ਪਾਕਿਸਤਾਨ ਨਾਲ ਗੱਲਬਾਤ ਦੇ ਮੁੱਦੇ ’ਤੇ ਭਾਰਤ ਦੇ ਰੁਖ ਵਿੱਚ ਕੋਈ ਬਦਲਅ ਨਹੀਂ
ਨਵੀਂ ਦਿੱਲੀ, 13 ਜੁਲਾਈ- ਚੀਨ ਵੱਲੋਂ ਕਸ਼ਮੀਰ ਮੁੱਦੇ ਦੇ ਹੱਲ ਲਈ ਸਕਾਰਾਤਮਕ ਭੂਮਿਕਾ ਨਿਭਾਉਣ ਸਬੰਧੀ ਬਿਆਨ ’ਤੇ ਕੋਈ ਤਵੱਜੋ ਨਾ ਦਿੰਦੇ ਹੋਏ ਭਾਰਤ ਨੇ ਵੀਰਵਾਰ ਨੂੰ ਇਹ ਪੇਸ਼ਕਸ਼ ਖਾਰਿਜ ਕਰ ਦਿੱਤੀ ਹੈ। ਭਾਰਤ ਦਾ ਕਹਿਣਾ ਹੈ ਕਿ ਇਸ ਮਾਮਲੇ ਦੇ ਮੂਲ ਵਿੱਚ ਸਰਹੱਦ ਪਾਰੋਂ ਭਾਰਤ ਵਿੱਚ ਫੈਲਾਇਆ ਜਾ ਰਿਹਾ ਅੱਤਵਾਦ ਹੈ ਅਤੇ ਇੱਕ ਖਾਸ ਸਰੋਤ ਤੋਂ ਫੈਲਾਇਆ ਜਾ ਰਿਹਾ ਅੱਤਵਾਦ ਪੂਰੇ ਖੇਤਰ ਵਿੱਚ ਸ਼ਾਂਤੀ ਅਤੇ ਸਥਿਰਤਾ ਲਈ ਖਤਰਾ ਬਣ ਗਿਆ ਹੈ।
ਵਿਦੇਸ਼ ਮੰਤਰਾਲੇ ਦੇ ਬੁਲਾਰੇ ਸ੍ਰੀ ਗੋਪਾਲ ਬਾਦਲੇ ਨੇ ਇੱਥੇ ਪੱਤਰਕਾਰਾਂ ਨਾਲ ਗੱਲ ਕਰਦੇ ਹੋਏ ਕਿਹਾ ਕਿ ਭਾਰਤ ਦੀ ਸਥਿਤੀ ਪੂਰੀ ਤਰ੍ਹਾਂ ਸਪਸ਼ਟ ਹੈ। ਜੰਮੂ-ਕਸ਼ਮੀਰ ਸਮੇਤ ਸਾਰੇ ਮੁੱਦਿਆਂ ਉਪਰ ਪਾਕਿਸਤਾਨ ਨਾਲ ਦਵੱਲੀ ਗੱਲਬਾਤ ਬਾਰੇ ਭਾਰਤ ਦੇ ਰੁਖ ਵਿੱਚ ਕੋਈ ਬਦਲਾਅ ਨਹੀਂ ਆਇਆ। ਚੀਨ ਨੇ ਬੁੱਧਵਾਰ ਨੂੰ ਕਿਹਾ ਸੀ ਕਿ ਉਹ ਕਸ਼ਮੀਰ ਮੁੱਦੇ ’ਤੇ ਭਾਰਤ ਅਤੇ ਪਾਕਿਸਤਾਨ ਦਰਮਿਆਨ ਸਬੰਧਾਂ ਨੂੰ ਸੁਧਾਰਨ ਲਈ ਸਕਾਰਾਤਮਕ ਭੂਮਿਕਾ ਨਿਭਾਉਣ ਲਈ ਤਿਆਰ ਹੈ। ਚੀਨੀ ਵਿਦੇਸ਼ ਮੰਤਰਾਲੇ ਦੇ ਬੁਲਾਰੇ ਗੈਂਗ ਸ਼ੁਆਂਗ ਨੇ ਕਿਹਾ ਸੀ ਕਿ ਕਸ਼ਮੀਰ ਦੇ ਹਾਲਾਤਾਂ ਨੇ ਕੌਮਾਂਤਰੀ ਭਾਈਚਾਰੇ ਦਾ ਕਾਫੀ ਧਿਆਨ ਖਿੱਚਿਆ ਹੈ।