ਕੈਪਟਨ ਸਰਕਾਰ ਵੱਲੋਂ ਰੋਜ਼ਗਾਰ ਮੇਲੇ ਲਗਾ ਕੇ ਖੱਟੀ ਜਾ ਰਹੀ ਹੈ ਫੌਕੀ ਵਾਹ-ਵਾਹ : ਪ੍ਰੋ. ਚੰਦੂਮਾਜਰਾ

ਰੂਪਨਗਰ, 2 ਸਤੰਬਰ (ਗੁਰਸ਼ਰਨ ਸਿੰਘ ਗੁਲਸ਼ਨ)- ਅੱਜ ਗੁਰਦੁਆਰਾ ਸ਼੍ਰੀ ਕਤਲਗੜ੍ਹ ਸਾਹਿਬ ਦੇ ਭਾਈ ਸੰਗਤ ਸਿੰਘ ਦੀਵਾਨ ਹਾਲ ਸ਼੍ਰੀ ਚਮਕੌਰ ਸਾਹਿਬ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਮੈਂਬਰ ਪਾਰਲੀਮੈਂਟ ਪ੍ਰੋਫੈਸਰ ਪ੍ਰੇਮ ਸਿੰਘ ਚੰਦੂਮਾਜਰਾ ਨੇ ਪ੍ਰੈਸ ਨਾਲ ਗੱਲਬਾਤ ਕੀਤੀ। ਇਸ ਮੌਕੇ ਉਨ੍ਹਾਂ ਵੱਲੋਂ ਇਸ ਇਲਾਕੇ ਅਧੀਨ ਪੈਂਦੇ ਵੱਖ-ਵੱਖ ਪਿੰਡਾਂ ਨੂੰ ਵਿਕਾਸ ਕਾਰਜਾਂ ਲਈ ਫੰਡ ਜਾਰੀ ਕੀਤੇ ਗਏ। ਇਸ ਮੌਕੇ ਉਨ੍ਹਾਂ ਪੰਜਾਬ ਸਰਕਾਰ ’ਤੇ ਤੰਜ ਕੱਸਦਿਆਂ ਕਿਹਾ ਕਿ ਕਾਂਗਰਸ ਸਰਕਾਰ ਨੇ ਲੋਕਾਂ ਨੂੰ ਗੁੰਮਰਾਹ ਕਰਕੇ ਵੋਟਾਂ ਲਈਆਂ। ਉਨ੍ਹਾਂ ਕਿਹਾ ਕਿ ਕਾਂਗਰਸ ਸਰਕਾਰ ਵੱਲੋਂ ਰੋਜ਼ਗਾਰ ਮੇਲੇ ਲਗਾ ਕੇ ਫੌਕੀ ਵਾਹ-ਵਾਹ ਖੱਟੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਕੈਬਨਿਟ ਮੰਤਰੀ ਸ. ਚਰਨਜੀਤ ਸਿੰਘ ਚੰਨੀ ਨੇ ਜੋ ਇੱਥੋਂ ਦੇ ਲੋਕਾਂ ਨਾਲ ਵਾਅਦੇ ਕੀਤੇ ਸਨ, ਉਨ੍ਹਾਂ ਵਾਅਦਿਆਂ ਨੂੰ ਪਹਿਲ ਦੇ ਅਧਾਰ ’ਤੇ ਪੂਰਾ ਕੀਤਾ ਜਾਵੇ। ਜਿਸ ਵਿੱਚ ਸਤਲੁਜ ਦਰਿਆ ਦੇ ਪੁਲ ਦਾ ਵਾਅਦਾ ਵੀ ਉਨ੍ਹਾਂ ਵਿੱਚੋਂ ਇੱਕ ਹੈ। ਇਸ ਮੌਕੇ ਉਨ੍ਹਾਂ ਐਸ.ਵਾਈ ਐਲ. ਨਹਿਰ ਦੇ ਮੁੱਦੇ ’ਤੇ ਬੋਲਦਿਆਂ ਕਿਹਾ ਕਿ ਭਾਵੇਂ ਇਸ ਸਮੇਂ ਪੰਜਾਬ ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਨਹੀਂ ਹੈ ਪਰ ਫਿਰ ਵੀ ਪੰਜਾਬ ਦੇ ਪਾਣੀਆਂ ਦੀ ਰਾਖੀ ਕਰਨਾ ਸਾਡਾ ਪਹਿਲਾ ਫਰਜ਼ ਹੈ। ਇਸ ਮੌਕੇ ਉਨ੍ਹਾਂ ਨਾਲ ਸ਼੍ਰੋਮਣੀ ਅਕਾਲੀ ਦਲ ਸ਼੍ਰੀ ਚਮਕੌਰ ਸਾਹਿਬ ਦੇ ਸ਼ਹਿਰੀ ਪ੍ਰਧਾਨ ਡਾ. ਨਰਦੀਪਕ ਕੁਮਾਰ ਲਵਲੀ, ਕੌਸ਼ਲਰ ਰਜਿੰਦਰ ਸਿੰਘ, ਗੁਰਦੁਆਰਾ ਸਾਹਿਬ ਦੇ ਮੈਨੇਜਰ ਭਾਈ ਨੱਥਾ ਸਿੰਘ, ਐਸ.ਜੀ.ਪੀ.ਸੀ ਮੈਂਬਰ ਪਰਮਜੀਤ ਸਿੰਘ ਲੱਖੋਵਾਲ, ਸਾਬਕਾ ਕੈਬਨਿਟ ਮੰਤਰੀ ਬੀਬੀ ਸਤਵਿੰਦਰ ਕੌਰ ਸੰਧੂ, ਓ.ਐਸ.ਡੀ ਹਰਦੇਵ ਸਿੰਘ, ਅਮਰਿੰਦਰ ਸਿੰਘ ਹੈਲੀ, ਦਲਵੀਰ ਸਿੰਘ, ਰਾਜਵੀਰ ਸਿੰਘ, ਹਰਵਿੰਦਰ ਸਿੰਘ, ਗੁਰਵਿੰਦਰ ਸਿੰਘ, ਭਾਰਤੀ ਜਨਤਾ ਪਾਰਟੀ ਦੇ ਆਗੂ ਰਾਕੇਸ਼ ਕੁਮਾਰ ਸਹਿਦੇਵ, ਆਦਿ ਹਾਜ਼ਿਰ ਸਨ।

Send this to a friend