੋਂ ਬਾਅਦ ਪਰਵਾਇਕ ਮੈਂਬਰਾਂ ਨੂੰ ਸੌਂਪ ਦਿੱਤੇ ਗਏ ਹਨ।