ਕੇਂਦਰ ਸਰਕਾਰ ਦਾ ਰਵਈਆ ਸਿੱਖ ਕੌਮ ਪ੍ਰਤੀ ਹਮੇਸ਼ਾ ਵਿਤਕਰੇ ਵਾਲਾ ਹੀ ਰਿਹਾ : ਪ੍ਰੋ. ਬਡੂੰਗਰ

ਅਧਾਰ ਕਾਰਡ ਵਿੱਚੋਂ ਪੰਜਾਬੀ ਦਾ ਇੰਦਰਾਜ ਖਤਮ ਕਰਨ ਦਾ ਫੈਸਲਾ ਮੰਦਭਾਗਾ

ਪਟਿਆਲਾ, 11 ਅਗਸਤ- ਪੰਥ ਰਤਨ ਜਥੇਦਾਰ ਗੁਰਚਰਨ ਸਿੰਘ ਟੌਹੜਾ ਇੰਸਟੀਟਿਊਟ ਆਫ ਐਡਵਾਂਸ ਸਟਡੀਜ਼ ਇਨ ਸਿਖਇਜ਼ਮ ਬਹਾਦਰਗੜ੍ਹ ਵਿਖੇ ਅਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ: ਕਿਰਪਾਲ ਸਿੰਘ ਬਡੂੰਗਰ ਨੇ ਐਜੂਕੇਸ਼ਨ ਕਮੇਟੀ ਦੀ ਮੀਟਿੰਗ ਉਪਰੰਤ ਪਤਰਕਾਰਾਂ ਨਾਲ ਗਲਬਾਤ ਕਰਦਿਆਂ ਕਿਹਾ ਕਿ ਦੇਸ਼ ਦੀ ਵੰਡ ਤੋਂ ਲੈ ਕੇ ਹੁਣ ਤਕ ਕੇਂਦਰ ਸਰਕਾਰ ਦਾ ਰਵਈਆ ਸਿਖ ਕੌਮ ਪ੍ਰਤੀ ਹਮੇਸ਼ਾ ਵਿਤਕਰੇ ਵਾਲਾ ਹੀ ਰਿਹਾ ਹੈ। ਉਨ੍ਹਾਂ ਕਿਹਾ ਕਿ ਕੇਂਦਰ ਨੇ ਹਮੇਸ਼ਾ ਸਿਖਾਂ ਨਾਲ ਪਖਪਾਤ ਕੀਤਾ ਹੈ ਅਤੇ ਸਿਖਾਂ ਨੂੰ ਰਾਹਤ ਦੇਣ ਦੀ ਕੋਈ ਕੋਸ਼ਿਸ਼ ਨਹੀਂ ਕੀਤੀ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਦੇਸ਼ ਅੰਦਰ ਵਖ-ਵਖ ਘਟ ਗਿਣਤੀ ਕੌਮਾਂ ਹਨ ਜਿਨ੍ਹਾਂ ਦੇ ਨੁਮਾਇੰਦਿਆਂ ਨੂੰ ਕੇਂਦਰ ਸਰਕਾਰ ਨੇ ਘਟ ਗਿਣਤੀ ਕਮਿਸ਼ਨ ਵਿਚ ਮੈਂਬਰ ਲਿਆ ਹੈ ਪਰੰਤੂ ਕਿਸੇ ਸਿਖ ਨੂੰ ਘਟ ਗਿਣਤੀ ਕਮਿਸ਼ਨ ਦਾ ਨੁਮਾਇੰਦਾ ਨਾ ਲੈਣਾ ਇਹ ਸਾਬਤ ਕਰਦਾ ਹੈ ਕਿ ਕੇਂਦਰ ਸਰਕਾਰ ਸਿਖਾਂ ਨਾਲ ਵਿਤਕਰਾ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਜਿਥੇ ਕੇਂਦਰ ਦੇ ਇਸ ਨਜ਼ਰੀਏ ਨਾਲ ਸਿਖਾਂ ਵਿਚ ਰੋਸ ਦੀ ਲਹਿਰ ਫੈਲ ਰਹੀ ਹੈ ਉਥੇ ਅਸੁਰਖਿਆ ਦੀ ਭਾਵਨਾ ਵੀ ਵਧ ਰਹੀ ਹੈ, ਜਦਕਿ ਆਜ਼ਾਦੀ ਦੀ ਲੜਾਈ ਵਿਚ ਸਿਖ ਕੌਮ ਦਾ ਅਹਿਮ ਯੋਗਦਾਨ ਰਿਹਾ। ਇਕ ਸਵਾਲ ਦੇ ਜਵਾਬ ਵਿਚ ਪ੍ਰੋ:ਬਡੂੰਗਰ ਨੇ ਕਿਹਾ ਕਿ ਬੇਸ਼ਕ ਅਜ ਸਾਬਕਾ ਉਪ ਰਾਸ਼ਟਰਪਤੀ ਹਾਮਿਦ ਅੰਸਾਰੀ ਨੇ ਘਟ ਗਿਣਤੀਆਂ ਦੀ ਅਸੁਰਖਿਆ ਦਾ ਮਾਮਲਾ ਚੁਕਿਆ ਹੈ ਪਰੰਤੂ ਅਹੁਦੇ ‘ਤੇ ਤਾਇਨਾਤ ਹੋਣ ਸਮੇਂ ਕਦੇ ਵੀ ਸਿਖ ਮਸਲਿਆਂ ਨੂੰ ਹਲ ਕਰਨ ਪ੍ਰਤੀ ਗੰਭੀਰਤਾ ਨਹੀਂ ਵਿਖਾਈ, ਪਰ ਫਿਰ ਵੀ ਅਸੀਂ ਉਨ੍ਹਾਂ ਦੇ ਇਸ ਬਿਆਨ ਦਾ ਸਵਾਗਤ ਕਰਦੇ ਹਾਂ।ਪ੍ਰੋ: ਬਡੂੰਗਰ ਨੇ ਇਕ ਵਾਰ ਫਿਰ ਜੀ.ਐਸ.ਟੀ. ਮਾਮਲੇ ਉਤੇ ਕੇਂਦਰ ਨੂੰ ਕਰੜੇ ਹਥੀਂ ਲੈਂਦਿਆਂ ਕਿਹਾ ਕਿ ਸ੍ਰੀ ਨਰਿੰਦਰ ਮੋਦੀ ਵਖ-ਵਖ ਧਾਰਮਿਕ ਅਸਥਾਨਾਂ ਬਾਰੇ ਚੰਗੀ ਤਰ੍ਹਾਂ ਜਾਣਦੇ ਹਨ ਪਰੰਤੂ ਫਿਰ ਵੀ ਇਨ੍ਹਾਂ ਅਸਥਾਨਾਂ ਉਪਰ ਜੀ.ਐਸ.ਟੀ. ਲਾਗੂ ਕੀਤੀ ਹੋਈ ਹੈ। ਉਨ੍ਹਾਂ ਕਿਹਾ ਕਿ ਕੇਂਦਰ ਵਲੋਂ  ਨੋਟਬੰਦੀ ਤੇ ਜੀ.ਐਸ.ਟੀ. ਨਾਲ ਆਮ ਜਨਤਾ ਨੂੰ ਪ੍ਰੇਸ਼ਾਨ ਕੀਤਾ ਗਿਆ ਅਤੇ ਹੁਣ ਅਧਾਰ ਕਾਰਡ ਵਿਚੋਂ ਪੰਜਾਬੀ ਭਾਸ਼ਾ ਨੂੰ ਹਟਾਉਣ ਦਾ ਮੰਦਭਾਗਾ ਫੈਸਲਾ ਲਾਗੂ ਕਰ ਦਿਤਾ ਗਿਆ ਹੈ। ਕੇਂਦਰ ਦੇ ਅਜਿਹੇ ਫੈਸਲਿਆਂ ਨਾਲ ਜਿਥੇ ਦੇਸ਼ ਵਿਚ ਅਰਾਜਕਤਾ ਦਾ ਮਾਹੌਲ ਬਣ ਸਕਦਾ ਹੈ ਉਥੇ ਅਮਨ ਸ਼ਾਂਤੀ ਵੀ ਭੰਗ ਹੋ ਸਕਦੀ ਹੈ। ਉਨ੍ਹਾਂ ਕਿਹਾ ਕਿ ਕੇਂਦਰ ਨੂੰ ਫੈਸਲੇ ਲੈਣ ਤੋਂ ਪਹਿਲਾਂ ਹਰੇਕ ਪਹਿਲੂ ਉਪਰ ਚੰਗੀ ਤਰ੍ਹਾਂ ਨਜ਼ਰਸਾਨੀ ਕਰਨੀ ਚਾਹੀਦੀ ਹੈ।