ਸ਼੍ਰੋਮਣੀ ਅਕਾਲੀ ਦਲ (ਬਾਦਲ) ਦੀ ਸਰਪ੍ਰਸਤੀ ਵਾਲੀਆਂ ਸਮਕਾਲੀ ਸਿੱਖ ਸੰਸਥਾਵਾਂ ਪੰਜਾਬ ‘ਚ ਡੇਰਾਵਾਦ ਦੀ ਪ੍ਰਫੁੱਲਤਾ ਲਈ ਜ਼ਿੰਮੇਵਾਰ-ਚੰਨੀ

ਬਹੁ-ਤਕਨੀਕੀ ਸੰਸਥਾਵਾਂ ਤੇ ਆਈ.ਟੀ.ਆਈਜ਼ ਸੰਸਥਾਵਾਂ ਦੇ ਬੁਨਿਆਦੀ ਢਾਂਚੇ ਦੀ ਮਜਬੂਤੀ ਲਈ ਖਰਚੇ ਜਾਣਗੇ 100 ਕਰੋੜ

ਜਲੰਧਰ, 30 ਅਗਸਤ – ਤਕਨੀਕੀ ਸਿੱਖਿਆ ਮੰਤਰੀ ਪੰਜਾਬ ਸ੍ਰੀ ਚਰਨਜੀਤ ਸਿੰਘ ਚੰਨੀ ਨੇ ਕਿਹਾ ਹੈ ਕਿ ਸ਼੍ਰੋਮਣੀ ਅਕਾਲੀ ਦਲ (ਬਾਦਲ) ਦੀ ਸਰਪ੍ਰਸਤੀ ਵਾਲੀਆਂ ਸਮਕਾਲੀ ਸਿੱਖ ਸੰਸਥਾਵਾਂ ਪੰਜਾਬ ਅੰਦਰ ਡੇਰਾ ਕਲਚਰ ਦੇ ਪ੍ਰਫੁੱਲਤ ਹੋਣ ਲਈ ਪੂਰੀ ਤਰ੍ਹਾਂ ਜ਼ਿੰਮੇਵਾਰ ਹਨ। ਅੱਜ ਇਥੇ ਸੀ.ਟੀ ਇੰਸਟੀਚਿਊਟ ਵਿਖੇ ਮੈਗਾ ਨੌਕਰੀ ਮੇਲੇ ਵਿੱਚ ਸ਼ਿਰਕਤ ਕਰਨ ਲਈ ਪੁੱਜੇ ਤਕਨੀਕੀ ਸਿੱਖਿਆ ਮੰਤਰੀ ਨੇ ਮੀਡੀਆ ਦੇ ਸਵਾਲਾਂ ਦੇ ਜਵਾਬ ਦਿੰਦਿਆਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ (ਬਾਦਲ) ਦੀ ਸਰਪ੍ਰਸਤੀ ਵਾਲੀਆਂ ਸਮਕਾਲੀ ਸਿੱਖ ਸੰਸਥਾਵਾਂ ਵੱਲੋਂ ਸਮਾਜ ਦੇ ਗਰੀਬ ਅਤੇ ਕਮਜ਼ੋਰ ਤਬਕਿਆਂ ਦੀ ਅਣਦੇਖੀ ਕੀਤੀ ਗਈ। ਉਨ੍ਹਾਂ ਕਿਹਾ ਕਿ ਇਸ ਸਦਕਾ ਹੀ ਸਮਾਜ ਦੇ ਗਰੀਬ ਤੇ ਕਮਜ਼ੋਰ ਵਰਗ ਡੇਰਿਆਂ ਵੱਲ ਝੁਕਾਅ ਕਰਨ ਲੱਗੇ ਅਤੇ ਇਸ ਰੁਝਾਨ ਨੇ ਸੂਬੇ ਅੰਦਰ ਡੇਰਿਆਂ ਨੂੰ ਪ੍ਰਫੁੱਲਤ ਕੀਤਾ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੀ ਸਰਪ੍ਰਸਤੀ ਵਾਲੀਆਂ ਇਹ ਸੰਸਥਾਵਾਂ ਸਮੁੱਚੀ ਮਨੁੱਖਤਾ ਨੂੰ ਇਕ ਸਮਾਨ ਸਮਝਣ, ਭਾਈਚਾਰਕ ਏਕਤਾ ਅਤੇ ਸਰਬ ਸਾਂਝੀ ਵਾਲਤਾ ਦੇ ਸਿੱਖ ਫਲਸਫੇ ਨੂੰ ਅਮਲੀ ਰੂਪ ਵਿੱਚ ਅਪਣਾਉਣ ਵਿੱਚ ਬੁਰੀ ਤਰ੍ਹਾਂ ਅਸਫਲ ਹੋਈਆਂ ਹਨ ਅਤੇ ਇਨ੍ਹਾਂ ਸੰਸਥਾਵਾਂ ਦੀ ਇਸ ਘੋਰ ਅਣਗਹਿਲੀ ਨੇ ਡੇਰਾਵਾਦ ਦੀ ਪ੍ਰਫੁੱਲਤਾ ਲਈ ਜ਼ਮੀਨ ਤਿਆਰ ਕੀਤੀ। ਤਕਨੀਕੀ ਸਿੱਖਿਆ ਵਿਚ ਸੁਧਾਰ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਤਕਨੀਕੀ ਸਿੱਖਿਆ ਵਿੱਚ ਸੁਧਾਰ ਲਈ ਕੀਤੇ ਜਾ ਰਹੇ ਉਪਰਾਲਿਆਂ ਦਾ ਜ਼ਿਕਰ ਕਰਦਿਆਂ ਸ੍ਰੀ ਚੰਨੀ ਨੇ ਕਿਹਾ ਕਿ ਸੂਬੇ ਦੀਆਂ ਤਕਨੀਕੀ ਸੰਸਥਾਵਾਂ ਦੇ ਸਿਲੇਬਸ ਨੂੰ ਉਦਯੋਗਿਕ ਖੇਤਰ ਦੀਆਂ ਮੌਜੂਦਾਂ ਜ਼ਰੂਰਤਾਂ ਦੇ ਅਨੁਸਾਰ ਬਣਾਉਣ ਲਈ ਪੰਜਾਬ ਸਰਕਾਰ ਵੱਲੋਂ ਮਹਾਰਾਜਾ ਰਣਜੀਤ ਸਿੰਘ ਤਕਨੀਕੀ ਯੂਨੀਵਰਸਿਟੀ ਬਠਿੰਡਾ ਵਿਖੇ ਖੋਜ ਅਤੇ ਡਿਜ਼ਾਇਨ ਕੇਂਦਰ (ਆਰ.ਡੀ.ਸੈਂਟਰ) ਸਥਾਪਤ ਕਰਨ ਦਾ ਫੈਸਲਾ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਇਹ ਕੇਂਦਰ ਜ਼ਮੀਨੀ ਪੱਧਰ ‘ਤੇ ਉਦਯੋਗਿਕ ਲੋੜਾਂ ਨਾਲ ਜੁੜੇ ਹਰ ਪਹਿਲੂ ਨੂੰ ਧਿਆਨ ਵਿਚ ਰੱਖਕੇ ਤਕਨੀਕੀ ਸੰਸਥਾਵਾਂ ਦੇ ਸਲੇਬਸ ਨੂੰ ਨਵਾਂ ਰੂਪ ਦੇਵੇਗਾ। ਸ੍ਰੀ ਚੰਨੀ ਨੇ ਕਿਹਾ ਕਿ ਸੂਬੇ ਸਰਕਾਰ ਦੇ ਇਸ ਕਦਮ ਨਾਲ ਜਿਥੇ ਉਦਯੋਗਾਂ ਨੂੰ ਉਨ੍ਹਾਂ ਦੀਆਂ ਜ਼ਰੂਰਤਾਂ ਅਨੁਸਾਰ ਹੁਨਰਮੰਦ ਮਨੁੱਖੀ ਸਰੋਤ ਉਪਲਬਧ ਹੋਣਗੇ ਉਥੇ ਨੌਜਵਾਨਾਂ ਲਈ ਵੀ ਰੁਜ਼ਗਾਰ ਦੇ ਨਵੇਂ ਮੌਕੇ ਪੈਦਾ ਹੋਣਗੇ।
ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਸ੍ਰੀ ਸੁਖਪਾਲ ਸਿੰਘ ਖਹਿਰਾ ਵੱਲੋਂ ਲਗਾਏ ਦੋਸ਼ਾਂ ਬਾਰੇ ਮੀਡੀਆ ਵੱਲੋਂ ਪੁੱਛੇ ਸਵਾਲ ਦੇ ਜਵਾਬ ਵਿੱਚ ਸ੍ਰੀ ਚੰਨੀ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੇ ਆਗੂ ਸ੍ਰੀ ਖਹਿਰਾ ਨੇ ਹਮੇਸ਼ਾ ਨਾਕਾਰਾਤਮਕ ਸੋਚ ਹੀ ਅਪਣਾਈ ਹੈ। ਉਨ੍ਹਾਂ ਕਿਹਾ ਕਿ ਸ੍ਰੀ ਖਹਿਰਾ ਵੱਲੋਂ ਲਗਾਏ ਇਲਜ਼ਾਮ ਬੇਬੁਨਿਆਦ ਹਨ ਅਤੇ ਇਨ੍ਹਾਂ ਵਿੱਚ ਰੱਤੀ ਭਰ ਵੀ ਸਚਾਈ ਨਹੀਂ। ਸ੍ਰੀ ਚੰਨੀ ਨੇ ਐਲਾਨ ਕੀਤਾ ਕਿ ਪੰਜਾਬ ਸਰਕਾਰ ਬਹੁ-ਤਕਨੀਕੀ ਸੰਸਥਾਵਾਂ ਅਤੇ ਉਦਯੋਗਿਕ ਸਿਖਲਾਈ ਸੰਸਥਾਵਾਂ ਦੇ ਬੁਨਿਆਦੀ ਢਾਂਚੇ ਨੂੰ ਨਵਾਂ ਰੂਪ ਦੇਣ ਲਈ 100 ਕਰੋੜ ਰੁਪਏ ਖਰਚ ਕਰੇਗੀ। ਉਨ੍ਹਾਂ ਇਹ ਵੀ ਕਿਹਾ ਕਿ ਪੰਜਾਬ ਤਕਨੀਕੀ ਯੂਨੀਵਰਸਿਟੀ ਦੇ ਨਵੇਂ ਵਾਈਸ ਚਾਂਸਲਰ ਦੀ ਨਿਯੁਕਤੀ ਜਲਦੀ ਹੋਵੇਗੀ। ਇਸਦੇ ਨਾਲ ਹੀ ਉਨ੍ਹਾਂ ਕਿਹਾ ਕਿ ਯੂਨੀਵਰਸਿਟੀ ਦੇ ਬੋਰਡ ਆਫ ਗਵਰਨਸ ਦੇ ਚੇਅਰਮੈਨ ਦੀ ਨਿਯੁਕਤੀ ਵੀ ਸੂਬਾ ਸਰਕਾਰ ਵੱਲੋਂ ਜਲਦ ਕੀਤੀ ਜਾਵੇਗੀ।
ਇਸ ਤੋਂ ਪਹਿਲਾਂ ਆਪਣੇ ਸੰਬੋਧਨ ਵਿਚ ਤਕਨੀਕੀ ਸਿੱਖਿਆ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕਰਵਾਏ ਜਾ ਰਹੇ ਜਾਬ ਮੇਲੇ ਸੂਬੇ ਅੰਦਰ ਨੌਜਵਾਨਾਂ ਲਈ ਰੁਜ਼ਗਾਰ ਦੇ ਮੌਕੇ ਪੈਦਾ ਕਰਨ ਵਿੱਚ ਵੱਡਾ ਰੋਲ ਨਿਭਾਉਣਗੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਪਹਿਲੇ ਫੇਜ਼ 50 ਹਜ਼ਾਰ ਨੌਜਵਾਨਾਂ ਨੂੰ ਨੌਕਰੀਆਂ ਮੁਹੱਈਆ ਕਰਵਾਉਣ ਦਾ ਟੀਚਾ ਰੱਖਿਆ ਗਿਆ ਹੈ। ਉਨ੍ਹਾਂ ਕਿਹਾ ਕਿ ਪਿਛਲੀ ਅਕਾਲੀ-ਭਾਜਪਾ ਸਰਕਾਰ ਸੂਬੇ ਦੇ ਨੌਜਵਾਨਾਂ ਨੂੰ ਨੌਕਰੀਆਂ ਤੇ ਰੁਜ਼ਗਾਰ ਦੇ ਮੌਕੇ ਮੁਹੱਈਆ ਕਰਵਾਉਣ ਵਿੱਚ ਬੁਰੀ ਤਰ੍ਹਾਂ ਅਸਫਲ ਰਹੀ। ਉਨ੍ਹਾਂ ਕਿਹਾ ਕਿ ਮੌਜੂਦਾ ਪੰਜਾਬ ਸਰਕਾਰ ਦੇ ਵਾਅਦੇ ਅਨੁਸਾਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ 5 ਸਤੰਬਰ ਨੂੰ 50 ਹਜ਼ਾਰ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਦੇਣਗੇ। ਨੌਜਵਾਨ ਵਰਗ ਨੂੰ ਰੁਜ਼ਗਾਰ ਮੁਹੱਈਆ ਕਰਵਾਉਣ ਲਈ ਇਸ ਤਰ੍ਹਾਂ ਦੇ ਸਿਲਸਿਲੇਵਾਰ ਯਤਨ ਸ਼ੁਰੂ ਰੱਖਣ ਦੀ ਵਚਨਬੱਧਤਾ ਦਹੁਰਾਉਂਦਿਆਂ ਸ੍ਰੀ ਚੰਨੀ ਨੇ ਕਿਹਾ ਕਿ ਇਸ ਨੌਕਰੀ ਮੇਲਿਆਂ ਦੇ ਨਾਲ-ਨਾਲ ਸੂਬਾ ਸਰਕਾਰ ਵੱਲੋਂ ਰੁਜ਼ਗਾਰ ਮੇਲੇ ਵੀ ਸ਼ੁਰੂ ਕੀਤੇ ਜਾਣਗੇ ਤਾਂ ਜੋ ਆਪਣਾ ਰੁਜ਼ਗਾਰ ਸ਼ੁਰੂ ਕਰਨ ਦੇ ਚਾਹਵਾਨ ਪੜੇ ਲਿਖੇ ਨੌਜਵਾਨ ਵਰਗ ਲਈ ਮੌਕੇ ਮੁਹੱਈਆ ਹੋ ਸਕਣ।
ਇਸ ਤੋਂ ਪਹਿਲਾਂ ਜਲੰਧਰ ਛਾਉਣੀ ਤੋਂ ਵਿਧਾਇਕ ਸ੍ਰੀ ਪਰਗਟ ਸਿੰਘ ਨੇ ਕਿਹਾ ਕਿ ਨੌਜਵਾਨਾਂ ਨੂੰ ਨੌਕਰੀਆਂ ਮੁਹੱਈਆ ਕਰਵਾਉਣ ਲਈ ਸੂਬਾ ਸਰਕਾਰ ਵੱਲੋਂ ਕੀਤੇ ਜਾ ਰਹੇ ਇਹ ਯਤਨ ਉਸਾਰੂ ਹਨ। ਸ੍ਰੀ ਪਰਗਟ ਸਿੰਘ ਨੇ ਕਿਹਾ ਕਿ ਨੌਜਵਾਨ ਸਮੇਂ ਦੇ ਹਾਣੀ ਬਣਨ ਅਤੇ ਆਪਣੇ ਜੀਵਨ ਦੇ ਟੀਚਿਆਂ ਦੀ ਪ੍ਰਾਪਤੀ ਲਈ ਸਖਤ ਮਿਹਨਤ ਕਰਨ। ਉਨ੍ਹਾਂ ਕਿਹਾ ਕਿ ਨੌਜਵਾਨ ਵਰਗ ਕਿਸੇ ਵੀ ਸਮਾਜ ਤੇ ਮੁਲਕ ਦੀ ਸਮਰੱਥਾ ਹੁੰਦਾ ਹੈ। ਇਸ ਮੌਕੇ ਸੀ.ਟੀ ਗਰੁੱਪ ਦੇ ਚੇਅਰਮੈਨ ਸ੍ਰੀ ਚਰਨਜੀਤ ਸਿੰਘ ਚੰਨੀ ਵੱਲੋਂ ਮੁੱਖ ਮਹਿਮਾਨ ਦਾ ਸਵਾਗਤ ਕੀਤਾ ਗਿਆ। ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਵਰਿੰਦਰ ਕੁਮਾਰ ਸ਼ਰਮਾ, ਐਸ.ਡੀ.ਐਮ ਸ੍ਰੀ ਰਾਜੀਵ ਵਰਮਾ, ਡਿਪਟੀ ਡਾਇਰੈਕਟਰ ਰੁਜ਼ਗਾਰ ਜੈਨੇਰੇਸ਼ਨ ਸ੍ਰੀਮਤੀ ਸੰਜੀਦਾ ਬੇਰੀ, ਸ੍ਰੀ ਮਨਬੀਰ ਸਿੰਘ ਅਤੇ ਸ੍ਰੀ ਹਰਪ੍ਰੀਤ ਸਿੰਘ ਹਾਜ਼ਰ ਸਨ।

Send this to a friend