ਮਾਤਾ ਸੁੰਦਰੀ ਯੂਨੀਵਰਸਿਟੀ ਗਰਲਜ਼ ਕਾਲਜ ਮਾਨਸਾ ਨਵੇਂ ਵਿੱਦਿਅਕ ਸੈਸ਼ਨ ਦੀ ਸ਼ੁਰੂਆਤ
ਮਾਨਸਾ, 27 ਜੁਲਾਈ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਧਰਮ ਪ੍ਰਚਾਰ ਮੁਹਿੰਮ ਨੂੰ ਦੇਸ਼ ਵਿਆਪੀ ਲਹਿਰ ਬਣਾਉਣ ਦੇ ਨਾਲ-ਨਾਲ ਸਿੱਖਿਆ ਅਤੇ ਖੇਡਾਂ ਦੇ ਖੇਤਰ ਵਿਚ ਅਹਿਮ ਯੋਗਦਾਨ ਪਾ ਰਹੀ ਹੈ ਤਾਂ ਜੋ ਬੱਚਿਆਂ ਅਤੇ ਨੌਜਵਾਨਾਂ ਨੂੰ ਸਮੇਂ ਦਾ ਹਾਣੀ ਬਣਾਇਆ ਜਾ ਸਕੇ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਮਾਤਾ ਸੁੰਦਰੀ ਯੂਨੀਵਰਸਿਟੀ ਗਰਲਜ਼ ਕਾਲਜ ਮਾਨਸਾ ਵਿਖੇ ਵਿਦਿਅਕ ਸੈਸ਼ਨ 2017-18 ਦੀ ਆਰੰਭਤਾ ਦੌਰਾਨ ਕੀਤਾ। ਪ੍ਰੋ. ਬਡੂੰਗਰ ਨੇ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਧਰਮ ਪ੍ਰਚਾਰ ਦੇ ਨਾਲ-ਨਾਲ ਸਿੱਖਿਆ ਦੇ ਖੇਤਰ ’ਚ ਵੱਡਮੁੱਲਾ ਯੋਗਦਾਨ ਪਾਉਣ ਲਈ ਅਹਿਮ ਫੈਸਲੇ ਲੈ ਰਹੀ ਹੈ, ਜਿਸ ਤਹਿਤ ਸ਼੍ਰੋਮਣੀ ਕਮੇਟੀ ਨੇ ਸਿੱਖਿਆ ਨੂੰ ਹੋਰ ਮਿਆਰੀ ਬਣਾਉਣ ਲਈ ਸਥਾਈ ਤੌਰ ’ਤੇ ਡਾਇਰੈਕਟਰੋਟ ਬਣਾਉਣ ਦਾ ਫੈਸਲਾ ਕਰਨ ਜਾ ਰਹੀ ਹੈ ਤਾਂ ਜੋ ਸਕੂਲਾਂ-ਕਾਲਜਾਂ ਵਿਚ ਵਿੱਦਿਆ ਨੂੰ ਹੋਰ ਮਿਆਰੀ ਬਣਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਪੜ੍ਹਾਈ ਦਾ ਪੱਧਰ ਉਚਾ ਚੁੱਕਣ ਦੇ ਨਾਲ-ਨਾਲ ਖੇਡਾਂ ਵਾਲੇ ਪਾਸੇ ਵੀ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ, ਜਿਸ ਤਹਿਤ ਖੇਡ ਡਾਇਰੈਕਟਰੋਟ ਵੀ ਬਣਾਇਆ ਗਿਆ ਹੈ ਤਾਂ ਜੋ ਹਾਕੀ, ਕਬੱਡੀ ਅਤੇ ਗੱਤਕੇ ਖਿਡਾਰੀਆਂ ਨੂੰ ਕੌਮਾਂਤਰੀ ਪੱਧਰ ’ਤੇ ਪਹੁੰਚਾਇਆ ਜਾ ਸਕੇ।
