ਬਟਾਲਾ, 8 ਅਗਸਤ (ਅਰਵਿੰਦਰ ਮਠਾਰੂ, ਰਾਜੂ ਖਹਿਰਾ)- ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਪੰਜਾਬ ਸਰਕਾਰ ਕਿਸਾਨਾਂ ਦੀਆਂ ਸਮੱਸਿਆਵਾਂ ਨੂੰ ਹੱਲ ਕਰਨ ਲਈ ਵਚਨਬੱਧ ਹੈ ਅਤੇ ਕਿਸਾਨੀ ਦੀ ਆਰਥਿਕ ਸਥਿਤੀ ਸੁਧਾਰਨ ਲਈ ਵਿਆਪਕ ਪੱਧਰ ’ਤੇ ਉਪਾਰਾਲੇ ਕੀਤੇ ਜਾ ਰਹੇ ਹਨ। ਇਹ ਪ੍ਰਗਟਾਵਾ ਕਰਦਿਆਂ ਸ. ਬਲਵਿੰਦਰ ਸਿੰਘ ਲਾਡੀ ਹਲਕਾ ਵਿਧਾਇਕ ਸ੍ਰੀ ਹਰਗੋਬਿੰਦਪੁਰ ਨੇ ਕਿਹਾ ਕਿ ਕਿਸਾਨਾਂ ਨੂੰ ਪੈਰਾਂ ’ਤੇ ਖੜ੍ਹਾ ਕਰਨਾ ਪੰਜਾਬ ਸਰਕਾਰ ਦੀ ਮੁੱਖ ਪਹਿਲ ਹੈ ਅਤੇ ਇਸ ਦਿਸ਼ਾ ਵਿੱਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਸੂਬਾ ਸਰਕਾਰ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਸੂਬੇ ਦੀ ਕਿਰਸਾਨੀ ਦੀ ਆਰਥਿਕ ਹਾਲਤ ਤੋਂ ਜਾਣੂ ਹਨ ਅਤੇ ਕਿਸਾਨਾਂ ਦੀ ਆਰਥਿਕ ਸਥਿਤੀ ਨੂੰ ਸੁਧਾਰਨ ਅਤੇ ਕਰਜ਼ਿਆਂ ਤੋਂ ਨਿਜਾਤ ਦਿਵਾਉਣ ਲਈ ਸੂਬਾ ਸਰਕਾਰ ਇਸ ਦੇ ਪੱਕੇ ਹੱਲ ਲਈ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿਸਾਨਾਂ ਨਾਲ ਕਰਜਾ ਮੁਆਫੀ ਦਾ ਵਾਅਦਾ ਕਾਂਗਰਸ ਸਰਕਾਰ ਵੱਲੋਂ ਹਰ ਹੀਲੇ ਨਿਭਾਇਆ ਜਾਵੇਗਾ। ਹਲਕਾ ਵਿਧਾਇਕ ਸ. ਲਾਡੀ ਨੇ ਹਲਕਾ ਸ੍ਰੀ ਹਰਗੋਬਿੰਦਪੁਰ ਦੇ ਵਿਕਾਸ ਦੀ ਗੱਲ ਕਰਦਿਆਂ ਕਿਹਾ ਕਿ ਹਲਕੇ ਨੂੰ ਵਿਕਾਸ ਪੱਖੋ ਨਮੂਨੇ ਦਾ ਹਲਕਾ ਬਣਾਇਆ ਜਾਵੇਗਾ ਤੇ ਪੰਜਾਬ ਸਰਕਾਰ ਵਲੋਂ ਇਸ ਹਲਕੇ ਦੇ ਵਿਕਾਸ ਲਈ ਗ੍ਰਾਂਟਾਂ ਦੀ ਕੋਈ ਕਮੀਂ ਨਹੀਂ ਆਉਣ ਦਿੱਤੀ ਜਾਵੇਗੀ। ਉਨਾਂ ਕਿਹਾ ਕਿ ਉਨਾਂ ਦਾ ਸੁਪਨਾ ਹੈ ਕਿ ਹਲਕਾ ਦੇ ਲੋਕਾਂ ਨੂੰ ਸਾਰੀਆਂ ਬੁਨਿਆਦੀ ਸਹੂਲਤਾਂ ਮਿਲਣ ਅਤੇ ਨੌਜਵਾਨ ਉੱਚ ਸਿੱਖਿਆ ਗ੍ਰਹਿਣ ਕਰਕੇ ਦੇਸ਼ ਤੇ ਸੂਬੇ ਦੀ ਤਰੱਕੀ ‘ਚ ਯੋਗਦਾਨ ਪਾਉਣ। ਉਨ੍ਹਾਂ ਕਿਹਾ ਕਿ ਹਲਕੇ ਨੂੰ ਸੈਰ-ਸਪਾਟੇ ਦੇ ਪੱਖ ਤੋਂ ਵੀ ਦੇਸ਼ ਦੇ ਨਕਸ਼ੇ ‘ਤੇ ਉਭਾਰਨ ਦੇ ਯਤਨ ਕੀਤੇ ਜਾਣਗੇ।