ਸਿੱਖਿਆ ਵਿਭਾਗ ਸਾਲ ਵਿੱਚ ਦੋ ਵਾਰ ਕਰੇਗਾ ਡੀ.ਪੀ.ਸੀ. : ਅਰੁਨਾ ਚੌਧਰੀ
ਚੰਡੀਗੜ੍ਹ, 5 ਜੁਲਾਈ- ਸਿੱਖਿਆ ਵਿਭਾਗ ਵੱਲੋਂ ਅਧਿਆਪਕਾਂ ਦੀਆਂ ਪਦਉਨਤੀਆਂ ਦੀ ਖੜੋਤ ਨੂੰ ਖਤਮ ਕਰਨ ਲਈ ਇਕ ਅਹਿਮ ਫੈਸਲਾ ਕਰਦਿਆਂ ਸਾਲ ਵਿੱਚ ਦੋ ਵਾਰ ਵਿਭਾਗੀ ਤਰੱਕੀ ਕਮੇਟੀ (ਡੀ.ਪੀ.ਸੀ.) ਦੀ ਮੀਟਿੰਗ ਕਰਵਾਉਣ ਦਾ ਫੈਸਲਾ ਕੀਤਾ ਗਿਆ ਹੈ ਜਿਸ ਨਾਲ ਪਦਉਨਤੀ ਦੇ ਯੋਗ ਅਧਿਆਪਕ ਨਿਰਧਾਰਤ ਸਮੇਂ ਅੰਦਰ ਪਦਉਨਤ ਹੋਣਗੇ। ਇਹ ਖੁਲਾਸਾ ਸਿੱਖਿਆ ਮੰਤਰੀ ਸ੍ਰੀਮਤੀ ਅਰੁਨਾ ਚੌਧਰੀ ਨੇ ਅੱਜ ਇਥੇ ਜਾਰੀ ਇਕ ਪ੍ਰੈਸ ਬਿਆਨ ਵਿੱਚ ਕੀਤਾ। ਸ੍ਰੀਮਤੀ ਚੌਧਰੀ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਦਿੱਤੀਆਂ ਹਦਾਇਤਾਂ ਤਹਿਤ ਸਿੱਖਿਆ ਵਿਭਾਗ ਵੱਲੋਂ ਕਈ ਅਹਿਮ ਫੈਸਲੇ ਲਏ ਜਾ ਰਹੇ ਹਨ ਜਿਨ੍ਹਾਂ ਦਾ ਮਕਸਦ ਵਿਭਾਗ ਦੇ ਕੰਮਕਾਜ ਨੂੰ ਸੁਖਾਲਾ ਬਣਾਉਣਾ ਅਤੇ ਮਿਆਰੀ ਸਿੱਖਿਆ ਦੇ ਟੀਚਿਆਂ ਨੂੰ ਹਾਸਲ ਕਰਨਾ ਹੈ। ਉਨ੍ਹਾਂ ਕਿਹਾ ਕਿ ਵਿਭਾਗ ਵਿੱਚ ਅਧਿਆਪਕਾਂ ਦੀਆਂ ਤਰੱਕੀਆਂ ਦੀ ਖੜੋਤ ਖਤਮ ਕਰਨ ਅਤੇ ਅਧਿਆਪਕਾਂ ਵੱਲੋਂ ਖੁਦ ਵਾਰ-ਵਾਰ ਪਦਉਨਤੀ ਲਈ ਕੇਸ ਭੇਜਣ ਦੀ ਪ੍ਰਥਾ ਨੂੰ ਖਤਮ ਕਰਦਿਆਂ ਇਹ ਫੈਸਲਾ ਕੀਤਾ ਗਿਆ ਹੈ ਕਿ ਵਿਭਾਗ ਹਰ ਸਾਲ ਦੋ ਵਾਰ ਡੀ.ਪੀ.ਸੀ. ਕਰੇਗਾ ਅਤੇ ਸਬੰਧਤ ਜ਼ਿੰਮੇਵਾਰ ਅਧਿਕਾਰੀ ਆਪਣੇ ਅਧਿਕਾਰ ਖੇਤਰ ਵਿੱਚ ਆਉਂਦੇ ਅਧਿਆਪਕਾਂ ਦੇ ਰਿਕਾਰਡ ਨੂੰ ਮੇਨਟੇਨ ਕਰਨਗੇ। ਸਿੱਖਿਆ ਮੰਤਰੀ ਨੇ ਦੱਸਿਆ ਕਿ ਹਰ ਛੇ ਮਹੀਨਿਆਂ ਬਾਅਦ ਹੋਣ ਵਾਲੀ ਡੀ.ਪੀ.ਸੀ. ਵਿੱਚ ਆਉਂਦੇ ਛੇ ਮਹੀਨਿਆਂ ਵਿੱਚ ਖਾਲੀ ਹੋਣ ਵਾਲੀਆਂ ਪੋਸਟਾਂ ਨੂੰ ਵੀ ਧਿਆਨ ਵਿੱਚ ਰੱਖਦਿਆਂ ਅਧਿਆਪਕਾਂ ਦੀ ਪਦਉਨਤੀ ਕੀਤੀ ਜਾਵੇਗੀ।



