ਵਿਦਿਆਰਥੀਆਂ ਦੀ ਪ੍ਰਤਿਭਾ ਨੂੰ ਨਿਖਾਰਨ ਲਈ ਸਕੂਲੀ ਸਿਲੇਬਸ ਦੇ ਨਾਲ-ਨਾਲ ਹੋਰ ਗਤੀਵਿਧੀਆਂ ਨੂੰ ਪ੍ਰਫੁੱਲਿਤ ਕਰਨ ਦਾ ਸੱਦਾ

ਡਿਪਟੀ ਕਮਿਸ਼ਨਰ ਵਲੋਂ ਕੌਮੀ ਪੇਂਟਿੰਗ ਮੁਕਾਬਲਿਆਂ ਦੇ ਜੇਤੂਆਂ ਨੂੰ ਇਨਾਮਾਂ ਦੀ ਵੰਡ 40 ਤੋਂ ਵੱਧ ਸਕੂਲਾਂ ਦੇ ਵਿਦਿਆਰਥੀਆਂ ਨੇ ਲਿਆ ਭਾਗ

ਜਲੰਧਰ 21 ਅਗਸਤ 2017 – ਸਕੂਲੀ ਵਿਦਿਆਰਥੀਆਂ ਅੰਦਰ ਛੁਪੀ ਹੋਈ ਪ੍ਰਤਿਭਾ ਨੂੰ ਨਿਖਾਰਨ ਲਈ ਵਿਦਿਆਰਥੀਆਂ ਦੇ ਸਿਲੇਬਸ ਦੇ ਨਾਲ-ਨਾਲ ਹੋਰ ਗਤੀਵਿਧੀਆਂ ਨੂੰ ਲਗਾਤਾਰ ਕੀਤੇ ਜਾਣਾ ਚਾਹੀਦਾ ਹੈ । ਇਹ ਪ੍ਰਗਟਾਵਾ ਅੱਜ ਜਲੰਧਰ ਦੇ ਡਿਪਟੀ ਕਮਿਸ਼ਨਰ ਸ੍ਰੀ ਵਰਿੰਦਰ ਕੁਮਾਰ ਸਰਮਾਂ ਨੇ ਅੱਜ ਸਥਾਨਿਕ ਰੈਡ ਕਰਾਸ ਭਵਨ ਵਿਖੇ ਕੌਮੀ ਪੇਂਟਿੰਗ ਮੁਕਾਬਲਿਆਂ ਦੌਰਾਨ ਜੇਤੂਆਂ ਨੂੰ ਇਨਾਮਾਂ ਦੀ ਵੰਡ ਵੇਲੇ ਸੰਬੋਧਨ ਕਰਦਿਆਂ ਕੀਤਾ। ਉਨਾਂ ਕਿਹਾ ਕਿ ਅਜਿਹੇ ਮੁਕਾਬਲੇ ਜਿਥੇ ਸਕੂਲੀ ਵਿਦਿਆਰਥੀਆਂ ਦੀ ਝਿਜਕ ਨੂੰ ਖਤਮ ਕਰਦੇ ਹਨ ਉਥੇ ਉਨਾਂ ਅੰਦਰ ਮੁਕਾਬਲੇ ਦੀ ਭਾਵਨਾ ਵੀ ਪੈਦਾ ਹੁੰਦੀ ਹੈ। ਉਨ੍ਹਾਂ ਕਿਹਾ ਕਿ ਕੌਮੀ ਪੱਧਰ ਦੇ ਇਹ ਪੇਂਟਿੰਗ ਮੁਕਾਬਲੇ ਅਜਿਹਾ ਪਲੇਟਫਾਰਮ ਹਨ ਜਿਸ ਰਾਹੀਂ ਉਭਰਦੇ ਪੇਂਟਰ ਆਪਣੀ ਕਲਾ ਨੂੰ ਬਾਖੂਬੀ ਪ੍ਰਦਰਸ਼ਿਤ ਕਰ ਸਕਦੇ ਹਨ । ਉਨਾਂ ਇਸ ਗੱਲ ’ਤੇ ਜ਼ੋਰ ਦਿੱਤਾ ਕਿ ਸਕੂਲੀ ਸਿੱਖਿਆ ਕੇਵਲ ਅਕਾਦਮਿਕ ਸਿੱਖਿਆ ਗ੍ਰਹਿਣ ਕਰਨ ਲਈ ਹੀ ਕੇਂਦਰਿਤ ਨਹੀਂ ਹੋਣੀ ਚਾਹੀਦੀ ਸਗੋਂ ਇਸ ਦਾ ਮੰਤਵ ਵਿਦਿਆਰਥੀ ਦਾ ਸਰਵਪੱਖੀ ਵਿਕਾਸ ਹੋਣਾ ਚਾਹੀਦਾ ਹੈ। ਉਨਾਂ ਕਿਹਾ ਕਿ ਵਿਸ਼ਵੀਕਰਨ ਦੇ ਵਰਤਮਾਨ ਸਮੇਂ ਦੌਰਾਨ ਇਹ ਜਰੂਰੀ ਹੈ ਕਿ ਵਿਦਿਆਰਥੀਆਂ ਦੀ ਕਲਪਨਾ ਨੂੰ ਅਧਾਰ ਪ੍ਰਦਾਨ ਕੀਤਾ ਜਾਵੇ ਤਾਂ ਜੋ ਉਹ ਅੰਤਰ ਰਾਸ਼ਟਰੀ ਪੱਧਰ ’ਤੇ ਮੁਕਾਬਲਾ ਕਰ ਸਕਣ। ਇਨ੍ਹਾਂ ਪੇਂਟਿੰਗ ਮੁਕਾਬਲਿਆਂ ਵਿੱਚ 41 ਸਕੂਲਾਂ ਦੇ 200 ਤੋਂ ਜ਼ਿਆਦਾ ਬੱਚਿਆਂ ਨੇ ਹਿੱਸਾ ਲਿਆ। ਇਸ ਮੌਕੇ ਰੰਜਨਾ ਬਾਂਸਲ ਨੇ ਦੱਸਿਆ ਕਿ ਇਨ੍ਹਾਂ ਮੁਕਾਬਲਿਆਂ ਦੇ ਜੇਤੂ ਬੱਚੇ 25 ਅਗਸਤ ਨੂੰ ਸ਼ਹੀਦ ਭਗਤ ਸਿੰਘ ਨਗਰ ਵਿੱਚ ਹੋ ਰਹੇ ਕੌਮੀ ਪੱਧਰ ਦੇ ਪੇਂਟਿੰਗ ਮੁਕਾਬਲੇ ਵਿੱਚ ਸ਼ਿਰਕਤ ਕਰਨਗੇ। ਇਸ ਮੌਕੇ ਰੈਡ ਕਰਾਸ ਦੇ ਸਕੱਤਰ ਪਰਮਜੀਤ ਸਿੰਘ, ਪ੍ਰੋਮਿਲ ਦਾਦਾ, ਮੀਨਾ ਸੋਂਧੀ , ਰੰਜਨਾ ਬਾਂਸਲ, ਵੀਨੂੰ ਕੰਬੋਜ, ਸਿਮਰਨ ਕਲਸੀ ਹਾਜ਼ਰ ਸਨ।

Send this to a friend