ਪੰਜਾਬ ਸਰਕਾਰ ਨੇ ਮਹਿਲਾਵਾਂ ਨੂੰ ਸਮਰੱਥ ਬਣਾਉਣ ਲਈ ਵੱਡੇ ਉਪਰਾਲੇ ਕੀਤੇ
ਬਟਾਲਾ, 2 ਸਤੰਬਰ (ਅਰਵਿੰਦਰ ਮਠਾਰੂ, ਰਛਪਾਲ ਸਿੰਘ, ਸੁਖਬੀਰ ਸਿੰਘ ਅੱਤੇਪੁਰ)- ਗਰੀਬਾਂ ਦੇ ਹੱਕ ’ਚ ਵੱਡਾ ਫੈਸਲਾ ਲੈਂਦਿਆਂ ਪੰਜਾਬ ਸਰਕਾਰ ਨੇ ਅਨੁਸੂਚਿਤ ਜਾਤੀ ਕਾਰਪੋਰੇਸ਼ਨ ਅਤੇ ਬੈਕਫਿੰਕੋਂ ਵਲੋਂ ਗਰੀਬਾਂ ਨੂੰ 50 ਹਜ਼ਾਰ ਰੁਪਏ ਤੱਕ ਦੇ ਦਿੱਤੇ ਗਏ ਕਰਜ਼ੇ ਮੁਆਫ਼ ਕਰਨ ਦਾ ਫੈਸਲਾ ਕੀਤਾ ਹੈ। ਰਾਜ ਸਰਕਾਰ ਦੇ ਇਸ ਫੈਸਲੇ ਨਾਲ ਕਰਜ਼ੇ ਦੇ ਬੋਝ ਹੇਠਾਂ ਦੱਬੇ ਗਰੀਬਾਂ ਨੂੰ ਵੱਡੀ ਰਾਹਤ ਮਿਲੇਗੀ। ਇਹ ਪ੍ਰਗਟਾਵਾ ਕਰਦਿਆਂ ਪੰਜਾਬ ਦੇ ਕੈਬਨਿਟ ਮੰਤਰੀ ਸ. ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਕਿਹਾ ਕਿ ਪੰਜਾਬ ਸਰਕਾਰ ਗਰੀਬਾਂ, ਪੱਛੜੇ ਵਰਗਾਂ, ਕਿਸਾਨਾਂ ਸਮੇਤ ਹਰ ਵਰਗ ਦੇ ਜੀਵਨ ਪੱਧਰ ਨੂੰ ਉਚਾ ਚੁੱਕਣ ਲਈ ਪੂਰੀ ਤਰਾਂ ਯਤਨਸ਼ੀਲ ਹੈ। ਕੈਬਨਿਟ ਮੰਤਰੀ ਸ. ਬਾਜਵਾ ਨੇ ਕਿਹਾ ਕਿ ਰਾਜ ਸਰਕਾਰ ਨੇ ਬਜ਼ੁਰਗਾਂ, ਵਿਧਵਾਵਾਂ, ਆਸ਼ਰਿਤ ਬੱਚਿਆਂ ਅਤੇ ਵਿਸ਼ੇਸ਼ ਵਿਅਕਤੀਆਂ ਨੂੰ ਦਿੱਤੀ ਜਾਂਦੀ ਵਿੱਤੀ ਸਹਾਇਤਾ ਵਿੱਚ 500 ਰੁਪਏ ਤੋਂ 750 ਰੁਪਏ ਦਾ ਵਾਧਾ ਕਰ ਦਿੱਤਾ ਹੈ ਜਿਸਨੂੰ ਆਉਣ ਵਾਲੇ ਸਮੇਂ ‘ਚ ਹੋਰ ਵਧਾ ਦਿੱਤਾ ਜਾਵੇਗਾ। ਇਸੇ ਤਰ੍ਹਾਂ ਅਸ਼ੀਰਵਾਦ ਸਕੀਮ ਤਹਿਤ ਗਰੀਬ ਪਰਿਵਾਰਾਂ ਦੀਆਂ ਲੜਕੀਆਂ ਨੂੰ ਵਿਆਹ ਸਮੇਂ ਦਿੱਤੀ ਜਾਂਦੀ ਵਿੱਤੀ ਸਹਾਇਤਾ 15 ਹਜ਼ਾਰ ਰੁਪਏ ਤੋਂ ਵਧਾ ਕੇ 21 ਹਜ਼ਾਰ ਰੁਪਏ ਕਰ ਦਿੱਤੀ ਗਈ ਹੈ। ਸ. ਬਾਜਵਾ ਨੇ ਦੱਸਿਆ ਕਿ ਰਾਜ ਸਰਕਾਰ ਵੱਲੋਂ ਸਿੱਖਿਆ ਸੰਸਥਾਵਾਂ ਵਿੱਚ ਹੋਰਨਾਂ ਪਛੜੇ ਵਰਗਾਂ ਲਈ ਰਾਖਵਾਂਕਰਨ 12 ਫੀਸਦੀ ਤੋਂ ਵਧਾ ਕੇ 15 ਫੀਸਦੀ ਕੀਤਾ ਗਿਆ ਹੈ। ਇਸੇ ਤਰਾਂ ਸਾਰੀਆਂ ਸਰਕਾਰੀ ਸਕੀਮਾਂ ਵਿੱਚ ਅਨੁਸੂਚਿਤ ਜਾਤੀਆਂ ਲਈ ਰਾਖਵਾਂਕਰਨ ਨੂੰ 15 ਫੀਸਦੀ ਤੋਂ ਵਧਾ ਕੇ 30 ਫੀਸਦੀ ਕਰਨ ਦਾ ਫੈਸਲਾ ਕੀਤਾ ਗਿਆ ਹੈ। ਕੈਬਨਿਟ ਮੰਤਰੀ ਸ. ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਮਹਿਲਾ ਸ਼ਸ਼ਕਤੀਕਰਨ ਵੱਲ ਧਿਆਨ ਦਿੰਦਿਆਂ ਮਹਿਲਾਵਾਂ ਨੂੰ ਸਮਰੱਥ ਬਣਾਉਣ ਲਈ ਵੱਡੇ ਉਪਰਾਲੇ ਕੀਤੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਸਰਕਾਰੀ ਸਕੂਲਾਂ ਤੇ ਕਾਲਜਾਂ ਵਿੱਚ ਲੜਕੀਆਂ ਨੂੰ ਨਰਸਰੀ ਤੋਂ ਪੀ-ਐਚ.ਡੀ ਤੱਕ ਮੁਫ਼ਤ ਸਿੱਖਿਆ ਦੇਣ ਦਾ ਫੈਸਲਾ ਕੀਤਾ ਹੈ। ਇਸ ਤੋਂ ਇਲਾਵਾ ਪੰਚਾਇਤੀ ਰਾਜ ਸੰਸਥਾਵਾਂ ਅਤੇ ਸ਼ਹਿਰੀ ਸਥਾਨਕ ਸਰਕਾਰਾਂ ਵਿੱਚ ਮਹਿਲਾਵਾਂ ਨੂੰ 50 ਫੀਸਦੀ ਰਾਖਵਾਂਕਰਨ ਸਰਕਾਰ ਵਲੋਂ ਕਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਇੱਕ ਹੋਰ ਅਹਿਮ ਫੈਸਲਾ ਕਰਦਿਆਂ ਮਹਿਲਾਵਾਂ ਨੂੰ ਸਰਕਾਰੀ ਨੌਕਰੀਆਂ ਵਿੱਚ 33 ਫੀਸਦੀ ਰਾਖਵਾਂਕਰਨ ਕਰ ਦਿੱਤਾ ਹੈ।