ਸੂਚਨਾ ਤੇ ਲੋਕ ਸੰਪਰਕ ਵਿਭਾਗ ਦੇ ਸਕੱਤਰ ਵੱਲੋਂ ਵਿਭਾਗੀ ਅਫਸਰਾਂ ਨੂੰ ਤਾਕੀਦ
ਚੰਡੀਗੜ੍ਹ, 20 ਜੁਲਾਈ- ‘‘ਸੂਚਨਾ ਤੇ ਲੋਕ ਸੰਪਰਕ ਵਿਭਾਗ ਦੇ ਅਫਸਰਾਂ ਨੂੰ ਸਰਕਾਰ ਅਤੇ ਆਮ ਲੋਕਾਂ ਦਰਮਿਆਨ ਪੁਲ ਦਾ ਕੰਮ ਕਰਨਾ ਚਾਹੀਦਾ ਹੈ ਤਾਂ ਜੋ ਸੂਬਾ ਸਰਕਾਰ ਦੀਆਂ ਲੋਕ ਪੱਖੀ ਨੀਤੀਆਂ ਅਤੇ ਪ੍ਰੋਗਰਾਮ ਸਹੀ ਅਰਥਾਂ ਵਿੱਚ ਆਮ ਲੋਕਾਂ ਤੱਕ ਪੁੱਜਦੇ ਕੀਤੇ ਜਾ ਸਕਣ।’’ ਇਹ ਗੱਲ ਅੱਜ ਇਥੇ ਸੂਚਨਾ ਤੇ ਲੋਕ ਸੰਪਰਕ ਵਿਭਾਗ ਦੇ ਸਮੂਹ ਅਫਸਰਾਂ ਨਾਲ ਕੀਤੀ ਸਮੀਖਿਆ ਮੀਟਿੰਗ ਦੌਰਾਨ ਵਿਭਾਗ ਦੇ ਸਕੱਤਰ ਅਤੇ ਮੁੱਖ ਮੰਤਰੀ ਦੇ ਪ੍ਰਮੁੱਖ ਸਕੱਤਰ ਸ੍ਰੀ ਤੇਜਵੀਰ ਸਿੰਘ ਨੇ ਆਖੀ। ਉਨ੍ਹਾਂ ਆਪਣੇ ਸੰਬੋਧਨ ਵਿੱਚ ਕਿਹਾ ਕਿ ਅਜੋਕੇ ਤਕਨੀਕੀ ਯੁੱਗ ਵਿੱਚ ਆਮ ਲੋਕਾਂ ਤੱਕ ਸਰਕਾਰ ਦੀਆਂ ਨੀਤੀਆਂ ਅਤੇ ਪ੍ਰੋਗਰਾਮ ਪਹੁੰਚਾਣ ਲਈ ਅਤਿ-ਆਧੁਨਿਕ ਤਕਨੀਕ ਅਤੇ ਸੋਸ਼ਲ ਮੀਡੀਆ ਦਾ ਇਸਤੇਮਾਲ ਕੀਤਾ ਜਾਣਾ ਇਕ ਜ਼ਰੂਰਤ ਬਣ ਗਿਆ ਹੈ। ਉਨ੍ਹਾਂ ਮੁੱਖ ਦਫਤਰ ਅਤੇ ਜ਼ਿਲ੍ਹਿਆਂ ਵਿੱਚ ਤਾਇਨਾਤ ਅਫਸਰਾਂ ਨੂੰ ਪੂਰੀ ਤਨਦੇਹੀ ਨਾਲ ਆਪਣਾ ਫਰਜ਼ ਨਿਭਾਉਣ ਲਈ ਕਿਹਾ। ਸਕੱਤਰ ਵੱਲੋਂ ਜ਼ਿਲ੍ਹਿਆਂ ਵਿੱਚ ਤਾਇਨਾਤ ਅਫਸਰਾਂ ਨੂੰ ਸਰਕਾਰ ਦੀਆਂ ਨੀਤੀਆਂ ਸਬੰਧੀ ਫੀਡਬੈਕ ਲੈਣ ਲਈ ਇਕ ਢੁੱਕਵੀਂ ਪ੍ਰਣਾਲੀ ਵਿਕਸਤ ਕਰਨ ਲਈ ਕਿਹਾ ਅਤੇ ਇਸ ਦੇ ਨਾਲ ਹੀ ਇਨ੍ਹਾਂ ਨੀਤੀਆਂ ਪ੍ਰਤੀ ਅਫਸਰਾਂ ਦੇ ਅਧਿਕਾਰ ਖੇਤਰ ਵਿੱਚ ਜੇ ਕੋਈ ਨਰਾਜ਼ਗੀ ਦਿਖਾਈ ਦਿੰਦੀ ਹੈ ਤਾਂ ਲੋਕ ਹਿੱਤ ਵਿੱਚ ਸਰਕਾਰੀ ਤੰਤਰ ਨੂੰ ਉਸ ਸਬੰਧੀ ਜਾਣੂੰ ਕਰਵਾਉਣ ਦੇ ਵੀ ਨਿਰਦੇਸ਼ ਦਿੱਤੇ।