ਨਵੀਂ ਦਿੱਲੀ, 17 ਅਕਤੂਬਰ (ਮਿਲਨ ਸਕਸੈਨਾ)-ਗੁਰਦੁਆਰਾ ਰਕਾਬ ਗੰਜ ਸਾਹਿਬ ਦੇ ਪ੍ਰਸਤਾਵਤ ਨਵੰਬਰ 1984 ਸਿੱਖ ਕਤਲੇਆਮ ਯਾਦਗਾਰ ਦੇ ਕੰਮ ਨੂੰ ਰੋਕਣ ਦੇ ਮਕਸਦ ਨਾਲ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪਰਮਜੀਤ ਸਿੰਘ ਸਰਨਾ ਵੱਲੋਂ ਦਿੱਲੀ ਹਾਈਕੋਰਟ ਵਿੱਚ 11 ਜੂਨ 2013 ਨੂੰ ਦਾਇਰ ਕੀਤੇ ਗਏ ਮੁਕੱਦਮੇ ਨੂੰ ਸਿੱਖਾਂ ਦੀ ਸਰਵਉੱਚ ਧਾਰਮਿਕ ਸੰਸਥਾ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ਾਂ ਦੇ ਬਾਅਦ ਵਾਪਿਸ ਲੈਣ ਤੋਂ ਬਾਅਦ ਇੱਕ ਵਾਰ ਫੇਰ ਤੋਂ ਸਰਨਾ ਨੇ ਪੰਥ ਨਾਲ ਦਗਾ ਕਰਦੇ ਹੋਏ

ਆਪਣੇ ਵਰਕਰ ਜਤਿੰਦਰ ਸਿੰਘ ਸਿਆਲੀ ਨੂੰ ਦਿੱਲੀ ਦੀ ਕਾਂਗਰਸ ਸਰਕਾਰ ਦੀ ਸ਼ਹਿ ‘ਤੇ ਅੱਗ ਕਰਦੇ ਹੋਏ ਦਿੱਲੀ ਹਾਈਕੋਰਟ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੇ ਖਿਲਾਫ਼ ਅਪਰਾਧਿਕ ਸਾਜ਼ਿਸ਼ ਰਚਣ ਦਾ ਦੋਸ਼ ਲਗਾਉਂਦੇ ਹੋਏ ਇਸ ਕੰਮ ਦੇ ਲਈ ਸੁਖਬੀਰ ਸਿੰਘ ਬਾਦਲ, ਉੱਪ ਮੁੱਖ ਮੰਤਰੀ ਪੰਜਾਬ, ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ. ਮਨਜੀਤ ਸਿੰਘ ਜੀ. ਕੇ. ਨੂੰ ਦੋਸ਼ੀ ਨਾਮਜ਼ਦ ਕਰਦੇ ਹੋਏ 6 ਮਹੀਨੇ ਦੀ ਸਜ਼ਾ ਦੇਣ ਦੀ ਮੰਗ ਕਰਨ ਵਾਲੀ ਪਟੀਸ਼ਨ ਦਿੱਲੀ ਸਰਕਾਰ ਦੀ ਸਟੈਂਡਿੰਗ ਕੌਂਸਲ ਕ੍ਰੀਮੀਨਲ ਤੋਂ ਮੰਨਜੂਰੀ ਦਵਾਉਣ ਦੇ ਬਾਅਦ ਅਦਾਲਤ ਵਿੱਚ ਪਿੱਛਲੇ ਹਫ਼ਤੇ ਦਾਖਲ ਕਰ ਦਿੱਤੀ ਸੀ। ਇਸ ਨੂੰ ਸਿੱਖਾਂ ਦੇ ਧਾਰਮਿਕ ਮਾਮਲਿਆਂ ਵਿੱਚ ਦਿੱਲੀ ਸਰਕਾਰ ਦੀ ਗੈਰ-ਜ਼ਰੂਰੀ ਦਖ਼ਲਅੰਦਾਜੀ ਦੇ ਰੂਪ ਵਿੱਚ ਦੇਖਦੇ ਹੋਏ ਅੱਜ ਸ਼੍ਰੋਮਣੀ ਅਕਾਲੀ ਦਲ (ਬਾਦਲ) ਦਿੱਲੀ ਪ੍ਰਦੇਸ਼ ਦੇ ਸੈਂਕੜੇ ਵਰਕਰਾਂ ਨੇ ਪ੍ਰਧਾਨ ਸ. ਮਨਜੀਤ ਸਿੰਘ ਜੀ.