ੳ੍ਰੁਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਦੀਆਂ ਸੰਸਥਾਵਾਂ ਵਿਚ ਨੈਤਿਕ ਕਦਰਾਂ ਕੀਮਤਾਂ, ਧਾਰਮਿਕ, ਸੱਭਿਆਚਾਰ ਚੇਤਨਾ ਪੈਦਾ ਕਰਨ ਲਈ ਵਿਸ਼ੇਸ਼ ਤੌਰ ’ਤੇ ਸੈਮੀਨਾਰ ਵੀ ਕਰਵਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਬੱਚਿਆਂ ਨੂੰ ਖੇਡਾਂ ਪ੍ਰਤੀ ਉਤਸ਼ਾਹਤ ਕਰਨ ਲਈ ਸ਼੍ਰੋਮਣੀ ਕਮੇਟੀ ਵੱਡੇ ਪੱਧਰ ’ਤੇ ਉਪਰਾਲੇ ਕਰ ਰਹੀ ਹੈ ਅਤੇ ਗੁਰਮਤਿ ਸਿਖਲਾਈ ਕੈਂਪਾਂ ਰਾਹੀਂ ਬੱਚਿਆਂ ਨੂੰ ਗੌਰਵਮਈ ਵਿਰਸੇ ਨਾਲ ਜੋੜਨ ’ਚ ਵੀ ਅਹਿਮ ਯੋਗਦਾਨ ਪਾਇਆ ਜਾ ਰਿਹਾ ਹੈ। ਇਸ ਮੌਕੇ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਆਪਣੀਆਂ ਹੱਥ ਲਿਖਤ ਛੇ ਪੁਸਤਕਾਂ ਦਾ ਸੈਟ ਵੀ ਕਾਲਜ ਦੀ ਲਾਇਬ੍ਰੇਰੀ ਨੂੰ ਭੇਂਟ ਕੀਤਾ। ਇਸ ਦੌਰਾਨ ਕਾਲਜ ਦੀਆਂ ਹੋਣਹਾਰ ਵਿਦਿਆਰਥੀਆਂ ਨੂੰ ਸਨਸਮਾਨਤ ਕੀਤੇ ਜਾਣ ਦੇ ਨਾਲ-ਨਾਲ ਕਾਲਜ ਵੱਲੋਂ ਛਪਵਾਈਆਂ ਗਈਆਂ ਪੁਸਤਕਾਂ ਨੂੰ ਵੀ ਰਿਲੀਜ਼ ਕੀਤਾ ਗਿਆ। ਸਮਾਗਮ ਦੌਰਾਨ ਕਾਲਜ ਮੈਨੇਜਮੈਂਟ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੂੰ ਸਨਮਾਨਤ ਵੀ ਕੀਤਾ ਗਿਆ। ਇਸ ਮੌਕੇ ਕਾਲਜ ਪ੍ਰਿੰਸੀਪਲ ਡਾ. ਬਰਿੰਦਰ ਕੌਰ, ਜਥੇਦਾਰ ਗੁਰਪ੍ਰੀਤ ਸਿੰਘ ਨਿੱਝਰ, ਜਥੇਦਾਰ ਮਿੱਠੂ ਸਿੰਘ ਕਾਹਨੇਕੇ, ਮਨਜੀਤ ਸਿੰਘ ਬੱਪੀਆਣਾ ਮੈਂਬਰ ਧਰਮ ਪ੍ਰਚਾਰ ਕਮੇਟੀ, ਸੁਰਜੀਤ ਸਿੰਘ ਰਾਏਪੁਰ, ਨਾਜ਼ਰ ਸਿੰਘ ਮਾਨਸ਼ਾਹੀਆਂ, ਮਨਜੀਤ ਕੌਰ ਔਲਖ, ਭਗਵੰਤ ਸਿੰਘ ਧੰਗੇੜਾ ਨਿੱਜੀ ਸਹਾਇਕ, ਮੈਨੇਜਰ ਜਗਜੀਤ ਸਿੰਘ ਤਖਤ ਸ੍ਰੀ ਦਮਦਮਾ ਸਾਹਿਬ ਆਦਿ ਹਾਜ਼ਰ ਸਨ।