ਪ੍ਰੋ: ਬਡੂੰਗਰ ਨੇ ਸੂਬੇ ਵਿਚ ਵਾਪਰ ਰਹੀਆਂ ਵਾਲ ਕਟਣ ਦੀਆਂ ਘਟਨਾਵਾਂ ਉਤੇ ਚਿੰਤਾ ਪ੍ਰਗਟ ਕਰਦਿਆਂ ਕਿਹਾ ਕਿ ਜਿਥੇ ਪਹਿਲਾਂ ਸੂਬੇ ਵਿਚ ਧਾਰਮਿਕ ਗ੍ਰੰਥਾਂ ਦੀ ਬੇਅਦਬੀ ਦੀਆਂ ਘਟਨਾਵਾਂ ਵਾਪਰਨਾ ਦੁਖਦਾਈ ਹੈ ਉਥੇ ਵਾਲ ਕਟਣ ਦੀਆਂ ਘਟਨਾਵਾਂ ਵੀ ਬਹੁਤ ਮੰਦਭਾਗੀਆਂ ਹਨ ਅਤੇ ਸਰਕਾਰ ਨੂੰ ਚਾਹੀਦਾ ਹੈ ਕਿ ਏਜੰਸੀਆਂ ਰਾਹੀਂ ਉਚ ਪਧਰੀ ਜਾਂਚ ਕਰਵਾ ਕੇ ਮਾਮਲੇ ਦੀ ਸਚਾਈ ਸਾਹਮਣੇ ਲਿਆਂਦੀ ਜਾਵੇ। ਅਜਿਹੀਆਂ ਘਟਨਾਵਾਂ ਪ੍ਰਤੀ ਸਰਕਾਰ ਨੂੰ ਸੁਚੇਤ ਹੋਣ ਦੀ ਲੋੜ ਹੈ। ਇਸ ਤੋਂ ਪਹਿਲਾਂ ਐਜੂਕੇਸ਼ਨ ਕਮੇਟੀ ਦੀ ਮੀਟਿੰਗ ਵਿਚ ਜਿਥੇ ਸ਼੍ਰੋਮਣੀ ਕਮੇਟੀ ਦੇ ਵਿਦਿਅਕ ਅਦਾਰਿਆਂ ਨਾਲ ਸਬੰਧਤ ਮਾਮਲਿਆਂ ਨੂੰ ਵਿਚਾਰਿਆ ਗਿਆ ਉਥੇ ਹੀ ਅੰਮ੍ਰਿਤਸਰ ਸਥਿਤ ਸ੍ਰੀ ਗੁਰੂ ਰਾਮਦਾਸ ਸੀਨੀਅਰ ਸੈਕੰਡਰੀ ਸਕੂਲ ਦੀ ਨਵੀਂ ਇਮਾਰਤ ਬਣਾਉਣ ਨੂੰ ਵੀ ਪ੍ਰਵਾਨਗੀ ਦਿਤੀ ਗਈ।ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਸ. ਬਲਦੇਵ ਸਿੰਘ ਕਾਇਮਪੁਰ, ਜੂਨੀਅਰ ਮੀਤ ਪ੍ਰਧਾਨ ਬਾਬਾ ਬੂਟਾ ਸਿੰਘ, ਅੰਤ੍ਰਿੰਗ ਮੈਂਬਰ ਸ. ਸੁਰਜੀਤ ਸਿੰਘ ਕਾਲਾਬੂਲਾ, ਮੈਂਬਰ ਸ. ਗੁਰਪ੍ਰੀਤ ਸਿੰਘ ਝਬਰ, ਸ. ਗੁਰਤੇਜ ਸਿੰਘ ਢਡੇ ਤੇ ਸ. ਮੇਜਰ ਸਿੰਘ ਢਿਲੋਂ, ਡਾ. ਪਰਮਵੀਰ ਸਿੰਘ ਮੈਂਬਰ ਸਿਖ ਇਤਿਹਾਸ ਬੋਰਡ, ਸਕਤਰ ਡਾ. ਰੂਪ ਸਿੰਘ, ਐਡੀਸ਼ਨਲ ਸਕਤਰ ਸ. ਮਹਿੰਦਰ ਸਿੰਘ ਆਹਲੀ ਤੇ ਡਾ. ਪਰਮਜੀਤ ਸਿੰਘ ਸਰੋਆ, ਮੀਤ ਸਕਤਰ ਸ. ਸਿਮਰਜੀਤ ਸਿੰਘ ਤੇ ਸ. ਚਾਨਣ ਸਿੰਘ, ਨਿਜੀ ਸਹਾਇਕ ਸ. ਭਗਵੰਤ ਸਿੰਘ ਧੰਗੇੜਾ, ਡਾ. ਗੁਰਵੀਰ ਸਿੰਘ ਡਾਇਰੈਕਰ, ਡਾ. ਧਰਮਿੰਦਰ ਸਿੰਘ ਉਭਾ, ਪ੍ਰਿੰਸੀਪਲ ਬੀਬੀ ਸਤਵੰਤ ਕੌਰ, ਸ. ਗੁਰਪ੍ਰੀਤ ਸਿੰਘ ਰੋਡੇ ਤੇ ਸ. ਰਣਜੀਤ ਸਿੰਘ ਮਾਜੀਪੁਰ ਮੈਨੇਜਰ ਆਦਿ ਹਾਜ਼ਰ ਸਨ।

Send this to a friend