ਕੇ. ਦੀ ਅਗਵਾਈ ਹੇਠ ਰੋਸ ਮੁਜ਼ਾਹਰਾ ਕਰਕੇ ਮੁੱਖ ਮੰਤਰੀ ਸ਼ੀਲਾ ਦੀਕਸ਼ਤ ਦੇ ਨਿਵਾਸ ਵੱਲ ਜਾਣ ਵਾਲੇ ਅੜਿੱਕਿਆਂ ਨੂੰ ਤੋੜਦੇ ਹੋਏ ਜ਼ੋਰਦਾਰ ਪ੍ਰਦਰਸ਼ਨ ਕੀਤਾ। ਦਿੱਲੀ ਪੁਲਿਸ ਵੱਲੋਂ ਇਲਾਕੇ ਵਿੱਚ ਧਾਰਾ 144 ਲੱਗੀ ਹੋਣ ਕਾਰਨ ਸੈਂਕੜੇ ਵਰਕਰਾਂ ਨੂੰ ਹਿਰਾਸਤ ਵਿੱਚ ਲੈ ਕੇ ਤੁਗਲਕ ਰੋਡ ਥਾਣੇ ਭੇਜ ਦਿੱਤਾ ਗਿਆ। ਇਸ ਮੌਕੇ ਸ. ਮਨਜੀਤ ਸਿੰਘ ਜੀ. ਕੇ. ਨੇ ਕਿਹਾ ਕਿ ਇਹ ਸਿੱਖ ਇਤਿਹਾਸ ਵਿੱਚ ਪਹਿਲੀ ਵਾਰ ਹੈ ਕਿ ਕਿਸੇ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਵਉੱਚਤਾ ਨੂੰ ਚੁਣੌਤੀ ਦਿੰਦੇ ਹੋਏ ਅਪਰਾਧਿਕ ਸਾਜ਼ਿਸ਼ ਦਾ ਮੁਕੱਦਮਾ ਕਾਂਗਰਸ ਸਰਕਾਰ ਦੀ ਸ਼ਹਿ ‘ਤੇ ਕਰਵਾਇਆ ਹੈ ਤਾਂ ਜੋ 1984 ਵਿੱਚ ਸਿੱਖਾਂ ਦੇ ਕਤਲੇਆਮ ਦੇ ਸ਼ਹੀਦਾਂ ਦੀ ਯਾਦ ਵਿੱਚ ਉਸਾਰੀ ਜਾਣ ਵਾਲੀ ਯਾਦਗਾਰ ਦੇ ਕਾਰਜ ਨੂੰ ਰੋਕ ਕੇ ਕਾਤਲਾਂ ਨੂੰ ਪਨਾਹ ਦਿੱਤੀ ਜਾ ਸਕੇ। ਇਸ ਮੌਕੇ ਦਿੱਲੀ ਕਮੇਟੀ ਦੇ ਜਨਰਲ ਸਕੱਤਰ ਮਨਜਿੰਦਰ ਸਿੰਘ ਸਿਰਸਾ, ਸੀਨੀਅਰ ਮੀਤ ਪ੍ਰਧਾਨ ਰਵਿੰਦਰ ਸਿੰਘ ਖੁਰਾਨਾ, ਮੀਤ ਪ੍ਰਧਾਨ ਤਨਵੰਤ ਸਿੰਘ, ਸੰਯੁਕਤ ਸਕੱਤਰ ਹਰਮੀਤ ਸਿੰਘ ਕਾਲਕਾ, ਸੀਨੀਅਰ ਅਕਾਲੀ ਆਗੂ ਅਵਤਾਰ ਸਿੰਘ ਹਿੱਤ, ਕੁਲਦੀਪ ਸਿੰਘ ਭੋਗਲ, ਕਮੇਟੀ ਮੈਂਬਰ ਅਮਰਜੀਤ ਸਿੰਘ ਪੱਪੂ, ਗੁਰਵਿੰਦਰਪਾਲ ਸਿੰਘ, ਪਰਮਜੀਤ ਸਿੰਘ ਚੜੋਕ, ਚਮਨ ਸਿੰਘ ਸ਼ਾਹਪੁਰਾ, ਕੁਲਮੋਹਨ ਸਿੰਘ, ਪਰਮਜੀਤ ਸਿੰਘ ਰਾਣਾ, ਸਮਰਦੀਪ ਸਿੰਘ ਸੰਨੀ, ਜਸਵੀਰ ਸਿੰਘ ਜੱਸੀ, ਰਵਿੰਦਰ ੰਿਸਘ ਲਵਲੀ, ਬੀਬੀ ਦਲਜੀਤ ਕੌਰ, ਸਤਬੀਰ ਸਿੰਘ ਵਿਰਦੀ, ਹਰਜੀਤ ਸਿੰਘ ਖੇੜਾ, ਅਜੀਤ ਸਿੰਘ ਫਤਹਿ ਸਮੇਤ ਹੋਰ ਸੈਂਕੜੇ ਵਰਕਰ ਮੌਜੂਦ ਸਨ।