May 21, 2026 5:53 pm

ਡਿਪਟੀ ਕਮਿਸ਼ਨਰ ਵਲੋਂ ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ ਵਿਖੇ ਪੌਦੇ ਲਗਾਉਣ ਦੀ ਮੁਹਿੰਮ ਦਾ ਅਗਾਜ਼

ਡਿਪਟੀ ਕਮਿਸ਼ਨਰ ਵਲੋਂ ਲੋਕਾਂ ਨੂੰ ਜਲੰਧਰ ਜ਼ਿਲ੍ਹੇ ਨੂੰ ਸਾਫ਼-ਸੁਥਰਾ, ਹਰਿਆ-ਭਰਿਆ ਅਤੇ ਪ੍ਰਦੂਸ਼ਣ ਰਹਿਤ ਬਣਾਉਣ ਲਈ ਸੱਦਾ

ਜਲੰਧਰ 29 ਅਗਸਤ 2017 – ਡਿਪਟੀ ਕਮਿਸ਼ਨਰ ਜਲੰਧਰ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਨੇ ਅੱਜ ਜ਼ਿਲ੍ਹਾ ਜਲੰਧਰ ਦੇ ਵਾਸੀਆਂ ਨੂੰ ਸੱਦਾ ਦਿੱਤਾ ਕਿ ਉਹ ਜ਼ਿਲ੍ਹੇ ਨੂੰ ਹਰਿਆ-ਭਰਿਆ, ਸਾਫ਼ ਸੁਥਰਾ ਤੇ ਪ੍ਰਦੂਸ਼ਣ ਰਹਿਤ ਬਣਾਉਣ ਲਈ ਆਪੋ-ਅਪਣਾ ਯੋਗਦਾਨ ਪਾਉਣ। ਅੱਜ ਸਥਾਨਕ ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ ਵਿਖੇ ਪੌਦੇ ਲਗਾਉਣ ਦੀ ਮੁਹਿੰਮ ਦਾ ਅਗਾਜ਼ ਕਰਨ ਉਪਰੰਤ ਡਿਪਟੀ ਕਮਿਸ਼ਨਰ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਜ਼ਿਲ੍ਹੇ ਨੂੰ ਹਰਿਆ-ਭਰਿਆ ਬਣਾਉਣ ਅਤੇ ਵਾਤਾਵਰਣ ਨੂੰ ਸਾਫ ਸੁਥਰਾ ਬਣਾਉਣ ਲਈ ਲਈ ਲੋਕਾਂ ਦਾ ਸਹਿਯੋਗ ਬਹੁਤ ਜਰੂਰੀ ਹੈ। ਉਨ੍ਹਾਂ ਕਿਹਾ ਕਿ ਵਾਤਾਵਰਣ ਨੂੰ ਬਚਾਉਣ ਲਈ ਸਭ ਤੋਂ ਅਹਿਮ ਉਪਰਾਲਾ ਅਸੀਂ ਰੁੱਖਾਂ ਦੀ ਸੰਖਿਆ ਵਧਾ ਕੇ ਕਰ ਸਕਦੇ ਹਾਂ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਦੀ ਇਸ ਮੁਹਿੰਮ ਤਹਿਤ ਜਿਥੇ ਵੱਖ-ਵੱਖ ਵਿਭਾਗਾਂ ਵਲੋਂ ਪੌਦੇ ਲਗਾਏ ਜਾ ਰਹੇ ਹਨ ਉਥੇ ਉਨ੍ਹਾਂ ਜ਼ਿਲ੍ਹੇ ਦੇ ਵਸਨੀਕਾਂ ਨੂੰ ਸੱਦਾ ਦਿੱਤਾ ਕਿ ਉਹ ਰੁੱਖ ਲਗਾਉਣ ਵਿੱਚ ਆਪੋ-ਆਪਣਾ ਯੋਗਦਾਨ ਪਾਉਣ। ਉਨ੍ਹਾਂ ਕਿਹਾ ਕਿ ਗਰੀਨ ਕਵਰ ਵਾਧੇ ਲਈ ਜ਼ਿਲ੍ਹਾ ਪ੍ਰਸ਼ਾਸਨ ਪੂਰੀ ਤਰ੍ਹਾਂ ਵੱਚਨਬੱਧ ਹੈ ਅਤੇ ਆਉਂਦੇ ਦਿਨਾਂ ਵਿੱਚ ਰੁੱਖ ਲਗਾਉਣ ਦੀ ਇਹ ਮੁਹਿੰਮ ਜਾਰੀ ਰਹੇਗੀ। ਉਨ੍ਹਾਂ ਦੱਸਿਆ ਕਿ ਇਸ ਮੁਹਿੰਮ ਤਹਿਤ ਜੰਗਲਾਤ ਵਿਭਾਗ ਵਲੋਂ ਜ਼ਿਲ੍ਹੇ ਅੰਦਰ 4 ਲੱਖ ਪੌਦੇ ਲਗਾਉਣ ਦੇ ਟੀਚੇ ਤਹਿਤ ਪਹਿਲਾਂ ਹੀ ਪੌਦੇ ਲਗਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਪੌਦਿਆਂ ਨੂੰ ਲਗਾਉਣ ਦੇ ਨਾਲ-ਨਾਲ ਇਨ੍ਹਾਂ ਦੀ ਸਾਂਭ-ਸੰਭਾਲ ਵੱਲ ਵੀ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਾਡਾ ਸਭ ਦਾ ਫਰਜ਼ ਬਣਦਾ ਹੈ ਕਿ ਅਸੀਂ ਪੌਦੇ ਲਗਾ ਕੇ ਆਪਣੀਆਂ ਆਉਣ ਵਾਲੀਆਂ ਪੀੜ੍ਹੀਆਂ ਨੂੰ ਸਾਫ਼ ਸੁਥਰਾ ਵਾਤਾਵਰਣ ਮੁਹੱਈਆ ਕਰਵਾਈੇਏ। ਉਨ੍ਹਾਂ ਸਮਾਜ ਸੇਵੀ ਸੰਸਥਾਵਾਂ ਅਤੇ ਗੈਰ ਸਰਕਾਰੀ ਸੰਸਥਾਵਾਂ ਨੂੰ ਵੀ ਇਸ ਖੇਤਰ ਵਿੱਚ ਵੱਧ ਚੜ੍ਹ ਕੇ ਯੋਗਦਾਨ ਪਾਉਣ ਦੀ ਅਪੀਲ ਕੀਤੀ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਗੁਰਮੀਤ ਸਿੰਘ ਮੁਲਤਾਨੀ, ਸਹਾਇਕ ਕਮਿਸ਼ਨਰ ਡਾ.ਬਲਜਿੰਦਰ ਸਿੰਘ ਢਿਲੋਂ ਅਤੇ ਡਾ.ਦੀਪਕ ਭਾਟੀਆ ਤੇ ਹੋਰ ਅਧਿਕਾਰੀਆਂ ਵਲੋਂ ਵੀ ਪੌਦੇ ਲਗਾਏ ਗਏ।

Send this to a friend